ਸੋਰਠਿ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
