ਭਾਈ ਮਰਦਾਨਾ ਜੀ – ਬਾਣੀ ਸ਼ਬਦ-Bhai Mardana ji – Bani Quotes Shabad Path in Punjabi Gurbani

ਭਾਈ ਮਰਦਾਨਾ ਜੀ – ਬਾਣੀ ਸ਼ਬਦ-Bhai Mardana ji – Bani Quotes Shabad Path in Punjabi Gurbani

ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥

ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ।

ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥

ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ।

ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥

ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖ਼ੁਆਰ ਹੁੰਦਾ ਹੈ।

ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥

ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ!

ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥

ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ (ਇਹ ਸਾਰੀ) ਖ਼ੁਰਾਕ ਬਣਾ!

ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥

ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥


ਮਰਦਾਨਾ ੧ ॥
ਕਾਇਆ ਲਾਹਣਿ ਆਪੁ ਮਦੁ ਮਜਲਸ ਤ੍ਰਿਸਨਾ ਧਾਤੁ ॥

ਸਰੀਰ (ਮਾਨੋ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ, ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋ) ਮਹਿਫ਼ਲ ਹੈ।

ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮਕਾਲੁ ॥

ਕੂੜ ਨਾਲ ਭਰੀ ਹੋਈ ਵਾਸ਼ਨਾਂ (ਮਾਨੋ) ਕਟੋਰੀ ਹੈ ਤੇ ਜਮ ਕਾਲ (ਮਾਨੋ) ਪਿਲਾਉਂਦਾ ਹੈ।

ਇਤੁ ਮਦਿ ਪੀਤੈ ਨਾਨਕਾ ਬਹੁਤੇ ਖਟੀਅਹਿ ਬਿਕਾਰ ॥

ਹੇ ਨਾਨਕ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ)।

ਗਿਆਨੁ ਗੁੜੁ ਸਾਲਾਹ ਮੰਡੇ ਭਉ ਮਾਸੁ ਆਹਾਰੁ ॥

ਪ੍ਰਭੂ ਦਾ ਗਿਆਨ (ਮਾਨੋ) ਗੁੜ ਹੋਵੇ, ਸਿਫ਼ਤ-ਸਾਲਾਹ ਰੋਟੀਆਂ ਤੇ (ਪ੍ਰਭੂ ਦਾ) ਡਰ ਮਾਸ, ਜੇ ਐਸੀ ਖ਼ੁਰਾਕ ਹੋਵੇ,

ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥੨॥

ਤਾਂ ਹੇ ਨਾਨਕ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ ॥੨॥

ਕਾਂਯਾਂ ਲਾਹਣਿ ਆਪੁ ਮਦੁ ਅੰਮ੍ਰਿਤ ਤਿਸ ਕੀ ਧਾਰ ॥

(ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਹੋਵੇ ਜਿਸ ਦੀ ਧਾਰ ਅਮਰ ਕਰਨ ਵਾਲੀ ਹੋਵੇ,

ਸਤਸੰਗਤਿ ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥੩॥

ਸਤਸੰਗਤ ਨਾਲ ਮੇਲ ਹੋਵੇ, ਕਟੋਰੀ ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ) ਹੋਵੇ, ਤਾਂ (ਇਸ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦੂਰ ਹੁੰਦੇ ਹਨ ॥੩॥