ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥
ਜੇ ਕੋਈ ਅੰਨ੍ਹਾ ਮਨੁੱਖ (ਕਿਸੇ ਹੋਰ ਨੂੰ) ਰਾਹ ਦੱਸੇ ਤਾਂ (ਉਸ ਰਾਹ ਉਤੇ) ਉਹੀ ਤੁਰਦਾ ਹੈ ਜੋ ਆਪ ਅੰਨ੍ਹਾ ਹੋਵੇ; ਹੇ ਨਾਨਕ! ਸੁਜਾਖਾ ਮਨੁੱਖ (ਅੰਨ੍ਹੇ ਦੇ ਆਖੇ) ਕੁਰਾਹੇ ਨਹੀਂ ਪੈਂਦਾ । (ਪਰ ਆਤਮਕ ਜੀਵਨ ਵਿਚ) ਇਹੋ ਜਿਹੇ ਬੰਦਿਆਂ ਨੂੰ ਅੰਨ੍ਹੇ ਨਹੀਂ ਕਹੀਦਾ ਜਿਨ੍ਹਾਂ ਦੇ ਮੂੰਹ ਉਤੇ ਅੱਖਾਂ ਨਹੀਂ ਹਨ, ਹੇ ਨਾਨਕ! ਅੰਨ੍ਹੇ ਉਹੀ ਹਨ ਜੋ ਮਾਲਕ-ਪ੍ਰਭੂ ਤੋਂ ਖੁੰਝੇ ਜਾ ਰਹੇ ਹਨ ।੧।
