ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ; (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚੀ ਸੰਗਤ ਵਿਚ ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ।
