ਧਨਾਸਰੀ ਮਹਲਾ ੫ ਘਰੁ ੧੨ ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥
