ਬਿਲਾਵਲ ਕੀ ਵਾਰ ਮਹਲਾ ੪
ੴ ਸਤਿਗੁਰ ਪ੍ਰਸਾਦਿ ਸਲੋਕ ਮ: ੪
ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥ ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥
ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ।
