ਬਿਲਾਵਲ ਕੀ ਵਾਰ (ਮਹਲਾ 4), Bilaval ki vaar (Mahalla 4) Path in Punjabi Gurbani

ਬਿਲਾਵਲ ਕੀ ਵਾਰ (ਮਹਲਾ 4), Bilaval ki vaar (Mahalla 4) Path in Punjabi Gurbani

ਬਿਲਾਵਲੁ ਕੀ ਵਾਰ ਮਹਲਾ ੪ ॥

ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਵਾਰ’।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ ਮਃ ੪ ॥
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥

ਹੇ ਭਾਈ! ਉਸ ਮਨੁੱਖ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ,

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥

ਜਿਸ ਦੇ ਮੱਥੇ ਉਤੇ (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ।

ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥

ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ।

ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥

ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।

ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥

ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ।

ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ ॥੧॥


ਮਃ ੩ ॥
ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ ॥

ਹੇ ਭਾਈ! ਪੂਰਨ ਆਤਮਕ ਆਨੰਦ ਤਦੋਂ ਹੀ ਮਾਣਿਆ ਜਾ ਸਕਦਾ ਹੈ, ਜਦੋਂ ਪਰਮਾਤਮਾ ਦਾ ਨਾਮ (ਮਨੁੱਖ ਦੇ) ਮੂੰਹ ਵਿਚ ਟਿਕਦਾ ਹੈ।

ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ ॥

ਹੇ ਭਾਈ! ਰਾਗ ਤੇ ਨਾਦ (ਭੀ) ਗੁਰੂ ਦੇ ਸ਼ਬਦ ਦੀ ਰਾਹੀਂ ਤਦੋਂ ਹੀ ਸੋਹਣੇ ਲੱਗਦੇ ਹਨ ਜਦੋਂ (ਸ਼ਬਦ ਦੀ ਬਰਕਤ ਨਾਲ ਮਨੁੱਖ ਦੀ) ਸੁਰਤ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ।

ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ ॥

ਹੇ ਭਾਈ! (ਸੰਸਾਰਕ) ਰਾਗ ਰੰਗ (ਦਾ ਰਸ) ਛੱਡ ਕੇ ਪਰਮਾਤਮਾ ਦੀ ਭਗਤੀ ਕਰਨੀ ਚਾਹੀਦੀ ਹੈ, ਤਦੋਂ ਹੀ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਮਿਲਦਾ ਹੈ।

ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥

ਹੇ ਨਾਨਕ! (ਆਖ-) ਜੇ ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਯਾਦ ਮਨ ਵਿਚ ਟਿਕਾਈਏ, ਤਾਂ ਮਨ ਵਿਚ (ਟਿਕਿਆ ਹੋਇਆ) ਅਹੰਕਾਰ ਦੂਰ ਹੋ ਜਾਂਦਾ ਹੈ ॥੨॥


ਪਉੜੀ ॥
ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ ॥

ਹੇ ਹਰੀ! ਤੂੰ ਆਪ ਹੀ (ਸਭ ਜੀਵਾਂ ਦਾ) ਮਾਲਕ ਹੈਂ, ਸਾਰੇ ਜੀਵ ਤੂੰ ਹੀ ਪੈਦਾ ਕੀਤੇ ਹੋਏ ਹਨ, ਪਰ ਤੂੰ ਜੀਵਾਂ ਦੀ ਪਹੁੰਚ ਤੋਂ ਪਰੇ ਹੈਂ।

ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ ॥

(ਇਹ ਜੋ) ਸਾਰਾ ਜਗਤ (ਦਿੱਸ ਰਿਹਾ) ਹੈ (ਇਸ ਵਿਚ ਹਰ ਥਾਂ) ਤੂੰ ਆਪ ਹੀ ਆਪ ਵਿਆਪਕ ਹੈਂ।

ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ ॥

(ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਸਮਾਧੀ ਭੀ ਤੂੰ ਆਪ ਹੀ ਲਾ ਰਿਹਾ ਹੈਂ, ਤੇ (ਆਪਣੇ) ਗੁਣ ਭੀ ਤੂੰ ਆਪ ਹੀ ਗਾ ਰਿਹਾ ਹੈਂ।

ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ ॥

ਹੇ ਸੰਤ ਜਨੋ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦਾ ਧਿਆਨ ਧਰਿਆ ਕਰੋ, ਉਹ ਪਰਮਾਤਮਾ ਹੀ ਅੰਤ ਵਿਚ ਬਚਾਂਦਾ ਹੈ।

ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

ਜਿਸ (ਭੀ) ਮਨੁੱਖ ਨੇ ਉਸ ਦੀ ਸੇਵਾ-ਭਗਤੀ ਕੀਤੀ, ਉਸ ਨੇ (ਹੀ) ਸੁਖ ਪ੍ਰਾਪਤ ਕੀਤਾ, (ਕਿਉਂਕਿ ਉਹ ਸਦਾ) ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ॥੧॥


ਸਲੋਕ ਮਃ ੩ ॥
ਦੂਜੈ ਭਾਇ ਬਿਲਾਵਲੁ ਨ ਹੋਵਈ ਮਨਮੁਖਿ ਥਾਇ ਨ ਪਾਇ ॥

ਹੇ ਭਾਈ! ਮਾਇਆ ਦੇ ਮੋਹ ਵਿਚ (ਟਿਕੇ ਰਿਹਾਂ) ਆਤਮਕ ਆਨੰਦ ਨਹੀਂ ਮਿਲਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪਰਮਾਤਮਾ ਦੀਆਂ ਨਿਗਾਹਾਂ ਵਿਚ) ਕਬੂਲ ਨਹੀਂ ਹੁੰਦਾ,

ਪਾਖੰਡਿ ਭਗਤਿ ਨ ਹੋਵਈ ਪਾਰਬ੍ਰਹਮੁ ਨ ਪਾਇਆ ਜਾਇ ॥

(ਕਿਉਂਕਿ) ਅੰਦਰੋਂ ਹੋਰ ਤੇ ਬਾਹਰੋਂ ਹੋਰ ਰਿਹਾਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਇਸ ਤਰ੍ਹਾਂ ਪਰਮਾਤਮਾ ਨਹੀਂ ਮਿਲ ਸਕਦਾ।

ਮਨਹਠਿ ਕਰਮ ਕਮਾਵਣੇ ਥਾਇ ਨ ਕੋਈ ਪਾਇ ॥

(ਅੰਦਰ ਪ੍ਰਭੂ ਨਾਲ ਪਿਆਰ ਨਾਹ ਹੋਵੇ ਤਾਂ ਨਿਰੇ) ਮਨ ਦੇ ਹਠ ਨਾਲ ਕੀਤੇ ਕਰਮਾਂ ਦੀ ਰਾਹੀਂ ਕੋਈ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਪਰਵਾਨ ਨਹੀਂ ਹੁੰਦਾ।

ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ ॥

ਹੇ ਨਾਨਕ! (ਆਖ-ਹੇ ਭਾਈ!) ਅੰਦਰੋਂ ਆਪਾ-ਭਾਵ ਦੂਰ ਕਰ ਕੇ ਗੁਰੂ ਦੀ ਸਰਨ ਪੈ ਕੇ ਆਪਣਾ ਆਤਮਕ ਜੀਵਨ ਪੜਤਾਲਣਾ ਚਾਹੀਦਾ ਹੈ।

ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ ॥

(ਇਸ ਤਰ੍ਹਾਂ ਉਹ) ਪਰਮਾਤਮਾ (ਜੋ ਹਰ ਥਾਂ) ਆਪ ਹੀ ਆਪ ਹੈ ਮਨ ਵਿਚ ਆ ਵੱਸਦਾ ਹੈ।

ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥

ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤ ਜੋੜਿਆਂ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ ॥੧॥


ਮਃ ੩ ॥
ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ ॥

ਹੇ ਪਿਆਰੇ ਸੱਜਣੋ! ਇੱਕ (ਪਰਮਾਤਮਾ) ਨਾਲ ਸੁਰਤ ਜੋੜ ਕੇ ਤੁਸੀ ਆਤਮਕ ਆਨੰਦ ਮਾਣਦੇ ਰਹੋ।

ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ ॥

(ਜਿਹੜਾ ਮਨੁੱਖ ਇਕ ਪਰਮਾਤਮਾ ਵਿਚ ਸੁਰਤ ਜੋੜਦਾ ਹੈ, ਉਸ ਦਾ) ਸਾਰੀ ਉਮਰ ਦਾ ਦੁੱਖ ਕੱਟਿਆ ਜਾਂਦਾ ਹੈ, (ਕਿਉਂਕਿ) ਉਹ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਸਦਾ) ਲੀਨ ਰਹਿੰਦਾ ਹੈ।

ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ ॥

ਜੇ (ਮਨੁੱਖ) ਗੁਰੂ ਦੇ ਹੁਕਮ ਅਨੁਸਾਰ ਜੀਵਨ ਬਿਤੀਤ ਕਰਦੇ ਰਹਿਣ (ਤਾਂ ਉਹਨਾਂ ਦੇ ਅੰਦਰ) ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।

ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ ॥

ਸਤਸੰਗਤਿ ਵਿਚ ਬੈਠ ਕੇ ਪਿਆਰ ਨਾਲ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।

ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥

ਹੇ ਨਾਨਕ! (ਆਖ-ਹੇ ਭਾਈ!) ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਪ੍ਰਭੂ ਦੀ ਯਾਦ ਵਿਚ ਟਿਕੇ ਰਹਿੰਦੇ ਹਨ, ਉਹ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੨॥


ਪਉੜੀ ॥
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥

ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ।

ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥

ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ)।

ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥

ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ।

ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥

ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ।

ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥

ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ ॥੨॥


ਸਲੋਕ ਮਃ ੩ ॥
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥

ਹੇ ਭਾਈ! ਉਹ ਮਨੁੱਖ ਹਨ (ਅਸਲ) ਬ੍ਰਾਹਮਣ, ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ,

ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥

(ਆਪਣੇ ਅੰਦਰੋਂ) ਹਉਮੈ (ਦਾ) ਰੋਗ ਦੂਰ ਕਰਦੇ ਹਨ ਅਤੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ।

ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥

(ਉਹ ਬ੍ਰਾਹਮਣ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤਿ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ।

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥

ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ।

ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ ॥੧॥


ਮਃ ੩ ॥
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥

ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ,

ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥

(ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ;

ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥

ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ।

ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ।

ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥

ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ ॥੨॥


ਪਉੜੀ ॥
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥

ਹੇ ਭਾਈ! ਪਰਮਾਤਮਾ ਦੇ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ।

ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥

ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ।

ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥

ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ।

ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥

ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ।

ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤਿ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ॥੩॥


ਸਲੋਕ ਮਃ ੩ ॥
ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ ॥

ਹੇ ਭਾਈ! ਗੁਰੂ ਦੇ ਦਰ ਤੋਂ (ਕਦੇ) ਕੋਈ ਖ਼ਾਲੀ (ਨਿਰਾਸ) ਨਹੀਂ ਗਿਆ, (ਦਰ ਤੇ ਆਏ ਸਾਰਿਆਂ ਨੂੰ) ਪਿਆਰੇ ਪ੍ਰਭੂ ਵਿਚ ਪੂਰਨ ਤੌਰ ਤੇ ਮਿਲਾ ਦੇਂਦਾ ਹੈ।

ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ ॥

ਗੁਰੂ ਦਾ ਦੀਦਾਰ ਭੀ ਫਲ ਦੇਣ ਵਾਲਾ ਹੈ, ਜਿਹੋ ਜਿਹੀ ਕਿਸੇ ਦੀ ਭਾਵਨਾ ਹੁੰਦੀ ਹੈ ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ।

ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ ॥

ਹੇ ਭਾਈ! ਗੁਰੂ ਦਾ ਸ਼ਬਦ ਆਤਮਕ ਜੀਵਨ ਦੇਣ ਵਾਲਾ (ਮਾਨੋ) ਜਲ ਹੈ (ਜਿਵੇਂ ਜਲ ਪੀ ਕੇ ਤ੍ਰੇਹ ਮਿਟਾ ਲਈਦੀ ਹੈ, ਤਿਵੇਂ ਸ਼ਬਦ-ਜਲ ਦੀ ਬਰਕਤ ਨਾਲ ਮਨੁੱਖ ਦੇ ਅੰਦਰੋਂ ਮਾਇਆ ਦੀ) ਤ੍ਰੇਹ ਭੁੱਖ ਸਾਰੀ ਮਿਟ ਜਾਂਦੀ ਹੈ।

ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ ॥

(ਗੁਰੂ ਦੇ ਸ਼ਬਦ ਦੀ ਰਾਹੀਂ) ਪਰਮਾਤਮਾ ਦਾ ਨਾਮ-ਰਸ ਪੀ ਕੇ (ਮਨੁੱਖ ਦੇ ਅੰਦਰ) ਸੰਤੋਖ ਪੈਦਾ ਹੁੰਦਾ ਹੈ, ਅਤੇ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ ਦੇ ਮਨ ਵਿਚ ਆ ਵੱਸਦਾ ਹੈ।

ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ ॥

ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਸਿਮਰ ਕੇ ਉਸ ਨੂੰ ਐਸਾ ਆਤਮਕ ਦਰਜਾ ਮਿਲ ਜਾਂਦਾ ਹੈ ਜੋ ਕਦੇ ਨਾਸ ਨਹੀਂ ਹੁੰਦਾ, ਉਹ (ਆਪਣੇ ਅੰਦਰ ਸਿਫ਼ਤਿ-ਸਾਲਾਹ ਦੇ) ਇਕ-ਰਸ ਵਾਜੇ ਵਜਾਂਦਾ ਹੈ (ਆਤਮਕ ਜੀਵਨ ਦੇਣ ਵਾਲੀ ਅਵਸਥਾ ਉਸ ਦੇ ਅੰਦਰ ਸਦਾ ਪ੍ਰਬਲ ਰਹਿੰਦੀ ਹੈ)।

ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ ॥

ਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਪਿਆਰ-ਅਵਸਥਾ ਵਿਚ ਅੱਪੜਦਾ ਹੈ ਉਸ ਨੂੰ ਦਸੀਂ ਹੀ ਪਾਸੀਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਵਿਆਪਕ ਦਿੱਸਦਾ ਹੈ।

ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਨ ਕਿਸੈ ਦੇ ਛਪਾਏ ॥੧॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਟਿਕਿਆ ਰਹਿੰਦਾ ਹੈ ਉਹ ਮਨੁੱਖ ਕਿਸੇ ਦੇ ਲੁਕਾਏ ਨਹੀਂ ਲੁਕਦੇ (ਕੋਈ ਮਨੁੱਖ ਉਹਨਾਂ ਦੀ ਸੋਭਾ ਨੂੰ ਮਿਟਾ ਨਹੀਂ ਸਕਦਾ) ॥੧॥


ਮਃ ੩ ॥
ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ ॥

ਹੇ ਭਾਈ! ਗੁਰੂ ਦੀ ਦੱਸੀ ਕਾਰ ਕੀਤਿਆਂ ਪਰਮਾਤਮਾ ਮਿਲ ਪੈਂਦਾ ਹੈ (ਪਰ ਮਿਲਦਾ ਉਸ ਨੂੰ ਹੈ) ਜਿਸ ਉਤੇ (ਪਰਮਾਤਮਾ) ਮਿਹਰ ਕਰਦਾ ਹੈ।

ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ ॥

(ਗੁਰੂ ਦੀ ਦੱਸੀ ਕਾਰ ਕੀਤਿਆਂ) ਮਨੁੱਖਾਂ ਤੋਂ ਦੇਵਤੇ ਬਣ ਜਾਂਦੇ ਹਨ (ਪਰ ਉਹ ਮਨੁੱਖ ਦੇਵਤਾ ਬਣਦਾ ਹੈ) ਜਿਸ ਨੂੰ ਪ੍ਰਭੂ ਸਦਾ ਕਾਇਮ ਰਹਿਣ ਵਾਲੀ ਭਗਤੀ (ਦੀ ਦਾਤਿ) ਦੇਂਦਾ ਹੈ।

ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ ॥

ਗੁਰੂ ਦੇ ਸ਼ਬਦ ਦੀ ਰਾਹੀਂ ਜਿਹੜੇ ਮਨੁੱਖ ਪਵਿੱਤਰ ਜੀਵਨ ਵਾਲੇ ਬਣ ਗਏ, ਪਰਮਾਤਮਾ ਨੇ (ਉਹਨਾਂ ਦੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਨੂੰ ਆਪਣੇ ਨਾਲ) ਮਿਲਾ ਲਿਆ।

ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥

ਹੇ ਨਾਨਕ! (ਆਖ-ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ) ਨਾਮ (ਜਪਣ ਦਾ) ਗੁਣ ਬਖ਼ਸ਼ਦਾ ਹੈ (ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ (ਪ੍ਰਭੂ-ਚਰਨਾਂ ਵਿਚ) ਜੁੜਿਆ ਰਹਿੰਦਾ ਹੈ ॥੨॥


ਪਉੜੀ ॥
ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ ॥

ਹੇ ਭਾਈ! ਗੁਰੂ ਦੇ ਅੰਦਰ (ਪਰਮਾਤਮਾ ਦਾ) ਨਾਮ (ਜਪਣ ਜਪਾਣ) ਦਾ ਵੱਡਾ ਗੁਣ ਹੈ, ਪਰਮਾਤਮਾ ਨੇ ਆਪ (ਇਹ ਗੁਣ ਗੁਰੂ ਵਿਚ) ਵਧਾਇਆ ਹੈ।

ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨਿੑ ਓਨੑਾ ਅੰਦਰਿ ਹਿਰਦੈ ਭਾਈ ॥

(ਸਤਿਗੁਰੂ ਦੇ) ਸਾਰੇ ਸਿੱਖ ਸੇਵਕ (ਗੁਰੂ ਦੇ) ਇਸ ਗੁਣ ਨੂੰ ਵੇਖ ਕੇ ਆਤਮਕ ਜੀਵਨ ਹਾਸਲ ਕਰਦੇ ਹਨ, ਉਹਨਾਂ ਨੂੰ (ਗੁਰੂ ਦਾ ਇਹ ਗੁਣ ਆਪਣੇ) ਹਿਰਦੇ ਵਿਚ ਪਿਆਰਾ ਲੱਗਦਾ ਹੈ।

ਨਿੰਦਕ ਦੁਸਟ ਵਡਿਆਈ ਵੇਖਿ ਨ ਸਕਨਿ ਓਨੑਾ ਪਰਾਇਆ ਭਲਾ ਨ ਸੁਖਾਈ ॥

(ਗੁਰੂ ਦੀ) ਨਿੰਦਾ ਕਰਨ ਵਾਲੇ ਅਤੇ ਭੈੜੇ ਬੰਦੇ (ਸਤਿਗੁਰੂ ਦੀ) ਵਡਿਆਈ ਵੇਖ ਕੇ ਸਹਾਰ ਨਹੀਂ ਸਕਦੇ, ਉਹਨਾਂ ਨੂੰ ਕਿਸੇ ਹੋਰ ਦੀ ਭਲਾਈ ਚੰਗੀ ਨਹੀਂ ਲੱਗਦੀ।

ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ ॥

ਪਰ ਜਦੋਂ ਗੁਰੂ ਦਾ ਪਿਆਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਬਣਿਆ ਹੋਇਆ ਹੈ, ਤਾਂ ਕਿਸੇ (ਨਿੰਦਕ ਦੁਸ਼ਟ) ਦੇ ਝਖ ਮਾਰਿਆਂ ਗੁਰੂ ਦਾ ਕੁਝ ਵਿਗੜ ਨਹੀਂ ਸਕਦਾ।

ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥

ਜਿਹੜੀ ਗੱਲ ਕਰਤਾਰ ਨੂੰ ਚੰਗੀ ਲੱਗਦੀ ਹੈ ਉਹ ਦਿਨੋਂ ਦਿਨ ਵਧਦੀ ਹੈ (ਤੇ ਨਿੰਦਾ ਕਰਨ ਵਾਲੀ) ਸਾਰੀ ਲੁਕਾਈ ਖਿੱਝ ਖਿੱਝ ਕੇ ਆਤਮਕ ਮੌਤ ਸਹੇੜਦੀ ਹੈ ॥੪॥


ਸਲੋਕ ਮਃ ੩ ॥
ਧ੍ਰਿਗੁ ਏਹ ਆਸਾ ਦੂਜੇ ਭਾਵ ਕੀ ਜੋ ਮੋਹਿ ਮਾਇਆ ਚਿਤੁ ਲਾਏ ॥

ਜਿਹੜਾ ਮਨੁੱਖ ਮਾਇਆ ਦੇ ਮੋਹ ਵਿਚ (ਆਪਣਾ) ਚਿੱਤ ਜੋੜਦਾ ਹੈ ਉਸ ਦੀ ਇਹ ਮਾਇਆ ਨਾਲ ਪਿਆਰ ਵਧਾਣ ਵਾਲੀ ਆਸ (ਉਸ ਦੇ ਵਾਸਤੇ) ਫਿਟਕਾਰ ਹੀ ਖੱਟਣ ਵਾਲੀ ਹੁੰਦੀ ਹੈ,

ਹਰਿ ਸੁਖੁ ਪਲੑਰਿ ਤਿਆਗਿਆ ਨਾਮੁ ਵਿਸਾਰਿ ਦੁਖੁ ਪਾਏ ॥

(ਕਿਉਂਕਿ ਉਹ ਮਨੁੱਖ) ਪਰਮਾਤਮਾ ਦੇ ਨਾਮ ਦਾ ਆਨੰਦ ਪਰਾਲੀ ਦੇ ਵੱਟੇ ਤਿਆਗਦਾ ਹੈ, ਪਰਮਾਤਮਾ ਦਾ ਨਾਮ ਭੁਲਾ ਕੇ ਉਹ ਦੁੱਖ (ਹੀ) ਪਾਂਦਾ ਹੈ।

ਮਨਮੁਖ ਅਗਿਆਨੀ ਅੰਧੁਲੇ ਜਨਮਿ ਮਰਹਿ ਫਿਰਿ ਆਵੈ ਜਾਏ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਰਹਿੰਦੇ ਹਨ, ਜੀਵਨ ਦਾ ਸਹੀ ਰਸਤਾ ਉਹਨਾਂ ਨੂੰ ਨਹੀਂ ਦਿੱਸਦਾ (ਇਸ ਵਾਸਤੇ ਉਹ) ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਮਨਮੁਖ ਬੰਦਾ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹੈ।

ਕਾਰਜ ਸਿਧਿ ਨ ਹੋਵਨੀ ਅੰਤਿ ਗਇਆ ਪਛੁਤਾਏ ॥

(ਪ੍ਰਭੂ ਨੂੰ ਵਿਸਾਰ ਕੇ ਮਨਮੁਖ ਨੇ ਹੋਰ ਹੋਰ ਕਈ ਧੰਧੇ ਸਹੇੜੇ ਹੁੰਦੇ ਹਨ, ਉਹਨਾਂ) ਕੰਮਾਂ ਵਿਚ (ਉਸ ਨੂੰ) ਕਾਮਯਾਬੀਆਂ ਨਹੀਂ ਹੁੰਦੀਆਂ, ਆਖ਼ਰ ਇਥੋਂ ਹਾਹੁਕੇ ਲੈਂਦਾ ਹੀ ਜਾਂਦਾ ਹੈ।

ਜਿਸੁ ਕਰਮੁ ਹੋਵੈ ਤਿਸੁ ਸਤਿਗੁਰੁ ਮਿਲੈ ਸੋ ਹਰਿ ਹਰਿ ਨਾਮੁ ਧਿਆਏ ॥

ਜਿਸ ਮਨੁੱਖ ਉਤੇ ਪ੍ਰਭੂ ਦੀ ਮਿਹਰ ਹੁੰਦੀ ਹੈ ਉਸ ਨੂੰ ਗੁਰੂ ਮਿਲਦਾ ਹੈ, ਉਹ ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ।

ਨਾਮਿ ਰਤੇ ਜਨ ਸਦਾ ਸੁਖੁ ਪਾਇਨਿੑ ਜਨ ਨਾਨਕ ਤਿਨ ਬਲਿ ਜਾਏ ॥੧॥

ਨਾਮ ਵਿਚ ਰੰਗੇ ਹੋਏ ਮਨੁੱਖ ਸਦਾ ਆਤਮਕ ਆਨੰਦ ਮਾਣਦੇ ਹਨ। ਹੇ ਦਾਸ ਨਾਨਕ! (ਆਖ-) ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ॥੧॥


ਮਃ ੩ ॥
ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ ॥

ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ।

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ ॥

ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ।

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ ॥

(ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)।

ਨਾਨਕ ਗੁਰਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ ॥

ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤ ਜੋੜਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ,

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰਸਬਦੀ ਵੀਚਾਰੁ ॥੨॥

ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ ॥੨॥


ਪਉੜੀ ॥
ਜਿਥੈ ਜਾਈਐ ਜਗਤ ਮਹਿ ਤਿਥੈ ਹਰਿ ਸਾਈ ॥

ਹੇ ਭਾਈ! ਸੰਸਾਰ ਵਿਚ ਜਿਸ ਥਾਂ ਭੀ ਜਾਈਏ, ਉਥੇ ਹੀ ਮਾਲਕ-ਪ੍ਰਭੂ ਹਾਜ਼ਰ ਹੈ।

ਅਗੈ ਸਭੁ ਆਪੇ ਵਰਤਦਾ ਹਰਿ ਸਚਾ ਨਿਆਈ ॥

ਪਰਲੋਕ ਵਿਚ ਭੀ ਹਰ ਥਾਂ ਸੱਚਾ ਨਿਆਂ ਕਰਨ ਵਾਲਾ ਪਰਮਾਤਮਾ ਆਪ ਹੀ ਕਾਰ ਚਲਾ ਰਿਹਾ ਹੈ।

ਕੂੜਿਆਰਾ ਕੇ ਮੁਹ ਫਿਟਕੀਅਹਿ ਸਚੁ ਭਗਤਿ ਵਡਿਆਈ ॥

(ਉਸ ਦੀ ਹਜ਼ੂਰੀ ਵਿਚ) ਮਾਇਆ-ਗ੍ਰਸੇ ਜੀਵਾਂ ਨੂੰ ਫਿਟਕਾਰਾਂ ਪੈਂਦੀਆਂ ਹਨ। (ਪਰ ਜਿਨ੍ਹਾਂ ਦੇ ਹਿਰਦੇ ਵਿਚ) ਸਦਾ-ਥਿਰ ਹਰਿ-ਨਾਮ ਵੱਸਦਾ ਹੈ ਪ੍ਰਭੂ ਦੀ ਭਗਤੀ ਟਿਕੀ ਹੋਈ ਹੈ, ਉਹਨਾਂ ਨੂੰ ਆਦਰ ਮਿਲਦਾ ਹੈ।

ਸਚੁ ਸਾਹਿਬੁ ਸਚਾ ਨਿਆਉ ਹੈ ਸਿਰਿ ਨਿੰਦਕ ਛਾਈ ॥

ਹੇ ਭਾਈ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਉਸ ਦਾ ਇਨਸਾਫ਼ ਭੀ ਅਟੱਲ ਹੈ। (ਉਸ ਦੇ ਨਿਆਂ ਅਨੁਸਾਰ ਹੀ ਗੁਰਮੁਖਾਂ ਦੀ) ਨਿੰਦਾ ਕਰਨ ਵਾਲੇ ਬੰਦਿਆਂ ਦੇ ਸਿਰ ਸੁਆਹ ਪੈਂਦੀ ਹੈ।

ਜਨ ਨਾਨਕ ਸਚੁ ਅਰਾਧਿਆ ਗੁਰਮੁਖਿ ਸੁਖੁ ਪਾਈ ॥੫॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਸਦਾ-ਥਿਰ ਪ੍ਰਭੂ ਨੂੰ ਸਿਮਰਿਆ ਹੈ ਉਹਨਾਂ ਨੂੰ ਆਤਮਕ ਆਨੰਦ ਮਿਲਿਆ ਹੈ ॥੫॥


ਸਲੋਕ ਮਃ ੩ ॥
ਪੂਰੈ ਭਾਗਿ ਸਤਿਗੁਰੁ ਪਾਈਐ ਜੇ ਹਰਿ ਪ੍ਰਭੁ ਬਖਸ ਕਰੇਇ ॥

ਹੇ ਭਾਈ! ਜੇ ਪਰਮਾਤਮਾ ਮਿਹਰ ਕਰੇ ਤਾਂ (ਮਨੁੱਖ ਨੂੰ) ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ।

ਓਪਾਵਾ ਸਿਰਿ ਓਪਾਉ ਹੈ ਨਾਉ ਪਰਾਪਤਿ ਹੋਇ ॥

(ਗੁਰੂ ਦਾ ਮਿਲਣਾ ਹੀ) ਸਾਰੇ ਵਸੀਲਿਆਂ ਨਾਲੋਂ ਵਧੀਆ ਵਸੀਲਾ ਹੈ (ਜਿਸ ਦੀ ਰਾਹੀਂ ਪਰਮਾਤਮਾ ਦਾ) ਨਾਮ ਹਾਸਲ ਹੁੰਦਾ ਹੈ।

ਅੰਦਰੁ ਸੀਤਲੁ ਸਾਂਤਿ ਹੈ ਹਿਰਦੈ ਸਦਾ ਸੁਖੁ ਹੋਇ ॥

(ਨਾਮ ਦੀ ਬਰਕਤ ਨਾਲ ਮਨੁੱਖ ਦਾ) ਮਨ ਠੰਢਾ-ਠਾਰ ਹੋ ਜਾਂਦਾ ਹੈ (ਮਨੁੱਖ ਦੇ) ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।

ਅੰਮ੍ਰਿਤੁ ਖਾਣਾ ਪੈਨੑਣਾ ਨਾਨਕ ਨਾਇ ਵਡਿਆਈ ਹੋਇ ॥੧॥

ਹੇ ਨਾਨਕ! (ਸਤਿਗੁਰੂ ਦੇ ਮਿਲਣ ਨਾਲ ਜਿਸ ਮਨੁੱਖ ਦੀ) ਖ਼ੁਰਾਕ ਤੇ ਪੁਸ਼ਾਕ (ਭਾਵ, ਜ਼ਿੰਦਗੀ ਦਾ ਆਸਰਾ) ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਬਣ ਜਾਂਦਾ ਹੈ ਉਸ ਨੂੰ ਨਾਮ ਦੀ ਰਾਹੀਂ (ਹਰ ਥਾਂ) ਆਦਰ ਮਿਲਦਾ ਹੈ ॥੧॥


ਮਃ ੩ ॥
ਏ ਮਨ ਗੁਰ ਕੀ ਸਿਖ ਸੁਣਿ ਪਾਇਹਿ ਗੁਣੀ ਨਿਧਾਨੁ ॥

ਹੇ ਮਨ! ਗੁਰੂ ਦੀ ਸਿੱਖਿਆ ਆਪਣੇ ਅੰਦਰ ਵਸਾ (ਇਸ ਤਰ੍ਹਾਂ) ਤੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲਏਂਗਾ।

ਸੁਖਦਾਤਾ ਤੇਰੈ ਮਨਿ ਵਸੈ ਹਉਮੈ ਜਾਇ ਅਭਿਮਾਨੁ ॥

(ਸਾਰੇ) ਸੁਖ ਦੇਣ ਵਾਲਾ ਪਰਮਾਤਮਾ ਤੈਨੂੰ ਤੇਰੇ ਆਪਣੇ ਅੰਦਰ ਵੱਸਦਾ ਦਿੱਸ ਪਏਗਾ (ਤੇਰੇ ਅੰਦਰੋਂ) ਹਉਮੈ ਅਹੰਕਾਰ ਦੂਰ ਹੋ ਜਾਇਗਾ।

ਨਾਨਕ ਨਦਰੀ ਪਾਈਐ ਅੰਮ੍ਰਿਤੁ ਗੁਣੀ ਨਿਧਾਨੁ ॥੨॥

ਹੇ ਨਾਨਕ! ਆਤਮਕ ਜੀਵਨ ਦੇਣ ਵਾਲਾ ਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ (ਗੁਰੂ ਦੀ ਰਾਹੀਂ ਆਪਣੀ) ਮਿਹਰ ਦੀ ਨਿਗਾਹ ਨਾਲ (ਹੀ) ਮਿਲਦਾ ਹੈ ॥੨॥


ਪਉੜੀ ॥
ਜਿਤਨੇ ਪਾਤਿਸਾਹ ਸਾਹ ਰਾਜੇ ਖਾਨ ਉਮਰਾਵ ਸਿਕਦਾਰ ਹਹਿ ਤਿਤਨੇ ਸਭਿ ਹਰਿ ਕੇ ਕੀਏ ॥

(ਹੇ ਭਾਈ! ਜਗਤ ਵਿਚ) ਜਿਤਨੇ ਭੀ ਸ਼ਾਹ, ਪਾਤਿਸ਼ਾਹ, ਰਾਜੇ, ਖ਼ਾਨ, ਅਮੀਰ ਤੇ ਸਰਦਾਰ ਹਨ, ਉਹ ਸਾਰੇ ਪਰਮਾਤਮਾ ਦੇ (ਹੀ) ਪੈਦਾ ਕੀਤੇ ਹੋਏ ਹਨ।

ਜੋ ਕਿਛੁ ਹਰਿ ਕਰਾਵੈ ਸੁ ਓਇ ਕਰਹਿ ਸਭਿ ਹਰਿ ਕੇ ਅਰਥੀਏ ॥

ਜੋ ਕੁਝ ਪਰਮਾਤਮਾ (ਉਹਨਾਂ ਪਾਸੋਂ) ਕਰਾਂਦਾ ਹੈ ਉਹੀ ਉਹ ਕਰਦੇ ਹਨ, ਉਹ ਸਾਰੇ ਪਰਮਾਤਮਾ ਦੇ (ਦਰ ਦੇ ਹੀ) ਮੰਗਤੇ ਹਨ।

ਸੋ ਐਸਾ ਹਰਿ ਸਭਨਾ ਕਾ ਪ੍ਰਭੁ ਸਤਿਗੁਰ ਕੈ ਵਲਿ ਹੈ ਤਿਨਿ ਸਭਿ ਵਰਨ ਚਾਰੇ ਖਾਣੀ ਸਭ ਸ੍ਰਿਸਟਿ ਗੋਲੇ ਕਰਿ ਸਤਿਗੁਰ ਅਗੈ ਕਾਰ ਕਮਾਵਣ ਕਉ ਦੀਏ ॥

ਹੇ ਭਾਈ! ਇਹੋ ਜਿਹੀ ਸਮਰਥਾ ਵਾਲਾ ਸਭਨਾਂ ਜੀਵਾਂ ਦਾ ਮਾਲਕ ਉਹ ਪਰਮਾਤਮਾ (ਸਦਾ) ਸਤਿਗੁਰੂ ਦੇ ਪੱਖ ਤੇ ਰਹਿੰਦਾ ਹੈ। ਉਸ ਪਰਮਾਤਮਾ ਨੇ ਚਹੁੰਆਂ ਵਰਨਾਂ ਚਹੁੰਆਂ ਖਾਣੀਆਂ ਦੇ ਸਾਰੇ ਜੀਵ ਸਾਰੀ ਹੀ ਸ੍ਰਿਸ਼ਟੀ (ਦੇ ਜੀਵ) (ਗੁਰੂ ਦੇ) ਸੇਵਕ ਬਣਾ ਕੇ ਗੁਰੂ ਦੇ ਦਰ ਤੇ ਸੇਵਾ ਕਰਨ ਲਈ ਖੜੇ ਕੀਤੇ ਹੋਏ ਹਨ।

ਹਰਿ ਸੇਵੇ ਕੀ ਐਸੀ ਵਡਿਆਈ ਦੇਖਹੁ ਹਰਿ ਸੰਤਹੁ ਜਿਨਿ ਵਿਚਹੁ ਕਾਇਆ ਨਗਰੀ ਦੁਸਮਨ ਦੂਤ ਸਭਿ ਮਾਰਿ ਕਢੀਏ ॥

ਹੇ ਸੰਤ ਜਨੋ! ਵੇਖੋ, ਪਰਮਾਤਮਾ ਦੀ ਭਗਤੀ ਕਰਨ ਦਾ ਇਹ ਗੁਣ ਹੈ ਕਿ ਉਸ (ਪਰਮਾਤਮਾ) ਨੇ (ਭਗਤੀ ਕਰਨ ਵਾਲੇ ਆਪਣੇ ਸੇਵਕ ਦੇ) ਸਰੀਰ-ਨਗਰ ਵਿਚੋਂ (ਕਾਮਾਦਿਕ) ਸਾਰੇ ਵੈਰੀ ਦੁਸ਼ਮਨ ਮਾਰ ਕੇ (ਬਾਹਰ) ਕੱਢ ਦਿੱਤੇ ਹੁੰਦੇ ਹਨ।

ਹਰਿ ਹਰਿ ਕਿਰਪਾਲੁ ਹੋਆ ਭਗਤ ਜਨਾ ਉਪਰਿ ਹਰਿ ਆਪਣੀ ਕਿਰਪਾ ਕਰਿ ਹਰਿ ਆਪਿ ਰਖਿ ਲੀਏ ॥੬॥

ਹੇ ਭਾਈ! ਪਰਮਾਤਮਾ ਆਪਣੇ ਭਗਤਾਂ ਉਤੇ (ਸਦਾ) ਦਇਆਵਾਨ ਹੁੰਦਾ ਹੈ। ਪਰਮਾਤਮਾ ਮਿਹਰ ਕਰ ਕੇ (ਆਪਣੇ ਭਗਤਾਂ ਨੂੰ ਕਾਮਾਦਿਕ ਵੈਰੀਆਂ ਤੋਂ) ਆਪ ਬਚਾਂਦਾ ਹੈ ॥੬॥


ਸਲੋਕ ਮਃ ੩ ॥
ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਮਨ ਵਿਚ ਖੋਟ ਟਿਕਿਆ ਰਹਿੰਦਾ ਹੈ (ਇਸ ਵਾਸਤੇ ਉਸ ਨੂੰ) ਸਦਾ (ਆਤਮਕ) ਕਲੇਸ਼ ਰਹਿੰਦਾ ਹੈ, ਉਸ ਦੀ ਸੁਰਤ (ਪਰਮਾਤਮਾ ਵਿਚ) ਨਹੀਂ ਜੁੜਦੀ।

ਦੁਖ ਵਿਚਿ ਕਾਰ ਕਮਾਵਣੀ ਦੁਖੁ ਵਰਤੈ ਦੁਖੁ ਆਗੈ ॥

ਉਸ ਮਨੁੱਖ ਦੀ ਸਾਰੀ ਕਿਰਤ-ਕਾਰ ਦੁੱਖ-ਕਲੇਸ਼ ਵਿਚ ਹੀ ਹੁੰਦੀ ਹੈ (ਹਰ ਵੇਲੇ ਉਸ ਨੂੰ) ਕਲੇਸ਼ ਹੀ ਵਾਪਰਦਾ ਰਹਿੰਦਾ ਹੈ, ਪਰਲੋਕ ਵਿਚ ਭੀ ਉਸ ਦੇ ਵਾਸਤੇ ਕਲੇਸ਼ ਹੀ ਹੈ।

ਕਰਮੀ ਸਤਿਗੁਰੁ ਭੇਟੀਐ ਤਾ ਸਚਿ ਨਾਮਿ ਲਿਵ ਲਾਗੈ ॥

(ਜਦੋਂ ਪਰਮਾਤਮਾ ਦੀ) ਮਿਹਰ ਨਾਲ (ਮਨੁੱਖ ਨੂੰ) ਗੁਰੂ ਮਿਲਦਾ ਹੈ ਤਦੋਂ ਸਦਾ-ਥਿਰ ਹਰਿ-ਨਾਮ ਵਿਚ ਉਸ ਦੀ ਲਗਨ ਲੱਗ ਜਾਂਦੀ ਹੈ।

ਨਾਨਕ ਸਹਜੇ ਸੁਖੁ ਹੋਇ ਅੰਦਰਹੁ ਭ੍ਰਮੁ ਭਉ ਭਾਗੈ ॥੧॥

ਹੇ ਨਾਨਕ! ਆਤਮਕ ਅਡੋਲਤਾ ਵਿਚ (ਟਿਕਣ ਕਰਕੇ ਉਸ ਨੂੰ ਆਤਮਕ) ਆਨੰਦ ਮਿਲਿਆ ਰਹਿੰਦਾ ਹੈ ਤੇ ਉਸ ਦੇ ਮਨ ਵਿਚੋਂ ਭਟਕਣਾ ਦੂਰ ਹੋ ਜਾਂਦੀ ਹੈ ਸਹਿਮ ਦੂਰ ਹੋ ਜਾਂਦਾ ਹੈ ॥੧॥


ਮਃ ੩ ॥
ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ ॥

ਹੇ ਭਾਈ! ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ (ਉਸ ਦੇ ਅੰਦਰ) ਸਦਾ ਪਰਮਾਤਮਾ ਦੇ ਨਾਮ ਦੀ ਰੰਗਣ ਚੜ੍ਹੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ।

ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥

(ਉਹ ਮਨੁੱਖ ਹਰ ਥਾਂ ਪਰਮਾਤਮਾ ਨੂੰ ਹੀ) ਵੇਖਦਾ ਹੈ (ਸਦਾ ਪਰਮਾਤਮਾ ਦਾ) ਨਾਮ ਹੀ ਉਚਾਰਦਾ ਹੈ, ਨਾਮ ਜਪਦਿਆਂ ਉਸ ਨੂੰ ਆਤਮਕ ਆਨੰਦ ਮਿਲਿਆ ਰਹਿੰਦਾ ਹੈ।

ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਸਹੀ ਜੀਵਨ ਦੀ ਸੂਝ ਵਜੋਂ ਬੇ-ਸਮਝੀ ਦਾ ਘੁੱਪ ਹਨੇਰਾ ਮੁੱਕ ਜਾਂਦਾ ਹੈ ॥੨॥


ਮਃ ੩ ॥
ਮਨਮੁਖ ਮੈਲੇ ਮਰਹਿ ਗਵਾਰ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਵਿਕਾਰੀ ਮਨ ਵਾਲੇ ਰਹਿੰਦੇ ਹਨ ਤੇ ਆਤਮਕ ਮੌਤ ਸਹੇੜ ਲੈਂਦੇ ਹਨ।

ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਵਿੱਤਰ ਜੀਵਨ ਵਾਲੇ ਹੁੰਦੇ ਹਨ (ਕਿਉਂਕਿ ਉਹਨਾਂ ਨੇ) ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਟਿਕਾ ਰੱਖਿਆ ਹੁੰਦਾ ਹੈ।

ਭਨਤਿ ਨਾਨਕੁ ਸੁਣਹੁ ਜਨ ਭਾਈ ॥

ਨਾਨਕ ਆਖਦਾ ਹੈ-ਹੇ ਭਾਈ ਜਨੋ! ਸੁਣੋ,

ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥

ਗੁਰੂ ਦੇ ਦੱਸੇ ਰਾਹ ਉਤੇ ਤੁਰਿਆ ਕਰੋ (ਇਸ ਤਰ੍ਹਾਂ ਅੰਦਰੋਂ) ਹਉਮੈ ਦੀ ਮੈਲ ਦੂਰ ਹੋ ਜਾਂਦੀ ਹੈ।

ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦੇ ਅੰਦਰ ਸਹਿਮ ਤੇ ਕਲੇਸ਼ ਜ਼ੋਰ ਪਾਈ ਰੱਖਦਾ ਹੈ, ਉਹਨਾਂ ਦੇ ਸਿਰ ਉਤੇ (ਇਹੋ ਜਿਹਾ) ਕਜ਼ੀਆ ਖਪਾਣਾ ਬਣਿਆ ਹੀ ਰਹਿੰਦਾ ਹੈ।

ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥

ਮਾਇਆ ਦੇ ਪਿਆਰ ਵਿਚ (ਫਸ ਕੇ ਉਹ ਸਹੀ ਜੀਵਨ ਵਲੋਂ) ਸੁੱਤੇ ਰਹਿੰਦੇ ਹਨ, ਕਦੇ ਹੋਸ਼ ਨਹੀਂ ਕਰਦੇ।

ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥

ਮਾਇਆ ਦਾ ਮੋਹ ਮਾਇਆ ਦਾ ਪਿਆਰ (ਇਤਨਾ ਪ੍ਰਬਲ ਹੁੰਦਾ ਹੈ ਕਿ) ਉਹ ਕਦੇ ਹਰਿ-ਨਾਮ ਨਹੀਂ ਸਿਮਰਦੇ, ਸਿਫ਼ਤਿ-ਸਾਲਾਹ ਦੀ ਬਾਣੀ ਨੂੰ ਨਹੀਂ ਵਿਚਾਰਦੇ-ਬੱਸ! ਮਨ ਦੇ ਮੁਰੀਦ ਬੰਦਿਆਂ ਦਾ ਸੋਚਣ ਦਾ ਢੰਗ ਹੀ ਇਹ ਬਣ ਜਾਂਦਾ ਹੈ।

ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥

ਉਹਨਾਂ ਨੂੰ ਪਰਮਾਤਮਾ ਦਾ ਨਾਮ ਚੰਗਾ ਨਹੀਂ ਲੱਗਦਾ, ਉਹ ਆਪਣੀ ਜ਼ਿੰਦਗੀ ਵਿਅਰਥ ਗਵਾ ਲੈਂਦੇ ਹਨ, ਆਤਮਕ ਮੌਤ ਉਹਨਾਂ ਦੇ ਸਹੀ ਜੀਵਨ ਨੂੰ ਮਾਰ-ਮੁਕਾ ਕੇ ਉਹਨਾਂ ਨੂੰ ਖ਼ੁਆਰ ਕਰਦੀ ਹੈ ॥੩॥


ਪਉੜੀ ॥
ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥

ਹੇ ਭਾਈ! ਪਰਮਾਤਮਾ ਦੀ ਭਗਤੀ ਸਦਾ ਕਾਇਮ ਰਹਿਣ ਵਾਲਾ ਧਨ ਹੈ। ਜਿਸ ਮਨੁੱਖ ਨੂੰ ਪਰਮਾਤਮਾ ਨੇ ਭਗਤੀ (ਦੀ ਦਾਤਿ) ਬਖ਼ਸ਼ੀ, ਉਹ ਸਦਾ ਲਈ ਸ਼ਾਹੂਕਾਰ ਬਣ ਗਿਆ।

ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥

ਸਾਰਾ ਜਗਤ ਉਸ ਦੇ ਦਰ ਦਾ ਅਰਥੀਆ ਬਣਦਾ ਹੈ (ਕਿਉਂਕਿ) ਕਿਸੇ ਹੋਰ ਹੱਟ ਵਿਚ ਨਾਹ ਇਹ ਸੌਦਾ ਹੁੰਦਾ ਹੈ ਨਾਹ ਇਸ ਦਾ ਵਣਜ ਹੁੰਦਾ ਹੈ।

ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥

ਜਿਹੜਾ ਮਨੁੱਖ ਭਗਤ ਜਨਾਂ ਵਲ ਆਪਣਾ ਮੂੰਹ ਰੱਖਦਾ ਹੈ, ਉਸ ਨੂੰ ਇਹ ਸਰਮਾਇਆ ਮਿਲ ਜਾਂਦਾ ਹੈ, ਪਰ ਭਗਤ ਜਨਾਂ ਵਲੋਂ ਮੂੰਹ ਮੋੜਨ ਵਾਲੇ ਦੇ ਸਿਰ ਸੁਆਹ ਹੀ ਪੈਂਦੀ ਹੈ।

ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥

ਹੇ ਭਾਈ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦਾ ਵਣਜ ਕਰਦੇ ਹਨ, ਜਮ ਮਸੂਲੀਆ ਉਹਨਾਂ ਦੇ ਨੇੜੇ ਨਹੀਂ ਢੁਕਦਾ।

ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

ਦਾਸ ਨਾਨਕ ਨੇ (ਭੀ) ਪਰਮਾਤਮਾ ਦੇ ਨਾਮ-ਧਨ ਦਾ ਸੌਦਾ ਲੱਦਿਆ ਹੈ (ਇਸ ਵਾਸਤੇ ਦੁਨੀਆ ਦੇ ਧਨ ਵਲੋਂ) ਬੇ-ਮੁਥਾਜ ਰਹਿੰਦਾ ਹੈ ॥੭॥


ਸਲੋਕ ਮਃ ੩ ॥
ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥

ਹੇ ਭਾਈ! ਇਸ ਮਨੁੱਖਾ ਜਨਮ ਵਿਚ (ਸਿਰਫ਼) ਭਗਤਾਂ ਨੇ (ਹੀ) ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਹੋਰ ਸਾਰਾ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ, ਸਹੀ ਜੀਵਨ-ਰਾਹ ਤੋਂ) ਖੁੰਝਿਆ ਰਹਿੰਦਾ ਹੈ।

ਗੁਰਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥

(ਜਿਸ ਮਨੁੱਖ ਦੇ) ਮਨ ਵਿਚ ਗੁਰੂ ਦੀ ਮਿਹਰ ਨਾਲ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ ਹਰ ਵੇਲੇ ਨਾਮ ਸਿਮਰਦਾ ਹੈ।

ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥

ਉਹ ਮਾਇਆ ਵਿਚ (ਵਿਚਰਦਾ ਹੋਇਆ ਭੀ ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤ ਨਾਲ (ਉਹ ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ।

ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥

ਧੰਨ ਹੈ ਉਸ ਦੀ ਜੰਮਣ ਵਾਲੀ ਮਾਂ! ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ (ਉਸ ਦਾ ਸਦਕਾ ਉਸ ਦੀਆਂ) ਕੁਲਾਂ ਭੀ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੀਆਂ ਹਨ।

ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥

ਉਸ ਦੇ ਮਨ ਵਿੱਚ ਸਦਾ ਹੀ ਆਤਮਕ ਅਡੋਲਤਾ ਦਾ ਆਨੰਦ ਟਿਕਿਆ ਰਹਿੰਦਾ ਹੈ ਅਤੇ ਉਹ ਸਦਾ-ਥਿਰ ਪ੍ਰਭੂ ਨਾਲ ਆਪਣੀ ਬ੍ਰਿਤੀ ਜੋੜ ਕੇ ਰੱਖਦਾ ਹੈ।

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥

(ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ) ਬ੍ਰਹਮਾ, ਵਿਸ਼ਨੂ, ਸ਼ਿਵ ਜੀ (ਵਰਗੇ ਵੱਡੇ ਵੱਡੇ ਦੇਵਤੇ ਭੀ) ਮਾਇਆ ਦੇ ਤਿੰਨ ਗੁਣਾਂ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਦੇ ਰਹੇ (ਉਹਨਾਂ ਦੇ ਅੰਦਰ) ਹਉਮੈ ਵਧਦੀ ਰਹੀ (ਮਾਇਆ ਦਾ) ਮੋਹ ਵਧਦਾ ਰਿਹਾ।

ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥

(ਹੇ ਭਾਈ! ਗੁਰੂ ਦੀ ਸਰਨ ਤੋਂ ਬਿਨਾ) ਪੰਡਿਤ (ਵੇਦ ਆਦਿਕ ਧਰਮ-ਪੁਸਤਕ) ਪੜ੍ਹ ਪੜ੍ਹ ਕੇ (ਭੀ) ਖੁੰਝਦੇ ਰਹੇ, ਮੁਨੀ ਲੋਕ (ਮੋਨ ਧਾਰ ਕੇ) ਖੁੰਝਦੇ ਰਹੇ, (ਉਹਨਾਂ ਨੇ ਭੀ) ਮਾਇਆ ਦੇ ਮੋਹ ਵਿਚ ਹੀ ਆਪਣਾ ਚਿੱਤ ਜੋੜੀ ਰੱਖਿਆ।

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥

ਹੇ ਭਾਈ! ਗੁਰੂ ਤੋਂ ਬਿਨਾ ਜੋਗੀ ਜੰਗਮ ਸੰਨਿਆਸੀ ਭੀ ਕੁਰਾਹੇ ਪਏ ਰਹੇ, ਉਹਨਾਂ ਨੇ ਭੀ ਅਸਲੀ ਵਸਤ ਨਾਹ ਲੱਭੀ।

ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਸਦਾ ਦੁਖੀ ਹੀ ਰਹੇ, ਭਟਕਣਾ ਵਿਚ ਪੈ ਕੇ ਸਹੀ ਜੀਵਨ-ਰਾਹ ਤੋਂ ਖੁੰਝੇ ਹੀ ਰਹੇ, ਉਹਨਾਂ ਆਪਣਾ ਜਨਮ ਵਿਅਰਥ ਹੀ ਗਵਾਇਆ।

ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥

ਪਰ, ਹੇ ਨਾਨਕ! (ਜੀਵਾਂ ਦੇ ਕੀਹ ਵੱਸ?) ਜਿਨ੍ਹਾਂ ਮਨੁੱਖ ਨੂੰ (ਪਰਮਾਤਮਾ) ਆਪ ਹੀ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਉਹ (ਉਸ ਦੇ) ਨਾਮ ਵਿਚ ਰੰਗੇ ਰਹਿੰਦੇ ਹਨ ਤੇ ਉਹੀ ਕਾਮਯਾਬ ਜੀਵਨ ਵਾਲੇ ਹੁੰਦੇ ਹਨ ॥੧॥


ਮਃ ੩ ॥
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥

ਹੇ ਨਾਨਕ! (ਆਖ-ਹੇ ਭਾਈ!) ਜਿਸ ਪਰਮਾਤਮਾ ਦੇ ਇਖ਼ਤਿਆਰ ਵਿਚ ਹਰੇਕ ਚੀਜ਼ ਹੈ ਉਸ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।

ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥

ਹੇ ਪ੍ਰਾਣੀਓ! ਉਸ ਪ੍ਰਭੂ ਨੂੰ (ਸਦਾ) ਸਿਮਰਦੇ ਰਹੋ, ਉਸ ਤੋਂ ਬਿਨਾ ਕੋਈ ਹੋਰ (ਉਸ ਵਰਗਾ) ਨਹੀਂ ਹੈ।

ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥

ਪਰ, ਹੇ ਭਾਈ! ਗੁਰੂ ਦੀ ਸਰਨ ਪਿਆਂ ਹੀ (ਉਹ ਪਰਮਾਤਮਾ ਮਨੁੱਖ ਦੇ) ਹਿਰਦੇ ਵਿਚ ਮਨ ਵਿਚ ਵੱਸਦਾ ਹੈ (ਜਿਸ ਦੇ ਅੰਦਰ ਆ ਵੱਸਦਾ ਹੈ, ਉਸ ਦੇ ਅੰਦਰ) ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ ॥੨॥


ਪਉੜੀ ॥
ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ-ਧਨ ਨਹੀਂ ਕਮਾਇਆ, ਉਹ ਜਗਤ ਵਿਚ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਚੁਕੇ ਸਮਝੋ (ਜਿਵੇਂ ਜੁਆਰੀਆ ਜੂਏ ਵਿਚ ਹਾਰ ਕੇ ਕੰਗਾਲ ਹੋ ਜਾਂਦਾ ਹੈ)।

ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥

ਇਹੋ ਜਿਹੇ ਮਨੁੱਖ (ਉਹਨਾਂ ਮੰਗਤਿਆਂ ਵਰਗੇ ਹਨ ਜੋ) ਸਾਰੇ ਸੰਸਾਰ ਵਿਚ ਮੰਗਦੇ ਫਿਰਦੇ ਹਨ, ਪਰ ਉਹਨਾਂ ਦੇ ਮੂੰਹ ਉਤੇ ਕੋਈ ਥੁੱਕਦਾ ਭੀ ਨਹੀਂ।

ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥

ਹੇ ਭਾਈ! ਇਹੋ ਜਿਹੇ ਬੰਦੇ ਦੂਜਿਆਂ ਦੀ ਨਿੰਦਾ ਕਰਦੇ ਹਨ (ਤੇ ਇਸ ਤਰ੍ਹਾਂ) ਆਪਣਾ ਇਤਬਾਰ ਗਵਾ ਲੈਂਦੇ ਹਨ, ਸਗੋਂ ਚੰਗੀ ਤਰ੍ਹਾਂ ਆਪਣਾ (ਭੈੜਾ) ਅਸਲਾ ਨਸ਼ਰ ਕਰਦੇ ਹਨ।

ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥

ਅਜੇਹੇ ਮਨੁੱਖ ਜਿਥੇ ਜੀ ਚਾਹੇ ਜਾਣ, ਜਿਸ ਧਨ ਦੀ ਖ਼ਾਤਰ (ਲਾਲਚ ਵਿਚ ਆ ਕੇ) ਚੁਗ਼ਲੀ ਕਰਦੇ ਹਨ, ਚੁਗਲੀ ਨਾਲ ਉਹ ਧਨ ਉਹਨਾਂ ਨੂੰ ਲੱਭਦਾ ਨਹੀਂ।

ਗੁਰਮੁਖਿ ਸੇਵਕ ਭਾਇ ਹਰਿ ਧਨੁ ਮਿਲੈ ਤਿਥਹੁ ਕਰਮਹੀਣ ਲੈ ਨ ਸਕਹਿ ਹੋਰ ਥੈ ਦੇਸ ਦਿਸੰਤਰਿ ਹਰਿ ਧਨੁ ਨਾਹਿ ॥੮॥

ਹੇ ਭਾਈ! ਸੇਵਕ-ਭਾਵਨਾ ਨਾਲ ਗੁਰੂ ਦੀ ਸਰਨ ਪਿਆਂ ਹੀ ਪਰਮਾਤਮਾ ਦਾ ਨਾਮ-ਧਨ ਮਿਲਦਾ ਹੈ; ਪਰ ਉਹ (ਨਿੰਦਕ) ਅਭਾਗੇ ਉਥੋਂ (ਗੁਰੂ-ਦਰ ਤੋਂ) ਇਹ ਧਨ ਲੈ ਨਹੀਂ ਸਕਦੇ (ਤੇ, ਗੁਰੂ-ਦਰ ਤੋਂ ਬਿਨਾ) ਕਿਸੇ ਹੋਰ ਥਾਂ ਕਿਸੇ ਹੋਰ ਦੇਸ ਵਿਚ ਇਹ ਨਾਮ-ਧਨ ਹੈ ਹੀ ਨਹੀਂ ॥੮॥


ਸਲੋਕ ਮਃ ੩ ॥
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥

ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ (ਕਿਸੇ ਕਿਸਮ ਦਾ) ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ।

ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥

(ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਸੰਸਾਰ ਵਿਚ) ਜੋ ਕੁਝ ਹੋ ਰਿਹਾ ਹੈ ਉਹ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ, ਉਸ ਉਤੇ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ।

ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥

ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਲੜ ਲਾ ਲੈਂਦਾ ਹੈ ਉਹਨਾਂ ਦੀ ਅਰਜ਼ੋਈ (ਪਰਮਾਤਮਾ ਸਦਾ) ਆਪ ਸੁਣਦਾ ਹੈ ॥੧॥


ਮਃ ੩ ॥
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥

ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ ਉਹ ਆਤਮਕ ਮੌਤ ਨੂੰ ਮੁਕਾ ਕੇ ਮਨ ਦੇ ਮਾਇਕ ਫੁਰਨੇ ਨੂੰ ਮਨ ਵਿਚ ਹੀ ਦੱਬ ਦੇਂਦਾ ਹੈ।

ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥

ਉਹ ਮਨੁੱਖ (ਮਾਇਆ ਦੇ ਹੱਲਿਆਂ ਵਲੋਂ) ਹਰ ਵੇਲੇ ਸੁਚੇਤ ਰਹਿੰਦਾ ਹੈ, ਕਦੇ ਉਹ (ਗ਼ਫ਼ਲਤ ਦੀ ਨੀਂਦ ਵਿਚ) ਨਹੀਂ ਸੌਂਦਾ। ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦਾ ਨਾਮ-ਅੰਮ੍ਰਿਤ (ਉਸ ਦੀ) ਖ਼ੁਰਾਕ ਹੁੰਦਾ ਹੈ।

ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥

ਉਹ ਮਨੁੱਖ (ਸਦਾ) ਮਿੱਠਾ ਬੋਲਦਾ ਹੈ, (ਸਤਿਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ।

ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥

ਇਹੋ ਜਿਹੇ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਇਹੋ ਜਿਹੇ ਮਨੁੱਖਾਂ ਨੂੰ ਮਿਲ ਕੇ ਮੈਂ ਭੀ ਆਤਮਕ ਆਨੰਦ ਮਾਣਦਾ ਹਾਂ ॥੨॥


ਪਉੜੀ ॥
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥

ਹੇ ਭਾਈ! ਪਰਮਾਤਮਾ ਦਾ ਨਾਮ-ਧਨ ਰਤਨ ਹੀਰੇ ਹਨ। ਇਹ ਹਰਿ-ਨਾਮ-ਧਨ (ਜਿਸ ਨੂੰ) ਪਰਮਾਤਮਾ ਪਾਸੋਂ ਦਿਵਾਇਆ ਹੈ ਗੁਰੂ ਨੇ (ਹੀ) ਦਿਵਾਇਆ ਹੈ।

ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥

ਜੇ ਕਿਸੇ ਮਨੁੱਖ ਨੂੰ (ਗੁਰੂ ਤੋਂ ਬਿਨਾ ਕਿਸੇ ਹੋਰ ਕੋਲ) ਕੁਝ ਦਿੱਸ ਪਏ ਤਾਂ (ਉਸ ਪਾਸੋਂ ਕੋਈ) ਕੁਝ ਮੰਗ ਭੀ ਲਏ, ਜਾਂ, ਕੋਈ ਕੁਝ ਦਿਵਾ ਦੇਵੇ। ਪਰ ਇਹ ਨਾਮ-ਧਨ ਧੱਕਾ ਕਰ ਕੇ (ਭੀ) ਕਿਸੇ ਨਾਲ ਵੰਡਾਇਆ ਨਹੀਂ ਜਾ ਸਕਦਾ (ਇਹ ਤਾਂ ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ)।

ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥

ਹੇ ਭਾਈ! ਪਰਮਾਤਮਾ ਨੇ ਧੁਰੋਂ ਜਿਸ ਮਨੁੱਖ ਦੇ ਮੱਥੇ ਤੇ ਲੇਖ ਲਿਖ ਦਿੱਤਾ ਹੈ, ਪਰਮਾਤਮਾ ਉਸ ਮਨੁੱਖ ਦੀ ਗੁਰੂ ਵਿਚ ਸਰਧਾ ਬਣਾਂਦਾ ਹੈ, ਤੇ (ਗੁਰੂ ਦੀ ਰਾਹੀਂ) ਉਸ ਮਨੁੱਖ ਨੂੰ ਨਾਮ-ਧਨ ਦਾ ਹਿੱਸਾ ਮਿਲਦਾ ਹੈ।

ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥

ਹੇ ਭਾਈ! ਇਹ ਨਾਮ-ਧਨ (ਐਸੀ ਜਾਇਦਾਦ ਹੈ ਕਿ) ਇਸ ਦਾ ਕੋਈ ਸ਼ਰੀਕ ਨਹੀਂ ਬਣ ਸਕਦਾ (ਇਸ ਉਤੇ) ਕੋਈ ਜੱਦੀ ਹੱਕ ਨਹੀਂ ਬਣਾ ਸਕਦਾ, ਕਿਸੇ ਕੋਲ ਇਸ ਦੀ ਮਲਕੀਅਤ ਦਾ ਪਟਾ ਭੀ ਨਹੀਂ ਹੋ ਸਕਦਾ। (ਜਿਵੇਂ ਜ਼ਿਮੀਂਦਾਰਾਂ ਦਾ ਜ਼ਮੀਨ ਦੇ) ਵੱਟੇ-ਬੰਨੇ ਦਾ ਰੌਲਾ (ਪੈ ਸਕਦਾ ਹੈ), ਇਸ ਹਰਿ-ਧਨ ਦਾ ਕੋਈ ਅਜਿਹਾ ਰੌਲਾ ਭੀ ਨਹੀਂ ਹੋ ਸਕਦਾ। (ਕਿਸੇ ਗੁਰਮੁਖ ਨੂੰ ਵੇਖ ਕੇ) ਜੇ ਕੋਈ ਮਨੁੱਖ ਇਸ ਨਾਮ-ਧਨ ਦੀ (ਖ਼ਾਤਰ) ਈਰਖਾ ਕਰਦਾ ਹੈ, ਉਸ ਨੂੰ ਸਗੋਂ ਹਰ ਪਾਸੇ ਫਿਟਕਾਰ ਹੀ ਪੈਂਦੀ ਹੈ।

ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥

(ਹੇ ਭਾਈ! ਇਹ ਨਾਮ-ਧਨ ਪਰਮਾਤਮਾ ਆਪ ਹੀ ਗੁਰੂ ਦੀ ਰਾਹੀਂ ਦੇਂਦਾ ਹੈ, ਤੇ) ਜੇ ਪਰਮਾਤਮਾ ਕਿਸੇ ਨੂੰ ਇਹ ਨਾਮ-ਧਨ ਦੇਵੇ ਤਾਂ ਕਿਸੇ ਹੋਰ ਦਾ ਜ਼ੋਰ ਨਹੀਂ ਚੜ੍ਹ ਸਕਦਾ, ਕਿਸੇ ਦੀ ਈਰਖਾ ਕੁਝ ਵਿਗਾੜ ਨਹੀਂ ਸਕਦੀ (ਇਹ ਐਸੀ ਦਾਤ ਹੈ ਕਿ) ਇਹ ਹਰ ਰੋਜ਼ ਸਦਾ ਵਧਦੀ ਹੀ ਜਾਂਦੀ ਹੈ ॥੯॥


ਸਲੋਕ ਮਃ ੩ ॥
ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥

ਹੇ ਪ੍ਰਭੂ! (ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ,

ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥

ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।

ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥

ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ,

ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਹੇ ਨਾਨਕ! ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ ॥੧॥


ਮਃ ੩ ॥
ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥

ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ।

ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥

ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ।

ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥

ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ।

ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥

(ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।

ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥

ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ ॥੨॥


ਪਉੜੀ ॥
ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥

(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ।

ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥

ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।

ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥

ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤ ਦੇਣ ਲਈ ਮੌਜੂਦ) ਹੈ।

ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥

ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ।

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥

ਹੇ ਨਾਨਕ! (ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।

ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਹੇ ਭਾਈ! (ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ ॥੧੦॥


ਸਲੋਕ ਮਃ ੧ ॥
ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ ॥

ਕੋਈ ਮਨੁੱਖ ਹਲ ਵਾਂਹਦਾ ਹੈ, ਕੋਈ (ਹੋਰ) ਮਨੁੱਖ (ਪੱਕਾ ਹੋਇਆ ਫ਼ਸਲ) ਵੱਢਦਾ ਹੈ, ਕੋਈ (ਹੋਰ) ਮਨੁੱਖ (ਉਸ ਵੱਢੇ ਹੋਏ ਫ਼ਸਲ ਨੂੰ) ਖਲਵਾੜੇ ਵਿਚ ਪਾਂਦਾ ਹੈ;

ਨਾਨਕ ਏਵ ਨ ਜਾਪਈ ਕੋਈ ਖਾਇ ਨਿਦਾਨਿ ॥੧॥

ਪਰ ਹੇ ਨਾਨਕ! ਅੰਤ ਨੂੰ (ਉਸ ਅੰਨ ਨੂੰ) ਖਾਂਦਾ ਕੋਈ ਹੋਰ ਹੈ। ਸੋ, ਇਸ ਤਰ੍ਹਾਂ (ਪਰਮਾਤਮਾ ਦੀ ਰਜ਼ਾ ਨੂੰ) ਸਮਝਿਆ ਨਹੀਂ ਜਾ ਸਕਦਾ (ਕਿ ਕਦੋਂ ਕੀਹ ਕੁਝ ਵਾਪਰੇਗਾ) ॥੧॥


ਮਃ ੧ ॥
ਜਿਸੁ ਮਨਿ ਵਸਿਆ ਤਰਿਆ ਸੋਇ ॥

ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।

ਨਾਨਕ ਜੋ ਭਾਵੈ ਸੋ ਹੋਇ ॥੨॥

(ਉਸ ਨੂੰ ਸਮਝ ਆ ਜਾਂਦੀ ਹੈ ਕਿ ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ (ਪਰਮਾਤਮਾ ਨੂੰ) ਚੰਗਾ ਲੱਗਦਾ ਹੈ ॥੨॥


ਪਉੜੀ ॥
ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ ॥

ਹੇ ਭਾਈ! ਦਿਆਲ ਪਾਰਬ੍ਰਹਮ ਨੇ ਉਸ ਮਨੁੱਖ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ,

ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ ॥

(ਜਿਸ ਮਨੁੱਖ ਦੇ ਮਨ ਦੀ) ਭਟਕਣਾ ਤੇ ਸਹਿਮ ਪੂਰੇ ਮਿਹਰਵਾਨ ਗੁਰੂ ਨੇ ਮੁਕਾ ਦਿੱਤਾ।

ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ ॥

ਭਿਆਨਕ ਕ੍ਰੋਧ ਅਤੇ ਕਾਮ (ਆਦਿਕ) ਸਾਰੇ (ਉਸ ਦੇ) ਵੈਰੀ (ਉਸ ਉਤੇ ਜ਼ੋਰ ਪਾਣੋਂ) ਹਾਰ ਗਏ।

ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ ॥

(ਉਸ ਮਨੁੱਖ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ (ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ) ਗਲੇ ਵਿਚ (ਆਪਣੇ) ਹਿਰਦੇ ਵਿਚ (ਸਦਾ ਲਈ) ਟਿਕਾ ਲਿਆ,

ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥

(ਤੇ ਇਸ ਤਰ੍ਹਾਂ) ਹੇ ਨਾਨਕ! ਗੁਰੂ ਦੀ ਸੰਗਤਿ ਵਿਚ (ਰਹਿ ਕੇ ਉਸ ਨੇ ਆਪਣਾ) ਸਾਰਾ ਜੀਵਨ ਸੰਵਾਰ ਲਿਆ ॥੧੧॥


ਸਲੋਕ ਮਃ ੩ ॥
ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨਿੑ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ) ਨਾਮ ਭੁਲਾ ਦਿੱਤਾ, ਉਹ ਸਦਾ ਨਾਸਵੰਤ ਪਦਾਰਥਾਂ ਦੀਆਂ ਹੀ ਗੱਲਾਂ ਕਰਦੇ ਰਹਿੰਦੇ ਹਨ।

ਪੰਚ ਚੋਰ ਤਿਨਾ ਘਰੁ ਮੁਹਨਿੑ ਹਉਮੈ ਅੰਦਰਿ ਸੰਨਿੑ ॥

(ਕਾਮਾਦਿਕ) ਪੰਜੇ ਚੋਰ ਉਹਨਾਂ ਦਾ (ਹਿਰਦਾ-) ਘਰ ਲੁੱਟਦੇ ਰਹਿੰਦੇ ਹਨ, ਉਹਨਾਂ ਦੇ ਅੰਦਰ ਹਉਮੈ (ਦੀ) ਸੰਨ੍ਹ ਲੱਗੀ ਰਹਿੰਦੀ ਹੈ।

ਸਾਕਤ ਮੁਠੇ ਦੁਰਮਤੀ ਹਰਿ ਰਸੁ ਨ ਜਾਣੰਨਿੑ ॥

ਉਹ ਪਰਮਾਤਮਾ ਨਾਲੋਂ ਟੁੱਟੇ ਹੋਏ ਖੋਟੀ ਮਤ ਵਾਲੇ ਮਨੁੱਖ (ਇਹਨਾਂ ਵਿਕਾਰਾਂ ਦੀ ਹੱਥੀਂ ਹੀ) ਲੁੱਟੇ ਜਾਂਦੇ ਹਨ, ਪ੍ਰਭੂ ਦੇ ਨਾਮ ਦਾ ਸੁਆਦ ਉਹ ਨਹੀਂ ਜਾਣਦੇ ਪਛਾਣਦੇ।

ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨਿੑ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ (ਮਨ ਦੀ) ਭਟਕਣਾ ਵਿਚ (ਹੀ) ਲੁਟਾ ਦਿੱਤਾ, ਉਹ (ਆਤਮਕ ਜੀਵਨ ਦਾ ਨਾਸ ਕਰਨ ਵਾਲੀ ਮਾਇਆ) ਜ਼ਹਿਰ ਨਾਲ ਹੀ ਪਿਆਰ ਪਾਈ ਰੱਖਦੇ ਹਨ।

ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨਿੑ ॥

ਭੈੜੇ ਮਨੁੱਖਾਂ ਨਾਲ ਉਹਨਾਂ ਦਾ ਪਿਆਰ ਹੁੰਦਾ ਹੈ, ਪਰਮਾਤਮਾ ਦੇ ਸੇਵਕਾਂ ਨਾਲ ਉਹ ਝਗੜਾ ਬਣਾਈ ਰੱਖਦੇ ਹਨ।

ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨਿੑ ॥

ਹੇ ਨਾਨਕ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਆਤਮਕ ਮੌਤ (ਦੀ ਫਾਹੀ) ਵਿਚ ਬੱਝੇ ਹੋਏ ਮਨੁੱਖ (ਮਾਨੋ) ਨਰਕਾਂ ਵਿਚ ਪਏ ਰਹਿੰਦੇ ਹਨ (ਸਦਾ) ਦੁੱਖ ਹੀ ਸਹਾਰਦੇ ਰਹਿੰਦੇ ਹਨ।

ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨਿੑ ॥੧॥

(ਪਰ, ਹੇ ਪ੍ਰਭੂ! ਜੀਵਾਂ ਦੇ ਭੀ ਕੀਹ ਵੱਸ?) ਜਿਵੇਂ ਤੂੰ (ਇਹਨਾਂ ਨੂੰ) ਰੱਖਦਾ ਹੈਂ ਤਿਵੇਂ ਰਹਿੰਦੇ ਹਨ, ਤੇ, ਪਿਛਲੇ ਕੀਤੇ ਕਰਮਾਂ ਅਨੁਸਾਰ (ਹੁਣ ਭੀ ਉਹੋ ਜਿਹੇ) ਕਰਮ ਕਰੀ ਜਾ ਰਹੇ ਹਨ ॥੧॥


ਮਃ ੩ ॥
ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ ॥

ਹੇ ਭਾਈ! ਜਿਹੜਾ ਜਿਹੜਾ ਨਿਤਾਣਾ ਮਨੁੱਖ (ਭੀ) ਗੁਰੂ ਦੀ ਦੱਸੀ (ਸਿਮਰਨ ਦੀ) ਕਾਰ ਕਰਦਾ ਹੈ, ਉਸ ਨੂੰ (ਆਤਮਕ) ਬਲ ਮਿਲ ਜਾਂਦਾ ਹੈ।

ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਨ ਸਕੈ ਤਿਸੁ ॥

ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਹਰ ਵੇਲੇ (ਪਰਮਾਤਮਾ ਉਸ ਦੇ) ਮਨ ਵਿਚ ਆ ਵੱਸਦਾ ਹੈ, ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁਕਦੀ।

ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ ॥

ਉਸ ਨੂੰ ਆਪਣੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦਾ ਸੁਆਦ ਆਉਂਦਾ ਰਹਿੰਦਾ ਹੈ, ਮਾਇਆ ਉਸ ਦੀ ਦਾਸੀ ਬਣ ਜਾਂਦੀ ਹੈ (ਉਸ ਉਤੇ ਜ਼ੋਰ ਨਹੀਂ ਪਾ ਸਕਦੀ)।

ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ ॥

ਉਹ ਮਨੁੱਖ ਪ੍ਰਭੂ ਦੇ ਸੇਵਕਾਂ ਦਾ ਸੇਵਕ ਬਣਿਆ ਰਹਿੰਦਾ ਹੈ, ਉਸ ਨੂੰ ਸਭ ਤੋਂ ਸ੍ਰੇਸ਼ਟ ਪਦਾਰਥ (ਹਰਿ-ਨਾਮ) ਪ੍ਰਾਪਤ ਹੋ ਜਾਂਦਾ ਹੈ।

ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ ॥

ਹੇ ਨਾਨਕ! (ਆਖ-) ਮੈਂ ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ਜਿਸ ਦੇ ਮਨ ਵਿਚ ਜਿਸ ਦੇ ਹਿਰਦੇ ਵਿਚ ਪਰਮਾਤਮਾ (ਦਾ ਨਾਮ) ਟਿਕਿਆ ਰਹਿੰਦਾ ਹੈ।

ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥

ਪਰ, ਹੇ ਭਾਈ! ਉਸ ਉਸ ਮਨੁੱਖ ਦਾ ਹੀ ਪਿਆਰ ਸੰਤ ਜਨਾਂ ਨਾਲ ਬਣਦਾ ਹੈ ਜਿਸ ਜਿਸ ਦੇ ਭਾਗਾਂ ਵਿਚ ਪਿਛਲੇ ਕੀਤੇ ਕਰਮਾਂ ਅਨੁਸਾਰ (ਸਿਮਰਨ ਦਾ) ਲੇਖ ਲਿਖਿਆ ਹੁੰਦਾ ਹੈ ॥੨॥


ਪਉੜੀ ॥
ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ ॥

ਹੇ ਭਾਈ! ਪੂਰਾ ਗੁਰੂ ਜਿਹੜਾ (ਸਿਫ਼ਤਿ-ਸਾਲਾਹ ਦਾ) ਬਚਨ ਬੋਲਦਾ ਹੈ, ਪਰਮਾਤਮਾ ਉਸ ਵਲ ਧਿਆਨ ਦੇਂਦਾ ਹੈ।

ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ ॥

ਗੁਰੂ ਦਾ ਉਹ ਬਚਨ ਸਾਰੇ ਸੰਸਾਰ ਵਿਚ ਪ੍ਰਭਾਵ ਪਾਂਦਾ ਹੈ, ਹਰੇਕ ਹਿਰਦੇ ਵਿਚ (ਪ੍ਰਭਾਵ ਪਾਂਦਾ ਹੈ, ਹਰੇਕ ਮਨੁੱਖ ਆਪਣੇ) ਮੂੰਹ ਨਾਲ ਉਚਾਰਦਾ ਹੈ।

ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ ॥

(ਹੇ ਭਾਈ! ਗੁਰੂ ਦੱਸਦਾ ਹੈ ਕਿ) ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ ਗਿਣੇ ਨਹੀਂ ਜਾ ਸਕਦੇ।

ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ ॥

ਹੇ ਭਾਈ! ਪ੍ਰਭੂ ਦਾ ਸਦਾ-ਥਿਰ ਨਾਮ, ਆਤਮਕ ਅਡੋਲਤਾ, ਆਤਮਕ ਅਨੰਦ (ਇਹ) ਗੁਰੂ ਦੇ ਪਾਸ (ਹੀ ਹਨ, ਗੁਰੂ ਪਾਸੋਂ ਹੀ ਇਹ ਦਾਤਾਂ ਮਿਲਦੀਆਂ ਹਨ)। ਗੁਰੂ ਦਾ ਉਪਦੇਸ਼ ਸਦਾ ਕਾਇਮ ਰਹਿਣ ਵਾਲਾ ਰਤਨ ਹੈ।

ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥

ਹੇ ਨਾਨਕ! ਪਰਮਾਤਮਾ ਆਪਣੇ ਸੇਵਕਾਂ ਦੇ ਜੀਵਨ ਆਪ ਸੋਹਣੇ ਬਣਾਂਦਾ ਹੈ, ਸੰਤ ਜਨ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਰਗੇ ਬਣ ਜਾਂਦੇ ਹਨ ॥੧੨॥


ਸਲੋਕ ਮਃ ੩ ॥
ਅਪਣਾ ਆਪੁ ਨ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ ॥

(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਆਪਣੇ ਆਤਮਕ ਜੀਵਨ ਨੂੰ (ਕਦੇ) ਪਰਖਦਾ ਨਹੀਂ, ਉਹ ਪਰਮਾਤਮਾ ਨੂੰ (ਕਿਤੇ) ਦੂਰ ਵੱਸਦਾ ਸਮਝਦਾ ਹੈ।

ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ ॥

ਉਸ ਨੂੰ ਗੁਰੂ ਦੀ ਦੱਸੀ ਕਾਰ (ਸਦਾ) ਭੁੱਲੀ ਰਹਿੰਦੀ ਹੈ, (ਇਸ ਵਾਸਤੇ ਉਸ ਦਾ) ਮਨ (ਪਰਮਾਤਮਾ ਦੀ) ਹਜ਼ੂਰੀ ਵਿਚ (ਕਦੇ) ਨਹੀਂ ਟਿਕਦਾ।

ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੇ ਝੂਠੇ ਲਾਲਚ ਵਿਚ (ਲੱਗ ਕੇ) ਮਾਇਆ ਦੇ ਮੋਹ ਵਿਚ (ਫਸ ਕੇ ਹੀ ਆਪਣਾ) ਜੀਵਨ ਗਵਾ ਲਿਆ ਹੁੰਦਾ ਹੈ।

ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥

ਹੇ ਨਾਨਕ! ਜਿਹੜੇ ਮਨੁੱਖ ਸਿਫ਼ਤਿ-ਸਾਲਾਹ ਵਾਲੇ ਗੁਰ-ਸ਼ਬਦ ਦੀ ਰਾਹੀਂ (ਪਰਮਾਤਮਾ ਦੀ) ਹਜ਼ੂਰੀ ਟਿਕੇ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਨੇ ਮਿਹਰ ਕਰ ਕੇ (ਆਪਣੇ ਚਰਨਾਂ ਵਿਚ) ਮਿਲਾ ਲਿਆ ਹੁੰਦਾ ਹੈ ॥੧॥


ਮਃ ੩ ॥
ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ ॥

ਹੇ ਭਾਈ! ਹਰੀ ਪ੍ਰਭੂ ਗੋਬਿੰਦ ਸਦਾ ਕਾਇਮ ਰਹਿਣ ਵਾਲਾ ਹੈ, (ਉਸ ਦੀ) ਸਿਫ਼ਤਿ-ਸਾਲਾਹ ਦਾ ਗੀਤ (ਉਸ ਦਾ) ਨਾਮ ਗੁਰੂ ਦੀ ਸਰਨ ਪਿਆਂ (ਮਿਲਦਾ ਹੈ)।

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ ॥

(ਜਿਸ ਮਨੁੱਖ ਨੂੰ ਹਰਿ-ਨਾਮ ਮਿਲਦਾ ਹੈ, ਉਹ) ਹਰ ਵੇਲੇ ਹੀ ਨਾਮ ਸਿਮਰਦਾ ਰਹਿੰਦਾ ਹੈ, ਅਤੇ ਪਰਮਾਤਮਾ ਦਾ ਨਾਮ ਸਿਮਰਦਿਆਂ (ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ।

ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ ॥

ਪਰ, ਹੇ ਭਾਈ! ਪਰਮ ਆਨੰਦ ਦਾ ਮਾਲਕ ਪੂਰਨ ਪ੍ਰਭੂ ਪਰਮਾਤਮਾ ਵੱਡੇ ਭਾਗਾਂ ਨਾਲ ਹੀ ਮਿਲਦਾ ਹੈ।

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਨ ਮਨਿ ਤਨਿ ਭੰਗੁ ॥੨॥

ਹੇ ਨਾਨਕ! (ਆਖ-ਜਿਨ੍ਹਾਂ) ਦਾਸਾਂ ਨੇ (ਪਰਮਾਤਮਾ ਦਾ) ਨਾਮ ਸਿਮਰਿਆ, ਉਹਨਾਂ ਦੇ ਮਨ ਵਿਚ ਉਹਨਾਂ ਦੇ ਤਨ ਵਿਚ ਮੁੜ ਕਦੇ (ਪਰਮਾਤਮਾ ਨਾਲੋਂ) ਵਿੱਥ ਨਹੀਂ ਬਣਦੀ ॥੨॥


ਪਉੜੀ ॥
ਕੋਈ ਨਿੰਦਕੁ ਹੋਵੈ ਸਤਿਗੁਰੂ ਕਾ ਫਿਰਿ ਸਰਣਿ ਗੁਰ ਆਵੈ ॥

(ਜੇ) ਕੋਈ ਮਨੁੱਖ (ਪਹਿਲਾਂ) ਗੁਰੂ ਦੀ ਨਿੰਦਾ ਕਰਨ ਵਾਲਾ ਹੋਵੇ (ਪਰ) ਫਿਰ ਗੁਰੂ ਦੀ ਸਰਨ ਆ ਜਾਏ,

ਪਿਛਲੇ ਗੁਨਹ ਸਤਿਗੁਰੁ ਬਖਸਿ ਲਏ ਸਤਸੰਗਤਿ ਨਾਲਿ ਰਲਾਵੈ ॥

ਤਾਂ ਸਤਿਗੁਰੂ (ਉਸ ਦੇ) ਪਿਛਲੇ ਔਗੁਣ ਬਖ਼ਸ਼ ਲੈਂਦਾ ਹੈ (ਤੇ ਉਸ ਨੂੰ) ਸਾਧ ਸੰਗਤਿ ਵਿਚ ਰਲਾ ਦੇਂਦਾ ਹੈ।

ਜਿਉ ਮੀਹਿ ਵੁਠੈ ਗਲੀਆ ਨਾਲਿਆ ਟੋਭਿਆ ਕਾ ਜਲੁ ਜਾਇ ਪਵੈ ਵਿਚਿ ਸੁਰਸਰੀ ਸੁਰਸਰੀ ਮਿਲਤ ਪਵਿਤ੍ਰੁ ਪਾਵਨੁ ਹੋਇ ਜਾਵੈ ॥

ਹੇ ਭਾਈ! ਜਿਵੇਂ ਮੀਂਹ ਪਿਆਂ ਗਲੀਆਂ ਨਾਲਿਆਂ ਟੋਭਿਆਂ ਦਾ ਪਾਣੀ (ਜਦੋਂ) ਗੰਗਾ ਵਿਚ ਜਾ ਪੈਂਦਾ ਹੈ (ਤਾਂ) ਗੰਗਾ ਵਿਚ ਮਿਲਦਿਆਂ (ਹੀ ਉਹ ਪਾਣੀ) ਪੂਰਨ ਤੌਰ ਤੇ ਪਵਿੱਤਰ ਹੋ ਜਾਂਦਾ ਹੈ,

ਏਹ ਵਡਿਆਈ ਸਤਿਗੁਰ ਨਿਰਵੈਰ ਵਿਚਿ ਜਿਤੁ ਮਿਲਿਐ ਤਿਸਨਾ ਭੁਖ ਉਤਰੈ ਹਰਿ ਸਾਂਤਿ ਤੜ ਆਵੈ ॥

(ਤਿਵੇਂ) ਨਿਰਵੈਰ ਸਤਿਗੁਰੂ ਵਿਚ (ਭੀ) ਇਹ ਗੁਣ ਹੈ ਕਿ ਉਸ (ਗੁਰੂ) ਨੂੰ ਮਿਲਿਆਂ (ਮਨੁੱਖ ਦੀ ਮਾਇਆ ਦੀ) ਤ੍ਰਿਹ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ (ਤੇ ਉਸ ਦੇ ਅੰਦਰ) ਪਰਮਾਤਮਾ (ਦੇ ਮਿਲਾਪ) ਦੀ ਠੰਢ ਤੁਰਤ ਪੈ ਜਾਂਦੀ ਹੈ।

ਨਾਨਕ ਇਹੁ ਅਚਰਜੁ ਦੇਖਹੁ ਮੇਰੇ ਹਰਿ ਸਚੇ ਸਾਹ ਕਾ ਜਿ ਸਤਿਗੁਰੂ ਨੋ ਮੰਨੈ ਸੁ ਸਭਨਾਂ ਭਾਵੈ ॥੧੩॥੧॥ ਸੁਧੁ ॥

ਹੇ ਨਾਨਕ! (ਆਖ-ਹੇ ਭਾਈ!) ਸਦਾ ਕਾਇਮ ਰਹਿਣ ਵਾਲੇ ਸ਼ਾਹ ਪਰਮਾਤਮਾ ਦਾ ਇਹ ਅਚਰਜ ਤਮਾਸ਼ਾ ਵੇਖੋ ਕਿ ਜਿਹੜਾ ਮਨੁੱਖ ਗੁਰੂ ਉਤੇ ਸਰਧਾ ਲਿਆਉਂਦਾ ਹੈ ਉਹ ਮਨੁੱਖ ਸਭਨਾਂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ॥੧੩॥੧॥ ਸੁਧੁ ॥