ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਪ੍ਰਭੂ ਦੇ ਕੌਲ ਫੁੱਲਾਂ ਵਰਗੇ ਕੋਮਲ ਚਰਨਾਂ ਨਾਲ ਪਰਚ ਜਾਂਦਾ ਹੈ, ਉਹ ਮਨੁੱਖ (ਮਾਇਆ ਵਲੋਂ) ਪੂਰੇ ਤੌਰ ਤੇ ਸੰਤੋਖੀ ਰਹਿੰਦੇ ਹਨ। ਪਰ ਜਿਸ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ ਅਮੋਲਕ ਗੁਣ ਨਹੀਂ ਆ ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ।1। ਹੇ ਭਾਈ! ਪਰਮਾਤਮਾ ਦਾ ਆਰਾਧਨ ਕਰਨ ਨਾਲ ਨਰੋਏ ਹੋ ਜਾਈਦਾ ਹੈ, ਆਤਮਕ ਅਨੰਦ ਬਣਿਆ ਰਹਿੰਦਾ ਹੈ। ਪਰ ਜਿਸ ਮਨੁੱਖ ਨੂੰ ਮੇਰਾ ਪਿਆਰਾ ਪ੍ਰਭੂ ਭੁੱਲ ਜਾਂਦਾ ਹੈ, ਉਸ ਉਤੇ (ਇਉਂ) ਜਾਣੋ (ਜਿਵੇਂ) ਲੱਖਾਂ ਤਕਲਫ਼ਿਾਂ ਆ ਪੈਂਦੀਆਂ ਹਨ। ਰਹਾਉ।
