ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥
ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ ॥੧॥ ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ ॥ ਰਹਾਉ ॥
