ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥
ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥
