ਰਾਗੁ ਸੋਰਠਿ ਬਾਨੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥
ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥
