ਰਾਗ ਆਸਾ – ਬਾਣੀ ਸ਼ਬਦ-Part 10 – Raag Asa – Bani

ਰਾਗ ਆਸਾ – ਬਾਣੀ ਸ਼ਬਦ-Part 10 – Raag Asa – Bani

ਸਲੋਕੁ ਮ : ੧ ॥
ਸਚੇ ਤੇਰੇ ਖੰਡ ਸਚੇ ਬ੍ਰਹਮੰਡ ॥

ਹੇ ਸੱਚੇ ਪਾਤਸ਼ਾਹ! ਤੇਰੇ (ਪੈਦਾ ਕੀਤੇ ਹੋਏ) ਖੰਡ ਤੇ ਬ੍ਰਹਿਮੰਡ ਸੱਚੇ ਹਨ (ਭਾਵ, ਖੰਡ ਤੇ ਬ੍ਰਹਿਮੰਡ ਸਾਜਣ ਵਾਲਾ ਤੇਰਾ ਇਹ ਸਿਲਸਿਲਾ ਸਦਾ ਲਈ ਅਟੱਲ ਹੈ)।

ਸਚੇ ਤੇਰੇ ਲੋਅ ਸਚੇ ਆਕਾਰ ॥

ਤੇਰੇ (ਸਿਰਜੇ ਹੋਏ ਚੌਂਦਾਂ) ਲੋਕ ਤੇ (ਇਹ ਬੇਅੰਤ) ਆਕਾਰ ਭੀ ਸਦਾ-ਥਿਰ ਰਹਿਣ ਵਾਲੇ ਹਨ;

ਸਚੇ ਤੇਰੇ ਕਰਣੇ ਸਰਬ ਬੀਚਾਰ ॥

ਤੇਰੇ ਕੰਮ ਤੇ ਸਾਰੀਆਂ ਵਿਚਾਰਾਂ ਨਾਸ-ਰਹਿਤ ਹਨ।

ਸਚਾ ਤੇਰਾ ਅਮਰੁ ਸਚਾ ਦੀਬਾਣੁ ॥

ਹੇ ਪਾਤਸ਼ਾਹ! ਤੇਰੀ ਪਾਤਸ਼ਾਹੀ ਤੇ ਤੇਰਾ ਦਰਬਾਰ ਅਟੱਲ ਹਨ,

ਸਚਾ ਤੇਰਾ ਹੁਕਮੁ ਸਚਾ ਫੁਰਮਾਣੁ ॥

ਤੇਰਾ ਹੁਕਮ ਤੇ ਤੇਰਾ (ਸ਼ਾਹੀ) ਫ਼ੁਰਮਾਨ ਭੀ ਅਟੱਲ ਹਨ।

ਸਚਾ ਤੇਰਾ ਕਰਮੁ ਸਚਾ ਨੀਸਾਣੁ ॥

ਤੇਰੀ ਬਖ਼ਸ਼ਸ਼ ਸਦਾ ਲਈ ਥਿਰ ਹੈ ਤੇ ਤੇਰੀਆਂ ਬਖ਼ਸ਼ਸ਼ਾਂ ਦਾ ਨਿਸ਼ਾਨ ਭੀ (ਭਾਵ, ਇਹ ਬੇਅੰਤ ਪਦਾਰਥ ਜੋ ਤੂੰ ਜੀਆਂ ਨੂੰ ਦੇ ਰਿਹਾ ਹੈਂ) ਸਦਾ ਵਾਸਤੇ ਕਾਇਮ ਹੈ।

ਸਚੇ ਤੁਧੁ ਆਖਹਿ ਲਖ ਕਰੋੜਿ ॥

ਲੱਖਾਂ ਕਰੋੜਾਂ ਜੀਵ, ਜੋ ਤੈਨੂੰ ਸਿਮਰ ਰਹੇ ਹਨ, ਸੱਚੇ ਹਨ (ਭਾਵ, ਬੇਅੰਤ ਜੀਵਾਂ ਦਾ ਤੈਨੂੰ ਸਿਮਰਨਾ-ਇਹ ਭੀ ਤੇਰਾ ਇਕ ਅਜਿਹਾ ਚਲਾਇਆ ਹੋਇਆ ਕੰਮ ਹੈ ਜੋ ਸਦਾ ਲਈ ਥਿਰ ਹੈ)।

ਸਚੈ ਸਭਿ ਤਾਣਿ ਸਚੈ ਸਭਿ ਜੋਰਿ ॥

(ਇਹ ਖੰਡ, ਬ੍ਰਹਿਮੰਡ, ਲੋਕ, ਆਕਾਰ, ਜੀਅ ਜੰਤ ਆਦਿਕ) ਸਾਰੇ ਹੀ ਸੱਚੇ ਹਰੀ ਦੇ ਤਾਣ ਤੇ ਜ਼ੋਰ ਵਿਚ ਹਨ (ਭਾਵ, ਇਹਨਾਂ ਸਭਨਾਂ ਦੀ ਹਸਤੀ, ਸਭਨਾਂ ਦਾ ਆਸਰਾ ਪ੍ਰਭੂ ਆਪ ਹੈ)।

ਸਚੀ ਤੇਰੀ ਸਿਫਤਿ ਸਚੀ ਸਾਲਾਹ ॥

ਤੇਰੀ ਸਿਫ਼ਤਿ-ਸਾਲਾਹ ਕਰਨੀ ਤੇਰਾ ਇਕ ਅਟੱਲ ਸਿਲਸਿਲਾ ਹੈ;

ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ ॥

ਹੇ ਸੱਚੇ ਪਾਤਿਸ਼ਾਹ! ਇਹ ਸਾਰੀ ਰਚਨਾ ਹੀ ਤੇਰਾ ਇਕ ਨਾ ਮੁੱਕਣ ਵਾਲਾ ਪਰਬੰਧ ਹੈ।

ਨਾਨਕ ਸਚੁ ਧਿਆਇਨਿ ਸਚੁ ॥

ਹੇ ਨਾਨਕ! ਜੋ ਜੀਵ ਉਸ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, ਉਹ ਭੀ ਉਸ ਦਾ ਰੂਪ ਹਨ;

ਜੋ ਮਰਿ ਜੰਮੇ ਸੁ ਕਚੁ ਨਿਕਚੁ ॥੧॥

ਪਰ ਜੋ ਜੰਮਣ ਮਰਨ ਦੇ ਗੇੜ ਵਿਚ ਪਏ ਹਨ, ਉਹ (ਅਜੇ) ਬਿਲਕੁਲ ਕੱਚੇ ਹਨ (ਭਾਵ, ਉਸ ਅਸਲ ਜੋਤ ਦਾ ਰੂਪ ਨਹੀਂ ਹੋਏ) ॥੧॥


ਮ: ੧ ॥
ਵਡੀ ਵਡਿਆਈ ਜਾ ਵਡਾ ਨਾਉ ॥

ਉਸ ਪ੍ਰਭੂ ਦੀ ਸਿਫ਼ਤਿ ਕੀਤੀ ਨਹੀਂ ਜਾ ਸਕਦੀ ਜਿਸ ਦਾ ਨਾਮਣਾ ਵੱਡਾ ਹੈ।

ਵਡੀ ਵਡਿਆਈ ਜਾ ਸਚੁ ਨਿਆਉ ॥

ਪ੍ਰਭੂ ਦਾ ਇਹ ਇਕ ਵੱਡਾ ਗੁਣ ਹੈ ਕਿ ਉਸ ਦਾ ਨਾਉਂ (ਸਦਾ) ਅਟੱਲ ਹੈ।

ਵਡੀ ਵਡਿਆਈ ਜਾ ਨਿਹਚਲ ਥਾਉ ॥

ਉਸ ਦੀ ਇਹ ਇਕ ਵੱਡੀ ਸਿਫ਼ਤ ਹੈ ਕਿ ਉਸ ਦਾ ਆਸਣ ਅਡੋਲ ਹੈ।

ਵਡੀ ਵਡਿਆਈ ਜਾਣੈ ਆਲਾਉ ॥

ਪ੍ਰਭੂ ਦੀ ਇਹ ਇਕ ਬੜੀ ਵਡਿਆਈ ਹੈ ਕਿ ਉਹ ਸਾਰੇ ਜੀਵਾਂ ਦੀਆਂ ਅਰਦਾਸਾਂ ਨੂੰ ਜਾਣਦਾ ਹੈ,

ਵਡੀ ਵਡਿਆਈ ਬੁਝੈ ਸਭਿ ਭਾਉ ॥

ਅਤੇ ਸਾਰਿਆਂ ਦੇ ਦਿਲਾਂ ਦੇ ਵਲਵਲਿਆਂ ਨੂੰ ਸਮਝਦਾ ਹੈ।

ਵਡੀ ਵਡਿਆਈ ਜਾ ਪੁਛਿ ਨ ਦਾਤਿ ॥

ਰੱਬ ਦੀ ਇਹ ਇਕ ਉੱਚੀ ਸਿਫ਼ਤ ਹੈ ਕਿ ਕਿਸੇ ਦੀ ਸਲਾਹ ਲੈ ਕੇ (ਜੀਵਾਂ ਨੂੰ) ਦਾਤਾਂ ਨਹੀਂ ਦੇ ਰਿਹਾ,

ਵਡੀ ਵਡਿਆਈ ਜਾ ਆਪੇ ਆਪਿ ॥

(ਆਪਣੇ ਆਪ ਬੇਅੰਤ ਦਾਤਾਂ ਬਖ਼ਸ਼ਦਾ ਹੈ) (ਕਿਉਂਕਿ) ਉਸ ਵਰਗਾ ਹੋਰ ਕੋਈ ਨਹੀਂ ਹੈ।

ਨਾਨਕ ਕਾਰ ਨ ਕਥਨੀ ਜਾਇ ॥

ਹੇ ਨਾਨਕ! ਰੱਬ ਦੀ ਕੁਦਰਤਿ ਬਿਆਨ ਨਹੀਂ ਕੀਤੀ ਜਾ ਸਕਦੀ,

ਕੀਤਾ ਕਰਣਾ ਸਰਬ ਰਜਾਇ ॥੨॥

ਸਾਰੀ ਰਚਨਾ ਉਸ ਆਪਣੇ ਹੁਕਮ ਵਿਚ ਰਚੀ ਹੈ ॥੨॥


ਮਹਲਾ ੨ ॥
ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ ॥

ਇਹ ਜਗਤ ਪ੍ਰਭੂ ਦੇ ਰਹਿਣ ਦੀ ਥਾਂ ਹੈ, ਪ੍ਰਭੂ ਇਸ ਵਿਚ ਵੱਸ ਰਿਹਾ ਹੈ।

ਇਕਨ੍ਰਾ ਹੁਕਮਿ ਸਮਾਇ ਲਏ ਇਕਨ੍ਰਾ ਹੁਕਮੇ ਕਰੇ ਵਿਣਾਸੁ ॥

ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ (ਇਸ ਸੰਸਾਰ-ਸਾਗਰ ਵਿਚੋਂ ਬਚਾ ਕੇ) ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਅਤੇ ਕਈ ਜੀਵਾਂ ਨੂੰ ਆਪਣੇ ਹੁਕਮ ਅਨੁਸਾਰ ਹੀ ਇਸੇ ਵਿਚ ਡੋਬ ਦੇਂਦਾ ਹੈ।

ਇਕਨ੍ਰਾ ਭਾਣੈ ਕਢਿ ਲਏ ਇਕਨ੍ਰਾ ਮਾਇਆ ਵਿਚਿ ਨਿਵਾਸੁ ॥

ਕਈ ਜੀਵਾਂ ਨੂੰ ਆਪਣੀ ਰਜ਼ਾ ਅਨੁਸਾਰ ਮਾਇਆ ਦੇ ਮੋਹ ਵਿਚੋਂ ਕੱਢ ਲੈਂਦਾ ਹੈ, ਕਈਆਂ ਨੂੰ ਇਸੇ ਵਿਚ ਫਸਾਈ ਰੱਖਦਾ ਹੈ।

ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ ॥

ਇਹ ਗੱਲ ਭੀ ਦੱਸੀ ਨਹੀਂ ਜਾ ਸਕਦੀ ਕਿ ਰੱਬ ਕਿਸ ਦਾ ਬੇੜਾ ਪਾਰ ਕਰਦਾ ਹੈ।

ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੩॥

ਹੇ ਨਾਨਕ! ਜਿਸ (ਵਡਭਾਗੀ) ਮਨੁੱਖ ਨੂੰ ਚਾਨਣ ਬਖ਼ਸ਼ਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਸਮਝ ਪੈ ਜਾਂਦੀ ਹੈ ॥੩॥


ਪਉੜੀ ॥
ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ ॥

ਹੇ ਨਾਨਕ! ਜੀਵਾਂ ਨੂੰ ਪੈਦਾ ਕਰ ਕੇ ਪਰਮਾਤਮਾ ਨੇ ਧਰਮ-ਰਾਜ ਨੂੰ (ਉਹਨਾਂ ਦੇ ਸਿਰ ਤੇ) ਮੁਕੱਰਰ ਕੀਤਾ ਹੋਇਆ ਹੈ ਕਿ ਜੀਵਾਂ ਦੇ ਕੀਤੇ ਕਰਮਾਂ ਦਾ ਲੇਖਾ ਲਿਖਦਾ ਰਹੇ।

ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ ॥

ਧਰਮ-ਰਾਜ ਦੀ ਕਚਹਿਰੀ ਵਿਚ ਨਿਰੋਲ ਸੱਚ ਦੁਆਰਾ (ਜੀਵਾਂ ਦੇ ਕਰਮਾਂ ਦਾ) ਨਿਬੇੜਾ ਹੁੰਦਾ ਹੈ (ਭਾਵ, ਓਥੇ ਨਿਬੇੜੇ ਦਾ ਮਾਪ ‘ਨਿਰੋਲ ਸਚੁ’ ਹੈ, ਜਿਨ੍ਹਾਂ ਦੇ ਪੱਲੇ ‘ਸਚੁ’ ਹੁੰਦਾ ਹੈ ਉਹਨਾਂ ਨੂੰ ਆਦਰ ਮਿਲਦਾ ਹੈ ਤੇ) ਮੰਦ-ਕਰਮੀ ਜੀਵ ਚੁਣ ਕੇ ਵੱਖਰੇ ਕੀਤੇ ਜਾਂਦੇ ਹਨ।

ਥਾਉ ਨ ਪਾਇਨਿ ਕੂੜਿਆਰ ਮੁਹ ਕਾਲੈ੍ ਦੋਜਕਿ ਚਾਲਿਆ ॥

ਕੂੜ ਠੱਗੀ ਕਰਨ ਵਾਲੇ ਜੀਵਾਂ ਨੂੰ ਓਥੇ ਟਿਕਾਣਾ ਨਹੀਂ ਮਿਲਦਾ; ਕਾਲਾ ਮੂੰਹ ਕਰ ਕੇ ਉਹਨਾਂ ਨੂੰ ਦੋਜ਼ਕ ਵਿਚ ਧੱਕਿਆ ਜਾਂਦਾ ਹੈ।

ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ ॥

(ਹੇ ਪ੍ਰਭੂ!) ਜੋ ਮਨੁੱਖ ਤੇਰੇ ਨਾਮ ਵਿਚ ਰੰਗੇ ਹੋਏ ਹਨ, ਉਹ (ਏਥੋਂ) ਬਾਜ਼ੀ ਜਿੱਤ ਕੇ ਜਾਂਦੇ ਹਨ ਤੇ ਠੱਗੀ ਕਰਨ ਵਾਲੇ ਬੰਦੇ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ।

ਲਿਖਿ ਨਾਵੈ ਧਰਮੁ ਬਹਾਲਿਆ ॥੨॥

(ਤੂੰ, ਹੇ ਪ੍ਰਭੂ!) ਧਰਮ-ਰਾਜ ਨੂੰ (ਜੀਵਾਂ ਦੇ ਕੀਤੇ ਕਰਮਾਂ ਦਾ) ਲੇਖਾ ਲਿਖਣ ਵਾਸਤੇ (ਉਹਨਾਂ ਦੇ ਉੱਤੇ) ਮੁਕੱਰਰ ਕੀਤਾ ਹੋਇਆ ਹੈ ॥੨॥


ਸਲੋਕ ਮ: ੧ ॥
ਵਿਸਮਾਦੁ ਨਾਦ ਵਿਸਮਾਦੁ ਵੇਦ ॥

ਕਈ ਨਾਦ ਤੇ ਕਈ ਵੇਦ;

ਵਿਸਮਾਦੁ ਜੀਅ ਵਿਸਮਾਦੁ ਭੇਦ ॥

ਬੇਅੰਤ ਜੀਵ ਤੇ ਜੀਵਾਂ ਦੇ ਕਈ ਭੇਦ;

ਵਿਸਮਾਦੁ ਰੂਪ ਵਿਸਮਾਦੁ ਰੰਗ ॥

ਜੀਵਾਂ ਦੇ ਤੇ ਹੋਰ ਪਦਾਰਥਾਂ ਦੇ ਕਈ ਰੂਪ ਤੇ ਕਈ ਰੰਗ

ਵਿਸਮਾਦੁ ਨਾਗੇ ਫਿਰਹਿ ਜੰਤ ॥

ਕਈ ਜੰਤ (ਸਦਾ) ਨੰਗੇ ਹੀ ਫਿਰ ਰਹੇ ਹਨ; ਇਹ ਸਭ ਕੁਝ ਵੇਖ ਕੇ ਵਿਸਮਾਦ ਅਵਸਥਾ ਬਣ ਰਹੀ ਹੈ।

ਵਿਸਮਾਦੁ ਪਉਣੁ ਵਿਸਮਾਦੁ ਪਾਣੀ ॥

ਕਿਤੇ ਪਉਣ ਹੈ ਅਤੇ ਕਿਤੇ ਪਾਣੀ ਹੈ,

ਵਿਸਮਾਦੁ ਅਗਨੀ ਖੇਡਹਿ ਵਿਡਾਣੀ ॥

ਕਿਤੇ ਕਈ ਅਗਨੀਆਂ ਅਚਰਜ ਖੇਡਾਂ ਕਰ ਰਹੀਆਂ ਹਨ;

ਵਿਸਮਾਦੁ ਧਰਤੀ ਵਿਸਮਾਦੁ ਖਾਣੀ ॥

ਧਰਤੀ ਤੇ ਧਰਤੀ ਦੇ ਜੀਵਾਂ ਦੀ ਉਤਪੱਤੀ ਦੀਆਂ ਚਾਰ ਖਾਣੀਆਂ

ਵਿਸਮਾਦੁ ਸਾਦਿ ਲਗਹਿ ਪਰਾਣੀ ॥

ਜੀਵ ਪਦਾਰਥਾਂ ਦੇ ਸੁਆਦ ਵਿਚ ਲੱਗ ਰਹੇ ਹਨ; ਇਹ ਕੁਦਰਤ ਵੇਖ ਕੇ ਮਨ ਵਿਚ ਥੱਰਾਹਟ ਪੈਦਾ ਹੋ ਰਹੀ ਹੈ।

ਵਿਸਮਾਦੁ ਸੰਜੋਗੁ ਵਿਸਮਾਦੁ ਵਿਜੋਗੁ ॥

ਕਿਤੇ ਜੀਵਾਂ ਦਾ ਮੇਲ ਹੈ, ਕਿਤੇ ਵਿਛੋੜਾ ਹੈ;

ਵਿਸਮਾਦੁ ਭੁਖ ਵਿਸਮਾਦੁ ਭੋਗੁ ॥

ਕਿਤੇ ਭੁੱਖ (ਸਤਾ ਰਹੀ ਹੈ), ਕਿਤੇ ਪਦਾਰਥਾਂ ਦਾ ਭੋਗ ਹੈ (ਭਾਵ, ਕਿਤੇ ਕਈ ਪਦਾਰਥ ਛਕੇ ਜਾ ਰਹੇ ਹਨ),

ਵਿਸਮਾਦੁ ਸਿਫਤਿ ਵਿਸਮਾਦੁ ਸਾਲਾਹ ॥

ਕਿਤੇ (ਕੁਦਰਤ ਦੇ ਮਾਲਕ ਦੀ) ਸਿਫ਼ਤਿ-ਸਾਲਾਹ ਹੋ ਰਹੀ ਹੈ,

ਵਿਸਮਾਦੁ ਉਝੜ ਵਿਸਮਾਦੁ ਰਾਹ ॥

ਕਿਤੇ ਔਝੜ ਹੈ, ਕਿਤੇ ਰਸਤੇ ਹਨ-ਇਹ ਅਚਰਜ ਖੇਡ ਵੇਖ ਕੇ ਮਨ ਵਿਚ ਹੈਰਤ ਹੋ ਰਹੀ ਹੈ।

ਵਿਸਮਾਦੁ ਨੇੜੈ ਵਿਸਮਾਦੁ ਦੂਰਿ ॥

(ਕੋਈ ਆਖਦਾ ਹੈ ਰੱਬ) ਨੇੜੇ ਹੈ (ਕੋਈ ਆਖਦਾ ਹੈ) ਦੂਰ ਹੈ;

ਵਿਸਮਾਦੁ ਦੇਖੈ ਹਾਜਰਾ ਹਜੂਰਿ ॥

(ਕੋਈ ਆਖਦਾ ਹੈ ਕਿ) ਸਭ ਥਾਈਂ ਵਿਆਪਕ ਹੋ ਕੇ ਜੀਵਾਂ ਦੀ ਸੰਭਾਲ ਕਰ ਰਿਹਾ ਹੈ-ਇਸ ਅਚਰਜ ਕੌਤਕ ਨੂੰ ਤੱਕ ਕੇ ਝਰਨਾਟ ਛਿੜ ਰਹੀ ਹੈ।

ਵੇਖਿ ਵਿਡਾਣੁ ਰਹਿਆ ਵਿਸਮਾਦੁ ॥

(ਰੱਬ ਦੀ) ਅਚਰਜ ਕੁਦਰਤ ਨੂੰ ਵੇਖ ਕੇ ਮਨ ਵਿਚ ਕਾਂਬਾ ਜਿਹਾ ਛਿੜ ਰਿਹਾ ਹੈ।

ਨਾਨਕ ਬੁਝਣੁ ਪੂਰੈ ਭਾਗਿ ॥੧॥

ਹੇ ਨਾਨਕ! ਇਸ ਇਲਾਹੀ ਤਮਾਸ਼ੇ ਨੂੰ ਵੱਡੇ ਭਾਗਾਂ ਨਾਲ ਸਮਝਿਆ ਜਾ ਸਕਦਾ ਹੈ ॥੧॥


ਮ : ੧ ॥
ਕੁਦਰਤਿ ਦਿਸੈ ਕੁਦਰਤਿ ਸੁਣੀਐ ਕੁਦਰਤਿ ਭਉ ਸੁਖ ਸਾਰੁ ॥

(ਹੇ ਪ੍ਰਭੂ!) ਜੋ ਕੁਝ ਦਿੱਸ ਰਿਹਾ ਹੈ ਤੇ ਜੋ ਕੁਝ ਸੁਣੀ ਆ ਰਿਹਾ ਹੈ, ਇਹ ਸਭ ਤੇਰੀ ਹੀ ਕਲਾ ਹੈ; ਇਹ ਭਉ ਜੋ ਸੁਖਾਂ ਦਾ ਮੂਲ ਹੈ, ਇਹ ਭੀ ਤੇਰੀ ਕੁਦਰਤ ਹੈ।

ਕੁਦਰਤਿ ਪਾਤਾਲੀ ਆਕਾਸੀ ਕੁਦਰਤਿ ਸਰਬ ਆਕਾਰੁ ॥

ਪਤਾਲਾਂ ਤੇ ਅਕਾਸ਼ਾਂ ਵਿਚ ਤੇਰੀ ਹੀ ਕੁਦਰਤ ਹੈ, ਇਹ ਸਾਰਾ ਅਕਾਰ (ਭਾਵ, ਇਹ ਸਾਰਾ ਜਗਤ ਜੋ ਦਿੱਸ ਰਿਹਾ ਹੈ) ਤੇਰੀ ਹੀ ਅਚਰਜ ਖੇਡ ਹੈ।

ਕੁਦਰਤਿ ਵੇਦ ਪੁਰਾਣ ਕਤੇਬਾ ਕੁਦਰਤਿ ਸਰਬ ਵੀਚਾਰੁ ॥

ਵੇਦ, ਪੁਰਾਣ ਤੇ ਕਤੇਬਾਂ, (ਹੋਰ ਭੀ) ਸਾਰੀ ਵਿਚਾਰ-ਸੱਤਾ ਤੇਰੀ ਹੀ ਕਲਾ ਹੈ;

ਕੁਦਰਤਿ ਖਾਣਾ ਪੀਣਾ ਪੈਨ੍ਰਣੁ ਕੁਦਰਤਿ ਸਰਬ ਪਿਆਰੁ ॥

(ਜੀਵਾਂ ਦਾ) ਖਾਣ, ਪੀਣ, ਪੈਨ੍ਹਣ (ਦਾ ਵਿਹਾਰ) ਅਤੇ (ਜਗਤ ਵਿਚ) ਸਾਰਾ ਪਿਆਰ (ਦਾ ਜਜ਼ਬਾ) ਇਹ ਸਭ ਤੇਰੀ ਕੁਦਰਤ ਹੈ।

ਕੁਦਰਤਿ ਜਾਤੀ ਜਿਨਸੀ ਰੰਗੀ ਕੁਦਰਤਿ ਜੀਅ ਜਹਾਨ ॥

ਜਾਤਾਂ ਵਿਚ, ਜਿਨਸਾਂ ਵਿਚ, ਰੰਗਾਂ ਵਿਚ, ਜਗਤ ਦੇ ਜੀਵਾਂ ਵਿਚ ਤੇਰੀ ਹੀ ਕੁਦਰਤ ਵਰਤ ਰਹੀ ਹੈ,

ਕੁਦਰਤਿ ਨੇਕੀਆ ਕੁਦਰਤਿ ਬਦੀਆ ਕੁਦਰਤਿ ਮਾਨੁ ਅਭਿਮਾਨੁ ॥

(ਜਗਤ ਵਿਚ) ਕਿਤੇ ਭਲਾਈ ਦੇ ਕੰਮ ਹੋ ਰਹੇ ਹਨ, ਕਿਤੇ ਵਿਕਾਰ ਹਨ; ਕਿਤੇ ਕਿਸੇ ਦਾ ਆਦਰ ਹੋ ਰਿਹਾ ਹੈ, ਕਿਤੇ ਅਹੰਕਾਰ ਪਰਧਾਨ ਹੈ-ਇਹ ਤੇਰਾ ਅਚਰਜ ਕੌਤਕ ਹੈ।

ਕੁਦਰਤਿ ਪਉਣੁ ਪਾਣੀ ਬੈਸੰਤਰੁ ਕੁਦਰਤਿ ਧਰਤੀ ਖਾਕੁ ॥

ਪਉਣ, ਪਾਣੀ, ਅੱਗ, ਧਰਤੀ ਦੀ ਖ਼ਾਕ (ਆਦਿਕ ਤੱਤ), ਇਹ ਸਾਰੇ ਤੇਰਾ ਹੀ ਤਮਾਸ਼ਾ ਹਨ।

ਸਭ ਤੇਰੀ ਕੁਦਰਤਿ ਤੂੰ ਕਾਦਿਰੁ ਕਰਤਾ ਪਾਕੀ ਨਾਈ ਪਾਕੁ ॥

(ਹੇ ਪ੍ਰਭੂ!) ਸਭ ਤੇਰੀ ਕਲਾ ਵਰਤ ਰਹੀ ਹੈ, ਤੂੰ ਕੁਦਰਤ ਦਾ ਮਾਲਕ ਹੈਂ, ਤੂੰ ਹੀ ਇਸ ਖੇਲ ਦਾ ਰਚਨਹਾਰ ਹੈਂ, ਤੇਰੀ ਵਡਿਆਈ ਸੁੱਚੀ ਤੋਂ ਸੁੱਚੀ ਹੈ, ਤੂੰ ਆਪ ਪਵਿੱਤਰ (ਹਸਤੀ ਵਾਲਾ) ਹੈਂ।

ਨਾਨਕ ਹੁਕਮੈ ਅੰਦਰਿ ਵੇਖੈ ਵਰਤੈ ਤਾਕੋ ਤਾਕੁ ॥੨॥

ਹੇ ਨਾਨਕ! ਪ੍ਰਭੂ (ਇਸ ਸਾਰੀ ਕੁਦਰਤ ਨੂੰ) ਆਪਣੇ ਹੁਕਮ ਵਿਚ (ਰੱਖ ਕੇ) (ਸਭ ਦੀ) ਸੰਭਾਲ ਕਰ ਰਿਹਾ ਹੈ, (ਤੇ ਸਭ ਥਾਈਂ, ਇਕੱਲਾ) ਆਪ ਹੀ ਆਪ ਮੌਜੂਦ ਹੈ ॥੨॥


ਪਉੜੀ ॥
ਆਪੀਨੈ ਭੋਗ ਭੋਗਿ ਕੈ ਹੋਇ ਭਸਮੜਿ ਭਉਰੁ ਸਿਧਾਇਆ ॥

ਰੱਬ ਆਪ ਹੀ (ਜੀਵ-ਰੂਪ ਹੋ ਕੇ) ਪਦਾਰਥ ਦੇ ਰੰਗ ਮਾਣਦਾ ਹੈ (ਇਹ ਭੀ ਉਸ ਦੀ ਅਚਰਜ ਕੁਦਰਤ ਹੈ)। (ਸਰੀਰ) ਮਿੱਟੀ ਦੀ ਢੇਰੀ ਹੋ ਜਾਂਦਾ ਹੈ (ਤੇ ਆਖ਼ਰ ਜੀਵਾਤਮਾ-ਰੂਪ) ਭਉਰ (ਸਰੀਰ ਨੂੰ ਛੱਡ ਕੇ) ਤੁਰ ਪੈਂਦਾ ਹੈ।

ਵਡਾ ਹੋਆ ਦੁਨੀਦਾਰੁ ਗਲਿ ਸੰਗਲੁ ਘਤਿ ਚਲਾਇਆ ॥

(ਇਸ ਤਰ੍ਹਾਂ ਦਾ) ਦੁਨੀਆ ਦੇ ਧੰਧਿਆਂ ਵਿਚ ਫਸਿਆ ਹੋਇਆ ਜੀਵ (ਜਦੋਂ) ਮਰਦਾ ਹੈ, (ਇਸ ਦੇ) ਗਲ ਵਿਚ ਸੰਗਲ ਪਾ ਕੇ ਅੱਗੇ ਲਾ ਲਿਆ ਜਾਂਦਾ ਹੈ (ਭਾਵ, ਮਾਇਆ ਵਿਚ ਵੇੜ੍ਹਿਆ ਹੋਇਆ ਜੀਵ ਜਗਤ ਨੂੰ ਛੱਡਣਾ ਨਹੀਂ ਚਾਹੁੰਦਾ ਤੇ ‘ਹੰਸ ਚਲਸੀ ਡੁਮਣਾ’)।

ਅਗੈ ਕਰਣੀ ਕੀਰਤਿ ਵਾਚੀਐ ਬਹਿ ਲੇਖਾ ਕਰਿ ਸਮਝਾਇਆ ॥

ਪਰਲੋਕ ਵਿਚ (ਭਾਵ, ਧਰਮਰਾਜ ਦੇ ਦਰਬਾਰ ਵਿਚ, ਵੇਖੋ ਪਉੜੀ ੨) ਰੱਬ ਦੀ ਸਿਫ਼ਤਿ-ਸਾਲਾਹ ਰੂਪ ਕਮਾਈ ਹੀ ਕਬੂਲ ਪੈਂਦੀ ਹੈ, ਓਥੈ (ਜੀਵ ਦੇ ਕੀਤੇ ਕਰਮਾਂ ਦਾ) ਹਿਸਾਬ ਚੰਗੀ ਤਰ੍ਹਾਂ (ਇਸ ਨੂੰ) ਸਮਝਾ ਦਿੱਤਾ ਜਾਂਦਾ ਹੈ।

ਥਾਉ ਨ ਹੋਵੀ ਪਉਦੀਈ ਹੁਣਿ ਸੁਣੀਐ ਕਿਆ ਰੂਆਇਆ ॥

(ਮਾਇਆ ਦੇ ਭੋਗਾਂ ਵਿਚ ਹੀ ਫਸੇ ਰਹਿਣ ਦੇ ਕਾਰਨ) ਓਥੇ ਮਾਰ ਪੈਂਦੇ ਨੂੰ ਕਿਤੇ ਢੋਈ ਨਹੀਂ ਮਿਲਦੀ, ਉਸ ਵੇਲੇ ਇਸ ਦੀ ਕੋਈ ਭੀ ਕੂਕ-ਪੁਕਾਰ ਸੁਣੀ ਨਹੀਂ ਜਾਂਦੀ।

ਮਨਿ ਅੰਧੈ ਜਨਮੁ ਗਵਾਇਆ ॥੩॥

ਮੂਰਖ ਮਨ (ਵਾਲਾ ਜੀਵ) ਆਪਣਾ (ਮਨੁੱਖਾ-) ਜਨਮ ਅਜਾਈਂ ਗਵਾ ਲੈਂਦਾ ਹੈ ॥੩॥


ਸਲੋਕ ਮ : ੧ ॥
ਭੈ ਵਿਚਿ ਪਵਣੁ ਵਹੈ ਸਦਵਾਉ ॥

ਹਵਾ ਸਦਾ ਹੀ ਰੱਬ ਦੇ ਡਰ ਵਿਚ ਚੱਲ ਰਹੀ ਹੈ।

ਭੈ ਵਿਚਿ ਚਲਹਿ ਲਖ ਦਰੀਆਉ ॥

ਲੱਖਾਂ ਦਰੀਆਉ ਭੀ ਭੈ ਵਿਚ ਹੀ ਵਗ ਰਹੇ ਹਨ।

ਭੈ ਵਿਚਿ ਅਗਨਿ ਕਢੈ ਵੇਗਾਰਿ ॥

ਅੱਗ ਜੋ ਸੇਵਾ ਕਰ ਰਹੀ ਹੈ, ਇਹ ਭੀ ਰੱਬ ਦੇ ਭੈ ਵਿਚ ਹੀ ਹੈ।

ਭੈ ਵਿਚਿ ਧਰਤੀ ਦਬੀ ਭਾਰਿ ॥

ਸਾਰੀ ਧਰਤੀ ਰੱਬ ਦੇ ਡਰ ਦੇ ਕਾਰਨ ਹੀ ਭਾਰ ਹੇਠ ਨੱਪੀ ਪਈ ਹੈ।

ਭੈ ਵਿਚਿ ਇੰਦੁ ਫਿਰੈ ਸਿਰ ਭਾਰਿ ॥

ਰੱਬ ਦੇ ਭੈ ਵਿਚ ਇੰਦਰ ਰਾਜਾ ਸਿਰ ਦੇ ਭਾਰ ਫਿਰ ਰਿਹਾ ਹੈ (ਭਾਵ, ਮੇਘ ਉਸ ਦੀ ਰਜ਼ਾ ਵਿਚ ਹੀ ਉੱਡ ਰਹੇ ਹਨ)।

ਭੈ ਵਿਚਿ ਰਾਜਾ ਧਰਮ ਦੁਆਰੁ ॥

ਧਰਮ-ਰਾਜ ਦਾ ਦਰਬਾਰ ਭੀ ਰੱਬ ਦੇ ਡਰ ਵਿਚ ਹੈ।

ਭੈ ਵਿਚਿ ਸੂਰਜੁ ਭੈ ਵਿਚਿ ਚੰਦੁ ॥

ਸੂਰਜ ਭੀ ਤੇ ਚੰਦ੍ਰਮਾ ਭੀ ਰੱਬ ਦੇ ਹੁਕਮ ਵਿਚ ਹਨ,

ਕੋਹ ਕਰੋੜੀ ਚਲਤ ਨ ਅੰਤੁ ॥

ਕ੍ਰੋੜਾਂ ਕੋਹਾਂ ਚਲਦਿਆਂ ਦੇ ਪੈਂਡੇ ਦਾ ਓੜਕ ਨਹੀਂ ਆਉਂਦਾ।

ਭੈ ਵਿਚਿ ਸਿਧ ਬੁਧ ਸੁਰ ਨਾਥ ॥

ਸਿੱਧ, ਬੁਧ, ਦੇਵਤੇ ਤੇ ਨਾਥ-ਸਾਰੇ ਰੱਬ ਦੇ ਭੈ ਵਿਚ ਹਨ।

ਭੈ ਵਿਚਿ ਆਡਾਣੇ ਆਕਾਸ ॥

ਇਹ ਉੱਪਰ ਤਣੇ ਹੋਏ ਅਕਾਸ਼ (ਜੋ ਦਿੱਸਦੇ ਹਨ, ਇਹ ਭੀ) ਭੈ ਵਿਚ ਹੀ ਹਨ।

ਭੈ ਵਿਚਿ ਜੋਧ ਮਹਾਬਲ ਸੂਰ ॥

ਬੜੇ ਬੜੇ ਬਲ ਵਾਲੇ ਜੋਧੇ ਤੇ ਸੂਰਮੇ ਸਭ ਰੱਬ ਦੇ ਭੈ ਵਿਚ ਹਨ।

ਭੈ ਵਿਚਿ ਆਵਹਿ ਜਾਵਹਿ ਪੂਰ ॥

ਪੂਰਾਂ ਦੇ ਪੂਰ ਜੀਵ ਜੋ ਜਗਤ ਵਿਚ ਜੰਮਦੇ ਤੇ ਮਰਦੇ ਹਨ, ਸਭ ਭੈ ਵਿਚ ਹਨ।

ਸਗਲਿਆ ਭਉ ਲਿਖਿਆ ਸਿਰਿ ਲੇਖੁ ॥

ਸਾਰੇ ਹੀ ਜੀਵਾਂ ਦੇ ਮੱਥੇ ਤੇ ਭਉ-ਰੂਪ ਲੇਖ ਲਿਖਿਆ ਹੋਇਆ ਹੈ, ਭਾਵ, ਪ੍ਰਭੂ ਦਾ ਨਿਯਮ ਹੀ ਐਸਾ ਹੈ ਕਿ ਸਾਰੇ ਉਸ ਦੇ ਭੈ ਵਿਚ ਹਨ।

ਨਾਨਕ ਨਿਰਭਉ ਨਿਰੰਕਾਰੁ ਸਚੁ ਏਕੁ ॥੧॥

ਹੇ ਨਾਨਕ! ਕੇਵਲ ਇਕ ਸੱਚਾ ਨਿਰੰਕਾਰ ਹੀ ਭੈ-ਰਹਿਤ ਹੈ ॥੧॥


ਮ : ੧ ॥
ਨਾਨਕ ਨਿਰਭਉ ਨਿਰੰਕਾਰੁ ਹੋਰਿ ਕੇਤੇ ਰਾਮ ਰਵਾਲ ॥

ਹੇ ਨਾਨਕ! ਇਕ ਨਿਰੰਕਾਰ ਹੀ ਭੈ-ਰਹਿਤ ਹੈ, (ਅਵਤਾਰੀ) ਰਾਮ (ਜੀ) ਵਰਗੇ ਕਈ ਹੋਰ (ਉਸ ਨਿਰੰਕਾਰ ਦੇ ਸਾਮ੍ਹਣੇ) ਤੁੱਛ ਹਨ;

ਕੇਤੀਆ ਕੰਨ੍ਰ ਕਹਾਣੀਆ ਕੇਤੇ ਬੇਦ ਬੀਚਾਰ ॥

(ਉਸ ਨਿਰੰਕਾਰ ਦੇ ਗਿਆਨ ਦੇ ਟਾਕਰੇ ਤੇ) ਕ੍ਰਿਸ਼ਨ (ਜੀ) ਦੀਆਂ ਕਈ ਸਾਖੀਆਂ ਤੇ ਵੇਦਾਂ ਦੇ ਕਈ ਵੀਚਾਰ ਭੀ ਤੁੱਛ ਹਨ।

ਕੇਤੇ ਨਚਹਿ ਮੰਗਤੇ ਗਿੜਿ ਮੁੜਿ ਪੂਰਹਿ ਤਾਲ ॥

(ਉਸ ਨਿਰੰਕਾਰ ਦਾ ਗਿਆਨ ਪ੍ਰਾਪਤ ਕਰਨ ਲਈ) ਕਈ ਮਨੁੱਖ ਮੰਗਤੇ ਬਣ ਕੇ ਨੱਚਦੇ ਹਨ ਤੇ ਕਈ ਤਰ੍ਹਾਂ ਦੇ ਤਾਲ ਪੂਰਦੇ ਹਨ,

ਬਾਜਾਰੀ ਬਾਜਾਰ ਮਹਿ ਆਇ ਕਢਹਿ ਬਾਜਾਰ ॥

ਰਾਸਧਾਰੀਏ ਭੀ ਬਜ਼ਾਰਾਂ ਵਿਚ ਆ ਕੇ ਰਾਸਾਂ ਪਾਂਦੇ ਹਨ,

ਗਾਵਹਿ ਰਾਜੇ ਰਾਣੀਆ ਬੋਲਹਿ ਆਲ ਪਤਾਲ ॥

ਰਾਜਿਆਂ ਤੇ ਰਾਣੀਆਂ ਦੇ ਸਰੂਪ ਬਣਾ ਬਣਾ ਕੇ ਗਾਉਂਦੇ ਹਨ ਤੇ (ਮੂੰਹੋਂ) ਕਈ ਢੰਗਾਂ ਦੇ ਬਚਨ ਬੋਲਦੇ ਹਨ,

ਲਖ ਟਕਿਆ ਕੇ ਮੁੰਦੜੇ ਲਖ ਟਕਿਆ ਕੇ ਹਾਰ ॥

ਲੱਖਾਂ ਰੁਪਇਆਂ ਦੇ (ਭਾਵ, ਕੀਮਤੀ) ਵਾਲੇ ਤੇ ਹਾਰ ਪਾਂਦੇ ਹਨ;

ਜਿਤੁ ਤਨਿ ਪਾਈਅਹਿ ਨਾਨਕਾ ਸੇ ਤਨ ਹੋਵਹਿ ਛਾਰ ॥

ਪਰ, ਹੇ ਨਾਨਕ! (ਉਹ ਵਿਚਾਰੇ ਇਹ ਨਹੀਂ ਜਾਣਦੇ ਕਿ ਇਹ ਵਾਲੇ ਤੇ ਹਾਰ ਤਾਂ) ਜਿਸ ਜਿਸ ਸਰੀਰ ਉੱਤੇ ਪਾਈਦੇ ਹਨ, ਉਹ ਸਰੀਰ (ਅੰਤ ਨੂੰ) ਸੁਆਹ ਹੋ ਜਾਂਦੇ ਹਨ (ਤੇ ਇਸ ਗਾਉਣ ਨੱਚਣ ਨਾਲ, ਇਹਨਾਂ ਵਾਲਿਆਂ ਤੇ ਹਾਰਾਂ ਦੇ ਪਹਿਨਣ ਨਾਲ ‘ਗਿਆਨ’ ਕਿਵੇਂ ਮਿਲ ਸਕਦਾ ਹੈ?)

ਗਿਆਨੁ ਨ ਗਲੀਈ ਢੂਢੀਐ ਕਥਨਾ ਕਰੜਾ ਸਾਰੁ ॥

ਗਿਆਨ ਨਿਰੀਆਂ ਗੱਲਾਂ ਨਾਲ ਨਹੀਂ ਭਾਲਿਆ ਜਾ ਸਕਦਾ, (ਗਿਆਨ ਕਿਵੇਂ ਮਿਲ ਸਕਦਾ ਹੈ-ਇਸ ਗੱਲ ਦਾ) ਬਿਆਨ ਕਰਨਾ ਇਉਂ ਕਰੜਾ ਹੈ ਜਿਵੇਂ ਲੋਹਾ (ਭਾਵ, ਬਹੁਤ ਔਖਾ ਹੈ)।

ਕਰਮਿ ਮਿਲੈ ਤਾ ਪਾਈਐ ਹੋਰ ਹਿਕਮਤਿ ਹੁਕਮੁ ਖੁਆਰੁ ॥੨॥

(ਹਾਂ) ਰੱਬ ਦੀ ਮੇਹਰ ਨਾਲ ਮਿਲ ਜਾਏ ਤਾਂ ਮਿਲ ਪੈਂਦਾ ਹੈ, (ਮੇਹਰ ਤੋਂ ਬਿਨਾ ਕੋਈ) ਹੋਰ ਚਾਰਾਜੋਈ ਤੇ ਹੁਕਮ (ਵਰਤਣਾ) ਵਿਅਰਥ ਹੈ ॥੨॥


ਪਉੜੀ ॥
ਨਦਰਿ ਕਰਹਿ ਜੇ ਆਪਣੀ ਤਾ ਨਦਰੀ ਸਤਿਗੁਰੁ ਪਾਇਆ ॥

ਹੇ ਪ੍ਰਭੂ! ਜੇ ਤੂੰ (ਜੀਵ ਉੱਤੇ) ਮਿਹਰ ਦੀ ਨਜ਼ਰ ਕਰੇਂ, ਤਾਂ ਉਸ ਨੂੰ ਤੇਰੀ ਕਿਰਪਾ-ਦ੍ਰਿਸ਼ਟੀ ਨਾਲ ਸਤਿਗੁਰੂ ਮਿਲ ਪੈਂਦਾ ਹੈ।

ਏਹੁ ਜੀਉ ਬਹੁਤੇ ਜਨਮ ਭਰੰਮਿਆ ਤਾ ਸਤਿਗੁਰਿ ਸਬਦੁ ਸੁਣਾਇਆ ॥

ਇਹ (ਵਿਚਾਰਾ) ਜੀਵ (ਜਦੋਂ) ਬਹੁਤੇ ਜਨਮਾਂ ਵਿਚ ਭਟਕ ਚੁਕਿਆ (ਤੇ ਤੇਰੀ ਮਿਹਰ ਦੀ ਨਜ਼ਰ ਹੋਈ) ਤਾਂ ਇਸ ਨੂੰ ਸਤਿਗੁਰੂ ਨੇ ਆਪਣਾ ਸ਼ਬਦ ਸੁਣਾਇਆ।

ਸਤਿਗੁਰ ਜੇਵਡੁ ਦਾਤਾ ਕੋ ਨਹੀ ਸਭਿ ਸੁਣਿਅਹੁ ਲੋਕ ਸਬਾਇਆ ॥

ਹੇ ਸਾਰੇ ਲੋਕੋ! ਧਿਆਨ ਦੇ ਕੇ ਸੁਣੋ, ਸਤਿਗੁਰੂ ਦੇ ਬਰਾਬਰ ਦਾ ਹੋਰ ਕੋਈ ਦਾਤਾ ਨਹੀਂ ਹੈ।

ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਰੀ ਵਿਚਹੁ ਆਪੁ ਗਵਾਇਆ ॥

ਜਿਨ੍ਹਾਂ ਮਨੁੱਖਾਂ ਨੇ ਆਪਣੇ ਅੰਦਰੋਂ ਆਪਾ-ਭਾਵ ਗਵਾ ਦਿੱਤਾ ਹੈ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਪ੍ਰਭੂ ਦੀ ਪ੍ਰਾਪਤੀ ਹੋ ਗਈ,

ਜਿਨਿ ਸਚੋ ਸਚੁ ਬੁਝਾਇਆ ॥੪॥

ਜਿਸ ਸਤਿਗੁਰੂ ਨੇ ਨਿਰੋਲ ਸੱਚੇ ਪ੍ਰਭੂ ਦੀ ਸੂਝ ਪਾਈ ਹੈ। (ਭਾਵ, ਜੋ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਗਵਾਉਂਦੇ ਹਨ, ਉਹਨਾਂ ਨੂੰ ਉਸ ਸਤਿਗੁਰੂ ਦੇ ਮਿਲਣ ਨਾਲ ਸੱਚੇ ਰੱਬ ਦੀ ਪ੍ਰਾਪਤੀ ਹੋ ਜਾਂਦੀ ਹੈ, ਜੋ ਸਤਿਗੁਰੂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਸੂਝ ਦੇਂਦਾ ਹੈ) ॥੪॥


ਸਲੋਕ ਮ :੧ ॥
ਘੜੀਆ ਸਭੇ ਗੋਪੀਆ ਪਹਰ ਕੰਨ੍ਰ ਗੋਪਾਲ ॥

(ਸਾਰੀਆਂ) ਘੜੀਆਂ (ਮਾਨੋ) ਗੋਪੀਆਂ ਹਨ; (ਦਿਨ ਦੇ ਸਾਰੇ) ਪਹਿਰ, (ਮਾਨੋ) ਕਾਨ੍ਹ ਹਨ;

ਗਹਣੇ ਪਉਣੁ ਪਾਣੀ ਬੈਸੰਤਰੁ ਚੰਦੁ ਸੂਰਜੁ ਅਵਤਾਰ ॥

ਪਉਣ ਪਾਣੀ ਤੇ ਅੱਗ, (ਮਾਨੋ) ਗਹਿਣੇ ਹਨ (ਜੋ ਉਹਨਾਂ ਗੋਪੀਆਂ ਨੇ ਪਾਏ ਹੋਏ ਹਨ)। (ਰਾਸਾਂ ਵਿਚ ਰਾਸਧਾਰੀਏ ਅਵਤਾਰਾਂ ਦਾ ਸਾਂਗ ਬਣਾ ਬਣਾ ਕੇ ਗਾਉਂਦੇ ਹਨ, ਕੁਦਰਤ ਦੀ ਰਾਸ ਵਿਚ) ਚੰਦ੍ਰਮਾ ਤੇ ਸੂਰਜ, (ਮਾਨੋ) ਦੋ ਅਵਤਾਰ ਹਨ।

ਸਗਲੀ ਧਰਤੀ ਮਾਲੁ ਧਨੁ ਵਰਤਣਿ ਸਰਬ ਜੰਜਾਲ ॥

ਸਾਰੀ ਧਰਤੀ (ਰਾਸ ਪਾਣ ਲਈ) ਮਾਲ ਧਨ ਹੈ, ਅਤੇ (ਜਗਤ ਦੇ ਧੰਧੇ) ਰਾਸ ਦਾ ਵਰਤਣ-ਵਲੇਵਾ ਹਨ।

ਨਾਨਕ ਮੁਸੈ ਗਿਆਨ ਵਿਹੂਣੀ ਖਾਇ ਗਇਆ ਜਮਕਾਲੁ ॥੧॥

(ਮਾਇਆ ਦੀ ਇਸ ਰਾਸ ਵਿਚ) ਗਿਆਨ ਤੋਂ ਸੱਖਣੀ ਦੁਨੀਆ ਠੱਗੀ ਜਾ ਰਹੀ ਹੈ, ਤੇ ਇਸ ਨੂੰ ਜਮਕਾਲ ਖਾਈ ਜਾ ਰਿਹਾ ਹੈ ॥੧॥


ਮ: ੧ ॥
ਵਾਇਨਿ ਚੇਲੇ ਨਚਨਿ ਗੁਰ ॥

(ਰਾਸਾਂ ਵਿਚ) ਚੇਲੇ ਸਾਜ ਵਜਾਉਂਦੇ ਹਨ, ਅਤੇ ਉਹਨਾਂ ਚੇਲਿਆਂ ਦੇ ਗੁਰੂ ਨੱਚਦੇ ਹਨ।

ਪੈਰ ਹਲਾਇਨਿ ਫੇਰਨਿ੍ ਸਿਰ ॥

(ਨਾਚ ਵੇਲੇ ਉਹ ਗੁਰੂ) ਪੈਰਾਂ ਨੂੰ ਹਿਲਾਉਂਦੇ ਹਨ ਅਤੇ ਸਿਰ ਫੇਰਦੇ ਹਨ।

ਉਡਿ ਉਡਿ ਰਾਵਾ ਝਾਟੈ ਪਾਇ ॥

(ਉਹਨਾਂ ਦੇ ਪੈਰਾਂ ਨਾਲ) ਉੱਡ ਉੱਡ ਕੇ ਘੱਟਾ ਉਹਨਾਂ ਦੇ ਸਿਰ ਵਿਚ ਪੈਂਦਾ ਹੈ।

ਵੇਖੈ ਲੋਕੁ ਹਸੈ ਘਰਿ ਜਾਇ ॥

(ਰਾਸ ਵੇਖਣ ਆਏ ਹੋਏ) ਲੋਕ (ਉਹਨਾਂ ਨੂੰ ਨੱਚਦਿਆਂ) ਵੇਖਦੇ ਹਨ ਅਤੇ ਹੱਸਦੇ ਹਨ (ਅੱਖਰੀਂ-ਲੋਕ ਵੇਖਦਾ ਹੈ ਅਤੇ ਹੱਸਦਾ ਹੈ)।

ਰੋਟੀਆ ਕਾਰਣਿ ਪੂਰਹਿ ਤਾਲ ॥

(ਪਰ ਉਹ ਰਾਸਧਾਰੀਏ) ਰੋਜ਼ੀ ਦੀ ਖ਼ਾਤਰ ਨੱਚਦੇ ਹਨ,

ਆਪੁ ਪਛਾੜਹਿ ਧਰਤੀ ਨਾਲਿ ॥

ਅਤੇ ਆਪਣੇ ਆਪ ਨੂੰ ਭੁਇਂ ਤੇ ਮਾਰਦੇ ਹਨ।

ਗਾਵਨਿ ਗੋਪੀਆ ਗਾਵਨਿ ਕਾਨ੍ਰ ॥

ਗੋਪੀਆਂ (ਦੇ ਸਾਂਗ ਬਣ ਕੇ) ਗਾਉਂਦੇ ਹਨ, ਕਾਨ੍ਹ (ਦੇ ਸਾਂਗ ਬਣ ਕੇ) ਗਾਉਂਦੇ ਹਨ,

ਗਾਵਨਿ ਸੀਤਾ ਰਾਜੇ ਰਾਮ ॥

ਸੀਤਾ, ਰਾਮ ਜੀ ਤੇ ਹੋਰ ਰਾਜਿਆਂ ਦੇ ਸਾਂਗ ਬਣ ਕੇ ਗਾਉਂਦੇ ਹਨ।

ਨਿਰਭਉ ਨਿਰੰਕਾਰੁ ਸਚੁ ਨਾਮੁ ॥

ਜਿਹੜਾ ਪ੍ਰਭੂ ਨਿਡਰ ਹੈ, ਅਕਾਰ-ਰਹਿਤ ਹੈ ਅਤੇ ਜਿਸ ਦਾ ਨਾਮ ਸਦਾ ਅਟੱਲ ਹੈ,

ਜਾ ਕਾ ਕੀਆ ਸਗਲ ਜਹਾਨੁ ॥

ਜਿਸ ਦਾ ਸਾਰਾ ਜਗਤ ਬਣਾਇਆ ਹੋਇਆ ਹੈ,

ਸੇਵਕ ਸੇਵਹਿ ਕਰਮਿ ਚੜਾਉ ॥

ਉਸ ਨੂੰ (ਕੇਵਲ ਉਹੀ) ਸੇਵਕ ਸਿਮਰਦੇ ਹਨ, ਜਿਨ੍ਹਾਂ ਦੇ ਅੰਦਰ (ਰੱਬ ਦੀ) ਮਿਹਰ ਨਾਲ ਚੜ੍ਹਦੀ ਕਲਾ ਹੈ, ਜਿਨ੍ਹਾਂ ਦੇ ਮਨ ਵਿਚ (ਸਿਮਰਨ ਕਰਨ ਦਾ) ਉਤਸ਼ਾਹ ਹੈ,

ਭਿੰਨੀ ਰੈਣਿ ਜਿਨ੍ਰਾ ਮਨਿ ਚਾਉ ॥

ਉਹਨਾਂ ਸੇਵਕਾਂ ਦੀ ਜ਼ਿੰਦਗੀ-ਰੂਪ ਰਾਤ ਸੁਆਦਲੀ ਗੁਜ਼ਰਦੀ ਹੈ-

ਸਿਖੀ ਸਿਖਿਆ ਗੁਰ ਵੀਚਾਰਿ ॥

ਇਹ ਸਿੱਖਿਆ ਜਿਨ੍ਹਾਂ ਨੇ ਗੁਰੂ ਦੀ ਮੱਤ ਦੁਆਰਾ ਸਿੱਖ ਲਈ ਹੈ,

ਨਦਰੀ ਕਰਮਿ ਲਘਾਏ ਪਾਰਿ ॥

ਮਿਹਰ ਦੀ ਨਜ਼ਰ ਵਾਲਾ ਪ੍ਰਭੂ ਆਪਣੀ ਬਖ਼ਸ਼ਸ਼ ਦੁਆਰਾ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।

ਕੋਲੂ ਚਰਖਾ ਚਕੀ ਚਕੁ ॥

(ਨੱਚਣ ਅਤੇ ਫੇਰੀਆਂ ਲੈਣ ਨਾਲ ਜੀਵਨ ਦਾ ਉਧਾਰ ਨਹੀਂ ਹੋ ਸਕਦਾ, ਵੇਖੋ ਬੇਅੰਤ ਪਦਾਰਥ ਤੇ ਜੀਵ ਸਦਾ ਭੌਂਦੇ ਰਹਿੰਦੇ ਹਨ) ਕੋਹਲੂ, ਚਰਖਾ, ਚੱਕੀ, ਚੱਕ,

ਥਲ ਵਾਰੋਲੇ ਬਹੁਤੁ ਅਨੰਤੁ ॥

ਥਲਾਂ ਦੇ ਬੇਅੰਤ ਵਰੋਲੇ,

ਲਾਟੂ ਮਾਧਾਣੀਆ ਅਨਗਾਹ ॥

ਲਾਟੂ, ਮਧਾਣੀਆਂ, ਫਲ੍ਹੇ,

ਪੰਖੀ ਭਉਦੀਆ ਲੈਨਿ ਨ ਸਾਹ ॥

ਪੰਛੀ, ਭੰਭੀਰੀਆਂ ਜੋ ਇਕ-ਸਾਹੇ ਉਡਦੀਆਂ ਰਹਿੰਦੀਆਂ ਹਨ-ਇਹ ਸਭ ਭੌਂਦੇ ਰਹਿੰਦੇ ਹਨ।

ਸੂਐ ਚਾੜਿ ਭਵਾਈਅਹਿ ਜੰਤ ॥

ਸੂਲ ਉੱਤੇ ਚਾੜ੍ਹ ਕੇ ਕਈ ਜੰਤ ਭਵਾਈਂਦੇ ਹਨ।

ਨਾਨਕ ਭਉਦਿਆ ਗਣਤ ਨ ਅੰਤ ॥

ਹੇ ਨਾਨਕ! ਭੌਣ ਵਾਲੇ ਜੀਵਾਂ ਦਾ ਅੰਤ ਨਹੀਂ ਪੈ ਸਕਦਾ।

ਬੰਧਨ ਬੰਧਿ ਭਵਾਏ ਸੋਇ ॥

(ਇਸੇ ਤਰ੍ਹਾਂ) ਉਹ ਪ੍ਰਭੂ ਜੀਵਾਂ ਨੂੰ (ਮਾਇਆ ਦੇ) ਜ਼ੰਜੀਰਾਂ ਵਿਚ ਜਕੜ ਕੇ ਭਵਾਉਂਦਾ ਹੈ,

ਪਇਐ ਕਿਰਤਿ ਨਚੈ ਸਭੁ ਕੋਇ ॥

ਹਰੇਕ ਜੀਵ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਨੱਚ ਰਿਹਾ ਹੈ।

ਨਚਿ ਨਚਿ ਹਸਹਿ ਚਲਹਿ ਸੇ ਰੋਇ ॥

ਜੋ ਜੀਵ ਨੱਚ ਨੱਚ ਕੇ ਹੱਸਦੇ ਹਨ, ਉਹ (ਅੰਤ ਨੂੰ) ਰੋ ਕੇ (ਏਥੋਂ) ਤੁਰਦੇ ਹਨ।

ਉਡਿ ਨ ਜਾਹੀ ਸਿਧ ਨ ਹੋਹਿ ॥

(ਉਂਞ) ਭੀ ਨੱਚਣ ਟੱਪਣ ਨਾਲ ਕਿਸੇ ਉੱਚੀ ਅਵਸਥਾ ਤੇ ਨਹੀਂ ਅੱਪੜ ਜਾਂਦੇ, ਤੇ ਨਾ ਹੀ ਉਹ ਸਿੱਧ ਬਣ ਜਾਂਦੇ ਹਨ।

ਨਚਣੁ ਕੁਦਣੁ ਮਨ ਕਾ ਚਾਉ ॥

ਨੱਚਣਾ ਕੁੱਦਣਾ (ਕੇਵਲ) ਮਨ ਦਾ ਸ਼ੌਕ ਹੈ,

ਨਾਨਕ ਜਿਨ੍ਰ ਮਨਿ ਭਉ ਤਿਨ੍ਰਾ ਮਨਿ ਭਾਉ ॥੨॥

ਹੇ ਨਾਨਕ! ਪ੍ਰੇਮ ਕੇਵਲ ਉਹਨਾਂ ਦੇ ਮਨ ਵਿਚ ਹੀ ਹੈ ਜਿਨ੍ਹਾਂ ਦੇ ਮਨ ਵਿਚ ਰੱਬ ਦਾ ਡਰ ਹੈ ॥੨॥


ਪਉੜੀ ॥
ਨਾਉ ਤੇਰਾ ਨਿਰੰਕਾਰੁ ਹੈ ਨਾਇ ਲਇਐ ਨਰਕਿ ਨ ਜਾਈਐ ॥

(ਹੇ ਪ੍ਰਭੂ!) ਤੇਰਾ ਨਾਮ ਨਿਰੰਕਾਰ ਹੈ, ਜੇ ਤੇਰਾ ਨਾਮ ਸਿਮਰੀਏ ਤਾਂ ਨਰਕ ਵਿਚ ਨਹੀਂ ਪਈਦਾ।

ਜੀਉ ਪਿੰਡੁ ਸਭੁ ਤਿਸ ਦਾ ਦੇ ਖਾਜੈ ਆਖਿ ਗਵਾਈਐ ॥

ਇਹ ਜਿੰਦ ਅਤੇ ਸਰੀਰ ਸਭ ਕੁਝ ਪ੍ਰਭੂ ਦਾ ਹੀ ਹੈ, ਉਹੀ (ਜੀਵਾਂ ਨੂੰ) ਖਾਣ ਵਾਸਤੇ (ਭੋਜਨ) ਦੇਂਦਾ ਹੈ, (ਕਿਤਨਾ ਕੁ ਦੇਂਦਾ ਹੈ) ਇਹ ਅੰਦਾਜ਼ਾ ਲਾਉਣਾ ਵਿਅਰਥ ਜਤਨ ਹੈ।

ਜੇ ਲੋੜਹਿ ਚੰਗਾ ਆਪਣਾ ਕਰਿ ਪੁੰਨਹੁ ਨੀਚੁ ਸਦਾਈਐ ॥

ਹੇ ਜੀਵ! ਜੇ ਤੂੰ ਆਪਣੀ ਭਲਿਆਈ ਲੋੜਦਾ ਹੈਂ, ਤਾਂ ਚੰਗਾ ਕੰਮ ਕਰ ਕੇ ਭੀ ਆਪਣੇ ਆਪ ਨੂੰ ਨੀਵਾਂ ਅਖਵਾ।

ਜੇ ਜਰਵਾਣਾ ਪਰਹਰੈ ਜਰੁ ਵੇਸ ਕਰੇਦੀ ਆਈਐ ॥

ਜੇ (ਕੋਈ ਜੀਵ) ਬੁਢੇਪੇ ਨੂੰ ਪਰੇ ਹਟਾਉਣਾ ਚਾਹੇ (ਭਾਵ, ਬੁਢੇਪੇ ਤੋਂ ਬਚਣਾ ਚਾਹੇ, ਤਾਂ ਇਹ ਜਤਨ ਫ਼ਜ਼ੂਲ ਹੈ) ਬੁਢੇਪਾ ਵੇਸ ਧਾਰ ਕੇ ਆ ਹੀ ਜਾਂਦਾ ਹੈ।

ਕੋ ਰਹੈ ਨ ਭਰੀਐ ਪਾਈਐ ॥੫॥

ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਤਾਂ ਕੋਈ ਜੀਵ ਇੱਥੇ ਰਹਿ ਨਹੀਂ ਸਕਦਾ ॥੫॥


ਸਲੋਕ ਮ : ੧ ॥
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥

ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ,

ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥

(ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ।

ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥

ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ,

ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥

ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ।

ਜੋਗੀ ਸੁੰਨਿ ਧਿਆਵਨਿ੍ ਜੇਤੇ ਅਲਖ ਨਾਮੁ ਕਰਤਾਰੁ ॥

ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ ‘ਅਲਖ, ਅਲਖ’ ਉਸ ਦਾ ਨਾਮ ਉਚਾਰਦੇ ਹਨ।

ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥

(ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ।

ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥

ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ;

ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥

(ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ।

ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥

(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ,

ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥

ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ।

ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥

ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ-

ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥

ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ।

ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥

ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ।

ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥

ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ॥੧॥


ਮ :੧ ॥
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿ੍ਆਰ ॥

(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ);

ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥

(ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ,

ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥

ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ,

ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥

(ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ॥੨॥


ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥

ਕਿਸੇ ਮਨੁੱਖ ਨੂੰ (‘ਜਗ ਜੀਵਨੁ ਦਾਤਾ’) ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ (‘ਜਗ ਜੀਵਨ ਦਾਤਾ’) ਨਹੀਂ ਮਿਲਿਆ।

ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥

(ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ।

ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥

ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ।

ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥

(ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ,

ਜਗਜੀਵਨੁ ਦਾਤਾ ਪਾਇਆ ॥੬॥

ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ॥੬॥


ਸਲੋਕ ਮ : ੧ ॥
ਹਉ ਵਿਚਿ ਆਇਆ ਹਉ ਵਿਚਿ ਗਇਆ ॥

(ਜਦ ਤਾਈਂ ਜੀਵ) ‘ਹਉ’ ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ,

ਹਉ ਵਿਚਿ ਜੰਮਿਆ ਹਉ ਵਿਚਿ ਮੁਆ ॥

ਕਦੇ ਜੰਮਦਾ ਹੈ, ਕਦੇ ਮਰਦਾ ਹੈ।

ਹਉ ਵਿਚਿ ਦਿਤਾ ਹਉ ਵਿਚਿ ਲਇਆ ॥

ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ।

ਹਉ ਵਿਚਿ ਖਟਿਆ ਹਉ ਵਿਚਿ ਗਇਆ ॥

ਇਸੇ ‘ਮੈਂ, ਮੈਂ’ ਦੇ ਖ਼ਿਆਲ ਵਿਚ (ਕਿ ਇਹ ਕੰਮ ‘ਮੈਂ’ ਕਰਦਾ ਹਾਂ, ‘ਮੈਂ’ ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ।

ਹਉ ਵਿਚਿ ਸਚਿਆਰੁ ਕੂੜਿਆਰੁ ॥

ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ, ਕਦੇ ਝੂਠਾ ਹੈ।

ਹਉ ਵਿਚਿ ਪਾਪ ਪੁੰਨ ਵੀਚਾਰੁ ॥

ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ ‘ਮੈ’ ਇਹ ਭਲੇ ਕੰਮ ਕੀਤੇ ਹਨ, ‘ਮੈ’ ਇਹ ਮਾੜੇ ਕੰਮ ਕੀਤੇ ਹਨ),

ਹਉ ਵਿਚਿ ਨਰਕਿ ਸੁਰਗਿ ਅਵਤਾਰੁ ॥

ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ।

ਹਉ ਵਿਚਿ ਹਸੈ ਹਉ ਵਿਚਿ ਰੋਵੈ ॥

ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ।)

ਹਉ ਵਿਚਿ ਭਰੀਐ ਹਉ ਵਿਚਿ ਧੋਵੈ ॥

ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ।

ਹਉ ਵਿਚਿ ਜਾਤੀ ਜਿਨਸੀ ਖੋਵੈ ॥

ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ।

ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ ॥

ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ।

ਮੋਖ ਮੁਕਤਿ ਕੀ ਸਾਰ ਨ ਜਾਣਾ ॥

(ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ।

ਹਉ ਵਿਚਿ ਮਾਇਆ ਹਉ ਵਿਚਿ ਛਾਇਆ ॥

ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ ‘ਮਾਇਆ ਮਾਇਆ’ (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ;

ਹਉਮੈ ਕਰਿ ਕਰਿ ਜੰਤ ਉਪਾਇਆ ॥

ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ।

ਹਉਮੈ ਬੂਝੈ ਤਾ ਦਰੁ ਸੂਝੈ ॥

ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ,

ਗਿਆਨ ਵਿਹੂਣਾ ਕਥਿ ਕਥਿ ਲੂਝੈ ॥

(ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ।

ਨਾਨਕ ਹੁਕਮੀ ਲਿਖੀਐ ਲੇਖੁ ॥

ਹੇ ਨਾਨਕ! ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ।

ਜੇਹਾ ਵੇਖਹਿ ਤੇਹਾ ਵੇਖੁ ॥੧॥

ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ ‘ਹਉ’ ਬਣ ਜਾਂਦੀ ਹੈ। ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ ‘ਹਉ’ ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥


ਮਹਲਾ ੨ ॥
ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ ॥

‘ਹਉਮੈ’ ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ।

ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ ॥

ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ।

ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ ॥

(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ।

ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ ॥

(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ)।

ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ ॥

ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ।

ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ ॥

ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ।

ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥

ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੨॥


ਪਉੜੀ ॥
ਸੇਵ ਕੀਤੀ ਸੰਤੋਖੀਈਂ ਜਿਨ੍ਰੀ ਸਚੋ ਸਚੁ ਧਿਆਇਆ ॥

ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ।

ਓਨ੍ਰੀ ਮੰਦੈ ਪੈਰੁ ਨ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ ॥

ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ।

ਓਨ੍ਰੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ ॥

ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ)।

ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ ॥

‘ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ,’

ਵਡਿਆਈ ਵਡਾ ਪਾਇਆ ॥੭॥

ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ ॥੭॥


ਸਲੋਕ ਮ : ੧ ॥
ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ ॥

ਮਨੁੱਖ, ਰੁੱਖ, ਤੀਰਥ, ਤਟ (ਭਾਵ, ਨਦੀਆਂ) ਬੱਦਲ, ਖੇਤ,

ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ ॥

ਦੀਪ, ਲੋਕ, ਮੰਡਲ, ਖੰਡ, ਬ੍ਰਹਿਮੰਡ, ਸਰ, ਮੇਰ ਆਦਿਕ ਪਰਬਤ,

ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ ॥

ਚਾਰੇ ਖਾਣੀਆਂ (ਅੰਡਜ, ਜੇਰਜ, ਉਤਭੁਜ, ਸੇਤਜ) ਦੇ ਜੀਵ ਜੰਤ-

ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ ॥

ਇਹਨਾਂ ਸਭਨਾਂ ਦੀ ਗਿਣਤੀ ਦਾ ਅੰਦਾਜ਼ਾ ਉਹੀ ਪ੍ਰਭੂ ਜਾਣਦਾ ਹੈ (ਜਿਸ ਨੇ ਇਹ ਸਭ ਪੈਦਾ ਕੀਤੇ ਹਨ)।

ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ ॥

ਹੇ ਨਾਨਕ! ਸਾਰੇ ਜੀਅ ਜੰਤ ਪੈਦਾ ਕਰ ਕੇ, ਪ੍ਰਭੂ ਉਹਨਾਂ ਸਭਨਾਂ ਦੀ ਪਾਲਨਾ ਭੀ ਕਰਦਾ ਹੈ।

ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ ॥

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਇਸ ਦੀ ਪਾਲਨਾ ਦਾ ਫ਼ਿਕਰ ਭੀ ਉਸੇ ਨੂੰ ਹੀ ਹੈ।

ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ ॥

ਜਿਸ ਕਰਤਾਰ ਨੇ ਜਗਤ ਪੈਦਾ ਕੀਤਾ ਹੈ, ਉਹੀ ਇਹਨਾਂ ਦਾ ਖ਼ਿਆਲ ਰੱਖਦਾ ਹੈ।

ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ ॥

ਮੈਂ ਉਸੇ ਤੋਂ ਸਦਕੇ ਹਾਂ, ਉਸੇ ਦੀ ਜੈ ਜੈਕਾਰ ਆਖਦਾ ਹਾਂ (ਭਾਵ, ਉਸੇ ਦੀ ਸਿਫ਼ਤਿ-ਸਾਲਾਹ ਕਰਦਾ ਹਾਂ) ਉਸ ਪ੍ਰਭੂ ਦਾ ਆਸਰਾ (ਜੀਵ ਵਾਸਤੇ) ਸਦਾ ਅਟੱਲ ਹੈ।

ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥

ਹੇ ਨਾਨਕ! ਉਸ ਹਰੀ ਦਾ ਸੱਚਾ ਨਾਮ ਸਿਮਰਨ ਤੋਂ ਬਿਨਾ ਟਿੱਕਾ ਜਨੇਊ ਆਦਿਕ ਧਾਰਮਕ ਭੇਖ ਕਿਸੇ ਅਰਥ ਨਹੀਂ ॥੧॥


ਮ : ੧ ॥
ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ ॥

ਲੱਖਾਂ ਨੇਕੀ ਦੇ ਤੇ ਚੰਗੇ ਕੰਮ ਕੀਤੇ ਜਾਣ, ਲੱਖਾਂ ਕੰਮ ਧਰਮ ਦੇ ਕੀਤੇ ਜਾਣ, ਜੋ ਲੋਕਾਂ ਦੀਆਂ ਨਜ਼ਰਾਂ ਵਿਚ ਭੀ ਚੰਗੇ ਪ੍ਰਤੀਤ ਹੋਣ;

ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ ॥

ਤੀਰਥਾਂ ਉੱਤੇ ਜਾ ਕੇ ਲੱਖਾਂ ਤਪ ਸਾਧੇ ਜਾਣ, ਜੰਗਲਾਂ ਵਿਚ ਜਾ ਕੇ ਸੁੰਨ ਸਮਾਧੀ ਵਿਚ ਟਿਕ ਕੇ ਜੋਗ-ਸਾਧਨ ਕੀਤੇ ਜਾਣ;

ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ ॥

ਰਣ-ਭੂਮੀਆਂ ਵਿਚ ਜਾ ਕੇ ਸੂਰਮਿਆਂ ਵਾਲੇ ਬੇਅੰਤ ਬਹਾਦਰੀ ਦੇ ਕਾਰਨਾਮੇ ਵਿਖਾਏ ਜਾਣ, ਜੰਗ ਵਿਚ (ਹੀ ਵੈਰੀ ਦੇ ਸਨਮੁਖ ਹੋ ਕੇ) ਜਾਨ ਦਿੱਤੀ ਜਾਏ,

ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ ॥

ਲੱਖਾਂ (ਤਰੀਕਿਆਂ ਨਾਲ) ਸੁਰਤ ਪਕਾਈ ਜਾਵੇ, ਗਿਆਨ-ਚਰਚਾ ਕੀਤੀ ਜਾਏ ਤੇ ਮਨ ਨੂੰ ਇਕਾਗਰ ਕਰਨ ਦੇ ਜਤਨ ਕੀਤੇ ਜਾਣ, ਬੇਅੰਤ ਵਾਰੀ ਹੀ ਪੁਰਾਣ ਆਦਿਕ ਧਰਮ ਪੁਸਤਕਾਂ ਦੇ ਪਾਠ ਪੜ੍ਹੇ ਜਾਣ;

ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ ॥

ਜਿਸ ਨੇ ਇਹ ਸਾਰੀ ਸ੍ਰਿਸ਼ਟੀ ਰਚੀ ਹੈ ਤੇ ਜਿਸ ਨੇ ਜੀਵਾਂ ਦਾ ਜੰਮਣਾ ਮਰਨਾ ਨੀਯਤ ਕੀਤਾ ਹੈ (ਉਸ ਦੀ ਬਖ਼ਸ਼ਸ਼ ਦਾ ਪਾਤਰ ਬਣਨ ਲਈ ਉਸ ਦਾ ਨਾਮ ਸਿਮਰਨਾ ਹੀ ਉੱਤਮ ਮੱਤ ਹੈ)

ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥

(ਪਰ) ਹੇ ਨਾਨਕ! ਇਹ ਸਾਰੀਆਂ ਸਿਆਣਪਾਂ ਵਿਅਰਥ ਹਨ। (ਦਰਗਾਹ ਵਿਚ ਕਬੂਲ ਪੈਣ ਵਾਸਤੇ) ਉਸ ਪ੍ਰਭੂ ਦੀ ਬਖ਼ਸ਼ਸ਼ ਹੀ ਸੱਚਾ ਪਰਵਾਨਾ ਹੈ ॥੨॥


ਪਉੜੀ ॥
ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ ॥

ਹੇ ਪ੍ਰਭੂ! ਕੇਵਲ ਤੂੰ ਹੀ ਪੂਰਨ ਤੌਰ ਤੇ ਅਡੋਲ ਰਹਿਣ ਵਾਲਾ ਮਾਲਕ (ਪੂਰਨ ਤੌਰ ਤੇ ਖਿੜਿਆ ਹੋਇਆ) ਹੈਂ, ਅਤੇ ਤੂੰ ਆਪ ਹੀ ਆਪਣੀ ਅਡੋਲਤਾ ਦਾ ਗੁਣ (ਜਗਤ ਵਿਚ) ਵਰਤਾ ਦਿੱਤਾ ਹੈ।

ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨ੍ਰੀ ਸਚੁ ਕਮਾਇਆ ॥

(ਪਰ) ਇਹ ਖਿੜਾਉ ਵਾਲਾ ਗੁਣ (ਕੇਵਲ) ਉਸ ਉਸ ਜੀਵ ਨੂੰ ਹੀ ਮਿਲਦਾ ਹੈ ਜਿਸ ਜਿਸ ਨੂੰ ਤੂੰ ਆਪ ਦੇਂਦਾ ਹੈਂ, ਤੇਰੀ ਬਖ਼ਸ਼ਸ਼ ਦੀ ਬਰਕਤਿ ਨਾਲ, ਉਹ ਮਨੁੱਖ ਉਸ ਖਿੜਾਉ ਅਨੁਸਾਰ ਆਪਣਾ ਜੀਵਨ ਬਣਾਉਂਦੇ ਹਨ।

ਸਤਿਗੁਰਿ ਮਿਲਿਐ ਸਚੁ ਪਾਇਆ ਜਿਨ੍ਰ ਕੈ ਹਿਰਦੈ ਸਚੁ ਵਸਾਇਆ ॥

ਜਿਨ੍ਹਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹਨਾਂ ਨੂੰ ਇਹ ਪੂਰਨ ਖਿੜਾਉ ਵਾਲੀ ਦਾਤ ਮਿਲਦੀ ਹੈ, ਸਤਿਗੁਰੂ ਉਹਨਾਂ ਦੇ ਹਿਰਦੇ ਵਿਚ ਇਹ ਖਿੜਾਉ ਟਿਕਾ ਦੇਂਦਾ ਹੈ।

ਮੂਰਖ ਸਚੁ ਨ ਜਾਣਨ੍ਰੀ ਮਨਮੁਖੀ ਜਨਮੁ ਗਵਾਇਆ ॥

ਮੂਰਖਾਂ ਨੂੰ ਇਸ ਖਿੜਾਉ ਦੀ ਸਾਰ ਨਹੀਂ ਆਉਂਦੀ, ਉਹ ਮਨਮੁਖ (ਇਸ ਤੋਂ ਵਾਂਜੇ ਰਹਿ ਕੇ) ਆਪਣਾ ਜਨਮ ਅਜਾਈਂ ਗਵਾਉਂਦੇ ਹਨ,

ਵਿਚਿ ਦੁਨੀਆ ਕਾਹੇ ਆਇਆ ॥੮॥

ਜਗਤ ਵਿਚ ਜਨਮ ਲੈਣ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੁੰਦਾ ॥੮॥


ਸਲੋਕੁ ਮ : ੧ ॥
ਪੜਿ ਪੜਿ ਗਡੀ ਲਦੀਅਹਿ ਪੜਿ ਪੜਿ ਭਰੀਅਹਿ ਸਾਥ ॥

ਜੇ ਇਤਨੀਆਂ ਪੋਥੀਆਂ ਪੜ੍ਹ ਲਈਏ, ਜਿਨ੍ਹਾਂ ਨਾਲ ਕਈ ਗੱਡੀਆਂ ਭਰ ਲਈਆਂ ਜਾ ਸਕਣ, ਜਿਨ੍ਹਾਂ ਦੇ ਢੇਰਾਂ ਦੇ ਢੇਰ ਲਗਾਏ ਜਾ ਸਕਣ;

ਪੜਿ ਪੜਿ ਬੇੜੀ ਪਾਈਐ ਪੜਿ ਪੜਿ ਗਡੀਅਹਿ ਖਾਤ ॥

ਜੇ ਇਤਨੀਆਂ ਪੁਸਤਕਾਂ ਪੜ੍ਹ ਲਈਏ, ਜਿਨ੍ਹਾਂ ਨਾਲ ਇਕ ਬੇੜੀ ਭਰੀ ਜਾ ਸਕੇ, ਕਈ ਖਾਤੇ ਪੂਰੇ ਜਾ ਸਕਣ;

ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥

ਜੇ ਪੜ੍ਹ ਪੜ੍ਹ ਕੇ ਸਾਲਾਂ ਦੇ ਸਾਲ ਗੁਜ਼ਾਰੇ ਜਾਣ, ਜੇ ਪੜ੍ਹ ਪੜ੍ਹ ਕੇ (ਸਾਲ ਦੇ) ਸਾਰੇ ਮਹੀਨੇ ਬਿਤਾ ਦਿੱਤੇ ਜਾਣ;

ਪੜੀਐ ਜੇਤੀ ਆਰਜਾ ਪੜੀਅਹਿ ਜੇਤੇ ਸਾਸ ॥

ਜੇ ਪੁਸਤਕਾਂ ਪੜ੍ਹ ਪੜ੍ਹ ਕੇ ਸਾਰੀ ਉਮਰ ਗੁਜ਼ਾਰ ਦਿੱਤੀ ਜਾਏ, ਜੇ ਪੜ੍ਹ ਪੜ੍ਹ ਕੇ ਉਮਰ ਦੇ ਸਾਰੇ ਸੁਆਸ ਬਿਤਾਏ ਜਾਣ (ਤਾਂ ਭੀ ਰੱਬ ਦੀ ਦਰਗਾਹ ਵਿਚ ਇਸ ਵਿਚੋਂ ਕੁਝ ਭੀ ਪਰਵਾਨ ਨਹੀਂ ਹੁੰਦਾ)।

ਨਾਨਕ ਲੇਖੈ ਇਕ ਗਲ ਹੋਰੁ ਹਉਮੈ ਝਖਣਾ ਝਾਖ ॥੧॥

ਹੇ ਨਾਨਕ! ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਬੂਲ ਪੈਂਦੀ ਹੈ, (ਪ੍ਰਭੂ ਦੀ ਵਡਿਆਈ ਤੋਂ ਬਿਨਾ) ਕੋਈ ਹੋਰ ਉੱਦਮ ਕਰਨਾ, ਆਪਣੀ ਹਉਮੈ ਦੇ ਵਿਚ ਹੀ ਭਟਕਦੇ ਫਿਰਨਾ ਹੈ ॥੧॥


ਮ : ੧ ॥
ਲਿਖਿ ਲਿਖਿ ਪੜਿਆ ॥ ਤੇਤਾ ਕੜਿਆ ॥

ਜਿਤਨਾ ਕੋਈ ਮਨੁੱਖ (ਕੋਈ ਵਿੱਦਿਆ) ਲਿਖਣੀ ਪੜ੍ਹਨੀ ਜਾਣਦਾ ਹੈ, ਉਤਨਾ ਹੀ ਉਸ ਨੂੰ ਆਪਣੀ ਵਿੱਦਿਆ ਦਾ ਮਾਣ ਹੈ (ਸੋ ਇਹ ਜ਼ਰੂਰੀ ਨਹੀਂ ਕਿ ਰੱਬ ਦੇ ਦਰ ਤੇ ਪਰਵਾਨ ਹੋਣ ਲਈ ਵਿੱਦਿਆ ਦੀ ਲੋੜ ਹੈ)।

ਬਹੁ ਤੀਰਥ ਭਵਿਆ ॥ ਤੇਤੋ ਲਵਿਆ ॥

ਜਿਤਨਾ ਹੀ ਕੋਈ ਬਹੁਤੇ ਤੀਰਥਾਂ ਦੀ ਯਾਤ੍ਰਾ ਕਰਦਾ ਹੈ, ਉਤਨਾ ਹੀ ਥਾਂ ਥਾਂ ਤੇ ਦੱਸਦਾ ਫਿਰਦਾ ਹੈ (ਕਿ ਮੈਂ ਫਲਾਣੇ ਤੀਰਥ ਤੇ ਇਸ਼ਨਾਨ ਕਰ ਆਇਆ ਹਾਂ। ਸੋ ਤੀਰਥ-ਯਾਤ੍ਰਾ ਭੀ ਅਹੰਕਾਰ ਦਾ ਹੀ ਕਾਰਨ ਬਣਦੀ ਹੈ)।

ਬਹੁ ਭੇਖ ਕੀਆ ਦੇਹੀ ਦੁਖੁ ਦੀਆ ॥

ਕਿਸੇ ਨੇ (ਲੋਕਾਂ ਨੂੰ ਪਤਿਆਉਣ ਵਾਸਤੇ, ਧਰਮ ਦੇ) ਕਈ ਚਿਹਨ ਧਾਰੇ ਹੋਏ ਹਨ, ਅਤੇ ਕੋਈ ਆਪਣੇ ਸਰੀਰ ਨੂੰ ਕਸ਼ਟ ਦੇ ਰਿਹਾ ਹੈ,

ਸਹੁ ਵੇ ਜੀਆ ਅਪਣਾ ਕੀਆ ॥

(ਉਸ ਨੂੰ ਭੀ ਇਹੀ ਕਹਿਣਾ ਠੀਕ ਜਾਪਦਾ ਹੈ ਕਿ) ਆਪਣੇ ਕੀਤੇ ਦਾ ਦੁੱਖ ਸਹਾਰ (ਭਾਵ, ਇਹ ਭੇਖ ਧਾਰਨੇ ਸਰੀਰ ਨੂੰ ਦੁੱਖ ਦੇਣੇ ਭੀ ਰੱਬ ਦੇ ਦਰ ਤੇ ਕਬੂਲ ਨਹੀਂ ਹਨ)।

ਅੰਨੁ ਨ ਖਾਇਆ ਸਾਦੁ ਗਵਾਇਆ ॥

(ਹੋਰ ਤੱਕੋ, ਜਿਸ ਨੇ) ਅੰਨ ਛੱਡਿਆ ਹੋਇਆ ਹੈ (ਪ੍ਰਭੂ ਦਾ ਸਿਮਰਨ ਤਾਂ ਨਹੀਂ ਕਰਦਾ, ਸਿਮਰਨ ਤਿਆਗ ਕੇ) ਉਸ ਨੂੰ ਇਹ ਹੋਰ ਹੀ ਕੰਮ ਚੰਗਾ ਲੱਗਾ ਹੋਇਆ ਹੈ,

ਬਹੁ ਦੁਖੁ ਪਾਇਆ ਦੂਜਾ ਭਾਇਆ ॥

ਉਸ ਨੇ ਭੀ ਆਪਣੀ ਜ਼ਿੰਦਗੀ ਤਲਖ਼ ਬਣਾਈ ਹੋਈ ਹੈ ਅਤੇ ਦੁੱਖ ਸਹਾਰ ਰਿਹਾ ਹੈ।

ਬਸਤ੍ਰ ਨ ਪਹਿਰੈ ॥ ਅਹਿਨਿਸਿ ਕਹਰੈ ॥

ਕੱਪੜੇ ਨਹੀਂ ਪਾਂਦਾ, ਤੇ ਦਿਨ ਰਾਤ ਔਖਾ ਹੋ ਰਿਹਾ ਹੈ।

ਮੋਨਿ ਵਿਗੂਤਾ ॥ ਕਿਉ ਜਾਗੈ ਗੁਰ ਬਿਨੁ ਸੂਤਾ ॥

(ਇੱਕਲਵਾਂਝੇ) ਚੁੱਪ ਵੱਟ ਕੇ (ਅਸਲੀ ਰਾਹ ਤੋਂ) ਖੁੰਝਿਆ ਹੋਇਆ ਹੈ, ਭਲਾ ਦੱਸੋ (ਮਾਇਆ ਦੀ ਨੀਂਦਰ ਵਿਚ) ਸੁੱਤਾ ਹੋਇਆ ਮਨੁੱਖ ਗੁਰੂ ਤੋਂ ਬਿਨਾ ਕਿਵੇਂ ਜਾਗ ਸਕਦਾ ਹੈ?

ਪਗ ਉਪੇਤਾਣਾ ॥ ਅਪਣਾ ਕੀਆ ਕਮਾਣਾ ॥

(ਇਕ) ਪੈਰਾਂ ਤੋਂ ਨੰਗਾ ਫਿਰਦਾ ਹੈ, ਅਤੇ ਆਪਣੀ ਇਸ ਕੀਤੀ ਹੋਈ ਭੁੱਲ ਦਾ ਦੁੱਖ ਸਹਿ ਰਿਹਾ ਹੈ।

ਅਲੁ ਮਲੁ ਖਾਈ ਸਿਰਿ ਛਾਈ ਪਾਈ ॥

(ਸੁੱਚਾ ਚੰਗਾ ਭੋਜਨ ਛੱਡ ਕੇ) ਜੂਠਾ ਮਿੱਠਾ ਖਾਂਦਾ ਹੈ ਅਤੇ ਸਿਰ ਵਿਚ ਸੁਆਹ ਪਾ ਰੱਖੀ ਹੈ,

ਮੂਰਖਿ ਅੰਧੈ ਪਤਿ ਗਵਾਈ ॥

ਅਗਿਆਨੀ ਮੂਰਖ ਨੇ (ਇਸ ਤਰ੍ਹਾਂ) ਆਪਣੀ ਪੱਤ ਗਵਾ ਲਈ ਹੈ।

ਵਿਣੁ ਨਾਵੈ ਕਿਛੁ ਥਾਇ ਨ ਪਾਈ ॥

ਪ੍ਰਭੂ ਦੇ ਨਾਮ ਤੋਂ ਬਿਨਾ ਹੋਰ ਕੋਈ ਉੱਦਮ ਪਰਵਾਨ ਨਹੀਂ ਹੈ।

ਰਹੈ ਬੇਬਾਣੀ ਮੜੀ ਮਸਾਣੀ ॥

ਉਜਾੜਾਂ ਵਿਚ, ਮੜ੍ਹੀਆਂ ਵਿਚ, ਮਸਾਣਾਂ ਵਿਚ ਜਾ ਰਹਿੰਦਾ ਹੈ,

ਅੰਧੁ ਨ ਜਾਣੈ ਫਿਰਿ ਪਛੁਤਾਣੀ ॥

ਅੰਨ੍ਹਾ (ਮੂਰਖ ਰੱਬ ਵਾਲਾ ਰਸਤਾ) ਨਹੀਂ ਸਮਝਦਾ ਤੇ ਸਮਾਂ ਵਿਹਾ ਜਾਣ ਤੇ ਪਛਤਾਂਦਾ ਹੈ।

ਸਤਿਗੁਰੁ ਭੇਟੇ ਸੋ ਸੁਖੁ ਪਾਏ ॥

ਜਿਸ ਮਨੁੱਖ ਨੂੰ ਗੁਰੂ ਮਿਲ ਪਿਆ ਹੈ (ਅਸਲੀ) ਸੁਖ ਉਹੀ ਮਾਣਦਾ ਹੈ,

ਹਰਿ ਕਾ ਨਾਮੁ ਮੰਨਿ ਵਸਾਏ ॥

ਉਹ (ਵਡਭਾਗੀ) ਰੱਬ ਦਾ ਨਾਮ ਆਪਣੇ ਹਿਰਦੇ ਵਿਚ (ਟਿਕਾਂਦਾ) ਹੈ।

ਨਾਨਕ ਨਦਰਿ ਕਰੇ ਸੋ ਪਾਏ ॥

(ਪਰ) ਹੇ ਨਾਨਕ! ਗੁਰੂ ਭੀ ਉਸੇ ਨੂੰ ਹੀ ਮਿਲਦਾ ਹੈ ਜਿਸ ਉੱਤੇ ਆਪ ਦਾਤਾਰ ਮਿਹਰ ਦੀ ਨਜ਼ਰ ਕਰਦਾ ਹੈ।

ਆਸ ਅੰਦੇਸੇ ਤੇ ਨਿਹਕੇਵਲੁ ਹਉਮੈ ਸਬਦਿ ਜਲਾਏ ॥੨॥

ਉਸ ਸੰਸਾਰ ਦੀਆਂ ਆਸਾਂ ਤੇ ਫ਼ਿਕਰਾਂ ਤੋਂ ਨਿਰਲੇਪ ਹੋ ਕੇ ਗੁਰੂ ਦੇ ਸ਼ਬਦ ਦੁਆਰਾ ਆਪਣੀ ਹਉਮੈ ਨੂੰ ਸਾੜ ਦੇਂਦਾ ਹੈ ॥੨॥


ਪਉੜੀ ॥
ਭਗਤ ਤੇਰੈ ਮਨਿ ਭਾਵਦੇ ਦਰਿ ਸੋਹਨਿ ਕੀਰਤਿ ਗਾਵਦੇ ॥

(ਹੇ ਪ੍ਰਭੂ!) ਤੈਨੂੰ ਆਪਣੇ ਮਨ ਵਿਚ ਭਗਤ ਪਿਆਰੇ ਲਗਦੇ ਹਨ, ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਹੇ ਹਨ ਤੇ ਤੇਰੇ ਦਰ ਉੱਤੇ ਸੋਭ ਰਹੇ ਹਨ।

ਨਾਨਕ ਕਰਮਾ ਬਾਹਰੇ ਦਰਿ ਢੋਅ ਨ ਲਹਨ੍ਰੀ ਧਾਵਦੇ ॥

ਹੇ ਨਾਨਕ! ਭਾਗ-ਹੀਣ ਮਨੁੱਖ ਭਟਕਦੇ ਫਿਰਦੇ ਹਨ, ਉਨ੍ਹਾਂ ਨੂੰ ਪ੍ਰਭੂ ਦੇ ਦਰ ਤੇ ਥਾਂ ਨਹੀਂ ਮਿਲਦੀ,

ਇਕਿ ਮੂਲੁ ਨ ਬੁਝਨਿ੍ ਆਪਣਾ ਅਣਹੋਦਾ ਆਪੁ ਗਣਾਇਦੇ ॥

(ਕਿਉਂਕਿ) ਇਹ (ਵਿਚਾਰੇ) ਆਪਣੇ ਅਸਲੇ ਨੂੰ ਨਹੀਂ ਸਮਝਦੇ, (ਰੱਬੀ ਗੁਣ ਦੀ ਪੂੰਜੀ ਆਪਣੇ ਅੰਦਰ) ਹੋਣ ਤੋਂ ਬਿਨਾ ਹੀ ਆਪਣੇ ਆਪ ਨੂੰ ਵੱਡਾ ਜਤਲਾਂਦੇ ਹਨ।

ਹਉ ਢਾਢੀ ਕਾ ਨੀਚ ਜਾਤਿ ਹੋਰਿ ਉਤਮ ਜਾਤਿ ਸਦਾਇਦੇ ॥

(ਹੇ ਪ੍ਰਭੂ!) ਮੈਂ ਨੀਵੀਂ ਜਾਤ ਵਾਲਾ (ਤੇਰੇ ਦਰ ਦਾ) ਇਕ ਮਾੜਾ ਜਿਹਾ ਢਾਢੀ ਹਾਂ, ਹੋਰ ਲੋਕ (ਆਪਣੇ ਆਪ ਨੂੰ) ਉੱਤਮ ਜਾਤ ਵਾਲੇ ਅਖਵਾਂਦੇ ਹਨ।

ਤਿਨ੍ਰ ਮੰਗਾ ਜਿ ਤੁਝੈ ਧਿਆਇਦੇ ॥੯॥

ਜੋ ਤੇਰਾ ਭਜਨ ਕਰਦੇ ਹਨ, ਮੈਂ ਉਹਨਾਂ ਪਾਸੋਂ (ਤੇਰਾ ‘ਨਾਮ’) ਮੰਗਦਾ ਹਾਂ ॥੯॥


ਸਲੋਕੁ ਮ : ੧ ॥
ਕੂੜੁ ਰਾਜਾ ਕੂੜੁ ਪਰਜਾ ਕੂੜੁ ਸਭੁ ਸੰਸਾਰੁ ॥

ਇਹ ਸਾਰਾ ਜਗਤ ਛਲ ਰੂਪ ਹੈ (ਜਿਵੇਂ ਮਦਾਰੀ ਦਾ ਸਾਰਾ ਤਮਾਸ਼ਾ ਛਲ ਰੂਪ ਹੈ), (ਇਸ ਵਿਚ ਕੋਈ) ਰਾਜਾ (ਹੈ, ਤੇ ਕਈ ਲੋਕ) ਪਰਜਾ (ਹਨ)। ਇਹ ਭੀ (ਮਦਾਰੀ ਦੇ ਰੁਪਏ ਤੇ ਖੋਪੇ ਆਦਿਕ ਵਿਖਾਣ ਵਾਂਗ) ਛਲ ਹੀ ਹਨ।

ਕੂੜੁ ਮੰਡਪ ਕੂੜੁ ਮਾੜੀ ਕੂੜੁ ਬੈਸਣਹਾਰੁ ॥

(ਇਸ ਜਗਤ ਵਿਚ ਕਿਤੇ ਇਹਨਾਂ ਰਾਜਿਆਂ ਦੇ) ਸ਼ਾਮਿਆਨੇ ਤੇ ਮਹਲ ਮਾੜੀਆਂ (ਹਨ, ਇਹ) ਭੀ ਛਲ ਰੂਪ ਹਨ, ਤੇ ਇਹਨਾਂ ਵਿਚ ਵੱਸਣ ਵਾਲਾ (ਰਾਜਾ) ਭੀ ਛਲ ਹੀ ਹੈ।

ਕੂੜੁ ਸੁਇਨਾ ਕੂੜੁ ਰੁਪਾ ਕੂੜੁ ਪੈਨ੍ਰਣਹਾਰੂ ॥

ਸੋਨਾ, ਚਾਂਦੀ (ਅਤੇ ਸੋਨੇ ਚਾਂਦੀ ਨੂੰ ਪਹਿਨਣ ਵਾਲੇ ਭੀ) ਭਰਮ ਰੂਪ ਹੀ ਹਨ,

ਕੂੜੁ ਕਾਇਆ ਕੂੜੁ ਕਪੜੁ ਕੂੜੁ ਰੂਪੁ ਅਪਾਰੁ ॥

ਇਹ ਸਰੀਰਕ ਅਕਾਰ, (ਸੋਹਣੇ ਸੋਹਣੇ) ਕੱਪੜੇ ਅਤੇ (ਸਰੀਰਾਂ ਦਾ) ਬੇਅੰਤ ਸੋਹਣਾ ਰੂਪ ਇਹ ਭੀ ਸਾਰੇ ਛਲ ਹੀ ਹਨ (ਪ੍ਰਭੂ-ਮਦਾਰੀ ਤਮਾਸ਼ੇ ਆਏ ਜੀਵਾਂ ਨੂੰ ਖ਼ੁਸ਼ ਕਰਨ ਵਾਸਤੇ ਵਿਖਾ ਹਿਹਾ ਹੈ)।

ਕੂੜੁ ਮੀਆ ਕੂੜੁ ਬੀਬੀ ਖਪਿ ਹੋਏ ਖਾਰੁ ॥

(ਪ੍ਰਭੂ ਨੇ ਕਿਤੇ) ਮਨੁੱਖ (ਬਣਾ ਦਿੱਤੇ ਹਨ, ਕਿਤੇ) ਇਸਤ੍ਰੀਆਂ; ਇਹ ਸਾਰੇ ਭੀ ਛਲ ਰੂਪ ਹਨ, ਜੋ (ਇਸ ਇਸਤ੍ਰੀ ਮਰਦ ਵਾਲੇ ਸੰਬੰਧ-ਰੂਪ ਛਲ ਵਿਚ) ਖਚਿਤ ਹੋ ਕੇ ਖ਼ੁਆਰ ਹੋ ਰਹੇ ਹਨ।

ਕੂੜਿ ਕੂੜੈ ਨੇਹੁ ਲਗਾ ਵਿਸਰਿਆ ਕਰਤਾਰੁ ॥

(ਇਸ ਦ੍ਰਿਸ਼ਟਮਾਨ) ਛਲ ਵਿਚ ਫਸੇ ਹੋਏ ਜੀਵ ਦਾ ਛਲ ਵਿਚ ਮੋਹ ਪੈ ਗਿਆ ਹੈ, ਇਸ ਕਰਕੇ ਇਸ ਨੂੰ ਆਪਣਾ ਪੈਦਾ ਕਰਨ ਵਾਲਾ ਭੁੱਲ ਗਿਆ ਹੈ।

ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥

(ਇਸ ਨੂੰ ਯਾਦ ਨਹੀਂ ਰਹਿ ਗਿਆ ਕਿ) ਸਾਰਾ ਜਗਤ ਨਾਸਵੰਤ ਹੈ, ਕਿਸੇ ਨਾਲ ਭੀ ਮੋਹ ਨਹੀਂ ਪਾਣਾ ਚਾਹੀਦਾ।

ਕੂੜੁ ਮਿਠਾ ਕੂੜੁ ਮਾਖਿਉ ਕੂੜੁ ਡੋਬੇ ਪੂਰੁ ॥

(ਇਹ ਸਾਰਾ ਜਗਤ ਹੈ ਤਾਂ ਛਲ, ਪਰ ਇਹ) ਛਲ (ਸਾਰੇ ਜੀਵਾਂ ਨੂੰ) ਪਿਆਰਾ ਲੱਗ ਰਿਹਾ ਹੈ, ਸ਼ਹਿਦ (ਵਾਂਗ) ਮਿੱਠਾ ਲੱਗਦਾ ਹੈ, ਇਸ ਤਰ੍ਹਾਂ ਇਹ ਛਲ ਸਾਰੇ ਜੀਵਾਂ ਨੂੰ ਡੋਬ ਰਿਹਾ ਹੈ।

ਨਾਨਕੁ ਵਖਾਣੈ ਬੇਨਤੀ ਤੁਧੁ ਬਾਝੁ ਕੂੜੋ ਕੂੜੁ ॥੧॥

(ਹੇ ਪ੍ਰਭੂ!) ਨਾਨਕ (ਤੇਰੇ ਅੱਗੇ) ਅਰਜ਼ ਕਰਦਾ ਹੈ ਕਿ ਤੈਥੋਂ ਬਿਨਾ (ਇਹ ਜਗਤ) ਛਲ ਹੈ ॥੧॥


ਮ :੧ ॥
ਸਚੁ ਤਾ ਪਰੁ ਜਾਣੀਐ ਜਾ ਰਿਦੈ ਸਚਾ ਹੋਇ ॥

(ਜਗਤ ਰੂਪ ਛਲ ਵਲੋਂ ਵਾਸ਼ਨਾ ਪਰਤ ਕੇ, ਜਗਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ ਜਦੋਂ ਉਹ ਅਸਲੀਅਤ ਦਾ ਮਾਲਕ (ਰੱਬ) ਮਨੁੱਖ ਦੇ ਹਿਰਦੇ ਵਿਚ ਟਿਕ ਜਾਏ।

ਕੂੜ ਕੀ ਮਲੁ ਉਤਰੈ ਤਨੁ ਕਰੇ ਹਛਾ ਧੋਇ ॥

ਤਦੋਂ ਮਾਇਆ ਛਲ ਦਾ ਅਸਰ ਮਨ ਤੋਂ ਦੂਰ ਹੋ ਜਾਂਦਾ ਹੈ (ਫੇਰ ਮਨ ਦੇ ਨਾਲ ਸਰੀਰ ਭੀ ਸੁੰਦਰ ਹੋ ਜਾਂਦਾ ਹੈ, ਸਰੀਰਕ ਇੰਦਰੇ ਭੀ ਗੰਦੇ ਪਾਸੇ ਵਲੋਂ ਹਟ ਜਾਂਦੇ ਹਨ, ਮਾਨੋ) ਸਰੀਰ ਧੁਪ ਕੇ ਸਾਫ਼ ਹੋ ਜਾਂਦਾ ਹੈ।

ਸਚੁ ਤਾ ਪਰੁ ਜਾਣੀਐ ਜਾ ਸਚਿ ਧਰੇ ਪਿਆਰੁ ॥

(ਮਾਇਆ ਛਲ ਵਲੋਂ ਮਨ ਦੇ ਫੁਰਨੇ ਹਟ ਕੇ, ਕੁਦਰਤ ਦੇ) ਅਸਲੇ ਦੀ ਸਮਝ ਤਦੋਂ ਹੀ ਆਉਂਦੀ ਹੈ, ਜਦ ਮਨੁੱਖ ਉਸ ਅਸਲੇ ਵਿਚ ਮਨ ਜੋੜਦਾ ਹੈ,

ਨਾਉ ਸੁਣਿ ਮਨੁ ਰਹਸੀਐ ਤਾ ਪਾਏ ਮੋਖ ਦੁਆਰੁ ॥

(ਤਦੋਂ ਉਸ ਅਸਲੀਅਤ ਵਾਲੇ ਦਾ) ਨਾਮ ਸੁਣ ਕੇ ਮਨੁੱਖ ਦਾ ਮਨ ਖਿੜਦਾ ਹੈ ਤੇ ਉਸ ਨੂੰ (ਮਾਇਆ ਦੇ ਬੰਧਨਾਂ ਤੋਂ) ਸੁਤੰਤਰ ਹੋਣ ਦਾ ਰਾਹ ਮਿਲ ਜਾਂਦਾ ਹੈ।

ਸਚੁ ਤਾ ਪਰੁ ਜਾਣੀਐ ਜਾ ਜੁਗਤਿ ਜਾਣੈ ਜੀਉ ॥

ਜਗਤ ਦੇ ਅਸਲੇ ਪ੍ਰਭੂ ਦੀ ਸਮਝ ਤਦੋਂ ਪੈਂਦੀ ਹੈ, ਜਦੋਂ ਮਨੁੱਖ ਰੱਬੀ ਜੀਵਨ (ਗੁਜ਼ਾਰਨ ਦੀ) ਜੁਗਤੀ ਜਾਣਦਾ ਹੋਵੇ,

ਧਰਤਿ ਕਾਇਆ ਸਾਧਿ ਕੈ ਵਿਚਿ ਦੇਇ ਕਰਤਾ ਬੀਉ ॥

ਭਾਵ, ਸਰੀਰ ਰੂਪ ਧਰਤੀ ਨੂੰ ਤਿਆਰ ਕਰਕੇ ਇਸ ਵਿਚ ਪ੍ਰਭੂ ਦਾ ਨਾਮ ਬੀਜ ਦੇਵੇ।

ਸਚੁ ਤਾ ਪਰੁ ਜਾਣੀਐ ਜਾ ਸਿਖ ਸਚੀ ਲੇਇ ॥

ਸੱਚ ਦੀ ਪਰਖ ਤਦੋਂ ਹੁੰਦੀ ਹੈ, ਜਦੋਂ ਸੱਚੀ ਸਿੱਖਿਆ (ਗੁਰੂ ਪਾਸੋਂ) ਲਏ,

ਦਇਆ ਜਾਣੈ ਜੀਅ ਕੀ ਕਿਛੁ ਪੁੰਨੁ ਦਾਨੁ ਕਰੇਇ ॥

ਅਤੇ (ਉਸ ਸਿੱਖਿਆ ਉੱਤੇ ਚੱਲ ਕੇ) ਸਭ ਜੀਵਾਂ ਉੱਤੇ ਤਰਸ ਕਰਨ ਦੀ ਜਾਚ ਸਿੱਖੇ ਤੇ (ਲੋੜਵੰਦਾਂ ਨੂੰ) ਕੁਝ ਦਾਨ ਪੁੰਨ ਕਰੇ।

ਸਚੁ ਤਾਂ ਪਰੁ ਜਾਣੀਐ ਜਾ ਆਤਮ ਤੀਰਥਿ ਕਰੇ ਨਿਵਾਸੁ ॥

ਉਸ ਧੁਰ-ਅੰਦਰਲੀ ਅਸਲੀਅਤ ਨਾਲ ਤਦੋਂ ਹੀ ਜਾਣ-ਪਛਾਣ ਹੁੰਦੀ ਹੈ ਜਦੋਂ ਮਨੁੱਖ ਧੁਰ ਅੰਦਰਲੇ ਤੀਰਥ ਉੱਤੇ ਟਿਕੇ,

ਸਤਿਗੁਰੂ ਨੋ ਪੁਛਿ ਕੈ ਬਹਿ ਰਹੈ ਕਰੇ ਨਿਵਾਸੁ ॥

ਆਪਣੇ ਗੁਰੂ ਪਾਸੋਂ ਉਪਦੇਸ਼ ਲੈ ਕੇ ਉਸ ਅੰਦਰਲੇ ਤੀਰਥ ਉੱਤੇ ਬੈਠਾ ਰਹੇ, ਉੱਥੇ ਹੀ ਸਦਾ ਨਿਵਾਸ ਰੱਖੇ।

ਸਚੁ ਸਭਨਾ ਹੋਇ ਦਾਰੂ ਪਾਪ ਕਢੈ ਧੋਇ ॥

ਉਨ੍ਹਾਂ ਮਨੁੱਖਾਂ ਦੇ ਸਾਰੇ ਦੁੱਖਾਂ ਦਾ ਇਲਾਜ ਉਹ ਆਪ ਬਣ ਜਾਂਦਾ ਹੈ, (ਕਿਉਂਕਿ ਉਹ) ਸਾਰੇ ਵਿਕਾਰਾਂ ਨੂੰ (ਉਸ ਹਿਰਦੇ ਵਿਚੋਂ) ਧੋ ਕੇ ਕੱਢ ਦੇਂਦਾ ਹੈ (ਜਿੱਥੇ ਉਹ ਵੱਸ ਰਿਹਾ ਹੈ),

ਨਾਨਕੁ ਵਖਾਣੈ ਬੇਨਤੀ ਜਿਨ ਸਚੁ ਪਲੈ ਹੋਇ ॥੨॥

ਨਾਨਕ ਅਰਜ਼ ਕਰਦਾ ਹੈ- ਜਿਨ੍ਹਾਂ ਦੇ ਹਿਰਦੇ ਵਿਚ ਅਸਲੀਅਤ ਦਾ ਮਾਲਕ ਪ੍ਰਭੂ ਟਿਕਿਆ ਹੋਇਆ ਹੈ ॥੨॥


ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ ਜੇ ਮਿਲੈ ਤ ਮਸਤਕਿ ਲਾਈਐ ॥

(ਮੇਰਾ ਇਹ ਚਿੱਤ ਕਰਦਾ ਹੈ ਕਿ ਮੈਨੂੰ ਸੰਤਾਂ ਦੇ) ਪੈਰਾਂ ਦੀ ਖ਼ਾਕ ਦਾ ਦਾਨ ਮਿਲੇ। ਜੇ ਇਹ ਦਾਨ ਮਿਲ ਜਾਏ, ਤਾਂ ਮੱਥੇ ਉੱਤੇ ਲਾਣੀ ਚਾਹੀਦੀ ਹੈ।

ਕੂੜਾ ਲਾਲਚੁ ਛਡੀਐ ਹੋਇ ਇਕ ਮਨਿ ਅਲਖੁ ਧਿਆਈਐ ॥

(ਹੋਰ) ਲਾਲਚ, ਜੋ ਮਾਇਆ ਦੇ ਜਾਲ ਵਿਚ ਹੀ ਫਸਾਂਦਾ ਹੈ, ਛੱਡ ਦੇਣਾ ਚਾਹੀਦਾ ਹੈ, ਅਤੇ ਮਨ ਨੂੰ ਕੇਵਲ ਪ੍ਰਭੂ ਵਿਚ ਜੋੜ ਕੇ ਉਸ ਦੀ ਭਗਤੀ ਕਰਨੀ ਚਾਹੀਦੀ ਹੈ,

ਫਲੁ ਤੇਵੇਹੋ ਪਾਈਐ ਜੇਵੇਹੀ ਕਾਰ ਕਮਾਈਐ ॥

(ਕਿਉਂਕਿ) ਮਨੁੱਖ ਜਿਸ ਤਰ੍ਹਾਂ ਦੀ ਕਾਰ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲ ਜਾਂਦਾ ਹੈ।

ਜੇ ਹੋਵੈ ਪੂਰਬਿ ਲਿਖਿਆ ਤਾ ਧੂੜਿ ਤਿਨ੍ਰਾ ਦੀ ਪਾਈਐ ॥

ਪਰ ਸੰਤ ਜਨਾਂ ਦੇ ਪੈਰਾਂ ਦੀ ਖ਼ਾਕ ਤਾਂ ਹੀ ਮਿਲਦੀ ਹੈ ਜੇ ਚੰਗੇ ਭਾਗ ਹੋਣ।

ਮਤਿ ਥੋੜੀ ਸੇਵ ਗਵਾਈਐ ॥੧੦॥

(ਗੁਰਮੁਖਾਂ ਦਾ ਆਸਰਾ-ਪਰਨਾ ਛੱਡ ਕੇ) ਜੇ ਆਪਣੀ ਹੋਛੀ ਜਿਹੀ ਮਤ ਦੀ ਟੇਕ ਰੱਖੀਏ ਤਾਂ (ਇਸ ਦੇ ਆਸਰੇ) ਕੀਤੀ ਹੋਈ ਘਾਲ-ਕਮਾਈ ਵਿਅਰਥ ਜਾਂਦੀ ਹੈ ॥੧੦॥


ਸਲੋਕੁ ਮ: ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥

(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ (ਭਾਵ, ਜਗਤ ਦਾ ਮੋਹ ਪਰਬਲ ਹੋ ਰਿਹਾ ਹੈ, ਜਗਤ ਦੇ ਸਾਜਣਹਾਰ ਨਾਲ ਸਾਂਝ ਬਣਾਣ ਦਾ ਖ਼ਿਆਲ ਜੀਵਾਂ ਦੇ ਹਿਰਦਿਆਂ ਵਿਚੋਂ ਦੂਰ ਹੋ ਰਿਹਾ ਹੈ, ਅਤੇ ਸਿਮਰਨ ਤੋਂ ਬਿਨਾ ਜੀਵ ਮਾਨੋ ਭੂਤਨੇ ਹਨ)।

ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥

ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ (ਦੋ-ਫਾੜ ਹੋ ਰਹੇ ਹਨ, ਭਾਵ ਦੁਚਿੱਤਾ-ਪਨ ਦੇ ਕਾਰਨ ਜੀਵਾਂ ਦਾ ਮਨ ਨਾਮ ਵਿਚ ਨਹੀਂ ਜੁੜਦਾ)।

ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥

ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, (ਇਸੇ ਤਰ੍ਹਾਂ ਰੱਬ ਦਾ ਨਾਮ-ਅੰਕੁਰ ਭੀ ਤਾਂ ਹੀ ਫੁਟਦਾ ਹੈ ਜੇ ਮਨ ਸਾਬਤ ਹੋਵੇ, ਜੇ ਪੂਰਨ ਤੌਰ ਤੇ ਰੱਬ ਵਲ ਲੱਗਾ ਰਹੇ ਅਤੇ ਸਮਾ ਅੰਮ੍ਰਿਤ ਵੇਲਾ ਭੀ ਖੁੰਝਾਇਆ ਨਾ ਜਾਏ)।

ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥

ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ (ਜੋ ਲਾਗ ਵਰਤਿਆਂ ਚੜ੍ਹਦਾ ਹੈ।

ਭੈ ਵਿਚਿ ਖੁੰਬਿ ਚੜਾਈਐ ਸਰਮੁ ਪਾਹੁ ਤਨਿ ਹੋਇ ॥

ਇਸੇ ਤਰ੍ਹਾਂ ਜੇ ਇਸ ਕੋਰੇ ਮਨ ਨੂੰ ਰੱਬ ਦੇ ਨਾਮ-ਰੰਗ ਵਿਚ ਸੋਹਣਾ ਰੰਗ ਦੇਣਾ ਹੋਵੇ, ਤਾਂ ਪਹਿਲਾਂ ਇਸ ਨੂੰ) ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ।

ਨਾਨਕ ਭਗਤੀ ਜੇ ਰਪੈ ਕੂੜੈ ਸੋਇ ਨ ਕੋਇ ॥੧॥

(ਇਸ ਤੋਂ ਪਿਛੋਂ) ਹੇ ਨਾਨਕ! ਜੇ (ਇਸ ਮਨ ਨੂੰ) ਰੱਬ ਦੀ ਭਗਤੀ ਵਿਚ ਰੰਗਿਆ ਜਾਏ, ਤਾਂ ਮਾਇਆ-ਛਲ ਇਸ ਦੇ ਨੇੜੇ ਭੀ ਨਹੀਂ ਛੁਹ ਸਕਦਾ ॥੧॥


ਮ : ੧ ॥
ਲਬੁ ਪਾਪੁ ਦੁਇ ਰਾਜਾ ਮਹਤਾ ਕੂੜੁ ਹੋਆ ਸਿਕਦਾਰੁ ॥

(ਜਗਤ ਵਿਚ ਜੀਵਾਂ ਵਾਸਤੇ) ਜੀਭ ਦਾ ਚਸਕਾ, ਮਾਨੋ, ਰਾਜਾ ਹੈ, ਪਾਪ ਵਜ਼ੀਰ ਹੈ ਅਤੇ ਝੂਠ ਚੌਧਰੀ ਹੈ,

ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥

(ਇਸੇ ਲੱਬ ਤੇ ਪਾਪ ਦੇ ਦਰਬਾਰ ਵਿਚ ਕਾਮ ਨਾਇਬ ਹੈ, (ਇਸ ਨੂੰ) ਸੱਦ ਕੇ ਸਲਾਹ ਪੁੱਛੀ ਜਾਂਦੀ ਹੈ, ਇਹੀ ਇਹਨਾਂ ਦਾ ਵੱਡਾ ਸਲਾਹਕਾਰ ਹੈ।

ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ ॥

(ਇਹਨਾਂ ਦੀ) ਪਰਜਾ ਗਿਆਨ ਤੋਂ ਸੱਖਣੀ (ਹੋਣ ਦੇ ਕਾਰਣ), ਮਾਨੋ ਅੰਨ੍ਹੀ ਹੋਈ ਹੋਈ ਹੈ ਅਤੇ ਤ੍ਰਿਸ਼ਨਾ (ਅੱਗ) ਦੀ ਚੱਟੀ ਭਰ ਰਹੀ ਹੈ।

ਗਿਆਨੀ ਨਚਹਿ ਵਾਜੇ ਵਾਵਹਿ ਰੂਪ ਕਰਹਿ ਸੀਗਾਰੁ ॥

ਜੋ ਮਨੁੱਖ ਆਪਣੇ ਆਪ ਨੂੰ ਗਿਆਨ-ਵਾਨ (ਉਪਦੇਸ਼ਕ) ਅਖਵਾਂਦੇ ਹਨ, ਉਹ ਨੱਚਦੇ ਹਨ, ਵਾਜੇ ਵਜਾਂਦੇ ਹਨ ਅਤੇ ਕਈ ਤਰ੍ਹਾਂ ਦੇ ਭੇਸ ਵਟਾਂਦੇ ਹਨ ਤੇ ਸ਼ਿੰਗਾਰ ਕਰਦੇ ਹਨ;

ਊਚੇ ਕੂਕਹਿ ਵਾਦਾ ਗਾਵਹਿ ਜੋਧਾ ਕਾ ਵੀਚਾਰੁ ॥

ਉਹ ਗਿਆਨੀ ਉੱਚੀ ਉੱਚੀ ਕੂਕਦੇ ਹਨ, ਜੁੱਧਾਂ ਦੇ ਪਰਸੰਗ ਸੁਣਾਂਦੇ ਹਨ ਅਤੇ ਜੋਧਿਆਂ ਦੀਆਂ ਵਾਰਾਂ ਦੀ ਵਿਆਖਿਆ ਕਰਦੇ ਹਨ।

ਮੂਰਖ ਪੰਡਿਤ ਹਿਕਮਤਿ ਹੁਜਤਿ ਸੰਜੈ ਕਰਹਿ ਪਿਆਰੁ ॥

ਪੜ੍ਹੇ-ਲਿਖੇ ਮੂਰਖ ਨਿਰੀਆਂ ਚਲਾਕੀਆਂ ਕਰਨੀਆਂ ਤੇ ਦਲੀਲਾਂ ਦੇਣੀਆਂ ਹੀ ਜਾਣਦੇ ਹਨ, (ਪਰ) ਮਾਇਆ ਦੇ ਇਕੱਠਾ ਕਰਨ ਵਿਚ ਜੁੱਟੇ ਹੋਏ ਹਨ।

ਧਰਮੀ ਧਰਮੁ ਕਰਹਿ ਗਾਵਾਵਹਿ ਮੰਗਹਿ ਮੋਖ ਦੁਆਰੁ ॥

(ਜੋ ਮਨੁੱਖ ਆਪਣੇ ਆਪ ਨੂੰ) ਧਰਮੀ ਸਮਝਦੇ ਹਨ, ਉਹ ਆਪਣੇ ਵਲੋਂ (ਤਾਂ) ਧਰਮ ਦਾ ਕੰਮ ਕਰਦੇ ਹਨ, ਪਰ (ਸਾਰੀ) (ਮਿਹਨਤ) ਗਵਾ ਬੈਠਦੇ ਹਨ, (ਕਿਉਂਕਿ ਇਸ ਦੇ ਵੱਟੇ ਵਿਚ) ਮੁਕਤੀ ਦਾ ਦਰ ਮੰਗਦੇ ਹਨ ਕਿ ਅਸੀਂ ਮੁਕਤ ਹੋ ਜਾਵੀਏ, (ਭਾਵ, ਧਰਮ ਦਾ ਕੰਮ ਤਾਂ ਕਰਦੇ ਹਨ ਪਰ ਨਿਸ਼ਕਾਮ ਹੋ ਕੇ ਨਹੀਂ, ਅਜੇ ਭੀ ਵਾਸ਼ਨਾ ਦੇ ਬੱਧੇ ਹਨ)

ਜਤੀ ਸਦਾਵਹਿ ਜੁਗਤਿ ਨ ਜਾਣਹਿ ਛਡਿ ਬਹਹਿ ਘਰ ਬਾਰੁ ॥

(ਕਈ ਅਜਿਹੇ ਹਨ ਜੋ ਆਪਣੇ ਆਪ ਨੂੰ) ਜਤੀ ਅਖਵਾਂਦੇ ਹਨ, ਜਤੀ ਹੋਣ ਦੀ ਜੁਗਤੀ ਜਾਣਦੇ ਨਹੀਂ (ਐਵੇਂ ਵੇਖੋ-ਵੇਖੀ) ਘਰ-ਘਾਟ ਛੱਡ ਜਾਂਦੇ ਹਨ।

ਸਭੁ ਕੋ ਪੂਰਾ ਆਪੇ ਹੋਵੈ ਘਟਿ ਨ ਕੋਈ ਆਖੈ ॥

(ਇਸ ਲੱਬ, ਪਾਪ, ਕੂੜ ਅਤੇ ਕਾਮ ਦਾ ਇਤਨਾ ਜਬ੍ਹਾ ਹੈ,) (ਜਿਧਰ ਤੱਕੋ) ਹਰੇਕ ਜੀਵ ਆਪਣੇ ਆਪ ਨੂੰ ਪੂਰਨ ਤੌਰ ਤੇ ਸਿਆਣਾ ਸਮਝਦਾ ਹੈ। ਕੋਈ ਮਨੁੱਖ ਇਹ ਨਹੀਂ ਆਖਦਾ ਕਿ ਮੇਰੇ ਵਿਚ ਕੋਈ ਊਣਤਾ ਹੈ।

ਪਤਿ ਪਰਵਾਣਾ ਪਿਛੈ ਪਾਈਐ ਤਾ ਨਾਨਕ ਤੋਲਿਆ ਜਾਪੈ ॥੨॥

ਪਰ ਹੇ ਨਾਨਕ! ਤਾਂ ਹੀ ਮਨੁੱਖ ਤੋਲ ਵਿਚ (ਭਾਵ, ਪਰਖ ਵਿਚ) ਪੂਰਾ ਉਤਰਦਾ ਹੈ ਜੇ ਤੱਕੜੀ ਦੇ ਦੂਜੇ ਪੱਲੇ ਵਿਚ (ਰੱਬ ਦੀ ਦਰਗਾਹ ਵਿਚ ਮਿਲੀ ਹੋਈ) ਇੱਜ਼ਤ ਰੂਪ ਵੱਟਾ ਪਾਇਆ ਜਾਏ; ਭਾਵ ਉਹੀ ਮਨੁੱਖ ਊਣਤਾ-ਰਹਿਤ ਹੈ, ਜਿਸ ਨੂੰ ਪ੍ਰਭੂ ਦੀ ਦਰਗਾਹ ਵਿਚ ਆਦਰ ਮਿਲੇ ॥੨॥


ਮ : ੧ ॥
ਵਦੀ ਸੁ ਵਜਗਿ ਨਾਨਕਾ ਸਚਾ ਵੇਖੈ ਸੋਇ ॥

ਹੇ ਨਾਨਕ! ਜੋ ਗੱਲ ਰੱਬ ਵਲੋਂ ਥਾਪੀ ਜਾ ਚੁਕੀ ਹੈ ਉਹੀ ਹੋ ਕੇ ਰਹੇਗੀ, (ਕਿਉਂਕਿ) ਉਹ ਸੱਚਾ ਪ੍ਰਭੂ (ਹਰੇਕ ਜੀਵ ਦੀ ਆਪ) ਸੰਭਾਲ ਕਰ ਰਿਹਾ ਹੈ।

ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥

ਸਾਰੇ ਜੀਵ ਆਪੋ ਆਪਣਾ ਜ਼ੋਰ ਲਾਂਦੇ ਹਨ, ਪਰ ਹੁੰਦੀ ਉਹੀ ਹੈ ਜੋ ਕਰਤਾਰ ਕਰਦਾ ਹੈ।

ਅਗੈ ਜਾਤਿ ਨ ਜੋਰੁ ਹੈ ਅਗੈ ਜੀਉ ਨਵੇ ॥

ਰੱਬ ਦੀ ਦਰਗਾਹ ਵਿਚ ਨਾ (ਕਿਸੇ ਉੱਚੀ ਨੀਵੀਂ) ਜਾਤ (ਦਾ ਵਿਤਕਰਾ) ਹੈ, ਨਾ ਹੀ (ਕਿਸੇ ਦਾ) ਧੱਕਾ (ਚੱਲ ਸਕਦਾ) ਹੈ, ਕਿਉਂਕਿ ਓਥੇ ਉਹਨਾਂ ਜੀਵਾਂ ਨਾਲ ਵਾਹ ਪੈਂਦਾ ਹੈ ਜੋ ਓਪਰੇ ਹਨ (ਭਾਵ, ਉਹ ਕਿਸੇ ਦੀ ਉੱਚੀ ਜਾਤ ਜਾਂ ਜ਼ੋਰ ਜਾਣਦੇ ਹੀ ਨਹੀਂ, ਇਸ ਵਾਸਤੇ ਕਿਸੇ ਦਬਾਉ ਵਿਚ ਨਹੀਂ ਆਉਂਦੇ)।

ਜਿਨ ਕੀ ਲੇਖੈ ਪਤਿ ਪਵੈ ਚੰਗੇ ਸੇਈ ਕੇਇ ॥੩॥

ਓਥੇ ਉਹੋ ਕੋਈ ਕੋਈ ਮਨੁੱਖ ਭਲੇ ਗਿਣੇ ਜਾਂਦੇ ਹਨ, ਜਿਨ੍ਹਾਂ ਨੂੰ ਕਰਮਾਂ ਦਾ ਲੇਖਾ ਹੋਣ ਵੇਲੇ ਆਦਰ ਮਿਲਦਾ ਹੈ (ਭਾਵ ਜਿਨ੍ਹਾਂ ਨੇ ਜਗਤ ਵਿਚ ਭਲੇ ਕੰਮ ਕੀਤੇ ਹੋਏ ਸਨ, ਤੇ ਇਸ ਕਰਕੇ ਉਹਨਾਂ ਨੂੰ ਰੱਬ ਦੇ ਦਰ ਤੇ ਆਦਰ ਮਿਲਦਾ ਹੈ) ॥੩॥


ਪਉੜੀ ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ ਤਾ ਤਿਨੀ ਖਸਮੁ ਧਿਆਇਆ ॥

(ਹੇ ਪ੍ਰਭੂ!) ਜਿਨ੍ਹਾਂ ਮਨੁੱਖਾਂ ਉੱਤੇ ਤੂੰ ਧੁਰੋਂ ਬਖ਼ਸ਼ਸ਼ ਕੀਤੀ ਹੈ, ਉਹਨਾਂ ਨੇ ਹੀ ਮਾਲਕ ਨੂੰ (ਭਾਵ, ਤੈਨੂੰ) ਸਿਮਰਿਆ ਹੈ।

ਏਨਾ ਜੰਤਾ ਕੈ ਵਸਿ ਕਿਛੁ ਨਾਹੀ ਤੁਧੁ ਵੇਕੀ ਜਗਤੁ ਉਪਾਇਆ ॥

ਇਹਨਾਂ ਜੀਵਾਂ ਦੇ ਆਪਣੇ ਇਖ਼ਤਿਆਰ ਕੁਝ ਨਹੀਂ ਹੈ (ਕਿ ਤੇਰਾ ਸਿਮਰਨ ਕਰ ਸਕਣ)। ਤੂੰ ਰੰਗਾ-ਰੰਗ ਦਾ ਜਗਤ ਪੈਦਾ ਕੀਤਾ ਹੈ;

ਇਕਨਾ ਨੋ ਤੂੰ ਮੇਲਿ ਲੈਹਿ ਇਕਿ ਆਪਹੁ ਤੁਧੁ ਖੁਆਇਆ ॥

ਕਈ ਜੀਵਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈਂ, ਪਰ ਕਈ ਜੀਆਂ ਨੂੰ ਤਾਂ ਤੂੰ ਆਪਣੇ ਨਾਲੋਂ ਵਿਛੋੜਿਆ ਹੋਇਆ ਹੈ।

ਗੁਰ ਕਿਰਪਾ ਤੇ ਜਾਣਿਆ ਜਿਥੈ ਤੁਧੁ ਆਪੁ ਬੁਝਾਇਆ ॥

ਜਿਸ (ਵਡਭਾਗੀ) ਮਨੁੱਖ ਦੇ ਹਿਰਦੇ ਵਿਚ ਤੂੰ ਆਪਣੇ ਆਪ ਦੀ ਸੂਝ ਪਾ ਦਿੱਤੀ ਹੈ, ਉਸ ਨੇ ਸਤਿਗੁਰੂ ਦੀ ਮਿਹਰ ਨਾਲ ਤੈਨੂੰ ਪਛਾਣ ਲਿਆ ਹੈ,

ਸਹਜੇ ਹੀ ਸਚਿ ਸਮਾਇਆ ॥੧੧॥

ਅਤੇ ਉਹ ਸਹਿਜ ਸੁਭਾਇ ਹੀ (ਆਪਣੇ) ਅਸਲੇ ਵਿਚ ਇਕ-ਮਿਕ ਹੋ ਗਿਆ ਹੈ ॥੧੧॥


ਸਲੋਕੁ ਮ: ੧ ॥
ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਨ ਹੋਈ ॥

(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ।

ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਨ ਹੋਈ ॥੧॥

ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ)। ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ॥੧॥

ਬਲਿਹਾਰੀ ਕੁਦਰਤਿ ਵਸਿਆ ॥

ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,

ਤੇਰਾ ਅੰਤੁ ਨ ਜਾਈ ਲਖਿਆ ॥੧॥ ਰਹਾਉ ॥

ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ॥੧॥ ਰਹਾਉ ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ ॥

ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ।

ਤੂੰ ਸਚਾ ਸਾਹਿਬੁ ਸਿਫਤਿ ਸੁਆਲਿ੍ਉ ਜਿਨਿ ਕੀਤੀ ਸੋ ਪਾਰਿ ਪਇਆ ॥

ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ।

ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ॥੨॥


ਮ : ੨ ॥
ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ ॥

ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ)। ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ।

ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ ॥

ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ।

ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ ॥

ਪਰ ਸਾਰਿਆਂ ਦਾ ਮੁੱਖ-ਧਰਮ ਇਹ ਹੈ ਕਿ ਇਕ ਪ੍ਰਭੂ ਦਾ ਸਿਮਰਨ ਕਰੀਏ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ,

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਪ੍ਰਭੂ ਦਾ ਰੂਪ ਹੈ ॥੩॥


ਮ : ੨ ॥
ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਤ ਆਤਮਾ ॥

ਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ।

ਆਤਮਾ ਬਾਸੁੁਦੇਵਸ੍ਹਿ ਜੇ ਕੋ ਜਾਣੈ ਭੇਉ ॥

ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਦ ਜਾਣ ਲੈਂਦਾ ਹੈ,

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥

ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਪਰਮਾਤਮਾ ਦਾ ਰੂਪ ਹੈ ॥੪॥


ਮ : ੧ ॥
ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਨ ਹੋਇ ॥

(ਜਿਵੇਂ) ਪਾਣੀ ਘੜੇ (ਆਦਿਕ ਭਾਂਡੇ) ਵਿਚ ਹੀ ਬੱਝਾ ਹੋਇਆ (ਭਾਵ, ਪਿਆ ਹੋਇਆ ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਜਿਵੇਂ) ਪਾਣੀ ਤੋਂ ਬਿਨਾ ਘੜਾ ਨਹੀਂ ਬਣ ਸਕਦਾ,

ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਨ ਹੋਇ ॥੫॥

(ਤਿਵੇਂ) (ਗੁਰੂ ਦੇ) ਗਿਆਨ (ਭਾਵ, ਉਪਦੇਸ਼) ਦਾ ਬੱਝਾ ਹੋਇਆ ਹੀ ਮਨ (ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਭਾਵ, ਵਿਕਾਰਾਂ ਵਲ ਨਹੀਂ ਦੌੜਦਾ) ਅਤੇ ਗੁਰੂ ਤੋਂ ਬਿਨਾ ਗਿਆਨ ਪੈਦਾ ਨਹੀਂ ਹੋ ਸਕਦਾ ॥੫॥


ਪਉੜੀ ॥
ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਨ ਮਾਰੀਐ ॥

ਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜ੍ਹੇ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ। (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ)।

ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ ॥

ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ;

ਐਸੀ ਕਲਾ ਨ ਖੇਡੀਐ ਜਿਤੁ ਦਰਗਹ ਗਇਆ ਹਾਰੀਐ ॥

(ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ।

ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ ॥

ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ।

ਮੁਹਿ ਚਲੈ ਸੁ ਅਗੈ ਮਾਰੀਐ ॥੧੨॥

ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ ॥੧੨॥


ਸਲੋਕੁ ਮ: ੧ ॥
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥

ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ; ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ। ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ; ਤਾਂ ਤੇ)

ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥

ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ।

ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥

ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਸੰਤੋਖ’ ਹੁੰਦਾ ਹੈ ਤੇ ਰਥਵਾਹੀ ‘ਧਰਮ’ ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ ‘ਧਰਮ’ ਹੋਵੇ, ‘ਧਰਮ’ ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ ‘ਸੰਤੋਖ’ ਉਹਨਾਂ ਦੀ ਸਵਾਰੀ ਹੁੰਦਾ ਹੈ, ‘ਸੰਤੋਖ’ ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ। ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ)।

ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥

ਤ੍ਰੇਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਜਤੁ’ ਹੈ ਤੇ ਇਸ ‘ਜਤ’ ਰੂਪ ਰਥ ਦੇ ਅੱਗੇ ਰਥਵਾਹੀ ‘ਜੋਰੁ’ ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ ‘ਸੂਰਮਤਾ’ (Chivalry) ਹੋਵੇ, ਤਦੋਂ ਸੁਤੇ ਹੀ ‘ਜਤੁ’ ਉਹਨਾਂ ਦੀ ਸਵਾਰੀ ਹੁੰਦਾ ਹੈ। ‘ਸੂਰਮਤਾ’ ਦੇ ਪਿਆਰੇ ਮਨੁੱਖਾਂ ਦੇ ਅੰਦਰ ‘ਜਤੀ’ ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ।)

ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥

ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ ‘ਤਪੁ’ ਹੈ ਤੇ ਇਸ ‘ਤਪ’ ਰੂਪ ਰਥ ਦੇ ਅੱਗੇ ਰਥਵਾਹੀ ‘ਸਤੁ’ ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ ‘ਤਪ’ ਉਹਨਾਂ ਦੀ ਸਵਾਰੀ ਹੁੰਦਾ ਹੈ। ‘ਉੱਚੇ ਆਚਰਨ’ ਦੇ ਆਸ਼ਕ ਆਪਣੇ ਸਰੀਰਕ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ)।

ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥

ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ ‘ਅੱਗ’ ਰੂਪ ਰਥ ਦੇ ਅੱਗੇ ਰਥਵਾਹੀ ‘ਕੂੜੁ’ ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ ‘ਕੂੜੁ’ ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ ‘ਤ੍ਰਿਸ਼ਨਾ’ ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ। ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ॥੧॥


ਮ : ੧ ॥
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥

ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ ‘ਸੇਤੰਬਰੁ’ (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ ‘ਸੇਤੰਬਰ’ ਮੰਨ ਕੇ ਪੂਜਾ ਹੋ ਰਹੀ ਸੀ), ਜੋ ਸਦਾ ‘ਸੱਚ’ ਵਿਚ ਟਿਕਿਆ ਰਹਿੰਦਾ ਹੈ;

ਸਭੁ ਕੋ ਸਚਿ ਸਮਾਵੈ ॥

ਤਦੋਂ ਹਰੇਕ ਜੀਵ ‘ਸੱਚ’ ਵਿਚ ਲੀਨ ਹੁੰਦਾ ਹੈ (‘ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ’); (ਜਦੋਂ ਆਮ ਤੌਰ ਤੇ ਹਰੇਕ ਜੀਵ ‘ਸੱਚ’ ਵਿਚ, ‘ਧਰਮੁ’ ਵਿਚ ਦ੍ਰਿੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ)।

ਰਿਗੁ ਕਹੈ ਰਹਿਆ ਭਰਪੂਰਿ ॥

ਰਿਗਵੇਦ ਆਖਦਾ ਹੈ ਕਿ (ਭਾਵ, ਤ੍ਰੇਤੇ ਜੁਗ ਵਿਚ) (ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਸਭ ਥਾਈਂ ਵਿਆਪਕ ਹੈ,

ਰਾਮ ਨਾਮੁ ਦੇਵਾ ਮਹਿ ਸੂਰੁ ॥

(ਸ੍ਰੀ) ਰਾਮ (ਜੀ) ਦਾ ਨਾਮ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ।

ਨਾਇ ਲਇਐ ਪਰਾਛਤ ਜਾਹਿ ॥

(ਸ੍ਰੀ ਰਾਮ ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ,

ਨਾਨਕ ਤਉ ਮੋਖੰਤਰੁ ਪਾਹਿ ॥

ਹੇ ਨਾਨਕ! (ਰਿਗਵੇਦ ਆਖਦਾ ਹੈ ਕਿ ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ।

ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਚੰਦ੍ਰਾਵਲਿ ਕ੍ਰਿਸਨੁ ਜਾਦਮੁ ਭਇਆ ॥

ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ ‘ਜਾਦਮੁ’ ਕ੍ਰਿਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ,

ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥

ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੁੱਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ।

ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥

ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ ‘ਖੁਦਾਇ’ ਤੇ ‘ਅਲਹੁ’ ਵੱਜਣ ਲੱਗ ਪਿਆ ਹੈ;

ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥

ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ।

ਚਾਰੇ ਵੇਦ ਹੋਏ ਸਚਿਆਰ ॥

ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ ‘ਸੇਤੰਬਰ’, ‘ਰਾਮ’, ‘ਕ੍ਰਿਸ਼ਨ’ ਤੇ ‘ਅਲਹੁ’ ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ);

ਪੜਹਿ ਗੁਣਹਿ ਤਿਨ੍ਰ ਚਾਰ ਵੀਚਾਰ ॥

ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ; ਵੀਚਾਰ=ਦਲੀਲ, ਯੁਕਤੀ) ਵਾਲੇ ਹਨ।

ਭਾਉ ਭਗਤਿ ਕਰਿ ਨੀਚੁ ਸਦਾਏ ॥

(ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ)

ਤਉ ਨਾਨਕ ਮੋਖੰਤਰੁ ਪਾਏ ॥੨॥

ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ ॥੨॥


ਪਉੜੀ ॥
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥

ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,

ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨ੍ਰੀ ਨੇਤ੍ਰੀ ਜਗਤੁ ਨਿਹਾਲਿਆ ॥

ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ।

ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥

(ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ।

ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥

(ਸੰਸਾਰ ਸਾਗਰ ਤੋਂ ਪਾਰ ਹੋਣ ਵਾਸਤੇ) ਸਤਗੁਰੂ ਜਹਾਜ਼ ਹੈ (ਪਰ) ਕਿਸੇ ਵਿਰਲੇ ਮਨੁੱਖ ਨੇ ਹੀ ਇਸ ਗੱਲ ਨੂੰ ਸਮਝਿਆ ਹੈ।

ਕਰਿ ਕਿਰਪਾ ਪਾਰਿ ਉਤਾਰਿਆ ॥੧੩॥

(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ॥੧੩॥


ਸਲੋਕੁ ਮ: ੧ ॥
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥

ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ।

ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥

(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?

ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥

ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ।

ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥

ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ।

ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥

(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,

ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥

(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ)।

ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥

(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ; ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,

ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥

ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ॥੧॥


ਮ: ੧ ॥
ਪੜਿ ਪੁਸਤਕ ਸੰਧਿਆ ਬਾਦੰ ॥

(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,

ਸਿਲ ਪੂਜਸਿ ਬਗੁਲ ਸਮਾਧੰ ॥

ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ;

ਮੁਖਿ ਝੂਠ ਬਿਭੂਖਣ ਸਾਰੰ ॥

ਮੁਖੋਂ ਝੂਠ ਬੋਲਦਾ ਹੈ; (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ;

ਤ੍ਰੈਪਾਲ ਤਿਹਾਲ ਬਿਚਾਰੰ ॥

(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ;

ਗਲਿ ਮਾਲਾ ਤਿਲਕੁ ਲਿਲਾਟੰ ॥

ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ;

ਦੁਇ ਧੋਤੀ ਬਸਤ੍ਰ ਕਪਾਟੰ ॥

(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ।

ਜੇ ਜਾਣਸਿ ਬ੍ਰਹਮੰ ਕਰਮੰ ॥

ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤਿ-ਸਾਲਾਹ) ਦਾ ਕੰਮ ਜਾਣਦਾ ਹੋਵੇ,

ਸਭਿ ਫੋਕਟ ਨਿਸਚਉ ਕਰਮੰ ॥

ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ।

ਕਹੁ ਨਾਨਕ ਨਿਹਚਉ ਧਿਆਵੈ ॥

ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰੇ-ਕੇਵਲ ਇਹੋ ਰਸਤਾ ਗੁਣਕਾਰੀ ਹੈ,

ਵਿਣੁ ਸਤਿਗੁਰ ਵਾਟ ਨ ਪਾਵੈ ॥੨॥

(ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੨॥


ਪਉੜੀ ॥
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥

ਇਹ ਸੋਹਣਾ ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ।

ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥

(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ।

ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥

ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ)।

ਨੰਗਾ ਦੋਜਕਿ ਚਾਲਿਆ ਤਾ ਦਿਸੈ ਖਰਾ ਡਰਾਵਣਾ ॥

(ਇਹੋ ਜਿਹਾ ਜੀਵ) ਨੰਗਾ (ਕੀਤਾ ਜਾਂਦਾ ਹੈ, ਭਾਵ, ਉਸ ਦੇ ਕੀਤੇ ਹੋਏ ਪਾਪ ਕਰਮਾਂ ਦਾ ਨਕਸ਼ਾ ਉਸਦੇ ਸਾਮ੍ਹਣੇ ਰੱਖਿਆ ਜਾਂਦਾ ਹੈ) ਦੋਜ਼ਕ ਵਿਚ ਧਕਿਆ ਜਾਂਦਾ ਹੈ, ਅਤੇ ਉਸ ਵੇਲੇ (ਉਸ ਨੂੰ ਆਪਣੇ ਆਪ ਨੂੰ) ਬੜਾ ਡਰਾਉਣਾ ਰੂਪ ਦਿਸਦਾ ਹੈ।

ਕਰਿ ਅਉਗਣ ਪਛੋਤਾਵਣਾ ॥੧੪॥

ਭੈੜੇ ਕੰਮ ਕਰਕੇ ਅੰਤ ਪਛਤਾਉਣਾ ਹੀ ਪੈਂਦਾ ਹੈ ॥੧੪॥


ਸਲੋਕੁ ਮ: ੧ ॥
ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥

ਹੇ ਪੰਡਤ! ਉਹ ਜਨੇਊ ਜਿਸ ਦੀ ਕਪਾਹ ਦਇਆ ਹੋਵੇ, ਜਿਸ ਦਾ ਸੂਤ ਸੰਤੋਖ ਹੋਵੇ, ਜਿਸ ਦੀਆਂ ਗੰਢਾਂ ਜਤ ਹੋਣ, ਅਤੇ ਜਿਸ ਦਾ ਵੱਟ ਉੱਚਾ ਆਚਰਨ ਹੋਵੇ,

ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥

ਜੇ (ਤੇਰੇ ਪਾਸ) ਇਹ ਆਤਮਾ ਦੇ ਕੰਮ ਆਉਣ ਵਾਲਾ ਜਨੇਊ ਹੈ ਤਾਂ (ਮੇਰੇ ਗਲ) ਪਾ ਦੇਹ।

ਨਾ ਏਹੁ ਤੁਟੈ ਨਾ ਮਲੁ ਲਗੈ ਨਾ ਏਹੁ ਜਲੈ ਨ ਜਾਇ ॥

(ਹੇ ਪੰਡਿਤ)! ਇਹੋ ਜਿਹਾ ਜਨੇਊ ਨਾ ਟੁੱਟਦਾ ਹੈ, ਨਾ ਹੀ ਇਸ ਨੂੰ ਮੈਲ ਲੱਗਦੀ ਹੈ, ਨਾ ਇਹ ਸੜਦਾ ਹੈ ਅਤੇ ਨਾ ਹੀ ਇਹ ਗੁਆਚਦਾ ਹੈ।

ਧੰਨੁ ਸੁ ਮਾਣਸ ਨਾਨਕਾ ਜੋ ਗਲਿ ਚਲੇ ਪਾਇ ॥

ਹੇ ਨਾਨਕ! ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਹ ਜਨੇਊ ਆਪਣੇ ਗਲੇ ਵਿਚ ਪਾ ਲਿਆ ਹੈ।

ਚਉਕੜਿ ਮੁਲਿ ਅਣਾਇਆ ਬਹਿ ਚਉਕੈ ਪਾਇਆ ॥

(ਹੇ ਪੰਡਤ! ਇਹ ਜਨੇਊ ਜੋ ਤੂੰ ਪਾਂਦਾ ਫਿਰਦਾ ਹੈਂ, ਇਹ ਤਾਂ ਤੂੰ) ਚਾਰ ਕੌਡਾਂ ਮੁੱਲ ਦੇ ਕੇ ਮੰਗਵਾ ਲਿਆ, (ਆਪਣੇ ਜਜਮਾਨ ਦੇ) ਚੌਕੇ ਵਿਚ ਬੈਠ ਕੇ (ਉਸ ਦੇ ਗਲ) ਪਾ ਦਿੱਤਾ,

ਸਿਖਾ ਕੰਨਿ ਚੜਾਈਆ ਗੁਰੁ ਬ੍ਰਾਹਮਣੁ ਥਿਆ ॥

(ਫੇਰ ਤੂੰ ਉਸ ਦੇ) ਕੰਨ ਵਿਚ ਉਪਦੇਸ਼ ਦਿੱਤਾ (ਕਿ ਅੱਜ ਤੋਂ ਤੇਰਾ) ਗੁਰੂ ਬ੍ਰਾਹਮਣ ਹੋ ਗਿਆ।

ਓਹੁ ਮੁਆ ਓਹੁ ਝੜਿ ਪਇਆ ਵੇਤਗਾ ਗਇਆ ॥੧॥

(ਸਮਾ ਪੁੱਗਣ ਤੇ ਜਦੋਂ) ਉਹ (ਜਜਮਾਨ) ਮਰ ਗਿਆ (ਤਾਂ) ਉਹ (ਜਨੇਊ ਉਸ ਦੇ ਸਰੀਰ ਤੋਂ) ਢਹਿ ਪਿਆ (ਭਾਵ ਸੜ ਗਿਆ ਜਾਂ ਡਿੱਗ ਪਿਆ, ਪਰ ਆਤਮਾ ਦੇ ਨਾਲ ਨਾ ਨਿਭਿਆ, ਇਸ ਵਾਸਤੇ ਉਹ ਜਜਮਾਨ ਵਿਚਾਰਾ) ਜਨੇਊ ਤੋਂ ਬਿਨਾ ਹੀ (ਸੰਸਾਰ ਤੋਂ) ਗਿਆ ॥੧॥


ਮ : ੧ ॥
ਲਖ ਚੋਰੀਆ ਲਖ ਜਾਰੀਆ ਲਖ ਕੂੜੀਆ ਲਖ ਗਾਲਿ ॥

(ਮਨੁੱਖ) ਲੱਖਾਂ ਚੋਰੀਆਂ ਤੇ ਜਾਰੀਆਂ (ਯਾਰੀਆਂ ਪਰ-ਇਸਤ੍ਰੀ ਗਮਨ) ਕਰਦਾ ਹੈ; ਲੱਖਾਂ ਝੂਠ ਬੋਲਦਾ ਹੈ ਤੇ ਗਾਲ੍ਹੀਆਂ ਕੱਢਦਾ ਹੈ।

ਲਖ ਠਗੀਆ ਪਹਿਨਾਮੀਆ ਰਾਤਿ ਦਿਨਸੁ ਜੀਅ ਨਾਲਿ ॥

ਦਿਨ ਰਾਤ ਲੋਕਾਂ ਤੋਂ ਚੋਰੀ ਚੋਰੀ ਲੱਖਾਂ ਠੱਗੀਆਂ ਤੇ ਪਹਿਨਾਮੀਆਂ (ਅਮਾਨਤ ਵਿੱਚ ਖ਼ਿਆਨਤ) ਕਰਦਾ ਹੈ।

ਤਗੁ ਕਪਾਹਹੁ ਕਤੀਐ ਬਾਮ੍ਰਣੁ ਵਟੇ ਆਇ ॥

(ਇਹ ਤਾਂ ਹੈ ਮਨੁੱਖ ਦੇ ਅੰਤਰ-ਆਤਮੇ ਦਾ ਹਾਲ ਪਰ ਬਾਹਰ ਤੱਕੋ, ਲੋਕਾ-ਚਾਰੀ ਕੀਹ ਕੁਝ ਹੋ ਰਿਹਾ ਹੈ) ਕਪਾਹ ਤੋਂ (ਭਾਵ, ਕਪਾਹ ਲਿਆ ਕੇ) ਧਾਗਾ ਕੱਤਿਆ ਜਾਂਦਾ ਹੈ ਅਤੇ ਬ੍ਰਾਹਮਣ (ਜਜਮਾਨ ਦੇ ਘਰ) ਆ ਕੇ (ਉਸ ਧਾਗੇ ਨੂੰ) ਵੱਟ ਦੇਂਦਾ ਹੈ।

ਕੁਹਿ ਬਕਰਾ ਰਿੰਨ੍ਰਿ ਖਾਇਆ ਸਭੁ ਕੋ ਆਖੈ ਪਾਇ ॥

(ਘਰ ਆਏ ਹੋਏ ਸਾਰੇ ਅੰਗ-ਸਾਕਾਂ ਨੂੰ) ਬੱਕਰਾ ਮਾਰ ਕੇ ਤੇ ਰਿੰਨ੍ਹ ਕੇ ਖੁਆਇਆ ਜਾਂਦਾ ਹੈ; (ਘਰ ਦਾ) ਹਰੇਕ ਪ੍ਰਾਣੀ ਆਖਦਾ ਹੈ ‘ਜਨੇਊ ਪਾਇਆ ਗਿਆ ਹੈ; ਜਨੇਊ ਪਾਇਆ ਗਿਆ ਹੈ’।

ਹੋਇ ਪੁਰਾਣਾ ਸੁਟੀਐ ਭੀ ਫਿਰਿ ਪਾਈਐ ਹੋਰੁ ॥

ਜਦੋਂ ਇਹ ਜਨੇਊ ਪੁਰਾਣਾ ਹੋ ਜਾਂਦਾ ਹੈ ਤਾਂ ਸੁੱਟ ਦਿੱਤਾ ਜਾਂਦਾ ਹੈ ਅਤੇ ਇਸ ਦੇ ਥਾਂ ਹੋਰ ਜਨੇਊ ਪਾ ਲਿਆ ਜਾਂਦਾ ਹੈ।

ਨਾਨਕ ਤਗੁ ਨ ਤੁਟਈ ਜੇ ਤਗਿ ਹੋਵੈ ਜੋਰੁ ॥੨॥

ਹੇ ਨਾਨਕ! ਜੇ ਧਾਗੇ ਵਿਚ ਜ਼ੋਰ ਹੋਵੇ (ਭਾਵ, ਜੇ ਆਤਮਾ ਦੇ ਕੰਮ ਆਉਣ ਵਾਲਾ ਆਤਮਾ ਨੂੰ ਬਲ ਦੇਣ ਵਾਲਾ ਕੋਈ ਜਨੇਊ ਹੋਵੇ) ਤਾਂ ਉਹ ਧਾਗਾ ਨਹੀਂ ਟੁੱਟਦਾ ॥੨॥


ਮ : ੧ ॥
ਨਾਇ ਮੰਨਿਐ ਪਤਿ ਊਪਜੈ ਸਾਲਾਹੀ ਸਚੁ ਸੂਤੁ ॥

(ਕਪਾਹ ਤੋਂ ਕੱਤੇ ਹੋਏ ਸੂਤਰ ਦਾ ਜਨੇਊ ਪਾ ਕੇ ਰੱਬ ਦੇ ਦਰ ਤੇ ਸੁਰਖ਼ਰੂ ਹੋਣ ਦੀ ਆਸ ਰੱਖਣੀ ਵਿਅਰਥ ਹੈ, ਰੱਬ ਦੀ ਦਰਗਾਹ ਵਿਚ ਤਦੋਂ ਹੀ) ਆਦਰ ਮਿਲਦਾ ਹੈ ਜੇ ਰੱਬ ਦਾ ਨਾਮ ਹਿਰਦੇ ਵਿਚ ਦ੍ਰਿੜ੍ਹ ਕਰ ਲਈਏ, (ਕਿਉਂਕਿ) ਰੱਬ ਦੀ ਸਿਫ਼ਤਿ-ਸਾਲਾਹ ਹੀ ਸੁੱਚਾ ਜਨੇਊ ਹੈ;

ਦਰਗਹ ਅੰਦਰਿ ਪਾਈਐ ਤਗੁ ਨ ਤੂਟਸਿ ਪੂਤ ॥੩॥

(ਇਹ ਸੁੱਚਾ ਜਨੇਊ ਧਾਰਨ ਕੀਤਿਆਂ) ਦਰਗਾਹ ਵਿਚ ਮਾਣ ਮਿਲਦਾ ਹੈ ਅਤੇ ਇਹ (ਕਦੇ) ਟੁੱਟਦਾ ਭੀ ਨਹੀਂ ॥੩॥


ਮ : ੧ ॥
ਤਗੁ ਨ ਇੰਦ੍ਰੀ ਤਗੁ ਨ ਨਾਰੀ ॥

(ਪੰਡਤ ਨੇ ਆਪਣੇ) ਇੰਦਰਿਆਂ ਤੇ ਨਾੜੀਆਂ ਨੂੰ (ਇਹੋ ਜਿਹਾ) ਜਨੇਊ ਨਹੀਂ ਪਾਇਆ (ਕਿ ਉਹ ਇੰਦਰੇ ਵਿਕਾਰਾਂ ਵਲ ਨਾ ਜਾਣ; ਇਸ ਵਾਸਤੇ)

ਭਲਕੇ ਥੁਕ ਪਵੈ ਨਿਤ ਦਾੜੀ ॥

ਨਿਤ ਹਰ ਰੋਜ਼ ਉਸ ਦੀ ਬੇਇੱਜ਼ਤੀ ਹੁੰਦੀ ਹੈ;

ਤਗੁ ਨ ਪੈਰੀ ਤਗੁ ਨ ਹਥੀ ॥

ਪੈਰਾਂ ਨੂੰ (ਅਜਿਹਾ) ਜਨੇਊ ਨਹੀਂ ਪਾਇਆ (ਕਿ ਭੈੜੇ ਪਾਸੇ ਨਾ ਲੈ ਜਾਣ), ਹੱਥਾਂ ਨੂੰ ਜਨੇਊ ਨਹੀਂ ਪਾਇਆ (ਕਿ ਉਹ ਮੰਦੇ ਕੰਮ ਨ ਕਰਨ);

ਤਗੁ ਨ ਜਿਹਵਾ ਤਗੁ ਨ ਅਖੀ ॥

ਜੀਭ ਨੂੰ (ਕੋਈ) ਜਨੇਊ ਨਹੀਂ ਪਾਇਆ (ਕਿ ਪਰਾਈ ਨਿੰਦਾ ਕਰਨ ਤੋਂ ਹਟੀ ਰਹੇ), ਅੱਖਾਂ ਨੂੰ (ਐਸਾ) ਜਨੇਊ ਨਹੀਂ ਪਾਇਆ (ਕਿ ਪਰਾਈ ਇਸਤ੍ਰੀ ਵਲ ਨਾ ਤੱਕਣ)।

ਵੇਤਗਾ ਆਪੇ ਵਤੈ ॥

ਆਪ ਤਾਂ ਇਹੋ ਜਿਹੇ ਜਨੇਊ ਤੋਂ ਵਾਂਜਿਆ ਹੋਇਆ ਭਟਕਦਾ ਫਿਰਦਾ ਹੈ,

ਵਟਿ ਧਾਗੇ ਅਵਰਾ ਘਤੈ ॥

ਪਰ (ਕਪਾਹ ਦੇ ਸੂਤ ਦੇ) ਧਾਗੇ ਵੱਟ ਵੱਟ ਕੇ ਹੋਰਨਾਂ ਨੂੰ ਪਾਂਦਾ ਹੈ।

ਲੈ ਭਾੜਿ ਕਰੇ ਵੀਆਹੁ ॥

ਆਪਣੇ ਹੀ ਜਜਮਾਨਾਂ ਦੀਆਂ ਧੀਆਂ ਦੇ ਵਿਆਹ ਦੱਛਣਾ ਲੈ ਲੈ ਕੇ ਕਰਦਾ ਹੈ,

ਕਢਿ ਕਾਗਲੁ ਦਸੇ ਰਾਹੁ ॥

ਤੇ ਪੱਤ੍ਰੀ ਸੋਧ ਸੋਧ ਕੇ ਉਹਨਾਂ ਨੂੰ ਰਸਤਾ ਦੱਸਦਾ ਹੈ।

ਸੁਣਿ ਵੇਖਹੁ ਲੋਕਾ ਏਹੁ ਵਿਡਾਣੁ ॥

ਹੇ ਲੋਕੋ! ਸੁਣੋ, ਵੇਖੋ, ਇਹ ਅਚਰਜ ਤਮਾਸ਼ਾ!

ਮਨਿ ਅੰਧਾ ਨਾਉ ਸੁਜਾਣੁ ॥੪॥

(ਪੰਡਿਤ ਆਪ ਤਾਂ) ਮਨੋਂ ਅੰਨ੍ਹਾ ਹੈ (ਭਾਵ, ਅਗਿਆਨੀ ਹੈ), (ਪਰ ਆਪਣਾ) ਨਾਮ (ਰਖਵਾਇਆ ਹੋਇਆ ਹੈ) ‘ਸਿਆਣਾ’ ॥੪॥


ਪਉੜੀ ॥
ਸਾਹਿਬੁ ਹੋਇ ਦਇਆਲੁ ਕਿਰਪਾ ਕਰੇ ਤਾ ਸਾਈ ਕਾਰ ਕਰਾਇਸੀ ॥

(ਜਿਸ ਸੇਵਕ ਉੱਤੇ ਪ੍ਰਭੂ) ਮਾਲਕ ਦਇਆਲ ਹੋ ਜਾਏ, ਮਿਹਰ ਕਰੇ, ਤਾਂ ਉਸ ਪਾਸੋਂ ਉਹੀ ਕੰਮ ਕਰਾਂਦਾ ਹੈ (ਜੋ ਉਸ ਨੂੰ ਭਾਉਂਦਾ ਹੈ);

ਸੋ ਸੇਵਕੁ ਸੇਵਾ ਕਰੇ ਜਿਸ ਨੋ ਹੁਕਮੁ ਮਨਾਇਸੀ ॥

ਜਿਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈ, ਉਹ ਸੇਵਕ (ਪ੍ਰਭੂ-ਪਤੀ ਦੀ) ਸੇਵਾ ਕਰਦਾ ਹੈ;

ਹੁਕਮਿ ਮੰਨਿਐ ਹੋਵੈ ਪਰਵਾਣੁ ਤਾ ਖਸਮੈ ਕਾ ਮਹਲੁ ਪਾਇਸੀ ॥

ਪ੍ਰਭੂ ਦੀ ਰਜ਼ਾ ਵਿਚ ਰਾਜ਼ੀ ਰਹਿਣ ਕਰਕੇ ਸੇਵਕ (ਪ੍ਰਭੂ ਦੇ ਦਰ ਤੇ) ਕਬੂਲ ਹੋ ਜਾਂਦਾ ਹੈ ਅਤੇ ਮਾਲਕ ਦਾ ਘਰ ਲੱਭ ਲੈਂਦਾ ਹੈ।

ਖਸਮੈ ਭਾਵੈ ਸੋ ਕਰੇ ਮਨਹੁ ਚਿੰਦਿਆ ਸੋ ਫਲੁ ਪਾਇਸੀ ॥

ਜਦੋਂ ਸੇਵਕ ਉਹੀ ਕੰਮ ਕਰਦਾ ਹੈ ਜੋ ਖਸਮ ਨੂੰ ਚੰਗਾ ਲੱਗਦਾ ਹੈ ਤਾਂ ਉਸ ਨੂੰ ਮਨ-ਭਾਉਂਦਾ ਫਲ ਮਿਲਦਾ ਹੈ,

ਤਾ ਦਰਗਹ ਪੈਧਾ ਜਾਇਸੀ ॥੧੫॥

ਅਤੇ ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ ॥੧੫॥


ਸਲੋਕ ਮ : ੧ ॥
ਗਊ ਬਿਰਾਹਮਣ ਕਉ ਕਰੁ ਲਾਵਹੁ ਗੋਬਰਿ ਤਰਣੁ ਨ ਜਾਈ ॥

(ਦਰਿਆ ਦੇ ਪੱਤਣ ਤੇ ਬੈਠ ਕੇ) ਗਊ ਅਤੇ ਬ੍ਰਾਹਮਣ ਨੂੰ ਤਾਂ ਤੂੰ ਮਸੂਲ ਲਾਂਦਾ ਹੈਂ (ਭਾਵ, ਗਊ ਅਤੇ ਬ੍ਰਾਹਮਣ ਨੂੰ ਪਾਰ ਲੰਘਾਣ ਦਾ ਮਸੂਲ ਲਾ ਲੈਂਦਾ ਹੈਂ), (ਫੇਰ ਤੂੰ ਕਦੇ ਇਹ ਨਹੀਂ ਸੋਚਦਾ ਕਿ ਉਸ ਗਊ ਦੇ) ਗੋਹੇ ਨਾਲ (ਪੋਚਾ ਫੇਰਿਆਂ, ਸੰਸਾਰ-ਸਮੁੰਦਰ ਤੋਂ) ਤਰਿਆ ਨਹੀਂ ਜਾ ਸਕਦਾ।

ਧੋਤੀ ਟਿਕਾ ਤੈ ਜਪਮਾਲੀ ਧਾਨੁ ਮਲੇਛਾਂ ਖਾਈ ॥

ਧੋਤੀ (ਪਹਿਨਦਾ ਹੈਂ), ਟਿੱਕਾ (ਮੱਥੇ ਉਤੇ ਲਾਂਦਾ ਹੈਂ) ਅਤੇ ਮਾਲਾ (ਫੇਰਦਾ ਹੈਂ), ਪਰ ਪਦਾਰਥ ਮਲੇਛਾਂ ਦਾ ਖਾਂਦਾ ਹੈਂ, (ਭਾਵ ਪਦਾਰਥ ਉਹਨਾਂ ਤੋਂ ਲੈ ਕੇ ਛਕਦਾ ਹੈਂ, ਜਿਨ੍ਹਾਂ ਨੂੰ ਤੂੰ ਮਲੇਛ ਆਖਦਾ ਹੈਂ)।

ਅੰਤਰਿ ਪੂਜਾ ਪੜਹਿ ਕਤੇਬਾ ਸੰਜਮੁ ਤੁਰਕਾ ਭਾਈ ॥

ਅੰਦਰ ਬੈਠ ਕੇ (ਭਾਵ, ਤੁਰਕ ਹਾਕਮਾਂ ਤੋਂ ਚੋਰੀ ਚੋਰੀ) ਪੂਜਾ ਕਰਦਾ ਹੈਂ, (ਬਾਹਰ ਮੁਸਲਮਾਨਾਂ ਨੂੰ ਵਿਖਾਲਣ ਵਾਸਤੇ) ਕੁਰਾਨ ਆਦਿ ਪੜ੍ਹਦਾ ਹੈਂ, ਤੇ ਮੁਸਲਮਾਨਾਂ ਵਾਲੀ ਹੀ ਰਹਿਤ ਤੂੰ ਰੱਖੀ ਹੋਈ ਹੈ।

ਛੋਡੀਲੇ ਪਾਖੰਡਾ ॥

(ਇਹ) ਪਾਖੰਡ ਤੂੰ ਛੱਡ ਦੇਹ।

ਨਾਮਿ ਲਇਐ ਜਾਹਿ ਤਰੰਦਾ ॥੧॥

ਜੇ ਪ੍ਰਭੂ ਦਾ ਨਾਮ ਸਿਮਰੇਂਗਾ, ਤਾਂ ਹੀ (ਸੰਸਾਰ-ਸਮੁੰਦਰ ਤੋਂ) ਤਰੇਂਗਾ ॥੧॥


ਮ : ੧ ॥
ਮਾਣਸ ਖਾਣੇ ਕਰਹਿ ਨਿਵਾਜ ॥

(ਕਾਜ਼ੀ ਤੇ ਮੁਸਲਮਾਨ ਹਾਕਮ) ਹਨ ਤਾਂ ਵੱਢੀ-ਖ਼ੋਰੇ, ਪਰ ਪੜ੍ਹਦੇ ਹਨ ਨਮਾਜ਼ਾਂ।

ਛੁਰੀ ਵਗਾਇਨਿ ਤਿਨ ਗਲਿ ਤਾਗ ॥

(ਇਹਨਾਂ ਹਾਕਮਾਂ ਦੇ ਅੱਗੇ ਮੁਨਸ਼ੀ ਉਹ ਖੱਤ੍ਰੀ ਹਨ ਜੋ) ਛੁਰੀ ਚਲਾਂਦੇ ਹਨ (ਭਾਵ, ਗ਼ਰੀਬਾਂ ਉੱਤੇ ਜ਼ੁਲਮ ਕਰਦੇ ਹਨ), ਪਰ ਉਹਨਾਂ ਦੇ ਗਲ ਵਿਚ ਜਨੇਊ ਹਨ।

ਤਿਨ ਘਰਿ ਬ੍ਰਹਮਣ ਪੂਰਹਿ ਨਾਦ ॥

ਇਹਨਾਂ (ਜ਼ਾਲਮ ਖੱਤ੍ਰੀਆਂ) ਦੇ ਘਰ ਵਿਚ ਬ੍ਰਾਹਮਣ ਜਾ ਕੇ ਸੰਖ ਵਜਾਂਦੇ ਹਨ;

ਉਨ੍ਰਾ ਭਿ ਆਵਹਿ ਓਈ ਸਾਦ ॥

ਤਾਂ ਤੇ ਉਨ੍ਹਾਂ ਬ੍ਰਾਹਮਣਾਂ ਨੂੰ ਭੀ ਉਹਨਾਂ ਹੀ ਪਦਾਰਥਾਂ ਦੇ ਸੁਆਦ ਆਉਂਦੇ ਹਨ (ਭਾਵ, ਉਹ ਬ੍ਰਾਹਮਣ ਭੀ ਜ਼ੁਲਮ ਦੇ ਕਮਾਏ ਹੋਏ ਪਦਾਰਥ ਖਾਂਦੇ ਹਨ)।

ਕੂੜੀ ਰਾਸਿ ਕੂੜਾ ਵਾਪਾਰੁ ॥

(ਇਹਨਾਂ ਲੋਕਾਂ ਦੀ) ਇਹ ਝੂਠੀ ਪੂੰਜੀ ਹੈ ਤੇ ਝੂਠਾ ਹੀ ਇਹਨਾਂ ਦਾ (ਇਹ) ਵਪਾਰ ਹੈ।

ਕੂੜੁ ਬੋਲਿ ਕਰਹਿ ਆਹਾਰੁ ॥

ਝੂਠ ਬੋਲ ਬੋਲ ਕੇ (ਹੀ) ਇਹ ਰੋਜ਼ੀ ਕਮਾਂਦੇ ਹਨ।

ਸਰਮ ਧਰਮ ਕਾ ਡੇਰਾ ਦੂਰਿ ॥

ਹੁਣ ਸ਼ਰਮ ਤੇ ਧਰਮ ਦੀ ਸਭਾ ਉਠ ਗਈ ਹੈ (ਭਾਵ, ਇਹ ਲੋਕ ਨਾ ਆਪਣੀ ਸ਼ਰਮ ਹਯਾ ਦਾ ਖ਼ਿਆਲ ਕਰਦੇ ਹਨ ਅਤੇ ਨਾ ਹੀ ਧਰਮ ਦੇ ਕੰਮ ਕਰਦੇ ਹਨ)।

ਨਾਨਕ ਕੂੜੁ ਰਹਿਆ ਭਰਪੂਰਿ ॥

ਹੇ ਨਾਨਕ! ਸਭ ਥਾਈਂ ਝੂਠ ਹੀ ਪਰਧਾਨ ਹੋ ਰਿਹਾ ਹੈ।

ਮਥੈ ਟਿਕਾ ਤੇੜਿ ਧੋਤੀ ਕਖਾਈ ॥

(ਇਹ ਖੱਤ੍ਰੀ) ਮੱਥੇ ਉੱਤੇ ਟਿੱਕਾ ਲਾਂਦੇ ਹਨ, ਲੱਕ ਦੁਆਲੇ ਗੇਰੂਏ ਰੰਗ ਦੀ ਧੋਤੀ (ਬੰਨ੍ਹਦੇ ਹਨ)

ਹਥਿ ਛੁਰੀ ਜਗਤ ਕਾਸਾਈ ॥

ਪਰ ਹੱਥ ਵਿਚ, (ਮਾਨੋ) ਛੁਰੀ ਫੜੀ ਹੋਈ ਹੈ ਤੇ (ਵੱਸ ਲਗਦਿਆਂ) ਹਰੇਕ ਜੀਵ ਉੱਤੇ ਜ਼ੁਲਮ ਕਰਦੇ ਹਨ।

ਨੀਲ ਵਸਤ੍ਰ ਪਹਿਰਿ ਹੋਵਹਿ ਪਰਵਾਣੁ ॥

ਨੀਲੇ ਰੰਗ ਦੇ ਕੱਪੜੇ ਪਾ ਕੇ (ਤੁਰਕ ਹਾਕਮਾਂ ਦੇ ਪਾਸ ਜਾਂਦੇ ਹਨ, ਤਾਂ ਹੀ) ਉਹਨਾਂ ਪਾਸ ਜਾਣ ਦੀ ਆਗਿਆ ਮਿਲਦੀ ਹੈ।

ਮਲੇਛ ਧਾਨੁ ਲੇ ਪੂਜਹਿ ਪੁਰਾਣੁ ॥

(ਜਿਨ੍ਹਾਂ ਨੂੰ) ਮਲੇਛ (ਆਖਦੇ ਹਨ, ਉਹਨਾਂ ਹੀ) ਪਾਸੋਂ ਰੋਜ਼ੀ ਲੈਂਦੇ ਹਨ, ਤੇ (ਫੇਰ ਭੀ) ਪੁਰਾਣ ਨੂੰ ਪੂਜਦੇ ਹਨ (ਭਾਵ, ਫੇਰ ਭੀ ਇਹੀ ਸਮਝਦੇ ਹਨ ਕਿ ਅਸੀਂ ਪੁਰਾਣ ਦੇ ਅਨੁਸਾਰ ਤੁਰ ਰਹੇ ਹਾਂ)।

ਅਭਾਖਿਆ ਕਾ ਕੁਠਾ ਬਕਰਾ ਖਾਣਾ ॥

(ਇੱਥੇ ਹੀ ਬੱਸ ਨਹੀਂ) ਖ਼ੁਰਾਕ ਇਹਨਾਂ ਦੀ ਉਹ ਬੱਕਰਾ ਹੈ ਜੋ ਕਲਮਾ ਪੜ੍ਹ ਕੇ ਹਲਾਲ ਕੀਤਾ ਹੋਇਆ ਹੈ (ਭਾਵ, ਜੋ ਮੁਸਲਮਾਨ ਦੇ ਹੱਥਾਂ ਦਾ ਤਿਆਰ ਕੀਤਾ ਹੋਇਆ ਹੈ)

ਚਉਕੇ ਉਪਰਿ ਕਿਸੈ ਨ ਜਾਣਾ ॥

(ਪਰ ਆਖਦੇ ਹਨ ਕਿ) ਸਾਡੇ ਚੌਕੇ ਉੱਤੇ ਕੋਈ ਹੋਰ ਮਨੁੱਖ ਨਾ ਆ ਚੜ੍ਹੇ।

ਦੇ ਕੈ ਚਉਕਾ ਕਢੀ ਕਾਰ ॥

ਚੌਕਾ ਬਣਾ ਕੇ (ਦੁਆਲੇ) ਲਕੀਰਾਂ ਕੱਢਦੇ ਹਨ,

ਉਪਰਿ ਆਇ ਬੈਠੇ ਕੂੜਿਆਰ ॥

(ਪਰ ਇਸ) ਚੌਕੇ ਵਿਚ ਉਹ ਮਨੁੱਖ ਆ ਬੈਠਦੇ ਹਨ ਜੋ ਆਪ ਝੂਠੇ ਹਨ।

ਮਤੁ ਭਿਟੈ ਵੇ ਮਤੁ ਭਿਟੈ ॥

(ਹੋਰਨਾਂ ਨੂੰ ਆਖਦੇ ਹਨ-ਸਾਡੇ ਚੌਕੇ ਦੇ ਨੇੜੇ ਨਾ ਆਉਣਾ) ਕਿਤੇ ਚੌਕਾ ਭਿੱਟਿਆ ਨਾਹ ਜਾਏ,

ਇਹੁ ਅੰਨੁ ਅਸਾਡਾ ਫਿਟੈ ॥

ਅਤੇ ਸਾਡਾ ਅੰਨ ਖ਼ਰਾਬ ਨਾਹ ਹੋ ਜਾਏ;

ਤਨਿ ਫਿਟੈ ਫੇੜ ਕਰੇਨਿ ॥

(ਪਰ ਆਪ ਇਹ ਲੋਕ) ਅਪਵਿੱਤਰ ਸਰੀਰ ਨਾਲ ਮੰਦੇ ਕੰਮ ਕਰਦੇ ਹਨ,

ਮਨਿ ਜੂਠੈ ਚੁਲੀ ਭਰੇਨਿ ॥

ਅਤੇ ਜੂਠੇ ਮਨ ਨਾਲ ਹੀ (ਭਾਵ, ਮਨ ਤਾਂ ਅੰਦਰੋਂ ਮਲੀਨ ਹੈ) ਚੁਲੀਆਂ ਕਰਦੇ ਹਨ।

ਕਹੁ ਨਾਨਕ ਸਚੁ ਧਿਆਈਐ ॥

ਨਾਨਕ ਆਖਦਾ ਹੈ, ਪ੍ਰਭੂ ਨੂੰ ਧਿਆਉਣਾ ਚਾਹੀਦਾ ਹੈ।

ਸੁਚਿ ਹੋਵੈ ਤਾ ਸਚੁ ਪਾਈਐ ॥੨॥

ਤਾਂ ਹੀ ਸੁੱਚ-ਪਵਿੱਤਰਤਾ ਹੋ ਸਕਦੀ ਹੈ ਜੇ ਸੱਚਾ ਪ੍ਰਭੂ ਮਿਲ ਪਏ ॥੨॥


ਪਉੜੀ ॥
ਚਿਤੈ ਅੰਦਰਿ ਸਭੁ ਕੋ ਵੇਖਿ ਨਦਰੀ ਹੇਠਿ ਚਲਾਇਦਾ ॥

ਪ੍ਰਭੂ ਹਰੇਕ ਜੀਵ ਨੂੰ ਆਪਣੇ ਧਿਆਨ ਵਿਚ ਰੱਖਦਾ ਹੈ, ਤੇ ਹਰੇਕ ਨੂੰ ਆਪਣੀ ਨਜ਼ਰ ਵਿਚ ਰੱਖ ਕੇ ਕਾਰੇ ਲਾਈ ਰੱਖਦਾ ਹੈ।

ਆਪੇ ਦੇ ਵਡਿਆਈਆ ਆਪੇ ਹੀ ਕਰਮ ਕਰਾਇਦਾ ॥

ਆਪ ਹੀ (ਜੀਆਂ ਨੂੰ) ਵਡਿਆਈਆਂ ਬਖ਼ਸ਼ਦਾ ਹੈ ਤੇ ਆਪ ਹੀ ਉਹਨਾਂ ਨੂੰ ਕੰਮ ਵਿਚ ਲਾਂਦਾ ਹੈ।

ਵਡਹੁ ਵਡਾ ਵਡ ਮੇਦਨੀ ਸਿਰੇ ਸਿਰਿ ਧੰਧੈ ਲਾਇਦਾ ॥

ਪ੍ਰਭੂ ਵੱਡਿਆਂ ਤੋਂ ਵੱਡਾ ਹੈ (ਭਾਵ, ਸਭ ਤੋਂ ਵੱਡਾ ਹੈ), (ਉਸ ਦੀ ਰਚੀ ਹੋਈ) ਸ੍ਰਿਸ਼ਟੀ ਭੀ ਬੇਅੰਤ ਹੈ। (ਇਤਨੀ ਬੇਅੰਤ ਸ੍ਰਿਸ਼ਟੀ ਹੁੰਦਿਆਂ ਭੀ) ਹਰੇਕ ਜੀਵ ਨੂੰ ਪ੍ਰਭੂ ਥਾਉਂ ਥਾਈਂ ਧੰਧਿਆਂ ਵਿਚ ਜੋੜੀ ਰੱਖਦਾ ਹੈ।

ਨਦਰਿ ਉਪਠੀ ਜੇ ਕਰੇ ਸੁਲਤਾਨਾ ਘਾਹੁ ਕਰਾਇਦਾ ॥

ਜੇ ਕਦੇ ਦੁਨੀਆ ਦੇ ਪਾਤਸ਼ਾਹਾਂ ਉੱਤੇ ਭੀ ਗੁੱਸੇ ਦੀ ਨਜ਼ਰ ਕਰੇ, ਤਾਂ ਉਹਨਾਂ ਨੂੰ ਕੱਖੋਂ ਹੌਲੇ ਕਰ ਦੇਂਦਾ ਹੈ;

ਦਰਿ ਮੰਗਨਿ ਭਿਖ ਨ ਪਾਇਦਾ ॥੧੬॥

(ਜੇ ਉਹ) ਲੋਕਾਂ ਦੇ ਦਰ ਤੇ ਜਾ ਕੇ ਸੁਆਲ ਪਾਂਦੇ ਹਨ, ਤਾਂ ਅਗੋਂ ਕੋਈ ਖ਼ੈਰ ਭੀ ਨਹੀਂ ਪਾਂਦਾ ॥੧੬॥


ਸਲੋਕੁ ਮ :੧ ॥
ਜੇ ਮੋਹਾਕਾ ਘਰੁ ਮੁਹੈ ਘਰੁ ਮੁਹਿ ਪਿਤਰੀ ਦੇਇ ॥

ਜੇ ਕੋਈ ਠੱਗ ਪਰਾਇਆ ਘਰ ਠੱਗੇ, ਪਰਾਏ ਘਰ ਨੂੰ ਠੱਗ ਕੇ (ਉਹ ਪਦਾਰਥ) ਆਪਣੇ ਪਿਤਰਾਂ ਦੇ ਨਮਿਤ ਦੇਵੇ,

ਅਗੈ ਵਸਤੁ ਸਿਞਾਣੀਐ ਪਿਤਰੀ ਚੋਰ ਕਰੇਇ ॥

ਤਾਂ (ਜੇ ਸੱਚ-ਮੁੱਚ ਪਿਛਲਿਆਂ ਦਾ ਦਿੱਤਾ ਅੱਪੜਦਾ ਹੀ ਹੈ ਤਾਂ) ਪਰਲੋਕ ਵਿਚ ਉਹ ਪਦਾਰਥ ਸਿਞਾਣਿਆ ਜਾਂਦਾ ਹੈ। ਇਸ ਤਰ੍ਹਾਂ ਉਹ ਮਨੁੱਖ ਆਪਣੇ ਪਿਤਰਾਂ ਨੂੰ (ਭੀ) ਚੋਰ ਬਣਾਂਦਾ ਹੈ (ਕਿਉਂਕਿ ਉਹਨਾਂ ਪਾਸੋਂ ਚੋਰੀ ਦਾ ਮਾਲ ਨਿਕਲ ਆਉਂਦਾ ਹੈ)।

ਵਢੀਅਹਿ ਹਥ ਦਲਾਲ ਕੇ ਮੁਸਫੀ ਏਹ ਕਰੇਇ ॥

(ਅਗੋਂ) ਪ੍ਰਭੂ ਇਹ ਨਿਆਂ ਕਰਦਾ ਹੈ ਕਿ (ਇਹ ਚੋਰੀ ਦਾ ਮਾਲ ਅਪੜਾਣ ਵਾਲੇ ਬ੍ਰਾਹਮਣ) ਦਲਾਲ ਦੇ ਹੱਥ ਵੱਢੇ ਜਾਂਦੇ ਹਨ।

ਨਾਨਕ ਅਗੈ ਸੋ ਮਿਲੈ ਜਿ ਖਟੇ ਘਾਲੇ ਦੇਇ ॥੧॥

ਹੇ ਨਾਨਕ! (ਕਿਸੇ ਦਾ ਅਪੜਾਇਆ ਹੋਇਆ ਅੱਗੇ ਕੀਹ ਮਿਲਣਾ ਹੈ?) ਅਗਾਂਹ ਤਾਂ ਮਨੁੱਖ ਨੂੰ ਉਹੀ ਕੁਝ ਮਿਲਦਾ ਹੈ ਜੋ ਖੱਟਦਾ ਹੈ, ਕਮਾਂਦਾ ਹੈ ਤੇ (ਹੱਥੀਂ) ਦੇਂਦਾ ਹੈ ॥੧॥


ਮ :੧ ॥
ਜਿਉ ਜੋਰੂ ਸਿਰਨਾਵਣੀ ਆਵੈ ਵਾਰੋ ਵਾਰ ॥

ਜਿਵੇਂ ਇਸਤ੍ਰੀ ਨੂੰ ਸਦਾ ਹਰ ਮਹੀਨੇ ਨ੍ਹਾਉਣੀ ਆਉਂਦੀ ਹੈ (ਤੇ ਇਹ ਅਪਵਿੱਤ੍ਰਤਾ ਸਦਾ ਉਸ ਦੇ ਅੰਦਰੋਂ ਹੀ ਪੈਦਾ ਹੋ ਜਾਂਦੀ ਹੈ),

ਜੂਠੇ ਜੂਠਾ ਮੁਖਿ ਵਸੈ ਨਿਤ ਨਿਤ ਹੋਇ ਖੁਆਰੁ ॥

ਤਿਵੇਂ ਝੂਠੇ ਮਨੁੱਖ ਦੇ ਮੂੰਹ ਵਿਚ ਸਦਾ ਝੂਠ ਹੀ ਰਹਿੰਦਾ ਹੈ ਤੇ ਇਸ ਕਰਕੇ ਉਹ ਸਦਾ ਦੁੱਖੀ ਹੀ ਰਹਿੰਦਾ ਹੈ।

ਸੂਚੇ ਏਹਿ ਨ ਆਖੀਅਹਿ ਬਹਨਿ ਜਿ ਪਿੰਡਾ ਧੋਇ ॥

ਅਜੇਹੇ ਮਨੁੱਖ ਸੁੱਚੇ ਨਹੀਂ ਆਖੇ ਜਾਂਦੇ ਜੋ ਨਿਰਾ ਸਰੀਰ ਨੂੰ ਹੀ ਧੋ ਕੇ (ਆਪਣੇ ਵਲੋਂ ਪਵਿੱਤਰ ਬਣ ਕੇ) ਬੈਠ ਜਾਂਦੇ ਹਨ।

ਸੂਚੇ ਸੇਈ ਨਾਨਕਾ ਜਿਨ ਮਨਿ ਵਸਿਆ ਸੋਇ ॥੨॥

ਹੇ ਨਾਨਕ! ਕੇਵਲ ਉਹੀ ਮਨੁੱਖ ਸੁੱਚੇ ਹਨ ਜਿਨ੍ਹਾਂ ਦੇ ਮਨ ਵਿੱਚ ਪ੍ਰਭੂ ਵੱਸਦਾ ਹੈ ॥੨॥


ਪਉੜੀ ॥
ਤੁਰੇ ਪਲਾਣੇ ਪਉਣ ਵੇਗ ਹਰ ਰੰਗੀ ਹਰਮ ਸਵਾਰਿਆ ॥

ਜਿਨ੍ਹਾਂ ਪਾਸ ਕਾਠੀਆਂ ਸਮੇਤ, (ਭਾਵ, ਸਦਾ ਤਿਆਰ-ਬਰ ਤਿਆਰ) ਘੋੜੇ ਹਵਾ ਵਰਗੀ ਤਿੱਖੀ ਚਾਲ ਵਾਲੇ ਹੁੰਦੇ ਹਨ, ਜੋ ਆਪਣੇ ਹਰਮਾਂ ਨੂੰ ਕਈ ਰੰਗਾਂ ਨਾਲ ਸਜਾਂਦੇ ਹਨ,

ਕੋਠੇ ਮੰਡਪ ਮਾੜੀਆ ਲਾਇ ਬੈਠੇ ਕਰਿ ਪਾਸਾਰਿਆ ॥

ਜੋ ਮਨੁੱਖ ਕੋਠੇ ਮਹਲ ਮਾੜੀਆਂ ਆਦਿਕ ਪਸਾਰੇ ਪਸਾਰ ਕੇ (ਅਹੰਕਾਰੀ ਹੋਇ) ਬੈਠੇ ਹਨ,

ਚੀਜ ਕਰਨਿ ਮਨਿ ਭਾਵਦੇ ਹਰਿ ਬੁਝਨਿ ਨਾਹੀ ਹਾਰਿਆ ॥

ਜੋ ਮਨੁੱਖ ਮਨ-ਮੰਨੀਆਂ ਰੰਗ-ਰਲੀਆਂ ਮਾਣਦੇ ਹਨ, ਪਰ ਪ੍ਰਭੂ ਨੂੰ ਨਹੀਂ ਪਛਾਣਦੇ, ਉਹ ਆਪਣਾ ਮਨੁੱਖਾ ਜਨਮ ਹਾਰ ਬੈਠਦੇ ਹਨ।

ਕਰਿ ਫੁਰਮਾਇਸਿ ਖਾਇਆ ਵੇਖਿ ਮਹਲਤਿ ਮਰਣੁ ਵਿਸਾਰਿਆ ॥

ਜੋ ਮਨੁੱਖ (ਗ਼ਰੀਬਾਂ ਉੱਤੇ) ਹੁਕਮ ਕਰ ਕੇ (ਪਦਾਰਥ) ਖਾਂਦੇ ਹਨ (ਭਾਵ, ਮੌਜਾਂ ਮਾਣਦੇ ਹਨ) ਅਤੇ ਆਪਣੇ ਮਹਲਾਂ ਨੂੰ ਤੱਕ ਕੇ ਆਪਣੀ ਮੌਤ ਨੂੰ ਭੁਲਾ ਦੇਂਦੇ ਹਨ,

ਜਰੁ ਆਈ ਜੋਬਨਿ ਹਾਰਿਆ ॥੧੭॥

ਉਹਨਾਂ ਜਵਾਨੀ ਦੇ ਠੱਗਿਆਂ ਨੂੰ (ਭਾਵ, ਜੁਆਨੀ ਦੇ ਨਸ਼ੇ ਵਿਚ ਮਸਤ ਪਏ ਹੋਏ ਮਨੁੱਖਾਂ ਨੂੰ) (ਗ਼ਫ਼ਲਤ ਵਿਚ ਹੀ) ਬੁਢੇਪਾ ਆ ਦਬਾਂਦਾ ਹੈ ॥੧੭॥


ਸਲੋਕੁ ਮ : ੧ ॥

ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥
ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ;

ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥

ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ);

ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥

ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ।

ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥

ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ।

ਸੂਤਕੁ ਕਿਉ ਕਰਿ ਰਖੀਐ ਸੂਤਕੁ ਪਵੈ ਰਸੋਇ ॥

ਸੂਤਕ ਕਿਵੇਂ ਰੱਖਿਆ ਜਾ ਸਕਦਾ ਹੈ? (ਭਾਵ, ਸੂਤਕ ਦਾ ਭਰਮ ਪੂਰੇ ਤੌਰ ਤੇ ਮੰਨਣਾ ਬੜਾ ਹੀ ਕਠਨ ਹੈ, ਕਿਉਂਕਿ ਇਸ ਤਰ੍ਹਾਂ ਤਾਂ ਹਰ ਵੇਲੇ ਹੀ) ਰਸੋਈ ਵਿਚ ਸੂਤਕ ਪਿਆ ਰਹਿੰਦਾ ਹੈ।

ਨਾਨਕ ਸੂਤਕੁ ਏਵ ਨ ਉਤਰੈ ਗਿਆਨੁ ਉਤਾਰੇ ਧੋਇ ॥੧॥

ਹੇ ਨਾਨਕ! ਇਸ ਤਰ੍ਹਾਂ (ਭਾਵ, ਭਰਮਾਂ ਵਿਚ ਪਿਆਂ) ਸੂਤਕ (ਮਨ ਤੋਂ) ਨਹੀਂ ਉਤਰਦਾ, ਇਸ ਨੂੰ (ਪ੍ਰਭੂ ਦਾ) ਗਿਆਨ ਹੀ ਧੋ ਕੇ ਲਾਹ ਸਕਦਾ ਹੈ ॥੧॥


ਮ : ੧ ॥
ਮਨ ਕਾ ਸੂਤਕੁ ਲੋਭੁ ਹੈ ਜਿਹਵਾ ਸੂਤਕੁ ਕੂੜੁ ॥

ਮਨ ਦਾ ਸੂਤਕ ਲੋਭ ਹੈ (ਭਾਵ, ਜਿਨ੍ਹਾਂ ਮਨੁੱਖਾਂ ਦੇ ਮਨ ਨੂੰ ਲੋਭ ਰੂਪੀ ਸੂਤਕ ਚੰਬੜਿਆ ਹੈ); ਜੀਭ ਦਾ ਸੂਤਕ ਝੂਠ ਬੋਲਣਾ ਹੈ, (ਭਾਵ, ਜਿਨ੍ਹਾਂ ਮਨੁੱਖਾਂ ਦੀ ਜੀਭ ਨੂੰ ਝੂਠ-ਰੂਪ ਸੂਤਕ ਹੈ);

ਅਖੀ ਸੂਤਕੁ ਵੇਖਣਾ ਪਰ ਤ੍ਰਿਅ ਪਰ ਧਨ ਰੂਪੁ ॥

(ਜਿਨ੍ਹਾਂ ਮਨੁੱਖ ਦੀਆਂ) ਅੱਖਾਂ ਨੂੰ ਪਰਾਇਆ ਧਨ ਅਤੇ ਪਰਾਈਆਂ ਇਸਤਰੀਆਂ ਦਾ ਰੂਪ ਤੱਕਣ ਦਾ ਸੂਤਕ (ਚੰਬੜਿਆ ਹੋਇਆ ਹੈ);

ਕੰਨੀ ਸੂਤਕੁ ਕੰਨਿ ਪੈ ਲਾਇਤਬਾਰੀ ਖਾਹਿ ॥

(ਜਿਨ੍ਹਾਂ ਮਨੁੱਖਾਂ ਦੇ) ਕੰਨ ਵਿਚ ਭੀ ਸੂਤਕ ਹੈ ਕਿ ਕੰਨ ਨਾਲ ਬੇਫ਼ਿਕਰ ਹੋ ਕੇ ਚੁਗ਼ਲੀ ਸੁਣਦੇ ਹਨ;

ਨਾਨਕ ਹੰਸਾ ਆਦਮੀ ਬਧੇ ਜਮ ਪੁਰਿ ਜਾਹਿ ॥੨॥

ਹੇ ਨਾਨਕ! (ਇਹੋ ਜਿਹੇ) ਮਨੁੱਖ (ਵੇਖਣ ਨੂੰ ਭਾਵੇਂ) ਹੰਸਾਂ ਵਰਗੇ (ਸੋਹਣੇ) ਹੋਣ (ਤਾਂ ਭੀ ਉਹ) ਬੱਧੇ ਹੋਏ ਨਰਕ ਵਿਚ ਜਾਂਦੇ ਹਨ ॥੨॥


ਮ : ੧ ॥
ਸਭੋ ਸੂਤਕੁ ਭਰਮੁ ਹੈ ਦੂਜੈ ਲਗੈ ਜਾਇ ॥

ਸੂਤਕ ਨਿਰਾ ਭਰਮ ਹੀ ਹੈ, ਇਹ (ਸੂਤਕ-ਰੂਪ ਭਰਮ) ਮਾਇਆ ਵਿਚ ਫਸਿਆਂ (ਮਨੁੱਖ ਨੂੰ) ਆ ਲੱਗਦਾ ਹੈ।

ਜੰਮਣੁ ਮਰਣਾ ਹੁਕਮੁ ਹੈ ਭਾਣੈ ਆਵੈ ਜਾਇ ॥

(ਉਞ ਤਾਂ) ਜੀਵਾਂ ਦਾ ਜੰਮਣਾ ਮਰਨਾ ਪ੍ਰਭੂ ਦਾ ਹੁਕਮ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਜੀਵ ਜੰਮਦਾ ਤੇ ਮਰਦਾ ਹੈ।

ਖਾਣਾ ਪੀਣਾ ਪਵਿਤ੍ਰੁ ਹੈ ਦਿਤੋਨੁ ਰਿਜਕੁ ਸੰਬਾਹਿ ॥

(ਪਦਾਰਥਾਂ ਦਾ) ਖਾਣਾ ਪੀਣਾ ਭੀ ਪਵਿੱਤਰ ਹੈ (ਭਾਵ, ਮਾੜਾ ਨਹੀਂ, ਕਿਉਂਕਿ) ਪ੍ਰਭੂ ਨੇ ਆਪ ਇਕੱਠਾ ਕਰ ਕੇ ਰਿਜ਼ਕ ਜੀਵਾਂ ਨੂੰ ਦਿੱਤਾ ਹੈ।

ਨਾਨਕ ਜਿਨ੍ਰੀ ਗੁਰਮੁਖਿ ਬੁਝਿਆ ਤਿਨ੍ਰਾ ਸੂਤਕੁ ਨਾਹਿ ॥੩॥

ਹੇ ਨਾਨਕ! ਜਿਨ੍ਹਾਂ ਗੁਰਮੁਖਾਂ ਨੇ ਇਹ ਗੱਲ ਸਮਝ ਲਈ ਹੈ, ਉਹਨਾਂ ਨੂੰ ਸੂਤਕ ਨਹੀਂ ਲੱਗਦਾ ॥੩॥


ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥

ਸਤਿਗੁਰੂ ਦੇ ਗੁਣ ਗਾਉਣੇ ਚਾਹੀਦੇ ਹਨ ਤੇ ਆਖਣਾ ਚਾਹੀਦਾ ਹੈ ਕਿ ਗੁਰੂ ਬਹੁਤ ਵੱਡਾ ਹੈ, ਕਿਉਂਕਿ ਗੁਰੂ ਵਿਚ ਵੱਡੇ ਗੁਣ ਹਨ।

ਸਹਿ ਮੇਲੇ ਤਾ ਨਦਰੀ ਆਈਆ ॥

ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ-ਪਤੀ ਨੇ (ਗੁਰੂ ਨਾਲ) ਮਿਲਾਇਆ ਹੈ, ਉਹਨਾਂ ਨੂੰ ਉਹ ਗੁਣ ਅੱਖੀਂ ਦਿੱਸਦੇ ਹਨ,

ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥

ਅਤੇ ਜੇ ਪ੍ਰਭੂ ਨੂੰ ਭਾਵੇ ਤਾਂ ਉਹਨਾਂ ਦੇ ਮਨ ਵਿਚ ਭੀ ਗੁਣ ਵੱਸ ਪੈਂਦੇ ਹਨ।

ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਮਾਰਿ ਕਢੀਆ ਬੁਰਿਆਈਆ ॥

ਪ੍ਰਭੂ ਆਪਣੇ ਹੁਕਮ ਅਨੁਸਾਰ ਉਹਨਾਂ ਮਨੁੱਖਾਂ ਦੇ ਮੱਥੇ ਤੇ ਹੱਥ ਰੱਖ ਕੇ ਉਹਨਾਂ ਦੇ ਮਨ ਵਿਚੋਂ ਬੁਰਿਆਈਆਂ ਮਾਰ ਕੇ ਕੱਢ ਦੇਂਦਾ ਹੈ।

ਸਹਿ ਤੁਠੈ ਨਉ ਨਿਧਿ ਪਾਈਆ ॥੧੮॥

ਜੇ ਪਤੀ-ਪ੍ਰਭੂ ਪਰਸੰਨ ਹੋ ਪਏ, ਤਾਂ ਮਾਨੋ, ਸਾਰੇ ਪਦਾਰਥ ਮਿਲ ਪੈਂਦੇ ਹਨ ॥੧੮॥


ਸਲੋਕੁ ਮ : ੧ ॥
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥

ਸਭ ਤੋਂ ਪਹਿਲਾਂ (ਬ੍ਰਾਹਮਣ ਨ੍ਹਾ ਧੋ ਕੇ ਤੇ) ਸੁੱਚਾ ਹੋ ਕੇ ਸੁੱਚੇ ਚੌਕੇ ਉੱਤੇ ਆ ਬੈਠਦਾ ਹੈ,

ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥

ਉਸ ਦੇ ਅੱਗੇ (ਜਜਮਾਨ) ਉਹ ਭੋਜਨ ਲਿਆ ਰੱਖਦਾ ਹੈ ਜਿਸ ਨੂੰ ਅਜੇ ਕਿਸੇ ਹੋਰ ਨੇ ਭਿੱਟਿਆ ਨਹੀਂ ਸੀ।

ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥

(ਬ੍ਰਾਹਮਣ) ਸੁੱਚਾ ਹੋ ਕੇ ਉਸ (ਸੁੱਚੇ) ਭੋਜਨ ਨੂੰ ਖਾਂਦਾ ਹੈ, ਤੇ (ਖਾ ਕੇ) ਸਲੋਕ ਪੜ੍ਹਨ ਲੱਗ ਪੈਂਦਾ ਹੈ;

ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥

(ਪਰ ਇਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਭਾਵ ਢਿੱਡ ਵਿਚ) ਪਾ ਲੈਂਦਾ ਹੈ। (ਉਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਸੁੱਟਣ ਦਾ) ਦੋਸ਼ ਕਿਸ ਤੇ ਆਇਆ?

ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ॥

ਅੰਨ, ਪਾਣੀ, ਅੱਗ ਤੇ ਲੂਣ-ਚਾਰੇ ਹੀ ਦੇਵਤਾ ਹਨ (ਭਾਵ, ਪਵਿੱਤਰ ਪਦਾਰਥ ਹਨ),

ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥

ਪੰਜਵਾਂ ਘਿਉ ਭੀ ਪਵਿੱਤਰ ਹੈ, ਜੋ ਇਹਨਾਂ ਚੌਹਾਂ ਵਿਚ ਪਾਈਦਾ ਹੈ। ਤਾਂ (ਭਾਵ, ਇਹਨਾਂ ਪੰਜਾਂ ਨੂੰ ਰਲਾਇਆਂ) ਬੜਾ ਪਵਿੱਤਰ ਭੋਜਨ ਤਿਆਰ ਹੁੰਦਾ ਹੈ।

ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥

ਪਰ ਦੇਵਤਿਆਂ ਦੇ ਇਸ ਸਰੀਰ ਨੂੰ (ਭਾਵ, ਇਸ ਪਵਿੱਤਰ ਭੋਜਨ ਨੂੰ) ਪਾਪੀ (ਮਨੁੱਖ) ਨਾਲ ਸੰਗਤ ਹੁੰਦੀ ਹੈ, ਜਿਸ ਕਰਕੇ ਉਸ ਉੱਤੇ ਥੁੱਕਾਂ ਪੈਂਦੀਆਂ ਹਨ।

ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥

ਜਿਸ ਮੂੰਹ ਨਾਲ ਮਨੁੱਖ ਨਾਮ ਨਹੀਂ ਸਿਮਰਦੇ, ਤੇ ਨਾਮ ਸਿਮਰਨ ਤੋਂ ਬਿਨਾ ਸੁਆਦਲੇ ਪਦਾਰਥ ਖਾਂਦੇ ਹਨ,

ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥

ਹੇ ਨਾਨਕ! ਇਸੇ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਉਸ ਮੂੰਹ ਉਤੇ (ਭੀ) ਫਿਟਕਾਰਾਂ ਪੈਂਦੀਆਂ ਹਨ ॥੧॥


ਮ : ੧ ॥
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥

ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ। ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ।

ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥

ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰਬੰਧ ਬਣਦਾ ਹੈ ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ।

ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥

ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ।

ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥

ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ।

ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥

ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ।

ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥

ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ।

ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥

(ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ।

ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥

ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ ॥੨॥


ਪਉੜੀ ॥
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥

ਜਗਤ ਵਿਚ ਹਰੇਕ ਜੀਵ ਨੂੰ ਮਮਤਾ ਲੱਗੀ ਹੋਈ ਹੈ; ਜਿਸ ਨੂੰ ਮਮਤਾ ਨਹੀਂ ਉਹ ਚੁਣ ਕੇ ਵੱਖਰਾ ਕਰ ਵਿਖਾਓ, ਭਾਵ, ਕੋਈ ਵਿਰਲਾ ਹੈ ਜਿਸ ਨੂੰ ਮਮਤਾ ਨਹੀਂ ਹੈ।

ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥

ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ।

ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥

ਜਦੋਂ ਇਸ ਜਗਤ ਵਿਚ ਸਦਾ ਰਹਿਣਾ ਹੀ ਨਹੀਂ ਹੈ, ਤਾਂ ਕਿਉਂ ਅਹੰਕਾਰ ਵਿਚ (ਪੈ ਕੇ) ਖਪੀਏ?

ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥

ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ,

ਮੂਰਖੈ ਨਾਲਿ ਨ ਲੁਝੀਐ ॥੧੯॥

ਅਤੇ ਮੂਰਖ ਨਾਲ ਨਹੀਂ ਝਗੜਣਾ ਚਾਹੀਦਾ ॥੧੯॥


ਸਲੋਕੁ ਮ : ੧ ॥
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥

ਹੇ ਨਾਨਕ! ਜੇ ਮਨੁੱਖ ਰੁੱਖੇ ਬਚਨ ਬੋਲਦਾ ਰਹੇ, ਤਾਂ ਉਸ ਦਾ ਤਨ ਅਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ (ਭਾਵ, ਮਨੁੱਖ ਦੇ ਅੰਦਰੋਂ ਪ੍ਰੇਮ ਉੱਡ ਜਾਂਦਾ ਹੈ)।

ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥

ਰੁੱਖਾ ਬੋਲਣ ਵਾਲਾ ਲੋਕਾਂ ਵਿਚ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ ਅਤੇ ਲੋਕ ਭੀ ਉਸ ਨੂੰ ਰੁੱਖੇ ਬਚਨਾਂ ਨਾਲ ਹੀ ਯਾਦ ਕਰਦੇ ਹਨ।

ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥

ਰੁੱਖਾ (ਭਾਵ, ਪ੍ਰੇਮ ਤੋਂ ਸੱਖਣਾ) ਮਨੁੱਖ (ਪ੍ਰਭੂ ਦੀ) ਦਰਗਾਹ ਤੋਂ ਰੱਦਿਆ ਜਾਂਦਾ ਹੈ ਅਤੇ ਉਸ ਦੇ ਮੂੰਹ ਉੱਤੇ ਥੁੱਕਾਂ ਪੈਂਦੀਆਂ ਹਨ (ਭਾਵ, ਫਿਟਕਾਰਾਂ ਪੈਂਦੀਆਂ ਹਨ।

ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥

(ਪ੍ਰੇਮ-ਹੀਣ) ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ, ਪ੍ਰੇਮ ਤੋਂ ਸੱਖਣੇ ਨੂੰ ਜੁੱਤੀਆਂ ਦੀ ਮਾਰ ਪੈਂਦੀ ਹੈ (ਭਾਵ, ਹਰ ਥਾਂ ਉਸ ਦੀ ਸਦਾ ਬੜੀ ਬੇਇੱਜ਼ਤੀ ਹੁੰਦੀ ਹੈ) ॥੧॥


ਮ : ੧ ॥
ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥

ਜੋ ਮਨੁੱਖ ਮਨੋਂ ਤਾਂ ਝੂਠੇ ਹਨ, ਪਰ ਬਾਹਰ ਕੂੜੀ ਇੱਜ਼ਤ ਬਣਾਈ ਬੈਠੇ ਹਨ, ਅਤੇ ਜਗਤ ਵਿਚ ਵਿਖਾਵਾ ਬਣਾਈ ਰੱਖਦੇ ਹਨ,

ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥

ਉਹ ਭਾਵੇਂ ਅਠਾਹਠ ਤੀਰਥਾਂ ਉੱਤੇ (ਜਾ ਕੇ) ਇਸ਼ਨਾਨ ਕਰਨ, ਉਹਨਾਂ ਦੇ ਮਨ ਦੀ ਕਪਟ ਦੀ ਮੈਲ ਕਦੇ ਨਹੀਂ ਉਤਰਦੀ।

ਜਿਨ੍ਰ ਪਟੁ ਅੰਦਰਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ ॥

ਜਿਨ੍ਹਾਂ ਮਨੁੱਖਾਂ ਦੇ ਅੰਦਰ (ਕੋਮਲਤਾ ਤੇ ਪ੍ਰੇਮ ਰੂਪ) ਪੱਟ ਹੈ, ਪਰ ਬਾਹਰ (ਰੁੱਖਾ-ਪਨ ਰੂਪ) ਗੁੱਦੜ ਹੈ, ਜਗਤ ਵਿਚ ਉਹ ਬੰਦੇ ਨੇਕ ਹਨ;

ਤਿਨ੍ਰ ਨੇਹੁ ਲਗਾ ਰਬ ਸੇਤੀ ਦੇਖਨ੍ਰੇ ਵੀਚਾਰਿ ॥

ਉਹਨਾਂ ਦਾ ਰੱਬ ਨਾਲ ਨੇਹੁ ਲੱਗਾ ਹੋਇਆ ਹੈ ਤੇ ਉਹ ਰੱਬ ਦਾ ਦੀਦਾਰ ਕਰਨ ਦੇ ਵਿਚਾਰ ਵਿਚ ਹੀ (ਸਦਾ ਜੁੜੇ ਰਹਿੰਦੇ ਹਨ)।

ਰੰਗਿ ਹਸਹਿ ਰੰਗਿ ਰੋਵਹਿ ਚੁਪ ਭੀ ਕਰਿ ਜਾਹਿ ॥

ਉਹ ਮਨੁੱਖ ਪ੍ਰਭੂ ਦੇ ਪਿਆਰ ਵਿਚ (ਰੱਤੇ ਹੋਏ ਕਦੇ) ਹੱਸਦੇ ਹਨ, ਪ੍ਰੇਮ ਵਿਚ ਹੀ (ਕਦੇ) ਰੋਂਦੇ ਹਨ, ਅਤੇ ਪ੍ਰੇਮ ਵਿਚ ਹੀ (ਕਦੇ) ਚੁੱਪ ਭੀ ਕਰ ਜਾਂਦੇ ਹਨ (ਭਾਵ, ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ);

ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥

ਉਹਨਾਂ ਨੂੰ ਸੱਚੇ ਖਸਮ (ਪ੍ਰਭੂ) ਤੋਂ ਬਿਨਾ ਕਿਸੇ ਹੋਰ ਦੀ ਮੁਥਾਜੀ ਨਹੀਂ ਹੁੰਦੀ।

ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਖਾਹਿ ॥

ਜ਼ਿੰਦਗੀ-ਰੂਪ ਰਾਹੇ ਪਏ ਹੋਏ ਉਹ ਮਨੁੱਖ ਰੱਬ ਦੇ ਦਰ ਤੋਂ ਹੀ ਨਾਮ-ਰੂਪ ਖ਼ੁਰਾਕ ਮੰਗਦੇ ਹਨ, ਜਦੋਂ ਰੱਬ ਦੇਂਦਾ ਹੈ ਤਦੋਂ ਖਾਂਦੇ ਹਨ।

ਦੀਬਾਨੁ ਏਕੋ ਕਲਮ ਏਕਾ ਹਮਾ ਤੁਮ੍ਰਾ ਮੇਲੁ ॥

(ਉਹਨਾਂ ਨੂੰ ਇਹ ਨਿਸ਼ਚਾ ਹੈ) ਕਿ ਪ੍ਰਭੂ ਆਪ ਹੀ ਫ਼ੈਸਲਾ ਕਰਨ ਵਾਲਾ ਹੈ ਤੇ ਆਪ ਹੀ ਲੇਖਾ ਲਿਖਣ ਵਾਲਾ ਹੈ, ਸਾਰੇ ਚੰਗੇ ਮੰਦੇ ਜੀਵਾਂ ਦਾ ਮੇਲਾ ਉਸੇ ਦੇ ਦਰ ਤੇ ਹੁੰਦਾ ਹੈ;

ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥੨॥

ਹੇ ਨਾਨਕ! ਪ੍ਰਭੂ ਸਭ ਤੋਂ (ਕੀਤੇ ਕਰਮਾਂ ਦਾ) ਲੇਖਾ ਮੰਗਦਾ ਹੈ ਤੇ ਮੰਦੇ ਮਨੁੱਖਾਂ ਨੂੰ ਇਉਂ ਪੀੜ ਸੁੱਟਦਾ ਹੈ ਜਿਵੇਂ ਤੇਲ (ਭਾਵ, ਉਹਨਾਂ ਦੇ ਮੰਦੇ ਸੰਸਕਾਰ ਅੰਦਰੋਂ ਕੱਢਣ ਲਈ ਉਹਨਾਂ ਨੂੰ ਦੁੱਖਾਂ ਰੂਪ ਕੋਹਲੂ ਵਿਚ ਪਾ ਕੇ ਪੀੜਦਾ ਹੈ) ॥੨॥


ਪਉੜੀ ॥
ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥

(ਹੇ ਪ੍ਰਭੂ!) ਤੂੰ ਆਪ ਹੀ ਇਹ ਸ੍ਰਿਸ਼ਟੀ ਰਚੀ ਹੈ ਅਤੇ ਤੂੰ ਆਪ ਹੀ ਇਸ ਵਿਚ (ਜਿੰਦ ਰੂਪ) ਸੱਤਿਆ ਪਾਈ ਹੈ।

ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ ਸਾਰੀਐ ॥

ਚੰਗੇ ਮੰਦੇ ਜੀਵਾਂ ਨੂੰ ਪੈਦਾ ਕਰ ਕੇ, ਆਪਣੇ ਪੈਦਾ ਕੀਤੇ ਹੋਇਆਂ ਦੀ ਤੂੰ ਆਪ ਹੀ ਸੰਭਾਲ ਕਰ ਰਿਹਾ ਹੈਂ।

ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥

ਜੋ ਸੰਸਾਰ ਤੇ ਜਨਮ ਲੈ ਕੇ ਆਇਆ ਹੈ, ਉਸ ਦੀ ਮੌਤ ਵੀ ਅਵੱਸ਼ ਹੋਵੇਗੀ। ਇਹ ਮਤ ਦੀ ਵਾਰੀ ਸਭ ਨੂੰ ਆਉਣ ਵਾਲੀ ਹੈ।

ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬੁ ਮਨਹੁ ਵਿਸਾਰੀਐ ॥

ਜਿਸ ਪ੍ਰਭੂ ਦੇ ਦਿੱਤੇ ਹੋਏ ਇਹ ਜਿੰਦ ਤੇ ਪ੍ਰਾਣ ਹਨ, ਉਸ ਮਾਲਕ ਨੂੰ ਮਨ ਤੋਂ ਕਦੇ ਭੁਲਾਣਾ ਨਹੀਂ ਚਾਹੀਦਾ।

ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥

(ਜਿਤਨਾ ਚਿਰ ਇਹ ਜਿੰਦ ਤੇ ਪ੍ਰਾਣ ਮਿਲੇ ਹੋਏ ਹਨ, ਉੱਦਮ ਕਰ ਕੇ) ਆਪਣੇ ਹੱਥਾਂ ਨਾਲ ਆਪਣਾ ਕੰਮ ਆਪ ਹੀ ਸੁਆਰਨਾ ਚਾਹੀਦਾ ਹੈ (ਭਾਵ, ਇਹ ਮਨੁੱਖਾ-ਜਨਮ ਹਰੀ ਦੇ ਸਿਮਰਨ ਨਾਲ ਸਫਲ ਕਰਨਾ ਚਾਹੀਦਾ ਹੈ) ॥੨੦॥


ਸਲੋਕੁ ਮਹਲਾ ੨ ॥
ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥

(ਜੇ ਕੋਈ ਪ੍ਰੇਮੀ ਜੀਊੜਾ ਆਪਣੇ ਪਿਆਰੇ ਤੋਂ ਬਿਨਾ) ਕਿਸੇ ਹੋਰ ਵਿਚ (ਭੀ) ਚਿੱਤ ਜੋੜ ਲਏ, ਤਾਂ ਉਸ ਦੇ ਇਸ਼ਕ ਨੂੰ ਸੱਚਾ ਇਸ਼ਕ ਨਹੀਂ ਆਖਿਆ ਜਾ ਸਕਦਾ।

ਨਾਨਕ ਆਸਕੁ ਕਾਂਢੀਐ ਸਦ ਹੀ ਰਹੈ ਸਮਾਇ ॥

ਹੇ ਨਾਨਕ! ਉਹੀ ਮਨੁੱਖ ਸੱਚਾ ਆਸ਼ਕ ਕਿਹਾ ਜਾ ਸਕਦਾ ਹੈ ਜੋ ਹਰ ਵੇਲੇ (ਆਪਣੇ ਹੀ ਪ੍ਰੀਤਮ ਦੀ ਯਾਦ ਵਿਚ) ਡੁੱਬਾ ਰਹੇ।

ਚੰਗੈ ਚੰਗਾ ਕਰਿ ਮੰਨੇ ਮੰਦੈ ਮੰਦਾ ਹੋਇ ॥

(ਆਪਣੇ ਪਿਆਰੇ ਵਲੋਂ ਹੋਏ ਕਿਸੇ) ਚੰਗੇ (ਕੰਮ) ਨੂੰ ਤੱਕ ਕੇ ਆਖੇ ਕਿ ਇਹ ਚੰਗਾ ਕੰਮ ਹੈ, ਪਰ ਮਾੜੇ ਕੰਮ ਨੂੰ ਵੇਖ ਕੇ ਆਖੇ ਕਿ ਇਹ ਮਾੜਾ ਕੰਮ ਹੈ (ਭਾਵ, ਆਪਣੇ ਵਲੋਂ ਆਏ ਕਿਸੇ ਸੁਖ ਨੂੰ ਤਾਂ ਹੱਸ ਕੇ ਕਬੂਲ ਕਰੇ, ਪਰ ਦੁੱਖ ਨੂੰ ਵੇਖ ਕੇ ਘਾਬਰ ਜਾਏ),

ਆਸਕੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥

ਉਹ ਮਨੁੱਖ ਭੀ, ਹੇ ਨਾਨਕ! ਸੱਚਾ ਆਸ਼ਕ ਨਹੀਂ ਕਿਹਾ ਜਾ ਸਕਦਾ, ਕਿਉਂਕਿ ਉਹ ਲੇਖੇ ਗਿਣ ਗਿਣ ਕੇ ਪਿਆਰ ਦੀ ਸਾਂਝ ਬਣਾਂਦਾ ਹੈ ॥੧॥


ਮਹਲਾ ੨ ॥
ਸਲਾਮੁ ਜਬਾਬੁ ਦੋਵੈ ਕਰੇ ਮੁੰਢਹੁ ਘੁਥਾ ਜਾਇ ॥

(ਜੋ ਮਨੁੱਖ ਆਪਣੇ ਮਾਲਕ ਪ੍ਰਭੂ ਦੇ ਹੁਕਮ ਅੱਗੇ ਕਦੇ ਤਾਂ) ਸਿਰ ਨਿਵਾਂਦਾ ਹੈ, ਅਤੇ ਕਦੇ (ਉਸ ਦੇ ਕੀਤੇ ਉੱਤੇ) ਇਤਰਾਜ਼ ਕਰਦਾ ਹੈ, ਉਹ (ਮਾਲਕ ਦੀ ਰਜ਼ਾ ਦੇ ਰਾਹ ਉੱਤੇ ਤੁਰਨ ਤੋਂ) ਉੱਕਾ ਹੀ ਖੁੰਝਿਆ ਜਾ ਰਿਹਾ ਹੈ।

ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥

ਹੇ ਨਾਨਕ! ਸਿਰ ਨਿਵਾਣਾ ਅਤੇ ਇਤਰਾਜ਼ ਕਰਨਾ-ਦੋਵੇਂ ਹੀ ਝੂਠੇ ਹਨ, ਇਹਨਾਂ ਦੋਹਾਂ ਵਿਚੋਂ ਕੋਈ ਗੱਲ ਭੀ (ਮਾਲਕ ਦੇ ਦਰ ਤੇ) ਕਬੂਲ ਨਹੀਂ ਹੁੰਦੀ ॥੨॥


ਪਉੜੀ ॥
ਜਿਤੁ ਸੇਵਿਐ ਸੁਖੁ ਪਾਈਐ ਸੋ ਸਾਹਿਬੁ ਸਦਾ ਸਮ੍ਰਾਲੀਐ ॥

ਜਿਸ ਮਾਲਕ ਦਾ ਸਿਮਰਨ ਕੀਤਿਆਂ ਸੁਖ ਮਿਲਦਾ ਹੈ, ਉਸ ਮਾਲਕ ਨੂੰ ਸਦਾ ਯਾਦ ਰੱਖਣਾ ਚਾਹੀਦਾ ਹੈ।

ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥

ਜਦੋਂ ਮਨੁੱਖ ਨੇ ਆਪਣੇ ਕੀਤੇ ਦਾ ਫਲ ਆਪ ਭੋਗਣਾ ਹੈ ਤਾਂ ਫੇਰ ਕੋਈ ਮਾੜੀ ਕਮਾਈ ਨਹੀਂ ਕਰਨੀ ਚਾਹੀਦੀ (ਜਿਸ ਦਾ ਮਾੜਾ ਫਲ ਭੋਗਣਾ ਪਏ)।

ਮੰਦਾ ਮੂਲਿ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥

ਮਾੜਾ ਕੰਮ ਭੁੱਲ ਕੇ ਭੀ ਨਾ ਕਰੀਏ, ਡੂੰਘੀ (ਵਿਚਾਰ ਵਾਲੀ) ਨਜ਼ਰ ਮਾਰ ਕੇ ਤੱਕ ਲਈਏ (ਕਿ ਇਸ ਮਾੜੇ ਕੰਮ ਦਾ ਸਿੱਟਾ ਕੀਹ ਨਿਕਲੇਗਾ)।

ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥

ਕੋਈ ਇਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ, ਜਿਸ ਕਰਕੇ (ਪ੍ਰਭੂ) ਖਸਮ ਨਾਲੋਂ (ਪ੍ਰੀਤ) ਨਾ ਟੁੱਟ ਜਾਏ।

ਕਿਛੁ ਲਾਹੇ ਉਪਰਿ ਘਾਲੀਐ ॥੨੧॥

(ਮਨੁੱਖਾ-ਜਨਮ ਪਾ ਕੇ) ਕੋਈ ਨਫ਼ੇ ਵਾਲੀ ਘਾਲ ਕਮਾਈ ਕਰਨੀ ਚਾਹੀਦੀ ਹੈ ॥੨੧॥


ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥

ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ,

ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥

ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ।

ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥

ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ,

ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥

ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ ॥੧॥


ਮਹਲਾ ੨ ॥
ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥

ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ।

ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥

ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ ॥੨॥


ਮਹਲਾ ੨ ॥
ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥

ਕੋਈ ਭੀ ਮਨੁੱਖ ਪਰਖ ਕੇ ਵੇਖ ਲਏ, ਕਿਸੇ ਅੰਞਾਣ ਨਾਲ ਲਾਈ ਹੋਈ ਮਿੱਤਰਤਾ ਕਦੇ ਸਿਰੇ ਨਹੀਂ ਚੜ੍ਹਦੀ,

ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥

ਕਿਉਂਕਿ ਉਸ ਅੰਞਾਣ ਦਾ ਰਵੱਈਆ ਉਹੋ ਜਿਹਾ ਹੀ ਰਹਿੰਦਾ ਹੈ ਜਿਹੋ ਜਹੀ ਉਸ ਦੀ ਸਮਝ ਹੁੰਦੀ ਹੈ; (ਇਸੇ ਤਰ੍ਹਾਂ ਇਸ ਮੂਰਖ ਮਨ ਦੇ ਆਖੇ ਲੱਗਿਆਂ ਕਦੇ ਲਾਭ ਨਹੀਂ ਹੁੰਦਾ, ਇਹ ਮਨ ਆਪਣੀ ਸਮਝ ਅਨੁਸਾਰ ਵਿਕਾਰਾਂ ਵਲ ਹੀ ਲਈ ਫਿਰਦਾ ਹੈ)।

ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥

ਕਿਸੇ ਇਕ ਚੀਜ਼ ਵਿਚ ਕੋਈ ਹੋਰ ਚੀਜ਼ ਤਾਂ ਹੀ ਪੈ ਸਕਦੀ ਹੈ, ਜੇ ਉਸ ਵਿਚੋਂ ਪਹਿਲੀ ਪਈ ਹੋਈ ਚੀਜ਼ ਕੱਢ ਲਈ ਜਾਏ; (ਇਸੇ ਤਰ੍ਹਾਂ ਇਸ ਮਨ ਨੂੰ ਪ੍ਰਭੂ ਵਲ ਜੋੜਨ ਲਈ ਇਹ ਜ਼ਰੂਰੀ ਹੈ ਕਿ ਇਸ ਦਾ ਪਹਿਲਾ ਸੁਭਾਉ ਤਬਦੀਲ ਕੀਤਾ ਜਾਏ)।

ਸਾਹਿਬ ਸੇਤੀ ਹੁਕਮੁ ਨ ਚਲੈ ਕਹੀ ਬਣੈ ਅਰਦਾਸਿ ॥

ਖਸਮ ਨਾਲ ਹੁਕਮ ਕੀਤਾ ਹੋਇਆ ਕਾਮਯਾਬ ਨਹੀਂ ਹੋ ਸਕਦਾ, ਉਸ ਦੇ ਅੱਗੇ ਤਾਂ ਨਿਮ੍ਰਤਾ ਹੀ ਫਬਦੀ ਹੈ।

ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥

ਹੇ ਨਾਨਕ! ਧੋਖੇ ਦਾ ਕੰਮ ਕੀਤਿਆਂ ਧੋਖਾ ਹੀ ਹੁੰਦਾ ਹੈ, (ਭਾਵ, ਜਿਤਨਾ ਚਿਰ ਮਨੁੱਖ ਦੁਨੀਆ ਦੇ ਧੰਦਿਆਂ ਵਿਚ ਲੱਗਾ ਰਹਿੰਦਾ ਹੈ, ਉਤਨਾ ਚਿਰ ਚਿੰਤਾ ਵਿਚ ਹੀ ਫਸਿਆ ਰਹਿੰਦਾ ਹੈ, ਮਨ) ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਹੀ ਖਿੜਾਉ ਵਿਚ ਆਉਂਦਾ ਹੈ ॥੩॥

1
2
3
4
5
6
7
8
9
10
11
12