ਰਾਗੁ ਸੂਹੀ ਛੰਤ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਗੋਬਿੰਦ ਗੁਣ ਗਾਵਣ ਲਾਗੇ ॥ ਹਰਿ ਰੰਗਿ ਅਨਦਿਨੁ ਜਾਗੇ ॥ ਹਰਿ ਰੰਗਿ ਜਾਗੇ ਪਾਪ ਭਾਗੇ ਮਿਲੇ ਸੰਤ ਪਿਆਰਿਆ ॥ ਗੁਰ ਚਰਣ ਲਾਗੇ ਭਰਮ ਭਾਗੇ ਕਾਜ ਸਗਲ ਸਵਾਰਿਆ ॥ ਸੁਣਿ ਸ੍ਰਵਣ ਬਾਣੀ ਸਹਜਿ ਜਾਣੀ ਹਰਿ ਨਾਮੁ ਜਪਿ ਵਡਭਾਗੈ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਜੀਉ ਪਿੰਡੁ ਪ੍ਰਭ ਆਗੈ ॥੧॥
ਹੇ ਭਾਈ! ਜਿਹੜੇ ਮਨੁੱਖ ਪਿਆਰੇ ਗੁਰੂ ਨੂੰ ਮਿਲ ਪੈਂਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਣ ਲੱਗ ਪੈਂਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਉਹ ਹਰ ਵੇਲੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ,(ਜਿਉਂ ਜਿਉਂ) ਉਹ ਪ੍ਰਭੂ ਦੇ ਪਿਆਰ-ਰੰਗ ਵਿਚ (ਟਿਕ ਕੇ) ਸੁਚੇਤ ਹੁੰਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਪਾਪ ਭੱਜ ਜਾਂਦੇ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਦੀਆਂ ਸਾਰੀਆਂ ਭਟਕਣਾ ਦੂਰ ਹੋ ਜਾਂਦੀਆਂ ਹਨ, ਉਹਨਾਂ ਦੇ ਸਾਰੇ ਕੰਮ ਭੀ ਸੰਵਰ ਜਾਂਦੇ ਹਨ। ਜਿਹੜਾ ਮਨੁੱਖ ਵੱਡੀ ਕਿਸਮਤ ਨਾਲ ਸਤਿਗੁਰੂ ਦੀ ਬਾਣੀ ਕੰਨੀਂ ਸੁਣ ਕੇ ਪਰਮਾਤਮਾ ਦਾ ਨਾਮ ਜਪ ਕੇ ਆਤਮਕ ਅਡੋਲਤਾ ਵਿਚ (ਟਿਕ ਕੇ ਪਰਮਾਤਮਾ ਨਾਲ) ਡੂੰਘੀ ਸਾਂਝ ਪਾਂਦਾ ਹੈ, ਨਾਨਕ ਬੇਨਤੀ ਕਰਦਾ ਹੈ- ਉਹ ਮਨੁੱਖ ਮਾਲਕ-ਪ੍ਰਭੂ ਦੀ ਸਰਨ ਪੈ ਕੇ ਆਪਣੀ ਜਿੰਦ ਆਪਣਾ ਸਰੀਰ (ਸਭ ਕੁਝ) ਪਰਮਾਤਮਾ ਦੇ ਅੱਗੇ (ਰੱਖ ਦੇਂਦਾ ਹੈ) ॥੧॥
