ਰਾਗ ਸੋਰਠਿ – ਬਾਣੀ ਸ਼ਬਦ-Part 4 – Raag Sorath – Bani

ਰਾਗ ਸੋਰਠਿ – ਬਾਣੀ ਸ਼ਬਦ-Part 4 – Raag Sorath – Bani

ਸੋਰਠਿ ਮਹਲਾ ੯ ॥
ਮਨ ਰੇ ਕਉਨੁ ਕੁਮਤਿ ਤੈ ਲੀਨੀ ॥

ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ?

ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥

ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ ॥੧॥ ਰਹਾਉ ॥

ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ।

ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥

(ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ ॥੧॥

ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥

ਹੇ ਭਾਈ! (ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ।

ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥

ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ ॥੨॥

ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ।

ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥

ਹੇ ਨਾਨਕ! (ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ ॥੩॥੩॥


ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ।

ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥

ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ,

ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥

ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ।

ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥

ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥

ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥

ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ।

ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਨਾਨਕ ਆਖਦਾ ਹੈ-(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥


ਸੋਰਠਿ ਮਹਲਾ ੯ ॥
ਪ੍ਰਾਨੀ ਕਉਨੁ ਉਪਾਉ ਕਰੈ ॥

(ਹੇ ਭਾਈ! ਦੱਸ,) ਮਨੁੱਖ ਉਹ ਕੇਹੜਾ ਹੀਲਾ ਕਰੇ,

ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥

ਜਿਸ ਨਾਲ ਪਰਮਾਤਮਾ ਦੀ ਭਗਤੀ ਪ੍ਰਾਪਤ ਕਰ ਸਕੇ; ਅਤੇ ਜਮ ਦਾ ਡਰ ਦੂਰ ਕਰ ਸਕੇ ॥੧॥ ਰਹਾਉ ॥

ਕਉਨੁ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥

(ਹੇ ਭਾਈ!) ਦੱਸ, ਉਹ ਕੇਹੜੇ (ਧਾਰਮਿਕ) ਕਰਮ ਹਨ, ਉਹ ਕਿਹੋ ਜਿਹੀ ਵਿੱਦਿਆ ਹੈ, ਉਹ ਕੇਹੜਾ ਧਰਮ ਹੈ (ਜੇਹੜਾ ਮਨੁੱਖ) ਕਰੇ;

ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵ ਸਾਗਰ ਕਉ ਤਰਈ ॥੧॥

ਉਹ ਕੇਹੜਾ ਗੁਰੂ ਦਾ (ਦੱਸਿਆ) ਨਾਮ ਹੈ ਜਿਸ ਦਾ ਸਿਮਰਨ ਕਰਨ ਨਾਲ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਦਾ ਹੈ ॥੧॥

ਕਲ ਮੈ ਏਕੁ ਨਾਮੁ ਕਿਰਪਾ ਨਿਧਿ ਜਾਹਿ ਜਪੈ ਗਤਿ ਪਾਵੈ ॥

(ਹੇ ਭਾਈ!) ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਹੀ ਜਗਤ ਵਿਚ ਹੈ ਜਿਸ ਨੂੰ (ਜੇਹੜਾ ਮਨੁੱਖ) ਜਪਦਾ ਹੈ (ਉਹ) ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ।

ਅਉਰ ਧਰਮ ਤਾ ਕੈ ਸਮ ਨਾਹਨਿ ਇਹ ਬਿਧਿ ਬੇਦੁ ਬਤਾਵੈ ॥੨॥

ਹੋਰ ਕਿਸੇ ਤਰ੍ਹਾਂ ਦੇ ਭੀ ਕੋਈ ਕਰਮ ਉਸ (ਨਾਮ) ਦੇ ਬਰਾਬਰ ਨਹੀਂ ਹਨ-ਬੇਦ (ਭੀ) ਇਹ ਜੁਗਤਿ ਦੱਸਦਾ ਹੈ ॥੨॥

ਸੁਖੁ ਦੁਖੁ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥

(ਹੇ ਭਾਈ!) ਜਿਸ ਨੂੰ (ਜਗਤ) ਧਰਤੀ ਦਾ ਖਸਮ ਆਖਦਾ ਹੈ ਉਹ ਸੁਖਾਂ ਦੁੱਖਾਂ ਤੋਂ ਵੱਖਰਾ ਰਹਿੰਦਾ ਹੈ, ਉਹ ਸਦਾ (ਮਾਇਆ ਤੋਂ) ਨਿਰਲੇਪ ਰਹਿੰਦਾ ਹੈ।

ਸੋ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨਿ ਨਿਆਈ ॥੩॥੫॥

ਹੇ ਨਾਨਕ! (ਆਖ-ਉਹ ਤੇਰੇ ਅੰਦਰ ਭੀ ਇਕ-ਰਸ ਵੱਸ ਰਿਹਾ ਹੈ, ਜਿਵੇਂ ਸ਼ੀਸ਼ੇ (ਵਿਚ ਅਕਸ ਵੱਸਦਾ ਹੈ। ਉਸ ਦਾ ਸਦਾ ਸਿਮਰਨ ਕਰਨਾ ਚਾਹੀਦਾ ਹੈ) ॥੩॥੫॥


ਸੋਰਠਿ ਮਹਲਾ ੯ ॥
ਮਾਈ ਮੈ ਕਿਹਿ ਬਿਧਿ ਲਖਉ ਗੁਸਾਈ ॥

ਹੇ ਮਾਂ! ਧਰਤੀ ਦੇ ਖਸਮ-ਪ੍ਰਭੂ ਨੂੰ ਮੈਂ ਕਿਸ ਤਰ੍ਹਾਂ ਪਛਾਣਾਂ?

ਮਹਾ ਮੋਹ ਅਗਿਆਨਿ ਤਿਮਰਿ ਮੋ ਮਨੁ ਰਹਿਓ ਉਰਝਾਈ ॥੧॥ ਰਹਾਉ ॥

ਮੇਰਾ ਮਨ (ਤਾਂ) ਵੱਡੇ ਮੋਹ ਦੀ ਅਗਿਆਨਤਾ ਵਿਚ, ਮੋਹ ਦੇ ਹਨੇਰੇ ਵਿਚ (ਸਦਾ) ਫਸਿਆ ਰਹਿੰਦਾ ॥੧॥ ਰਹਾਉ ॥

ਸਗਲ ਜਨਮ ਭਰਮ ਹੀ ਭਰਮ ਖੋਇਓ ਨਹ ਅਸਥਿਰੁ ਮਤਿ ਪਾਈ ॥

(ਹੇ ਮਾਂ! ਮੈਂ ਆਪਣਾ) ਸਾਰਾ ਜਨਮ ਭਟਕਣਾ ਵਿਚ ਹੀ ਗਵਾ ਲਿਆ ਹੈ। (ਅਜੇ ਤਕ ਅਜੇਹੀ) ਮਤਿ ਨਹੀਂ ਹਾਸਲ ਕੀਤੀ (ਜੋ ਮੈਨੂੰ) ਅਡੋਲ ਰੱਖ ਸਕੇ।

ਬਿਖਿਆਸਕਤ ਰਹਿਓ ਨਿਸ ਬਾਸੁਰ ਨਹ ਛੂਟੀ ਅਧਮਾਈ ॥੧॥

ਦਿਨ ਰਾਤ ਮੈਂ ਮਾਇਆ ਵਿਚ ਹੀ ਲੰਪਟ ਰਹਿੰਦਾ ਹਾਂ। ਮੇਰੀ ਇਹ ਨੀਚਤਾ ਮੁੱਕਣ ਵਿਚ ਨਹੀਂ ਆਉਂਦੀ ॥੧॥

ਸਾਧਸੰਗੁ ਕਬਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥

ਹੇ ਮਾਂ! ਮੈਂ ਕਦੇ ਗੁਰਮੁਖਾਂ ਦੀ ਸੰਗਤਿ ਨਹੀਂ ਕੀਤੀ, ਮੈਂ ਕਦੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਨਹੀਂ ਗਾਇਆ।

ਜਨ ਨਾਨਕ ਮੈ ਨਾਹਿ ਕੋਊ ਗੁਨੁ ਰਾਖਿ ਲੇਹੁ ਸਰਨਾਈ ॥੨॥੬॥

ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਮੇਰੇ ਅੰਦਰ ਕੋਈ ਗੁਣ ਨਹੀਂ ਹੈ। ਮੈਨੂੰ ਆਪਣੀ ਸ਼ਰਨ ਵਿਚ ਰੱਖ ॥੨॥੬॥


ਸੋਰਠਿ ਮਹਲਾ ੯ ॥
ਮਾਈ ਮਨੁ ਮੇਰੋ ਬਸਿ ਨਾਹਿ ॥

ਹੇ ਮਾਂ! ਮੇਰਾ ਮਨ ਮੇਰੇ ਕਾਬੂ ਵਿਚ ਨਹੀਂ।

ਨਿਸ ਬਾਸੁਰ ਬਿਖਿਅਨ ਕਉ ਧਾਵਤ ਕਿਹਿ ਬਿਧਿ ਰੋਕਉ ਤਾਹਿ ॥੧॥ ਰਹਾਉ ॥

ਰਾਤ ਦਿਨ ਪਦਾਰਥਾਂ ਦੀ ਖ਼ਾਤਰ ਦੌੜਦਾ ਫਿਰਦਾ ਹੈ। ਮੈਂ ਇਸ ਨੂੰ ਕਿਸ ਤਰੀਕੇ ਨਾਲ ਰੋਕਾਂ? ॥੧॥ ਰਹਾਉ ॥

ਬੇਦ ਪੁਰਾਨ ਸਿਮ੍ਰਿਤਿ ਕੇ ਮਤ ਸੁਨਿ ਨਿਮਖ ਨ ਹੀਏ ਬਸਾਵੈ ॥

ਇਹ ਜੀਵ ਵੇਦਾਂ ਪੁਰਾਣਾਂ ਸਿੰਮ੍ਰਿਤੀਆਂ ਦਾ ਉਪਦੇਸ਼ ਸੁਣ ਕੇ (ਭੀ) ਰਤਾ ਭਰ ਸਮੇ ਲਈ ਭੀ (ਉਸ ਉਪਦੇਸ਼ ਨੂੰ ਆਪਣੇ) ਹਿਰਦੇ ਵਿਚ ਨਹੀਂ ਵਸਾਂਦਾ।

ਪਰ ਧਨ ਪਰ ਦਾਰਾ ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥੧॥

ਪਰਾਏ ਧਨ, ਪਰਾਈ ਇਸਤ੍ਰੀ ਦੇ ਮੋਹ ਵਿਚ ਮਸਤ ਰਹਿੰਦਾ ਹੈ, (ਇਸ ਤਰ੍ਹਾਂ ਆਪਣਾ) ਜਨਮ ਵਿਅਰਥ ਗੁਜ਼ਾਰਦਾ ਹੈ ॥੧॥

ਮਦਿ ਮਾਇਆ ਕੈ ਭਇਓ ਬਾਵਰੋ ਸੂਝਤ ਨਹ ਕਛੁ ਗਿਆਨਾ ॥

ਜੀਵ ਮਾਇਆ ਦੇ ਨਸ਼ੇ ਵਿਚ ਝੱਲਾ ਹੋ ਰਿਹਾ ਹੈ, ਆਤਮਕ ਜੀਵਨ ਬਾਰੇ ਇਸ ਨੂੰ ਕੋਈ ਸੂਝ ਨਹੀਂ ਪੈਂਦੀ।

ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ ਮਰਮੁ ਨ ਜਾਨਾ ॥੨॥

ਮਾਇਆ ਤੋਂ ਨਿਰਲੇਪ ਪ੍ਰਭੂ ਇਸ ਦੇ ਹਿਰਦੇ ਵਿਚ ਹੀ ਵੱਸਦਾ ਹੈ, ਪਰ ਉਸ ਦਾ ਭੇਦ ਇਹ ਜੀਵ ਨਹੀਂ ਸਮਝਦਾ ॥੨॥

ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ ਸਗਲ ਬਿਨਾਸੀ ॥

ਜਦੋਂ ਜੀਵ ਗੁਰੂ ਦੀ ਸ਼ਰਨ ਪੈਂਦਾ ਹੈ, ਤਦੋਂ ਇਸ ਦੀ ਸਾਰੀ ਕੋਝੀ ਮਤਿ ਨਾਸ ਹੋ ਜਾਂਦੀ ਹੈ।

ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥੩॥੭॥

ਤਦੋਂ, ਹੇ ਨਾਨਕ! ਇਹ ਸਾਰੀਆਂ ਮਨੋ-ਕਾਮਨਾ ਪੂਰੀਆਂ ਕਰਨ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ; ਤੇ, ਇਸ ਦੀ ਜਮ ਦੀ ਫਾਹੀ (ਭੀ) ਕੱਟੀ ਜਾਂਦੀ ਹੈ ॥੩॥੭॥


ਸੋਰਠਿ ਮਹਲਾ ੯ ॥
ਰੇ ਨਰ ਇਹ ਸਾਚੀ ਜੀਅ ਧਾਰਿ ॥

ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ,

ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥

(ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥

ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥

ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ।

ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥

ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ॥੧॥

ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥

ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ।

ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥

ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ॥੨॥੮॥


ਸੋਰਠਿ ਮਹਲਾ ੯ ॥
ਇਹ ਜਗਿ ਮੀਤੁ ਨ ਦੇਖਿਓ ਕੋਈ ॥

ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।

ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥

ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥

ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥

ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ।

ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥

ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥

ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ।

ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥

(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥

ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥

ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ।

ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਹੇ ਨਾਨਕ! (ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥


ਸੋਰਠਿ ਮਹਲਾ ੯ ॥
ਮਨ ਰੇ ਗਹਿਓ ਨ ਗੁਰ ਉਪਦੇਸੁ ॥

ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ।

ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥

(ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ॥੧॥ ਰਹਾਉ ॥

ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥

(ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ,

ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥

(ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ॥੧॥

ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥

ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ।

ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥

ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ॥੨॥

ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥

(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ।

ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥

ਨਾਨਕ ਆਖਦਾ ਹੈ- ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ। ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ॥੩॥੧੦॥


ਸੋਰਠਿ ਮਹਲਾ ੯ ॥
ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥

ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ,

ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥

ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥

ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥

ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ;

ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥

ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥

ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥

ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ,

ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥

ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥

(ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ।

ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥

ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥


ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥

ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ,

ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

(ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ॥੧॥ ਰਹਾਉ ॥

ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥

ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ।

ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

(ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ॥੧॥

ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥

ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ,

ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥

ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ॥੨॥

ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥

(ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ,

ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥

ਪਰ, ਹੇ ਨਾਨਕ! (ਆਖ-) ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ॥੩॥੧੨॥੧੩੯॥


ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਚਾਰ-ਤੁਕੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ ਪੂਜਉ ਮੜੈ ਮਸਾਣਿ ਨ ਜਾਈ ॥

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ।

ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ ਨਾਮਿ ਬੁਝਾਈ ॥

ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ।

ਘਰ ਭੀਤਰਿ ਘਰੁ ਗੁਰੂ ਦਿਖਾਇਆ ਸਹਜਿ ਰਤੇ ਮਨ ਭਾਈ ॥

ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥

ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥

ਮਨੁ ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥

ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ।

ਅੰਤਰਿ ਜੋਤਿ ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥

ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥

ਅਸੰਖ ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ ॥

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ,

ਹਿਰਦੈ ਸਬਦਿ ਸਦਾ ਭੈ ਰਚਿਆ ਗੁਰ ਕੀ ਕਾਰ ਕਮਾਵੈ ॥

ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ।

ਏਕੋ ਚੇਤੈ ਮਨੂਆ ਨ ਡੋਲੈ ਧਾਵਤੁ ਵਰਜਿ ਰਹਾਵੈ ॥

ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ।

ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥੨॥

ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥

ਮਨੂਆ ਪਉਣੁ ਬਿੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥

ਹੇ ਭਾਈ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)।

ਜਿਹਬਾ ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੂਝੀ ਤੁਝਹਿ ਬੁਝਾਈ ॥

ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ।

ਆਸ ਨਿਰਾਸ ਰਹੈ ਬੈਰਾਗੀ ਨਿਜ ਘਰਿ ਤਾੜੀ ਲਾਈ ॥

ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ।

ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥

ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ ॥੩॥

ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ ਰਾਈ ॥

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ।

ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥

(ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ।

ਮਨਮੁਖਿ ਜੰਤ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ।

ਅਪਰ ਅਪਾਰ ਅਗੰਮ ਅਗੋਚਰ ਕਹਣੈ ਕੀਮ ਨ ਪਾਈ ॥੪॥

ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ॥੪॥

ਸੁੰਨ ਸਮਾਧਿ ਮਹਾ ਪਰਮਾਰਥੁ ਤੀਨਿ ਭਵਣ ਪਤਿ ਨਾਮੰ ॥

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ।

ਮਸਤਕਿ ਲੇਖੁ ਜੀਆ ਜਗਿ ਜੋਨੀ ਸਿਰਿ ਸਿਰਿ ਲੇਖੁ ਸਹਾਮੰ ॥

ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ।

ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ ॥

ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ।

ਮਨਿ ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥੫॥

ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ ॥੫॥

ਜਿਨ ਚਾਖਿਆ ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥

ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ)।

ਅਕਥੈ ਕਾ ਕਿਆ ਕਥੀਐ ਭਾਈ ਚਾਲਉ ਸਦਾ ਰਜਾਈ ॥

ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ।

ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਰੇ ਮਤਿ ਨ ਕਾਈ ॥

(ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ।

ਜਿਉ ਚਲਾਏ ਤਿਉ ਚਾਲਹ ਭਾਈ ਹੋਰ ਕਿਆ ਕੋ ਕਰੇ ਚਤੁਰਾਈ ॥੬॥

ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ ॥੬॥

ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ ਅਪਾਰਾ ॥

ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ।

ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ ॥

ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ।

ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥

(ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ।

ਸਤਿਗੁਰਿ ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥੭॥

ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ ॥੭॥

ਗਗਨੰਤਰਿ ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥

ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)।

ਨਾਮੁ ਮਨਿ ਭਾਵੈ ਕਹੈ ਕਹਾਵੈ ਤਤੋ ਤਤੁ ਵਖਾਨੰ ॥

ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤ-ਸਾਲਾਹ ਕਰਦਾ ਹੈ।

ਸਬਦੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਰਾਨੰ ॥

ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ।

ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ ਮਨੁ ਮਾਨੰ ॥੮॥੧॥

ਹੇ ਨਾਨਕ! ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ ॥੮॥੧॥


ਸੋਰਠਿ ਮਹਲਾ ੧ ਤਿਤੁਕੀ ॥
ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥

ਹੇ ਭਾਈ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, (ਇਹ ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਦਨ ਪੈਦਾ ਕਰਨ ਵਾਲੇ ਹਨ।

ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥

ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤੇ ਮਰਦਾ ਹੈ।

ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥

ਹੇ ਭਾਈ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ ਹੋਏ) ਕਰਮ ਵਿਅਰਥ ਹੀ ਜਾਂਦੇ ਹਨ ॥੧॥

ਸੁਣਿ ਪੰਡਿਤ ਕਰਮਾ ਕਾਰੀ ॥

(ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੇ ਪੰਡਿਤ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ)।

ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥

ਹੇ ਭਾਈ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) ਰਹਾਉ॥

ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥

ਹੇ ਪੰਡਿਤ ਜੀ! ਤੁਸੀ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਖੋਲ੍ਹ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ।

ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥

ਹੇ ਪੰਡਿਤ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ।

ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥

ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ॥੨॥

ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥

ਹੇ ਭਾਈ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਖ਼ੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ।

ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥

ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ।

ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥

ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ॥੩॥

ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥

ਹੇ ਪੰਡਿਤ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਡੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ।

ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥

(ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ।

ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥

ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ।

ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥

(ਮਾਇਆ ਦੀ ਖ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ॥੪॥

ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥

ਹੇ ਪੰਡਿਤ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ। ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ।

ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਖ਼ੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ॥੫॥

ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥

ਹੇ ਭਾਈ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ)।

ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥

(ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ।

ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥

ਹੇ ਭਾਈ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ ॥੬॥

ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥

ਹੇ ਪੰਡਿਤ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ। ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ।

ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥

ਹੇ ਭਾਈ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ।

ਗੁਰੁ ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥੭॥

(ਮਾਇਆ ਵਿਚ ਮਸਤ ਮਨ-ਹਾਥੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੁੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦ੍ਰਿੜ੍ਹ ਕਰਾਇਆ ਹੈ। (ਗੁਰੂ ਦੀ ਮੇਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ ॥੭॥

ਇਹੁ ਤਨੁ ਹਾਟੁ ਸਰਾਫ ਕੋ ਭਾਈ ਵਖਰੁ ਨਾਮੁ ਅਪਾਰੁ ॥

ਹੇ ਭਾਈ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ਼ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ।

ਇਹੁ ਵਖਰੁ ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥

ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦ੍ਰਿੜ੍ਹਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ।

ਧਨੁ ਵਾਪਾਰੀ ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥੮॥੨॥

ਹੇ ਨਾਨਕ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ ॥੮॥੨॥


ਸੋਰਠਿ ਮਹਲਾ ੧ ॥
ਜਿਨ੍ਰੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਰ ਕੇ ਸਾਥ ਤਰੇ ॥

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ।

ਤਿਨ੍ਰਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥

ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ।

ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥

ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥

ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥

ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ।

ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥

(ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ॥੧॥ ਰਹਾਉ ॥

ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥

ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ।

ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥

ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ।

ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥

ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ॥੨॥

ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ।

ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥

(ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ।

ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥

ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ। ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ॥੩॥

ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥

ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)।

ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥

ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ।

ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥

(ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ॥੪॥

ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥

ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ।

ਹੁਕਮੇ ਬੰਨਿ੍  ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥

ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)।

ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥

ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ॥੫॥

ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥

ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਵੈਤ ਹੈ।

ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥

ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ।

ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ॥੬॥

ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥

ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ)।

ਜਿਨ੍ਰੀ ਸੋ ਸਾਲਾਹਿਆ ਪਿਆਰੇ ਹਉ ਤਿਨ੍ਰ ਬਲਿਹਾਰੈ ਜਾਉ ॥

ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ ਹੈ।

ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥

(ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ॥੭॥

ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥

ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ,

ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥

ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ।

ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ ॥੮॥੩॥

ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ॥੮॥੩॥


ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥
ਤੂ ਗੁਣਦਾਤੌ ਨਿਰਮਲੋ ਭਾਈ ਨਿਰਮਲੁ ਨਾ ਮਨੁ ਹੋਇ ॥

ਹੇ ਪ੍ਰਭੂ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-ਸਰੂਪ ਹੈਂ। (ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ।

ਹਮ ਅਪਰਾਧੀ ਨਿਰਗੁਣੇ ਭਾਈ ਤੁਝ ਹੀ ਤੇ ਗੁਣੁ ਸੋਇ ॥੧॥

ਅਸੀਂ ਪਾਪੀ ਹਾਂ, ਗੁਣ-ਹੀਣ ਹਾਂ। ਹੇ ਪ੍ਰਭੂ! (ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ ਸਕਦਾ ਹੈ ॥੧॥

ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥

ਹੇ ਮੇਰੇ ਪ੍ਰੀਤਮ ਪ੍ਰਭੂ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ)।

ਹਉ ਪਾਪੀ ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥

ਮੈਂ ਪਾਪੀ ਹਾਂ, ਪਖੰਡੀ ਹਾਂ। ਹੇ ਪਿਆਰੇ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ਰਹਾਉ॥

ਬਿਖੁ ਮਾਇਆ ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥

ਹੇ ਪ੍ਰਭੂ! (ਜੀਵ ਦਾ) ਚਿੱਤ ਆਤਮਕ ਮੌਤ ਲਿਆਉਣ ਵਾਲੀ ਮਾਇਆ ਵਿਚ ਮੋਹਿਆ ਰਹਿੰਦਾ ਹੈ (ਮਾਇਆ ਰੁਚੀ ਵਾਲੀ) ਸਿਆਣਪ ਨਾਲ ਆਪਣੀ ਇੱਜ਼ਤ ਗਵਾ ਲੈਂਦਾ ਹੈ।

ਚਿਤ ਮਹਿ ਠਾਕੁਰੁ ਸਚਿ ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥੨॥

ਪਰ ਜੇ ਗੁਰੂ ਦਾ (ਦਿੱਤਾ) ਗਿਆਨ ਜੀਵ (ਦੇ ਮਨ ਵਿਚ) ਟਿਕ ਜਾਏ ਤਾਂ ਇਸ ਦੇ ਚਿੱਤ ਵਿਚ ਠਾਕੁਰ ਵੱਸ ਪੈਂਦਾ ਹੈ, ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ॥੨॥

ਰੂੜੌ ਰੂੜੌ ਆਖੀਐ ਭਾਈ ਰੂੜੌ ਲਾਲ ਚਲੂਲੁ ॥

ਹੇ ਭਾਈ! ਪਰਮਾਤਮਾ ਸੁੰਦਰ-ਸਰੂਪ ਹੈ, ਉਸ ਨੂੰ (ਮਾਨੋ ਪਿਆਰ ਦਾ) ਗੂੜ੍ਹਾ ਲਾਲ ਰੰਗ ਚੜ੍ਹਿਆ ਰਹਿੰਦਾ ਹੈ, ਉਸ ਸੁੰਦਰ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ।

ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ ਸਾਚੁ ਅਭੂਲੁ ॥੩॥

ਜੇ ਜੀਵ ਦਾ ਮਨ ਉਸ ਪਰਮਾਤਮਾ ਨਾਲ ਪ੍ਰੇਮ ਕਰੇ, ਤਾਂ, ਹੇ ਭਾਈ! ਉਸ ਦੇ ਅੰਦਰ ਉਸ ਦੇ ਹਿਰਦੇ ਵਿਚ ਉਹ ਸਦਾ-ਥਿਰ ਤੇ ਅਭੁੱਲ ਪ੍ਰਭੂ (ਪਰਗਟ ਹੋ ਜਾਂਦਾ ਹੈ) ॥੩॥

ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ ਗਿਆਨੁ ॥

ਹੇ ਪ੍ਰਭੂ! ਪਾਤਾਲਾਂ ਵਿਚ ਆਕਾਸ਼ ਵਿਚ ਹਰ ਥਾਂ (ਤੇ) ਹਰੇਕ ਦੇ ਹਿਰਦੇ ਵਿਚ ਤੂੰ ਮੌਜੂਦ ਹੈਂ, ਆਪਣੇ ਗੁਣਾਂ ਦੀ ਜਾਣ-ਪਛਾਣ (ਗੁਰੂ ਦੀ ਰਾਹੀਂ) ਤੂੰ (ਜੀਵਾਂ ਨੂੰ) ਆਪ ਹੀ ਦੇਂਦਾ ਹੈਂ।

ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥੪॥

ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ਗੁਣਾਂ ਦੀ ਬਰਕਤਿ ਨਾਲ) ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ, ਤੇ ਉਸ ਦੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਂਦਾ ਹੈ ॥੪॥

ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥

ਹੇ ਭਾਈ! ਜੇ ਪਾਣੀ ਨਾਲ ਮਲ ਮਲ ਕੇ ਸਰੀਰ ਨੂੰ ਮਾਂਜੀਏ ਤਾਂ ਭੀ ਸਰੀਰ ਮੈਲਾ ਹੀ ਰਹਿੰਦਾ ਹੈ।

ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥੫॥

ਪਰ ਜੇ ਪਰਮਾਤਮਾ ਦੇ ਗਿਆਨ (-ਰੂਪ ਜਲ ਵਿਚ) ਪਰਮਾਤਮਾ ਦੇ ਨਾਮ (-ਅੰਮ੍ਰਿਤ) ਵਿਚ ਇਸ਼ਨਾਨ ਕਰੀਏ, ਤਾਂ ਮਨ ਭੀ ਪਵਿਤ੍ਰ ਤੇ ਸਰੀਰ ਭੀ ਪਵਿਤ੍ਰ ਹੋ ਜਾਂਦਾ ਹੈ ॥੫॥

ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥

ਹੇ ਭਾਈ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ ਪੂਜਾ ਕਰੀਏ, ਤਾਂ ਇਹ ਕੁਝ ਭੀ ਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ ਮੰਗਦਾ।

ਪਾਹਣੁ ਨੀਰਿ ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥੬॥

ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-ਸਮੁੰਦਰ ਤੋਂ ਤਾਰ ਸਕਦੇ ਹਨ? ॥੬॥

ਗੁਰ ਬਿਨੁ ਅਲਖੁ ਨ ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥

ਪਰਮਾਤਮਾ ਦੀ ਹਸਤੀ ਬਿਆਨ ਤੋਂ ਪਰੇ ਹੈ ਬਿਆਨ ਨਹੀਂ ਕੀਤੀ ਜਾ ਸਕਦੀ। ਹੇ ਭਾਈ! ਗੁਰੂ ਤੋਂ ਬਿਨਾ ਜਗਤ (ਵਿਕਾਰਾਂ ਵਿਚ) ਡੁੱਬਦਾ ਹੈ ਤੇ ਆਪਣੀ ਇੱਜ਼ਤ ਗਵਾਂਦਾ ਹੈ।

ਮੇਰੇ ਠਾਕੁਰ ਹਾਥਿ ਵਡਾਈਆ ਭਾਈ ਜੈ ਭਾਵੈ ਤੈ ਦੇਇ ॥੭॥

(ਪਰ ਜੀਵਾਂ ਦੇ ਕੀਹ ਵੱਸ?) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ ਵਿਚ ਹਨ। ਜੋ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਦੇਂਦਾ ਹੈ ॥੭॥

ਬਈਅਰਿ ਬੋਲੈ ਮੀਠੁਲੀ ਭਾਈ ਸਾਚੁ ਕਹੈ ਪਿਰ ਭਾਇ ॥

ਜੇਹੜੀ ਜੀਵ-ਇਸਤ੍ਰੀ, ਹੇ ਭਾਈ! (ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ) ਮਿੱਠੇ ਬੋਲ ਬੋਲਦੀ ਹੈ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਪਤੀ-ਪ੍ਰਭੂ ਦੇ ਪ੍ਰੇਮ ਵਿਚ (ਮਗਨ ਰਹਿੰਦੀ ਹੈ),

ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ ਨਾਇ ॥੮॥

ਉਹ ਪ੍ਰਭੂ-ਪ੍ਰੇਮ ਵਿਚ ਵਿੱਝੀ ਹੋਈ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬਹੁਤ ਪ੍ਰੇਮ ਕਰ ਕੇ ਪ੍ਰਭੂ ਦੇ ਨਾਮ ਵਿਚ ਜੁੜੀ ਰਹਿੰਦੀ ਹੈ ॥੮॥

ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥

ਹੇ ਭਾਈ! ਹਰੇਕ ਜੀਵ ਮਾਇਆ ਦੀ ਅਪਣੱਤ ਦੀਆਂ ਗੱਲਾਂ ਹੀ ਕਰਦਾ ਹੈ, ਪਰ ਜੇਹੜਾ ਮਨੁੱਖ ਗੁਰੂ ਪਾਸੋਂ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਉਹ ਸਿਆਣਾ ਹੋ ਜਾਂਦਾ ਹੈ (ਉਹ ਮਾਇਆ-ਮੋਹ ਦੇ ਥਾਂ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ)।

ਜੋ ਬੀਧੇ ਸੇ ਊਬਰੇ ਭਾਈ ਸਬਦੁ ਸਚਾ ਨੀਸਾਨੁ ॥੯॥

ਜੇਹੜੇ ਮਨੁੱਖ ਪਰਮਾਤਮਾ ਦੇ ਪ੍ਰੇਮ ਵਿਚ ਵਿੱਝਦੇ ਹਨ ਉਹ (ਮਾਇਆ ਦੇ ਮੋਹ ਵਿਚ ਡੁੱਬਣ ਤੋਂ, ਵਿਕਾਰਾਂ ਵਿਚ ਫਸਣ ਤੋਂ) ਬਚ ਜਾਂਦੇ ਹਨ। ਗੁਰੂ ਦਾ ਸ਼ਬਦ ਉਹਨਾਂ ਪਾਸ ਸਦਾ ਟਿਕਿਆ ਰਹਿਣ ਵਾਲਾ ਪਰਵਾਨਾ ਹੈ ॥੯॥

ਈਧਨੁ ਅਧਿਕ ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥

ਹੇ ਭਾਈ! ਜੇ ਬਹੁਤ ਸਾਰਾ ਬਾਲਣ ਇਕੱਠਾ ਕਰ ਲਈਏ, ਤੇ ਉਸ ਵਿਚ ਰਤਾ ਕੁ ਅੱਗ ਪਾ ਦੇਈਏ (ਤਾਂ ਉਹ ਸਾਰਾ ਬਾਲਣ ਸੜ ਕੇ ਸੁਆਹ ਹੋ ਜਾਂਦਾ ਹੈ)।

ਖਿਨੁ ਪਲੁ ਨਾਮੁ ਰਿਦੈ ਵਸੈ ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥

ਇਸੇ ਤਰ੍ਹਾਂ, ਹੇ ਨਾਨਕ! ਜੇ ਪਰਮਾਤਮਾ ਦਾ ਨਾਮ ਘੜੀ ਪਲ ਵਾਸਤੇ ਭੀ ਮਨੁੱਖ ਦੇ ਮਨ ਵਿਚ ਵੱਸ ਪਏ (ਤਾਂ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ) ਸਹਿਜੇ ਹੀ ਉਸ ਦਾ ਮਿਲਾਪ (ਪਰਮਾਤਮਾ ਦੇ ਚਰਨਾਂ ਵਿਚ) ਹੋ ਜਾਂਦਾ ਹੈ ॥੧੦॥੪॥


ਸੋਰਠਿ ਮਹਲਾ ੩ ਘਰੁ ੧ ਤਿਤੁਕੀ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਤਿਨ-ਤੁਕੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥

ਹੇ ਹਰੀ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ।

ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥

ਹੇ ਹਰੀ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ।

ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥

ਹੇ ਹਰੀ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ॥੧॥

ਹਰਿ ਜੀ ਏਹ ਤੇਰੀ ਵਡਿਆਈ ॥

ਹੇ ਹਰੀ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ।

ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥

ਹੇ ਸੁਆਮੀ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ ਰਹਾਉ॥

ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥

ਹੇ ਭਾਈ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ,

ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥

(ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ਼ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖ਼ਲਾਸੀ ਪ੍ਰਾਪਤ ਕਰ ਲੈਂਦੇ ਹਨ।

ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥

ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸ਼ਰਨ ਪੈ ਕੇ) ਆਤਮਕ ਅਡੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ ॥੨॥

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਗ਼ਰਜ਼ ਟਿਕੀ ਰਹਿੰਦੀ ਹੈ।

ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥

ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ।

ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥੩॥

ਮਨਮੁਖਾਂ ਦਾ ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ। ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਘੜ ਹੀ ਜਾਂਦਾ ਹੈ ॥੩॥

ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥

ਹੇ ਪ੍ਰਭੂ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ।

ਮਾਇਆ ਮੋਹ ਸਭ ਲੋਕ ਹੈ ਤੇਰੀ ਤੂ ਏਕੋ ਪੁਰਖੁ ਬਿਧਾਤਾ ॥

ਪਰ, ਹੇ ਪ੍ਰਭੂ! ਮਾਇਆ ਦਾ ਮੋਹ ਭੀ ਤੇਰੀ ਹੀ ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ,

ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ ਸਬਦਿ ਪਛਾਤਾ ॥੪॥

ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸ਼ਬਦਾਂ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ (ਹੇ ਪ੍ਰਭੂ! ਤੇਰੇ ਨਾਲ) ਸਾਂਝ ਪਾ ਲਈ ॥੪॥

ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ ਨਾਮੁ ਪਿਆਰਾ ॥

ਹੇ ਪ੍ਰਭੂ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫ਼ਿਕਰ ਹੀ ਨਹੀਂ ਹੁੰਦਾ।

ਗੁਰਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾਰਣਹਾਰਾ ॥

ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ।

ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥੫॥

ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖ਼ੁਆਰ ਹੁੰਦਾ ਹੈ ॥੫॥

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਏ ਬਿਲਲਾਈ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ (ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਫ਼ਜ਼ੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੌਤ ਸਹੇੜ ਲੈਂਦੇ ਹਨ।

ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ ॥

ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬਤੀਤ ਕਰਦੇ ਆਖ਼ਰ) ਦੁੱਖ ਵਿਚ (ਹੀ) ਗ਼ਰਕ ਹੋ ਜਾਂਦੇ ਹਨ।

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥

ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਥਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ॥੬॥

ਬਿਨੁ ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿੱਥੇ ਹੋਏ ਧਾਰਮਿਕ) ਕਰਮ ਕਰਦਾ ਰਹੇ।

ਵੇਦ ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥

(ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਸਚਾ ਸਤਿਗੁਰੁ ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥

ਹੇ ਭਾਈ! ਗੁਰੂ ਸਦਾ-ਥਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੌੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੌਤ ਤੋਂ) ਬਚ ਜਾਂਦੇ ਹਨ ॥੭॥

ਜਿਨ ਹਰਿ ਮਨਿ ਵਸਿਆ ਸੇ ਦਰਿ ਸਾਚੇ ਦਰਿ ਸਾਚੈ ਸਚਿਆਰਾ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋ ਜਾਂਦੇ ਹਨ।

ਓਨਾ ਦੀ ਸੋਭਾ ਜੁਗਿ ਜੁਗਿ ਹੋਈ ਕੋਇ ਨ ਮੇਟਣਹਾਰਾ ॥

ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ।

ਨਾਨਕ ਤਿਨ ਕੈ ਸਦ ਬਲਿਹਾਰੈ ਜਿਨ ਹਰਿ ਰਾਖਿਆ ਉਰਿ ਧਾਰਾ ॥੮॥੧॥

ਹੇ ਨਾਨਕ! (ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ ॥੮॥੧॥


ਸੋਰਠਿ ਮਹਲਾ ੩ ਦੁਤੁਕੀ ॥
ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥

ਹੇ ਭਾਈ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ ਪਰਮਾਤਮਾ ਆਪ ਹੀ ਬਖ਼ਸ਼ ਲੈਂਦਾ ਹੈ।

ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥

ਹੇ ਭਾਈ! ਗੁਰੂ ਦੀ ਸ਼ਰਨ-ਸੇਵਾ ਬੜੀ ਸ੍ਰੇਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦੇਂਦਾ ਹੈ ॥੧॥

ਹਰਿ ਜੀਉ ਆਪੇ ਬਖਸਿ ਮਿਲਾਇ ॥

ਹੇ ਭਾਈ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ।

ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥

ਪੂਰੇ ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ ਆਪ ਹੀ ਮੇਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ ਰਹਾਉ॥

ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ ਵੀਚਾਰਿ ॥

ਹੇ ਪਿਆਰੇ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖ਼ਸ਼ਿਆ ਹੈ।

ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥੨॥

ਹੇ ਭਾਈ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ ॥੨॥

ਮਨੂਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ।

ਆਪੁ ਛੋਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥੩॥

ਹੇ ਭਾਈ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ ॥੩॥

ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥

ਹੇ ਭਾਈ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ,

ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥੪॥

ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ ॥੪॥

ਗੁਰ ਬਿਨੁ ਸਹਜੁ ਨ ਊਪਜੈ ਭਾਈ ਪੂਛਹੁ ਗਿਆਨੀਆ ਜਾਇ ॥

ਹੇ ਭਾਈ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ) ਆਤਮਕ ਅਡੋਲਤਾ ਪੈਦਾ ਨਹੀਂ ਹੋ ਸਕਦੀ।

ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥

(ਇਸ ਵਾਸਤੇ,) ਹੇ ਭਾਈ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ ॥੫॥

ਗੁਰਮਤੀ ਭਉ ਊਪਜੈ ਭਾਈ ਭਉ ਕਰਣੀ ਸਚੁ ਸਾਰੁ ॥

ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ। (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ-ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ।

ਪ੍ਰੇਮ ਪਦਾਰਥੁ ਪਾਈਐ ਭਾਈ ਸਚੁ ਨਾਮੁ ਆਧਾਰੁ ॥੬॥

ਹੇ ਭਾਈ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ॥੬॥

ਜੋ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ ਲਾਗਉ ਪਾਇ ॥

ਹੇ ਭਾਈ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।

ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥੭॥

(ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਸ਼ ਪ੍ਰਾਪਤ ਕਰ ਰਿਹਾ ਹਾਂ ॥੭॥

ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥

ਹੇ ਭਾਈ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫ਼ਤ-ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫ਼ਤ-ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ।

ਨਾਨਕ ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥੮॥੨॥

ਹੇ ਨਾਨਕ! (ਆਖ-) ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫ਼ਰ ਵਿਚ) ਕੋਈ ਔਕੜ ਨਹੀਂ ਵਾਪਰਦੀ ॥੮॥੨॥


ਸੋਰਠਿ ਮਹਲਾ ੩ ॥
ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ ॥

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਨਾਲ ਜਾਣ-ਪਛਾਣ ਬਣਦੀ ਹੈ, ਪੂਰੀ ਕਿਸਮਤਿ ਨਾਲ (ਗੁਰੂ ਜੀਵ ਨੂੰ ਪਰਮਾਤਮਾ ਨਾਲ) ਮਿਲਾ ਦੇਂਦਾ ਹੈ।

ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ ॥੧॥

ਹੇ ਭਾਈ! ਖਸਮ-ਪ੍ਰਭੂ ਨਾਲ ਪਿਆਰ ਕਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਆਤਮਕ ਸੁਖ ਮਾਣਦੀਆਂ ਹਨ, ਪ੍ਰਭੂ ਨਾਲ ਪਿਆਰ ਪਾ ਕੇ ਉਹ ਹਰ ਵੇਲੇ ਉਸ ਦੇ ਪ੍ਰੇਮ-ਰੰਗ ਵਿਚ ਰੰਗੀਆਂ ਰਹਿੰਦੀਆਂ ਹਨ ॥੧॥

ਹਰਿ ਜੀ ਤੂ ਆਪੇ ਰੰਗੁ ਚੜਾਇ ॥

ਹੇ ਪ੍ਰਭੂ ਜੀ! ਤੂੰ ਆਪ ਹੀ (ਸਰਨ ਆਏ ਜੀਵਾਂ ਦੇ ਹਿਰਦੇ ਉਤੇ ਆਪਣੇ ਪਿਆਰ ਦਾ) ਰੰਗ ਚਾੜ੍ਹਦਾ ਹੈਂ।

ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥

ਪ੍ਰਭੂ-ਪਿਆਰ ਦੇ ਰੰਗ ਵਿਚ ਰੰਗੇ ਹੋਏ ਹੇ ਭਰਾਵੋ! ਪਰਮਾਤਮਾ ਨਾਲ ਪਿਆਰ ਪਾ ਕੇ ਉਸ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ ਰਹਾਉ॥

ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥

ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਾ-ਭਾਵ ਛੱਡ ਕੇ, ਤੇ, ਮਨ ਲਾ ਕੇ ਗੁਰੂ ਦੀ ਦੱਸੀ ਕਾਰ ਕਰਦੀ ਹੈ,

ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥੨॥

(ਉਸ ਦੇ ਅੰਦਰ) ਸਦਾ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਨੂੰ ਕਦੇ ਦੁੱਖ ਪੋਹ ਨਹੀਂ ਸਕਦਾ, ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ ॥੨॥

ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥

ਹੇ ਭਾਈ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਰਜ਼ਾ ਨੂੰ ਨਹੀਂ ਸਮਝਦੀ, ਉਹ ਕੋਝੇ ਲੱਛਣਾਂ ਵਾਲੀ ਹੈ, ਚੰਦਰੀ ਹੈ।

ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ ॥੩॥

(ਜੇ ਉਹ ਵਿਖਾਵੇ-ਮਾਤਰ) ਮਨ ਦੇ ਹਠ ਨਾਲ (ਗੁਰੂ ਦੀ ਦੱਸੀ) ਕਾਰ ਕਰਦੀ ਹੈ ਤਾਂ ਭੀ, ਹੇ ਭਾਈ! ਉਹ ਨਾਮ ਤੋਂ ਸੱਖਣੀ ਹੀ ਰਹਿੰਦੀ ਹੈ, ਉਹ ਝੂਠ ਦੀ ਹੀ ਵਣਜਾਰਨ ਬਣੀ ਰਹਿੰਦੀ ਹੈ ॥੩॥

ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਦੁਨੀਆ ਦੇ ਮੋਹ ਵਲੋਂ) ਉਪਰਾਮਤਾ ਪੈਦਾ ਹੋ ਜਾਂਦੀ ਹੈ।

ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥੪॥

ਹੇ ਭਾਈ! ਉਹ (ਪ੍ਰਭੂ-ਪ੍ਰੇਮ ਦੇ ਰੰਗ ਵਿਚ) ਰੰਗੇ ਹੋਏ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਹਨ, ਉਹ ਨਿਡਰ ਰਹਿੰਦੇ ਹਨ, ਉਹਨਾਂ ਦੇ ਅੰਦਰ ਗੁਰੂ ਦੀ ਬਖ਼ਸ਼ੀ ਹੋਈ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ ॥੪॥

ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ ॥

ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਜੋ ਸਭ ਜੀਵਾਂ ਨੂੰ ਮਾਰਦਾ ਹੈ ਤੇ ਜਿਵਾਂਦਾ ਹੈ।

ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥੫॥

ਹੇ ਭਾਈ! ਜਿਸ ਪਰਮਾਤਮਾ ਦੀ (ਜੀਵਾਂ ਉਤੇ ਕੀਤੀ ਹੋਈ) ਬਖ਼ਸ਼ਸ਼ ਬਹੁਤ ਵੱਡੀ ਹੈ, ਉਸ ਨੂੰ ਮਨ ਤੋਂ ਭੁਲਾਣਾ ਨਹੀਂ ਚਾਹੀਦਾ ॥੫॥

ਮਨਮੁਖਿ ਮੈਲੀ ਡੁੰਮਣੀ ਭਾਈ ਦਰਗਹ ਨਾਹੀ ਥਾਉ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਵਿਕਾਰਾਂ ਦੀ ਮੈਲ ਨਾਲ ਭਰੀ ਰਹਿੰਦੀ ਹੈ, ਉਸ ਦਾ ਮਨ ਸਦਾ ਡੋਲਦਾ ਰਹਿੰਦਾ ਹੈ (ਇਸ ਵਾਸਤੇ) ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ।

ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ ॥੬॥

ਪਰ ਹੇ ਭਾਈ! ਜਦੋਂ ਉਹ ਗੁਰੂ ਦੀ ਸ਼ਰਨ ਆ ਪੈਂਦੀ ਹੈ, ਤਦੋਂ ਪਰਮਾਤਮਾ ਦੇ ਗੁਣ ਚੇਤੇ ਕਰਨ ਲੱਗ ਪੈਂਦੀ ਹੈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਉਸ ਸਦਾ-ਥਿਰ ਵਿਚ ਲੀਨ ਹੋ ਜਾਂਦੀ ਹੈ ॥੬॥

ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ ॥

ਹੇ ਭਾਈ! ਜਿਸ ਨੇ ਇਸ ਮਨੁੱਖਾ ਜਨਮ ਵਿਚ ਪਰਮਾਤਮਾ ਨੂੰ ਯਾਦ ਨਾਹ ਕੀਤਾ ਉਹ (ਪਰਲੋਕ ਵਿਚ) ਜਾ ਕੇ ਕੀਹ ਮੂੰਹ ਵਿਖਾਏਗਾ? (ਸ਼ਰਮ-ਸਾਰ ਹੋਵੇਗਾ)।

ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥

ਹੇ ਭਾਈ! ਮਾਇਆ ਦੀ ਖ਼ਾਤਰ ਲੋਭ ਵਿਚ ਫਸ ਕੇ, (ਸੁਚੇਤ ਰਹਿਣ ਦੀਆਂ) ਵਾਜਾਂ ਪੈਂਦਿਆਂ ਭੀ ਉਸ ਨੇ ਆਪਣਾ ਆਤਮਕ ਜੀਵਨ ਲੁਟਾ ਲਿਆ ॥੭॥

ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥

ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦੇ ਹਨ, ਉਹ ਆਨੰਦ ਵਿਚ ਵੱਸਦੇ ਹਨ ਉਹਨਾਂ ਦੇ ਸਰੀਰ ਨੂੰ ਸੁਖ ਸ਼ਾਂਤੀ ਪ੍ਰਾਪਤ ਰਹਿੰਦੀ ਹੈ।

ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥

ਹੇ ਨਾਨਕ! (ਆਖ-) ਹੇ ਭਾਈ! ਤੂੰ ਉਸ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖ, ਜੇਹੜਾ ਬਹੁਤ ਬੇਅੰਤ ਹੈ ਜੋ ਗੁਣਾਂ ਦਾ ਮਾਲਕ ਹੈ, ਜੋ ਵੱਡੇ ਜਿਗਰੇ ਵਾਲਾ ਹੈ ॥੮॥੩॥


ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ,

ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥

ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।

ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥

ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ?

ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥

ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥

ਮੇਰੇ ਮਨ ਜਪੀਐ ਹਰਿ ਭਗਵੰਤਾ ॥

ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ।

ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥

ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ਰਹਾਉ॥

ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥

ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ,

ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥

ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ।

ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥

ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ।

ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥

(ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ॥੨॥

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥

ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ।

ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ।

ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥

(ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ।

ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥

ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ॥੩॥

ਮੇਰਾ ਤੇਰਾ ਛੋਡੀਐ ਭਾਈ ਹੋਈਐ ਸਭ ਕੀ ਧੂਰਿ ॥

ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ।

ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥

ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ।

ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥

ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ।

ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥

ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ॥੪॥

ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥

ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ।

ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥

ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ।

ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥

ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ।

ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥

ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ॥੫॥

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥

ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,

ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥

ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ।

ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥

ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।

ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥

ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ॥੬॥

ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥

ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।

ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥

ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ।

ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥

ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ।

ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥

ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ॥੭॥

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥

ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ।

ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥

ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ।

ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ।

ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥

ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੮॥

ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥

ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।

ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥

ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ।

ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥

ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ।

ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ ॥੯॥੧॥

ਹੇ ਨਾਨਕ! (ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ॥੯॥੧॥


ਸੋਰਠਿ ਮਹਲਾ ੫ ॥
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥

ਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ)।

ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥

ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ।

ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥

ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ।

ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥

ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ॥੧॥

ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ ॥

ਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ)।

ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥

ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ਰਹਾਉ॥

ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥

ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ,

ਸਾਚਾ ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥

(ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ।

ਜਿਨ ਭੇਟੈ ਪੂਰਾ ਸਤਿਗੁਰੂ ਪਿਆਰੇ ਸੇ ਲਾਗੇ ਸਾਚੈ ਨਾਇ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ।

ਤਿਨਾ ਪਿਛੈ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥

ਹੇ ਭਾਈ! ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਿਰ ਤੋਂ) ਬਚ ਜਾਈਦਾ ਹੈ ॥੨॥

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥

ਹੇ ਭਾਈ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ।

ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥

ਉਹ ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗ਼ਮ ਪੈਦਾ ਹੁੰਦੀ ਹੈ।

ਭੋਗ ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥

ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ। (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜ ਮੁੱਕਣ ਵਿਚ ਨਹੀਂ ਆਉਂਦਾ।

ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥

ਜਿਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ ॥੩॥

ਮਾਇਆ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥

ਹੇ ਪਿਆਰੇ ਪ੍ਰਭੂ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ।

ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੇ ਤਨ ਹੋਏ ਧੂੜਿ ॥

ਹੇ ਮਾਲਕ ਪ੍ਰਭੂ! ਜਿਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ।

ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੂਲੁ ॥

(ਮਾਇਆ ਦੇ ਮੋਹ ਕਾਰਨ ਦੁੱਖੀ ਹੋ ਹੋ ਕੇ) ਉਹ ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ।

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ ਮੂਲੁ ॥੪॥

ਹੇ ਭਾਈ! ਗੁਰੂ ਨਾਲ ਮਿਲਾ ਕੇ ਜਿਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ ॥੪॥

ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥

ਹੇ ਭਾਈ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ਨਹੀਂ ਕਰਨਾ ਚਾਹੀਦਾ,

ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੁੋ ਮੁਹਿ ਕਾਲੈ ਉਠਿ ਜਾਇ ॥

ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ ਵਿਸਰ ਜਾਂਦਾ ਹੈ। (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ।

ਮਨਮੁਖਿ ਢੋਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਸਗੋਂ ਉਥੇ) ਸਜ਼ਾ ਮਿਲਦੀ ਹੈ।

ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥

ਪਰ, ਹੇ ਭਾਈ! ਗੁਰੂ ਦੇ ਨਾਲ ਮਿਲਾ ਕੇ ਜਿਨ੍ਹਾਂ ਮਨੁੱਖਾਂ ਦਾ ਜੀਵਨ ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ ॥੫॥

ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੀ ਨਾਲਿ ॥

ਹੇ ਭਾਈ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੇ ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ ਕਰਦੀ।

ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥

ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ।

ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ ਨਾਲਿ ॥

(ਸਾਕਤ ਮਨੁੱਖ ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ ਦੇ ਨਾਸਵੰਤ ਪਦਾਰਥਾਂ ਨਾਲ ਹੀ ਮੋਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ।

ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ ॥੬॥

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੋ ਨਦਰਿ ਕਰੇ ॥

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ (ਆਦਿਕ ਗੁਣ ਪੈਦਾ ਹੋ ਜਾਂਦੇ ਹਨ)।

ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥

ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ, ਪਰਮਾਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਨਕਾ-ਨੱਕ ਭਰਿਆ ਰਹਿੰਦਾ ਹੈ।

ਦੁਖ ਸਾਗਰੁ ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥

(ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪ੍ਰਭੂ ਦੀ ਮੇਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ।

ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥

ਹੇ ਪਿਆਰੇ ਪ੍ਰਭੂ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ ਹੋ ਜਾਂਦੇ ਹਨ ॥੭॥

ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥

ਹੇ ਭਾਈ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ, ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ। ਭਗਤਾਂ ਨੂੰ (ਸਦਾ) ਉਸ ਦਾ ਆਸਰਾ ਰਹਿੰਦਾ ਹੈ।

ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥

ਹੇ ਭਾਈ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ।

ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥

ਹੇ ਭਾਈ! ਜਿਸ ਮਨੁੱਖ ਦੇ ਮੱਥੇ ਉਤੇ ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੇਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ।

ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕੁਰਬਾਣੁ ॥੮॥੨॥

ਨਾਨਕ ਆਖਦਾ ਹੈ- ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ। ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ ॥੮॥੨॥


ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ॥

ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ।

ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥

(ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ॥੧॥

ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥

ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ।

ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥

ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ਰਹਾਉ॥

ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥

ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ।

ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥

ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥

ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥

ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ)।

ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥

ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥

ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥

ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ।

ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥

ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ। (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪॥

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥

ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ।

ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥

ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥

ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ। ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ।

ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥

ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੬॥

ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥

ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ।

ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥

ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ। ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ॥੭॥

ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥

ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ-ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ।

ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥

ਪਰ, ਨਾਨਕ ਆਖਦਾ ਹੈ- ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ॥੮॥

ਤੇਰੋ ਸੇਵਕੁ ਇਹ ਰੰਗਿ ਮਾਤਾ ॥

ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ।

ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ।ਰਹਾਉ ਦੂਜਾ ॥੧॥੩॥


ਰਾਗੁ ਸੋਰਠਿ ਵਾਰ ਮਹਲੇ ੪ ਕੀ ॥

ਰਾਗ ਸੋਰਠਿ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਵਾਰ’।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕੁ ਮ : ੧ ॥
ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥

ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ,

ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥

ਨਿੰਦਿਆ ਕਰਨ ਦੀ ਵਾਦੀ ਨਾਹ ਰਹੇ, ਮਨ ਵਿਚ ਕਿਸੇ ਨਾਲ ਵੈਰ-ਵਿਰੋਧ ਨਾਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ।

ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥

(ਇਸ ਤਰ੍ਹਾਂ ਜੀਵ-ਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਝੱਕ ਹੋ ਜਾਂਦੀ ਹੈ (ਭਾਵ, ਕੋਈ ਸਹਿਮ ਦੱਬਾ ਨਹੀਂ ਪਾਂਦਾ)।

ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥

ਵਿਖਾਵਾ ਛੱਡ ਕੇ ਜੇ ਪਤੀ-ਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤ੍ਰੁੱਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ;

ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥

ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮ-ਸਿੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ (ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ।

ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥

ਉਸ ਜੀਵ-ਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾਅ ਉਸ ਉਤੇ ਨਹੀਂ ਰਹਿ ਜਾਂਦਾ।

ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥

ਹੇ ਨਾਨਕ! (ਪ੍ਰਭੂ-ਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵ-ਇਸਤ੍ਰੀ ਪਤੀ-ਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ) ॥੧॥


ਮ : ੪ ॥
ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥

ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵ-ਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ,

ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥

ਆਪਣੇ ਵੱਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ;

ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰ-ਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ।

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ।

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥

ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ;

ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥

ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ ॥੨॥


ਪਉੜੀ ॥
ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥

ਹੇ ਸਿਰਜਣਹਾਰ! ਤੂੰ ਆਪ ਹੀ ਸੰਸਾਰ ਦੇ ਰਚਣ ਵਾਲਾ ਹੈਂ;

ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥

(ਸੰਸਾਰ-ਰੂਪ) ਖੇਡ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਣ ਵਾਲਾ ਤੂੰ ਆਪ ਹੈਂ।

ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥

ਇਸ ਨੂੰ ਦਾਤਾਂ ਬਖ਼ਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ;

ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥

ਹੇ (ਜਗਤ ਨੂੰ) ਪੈਦਾ ਕਰਨ ਵਾਲੇ! ਸਭ ਥਾਈਂ ਤੇਰੀ ਜੀਵਨ-ਰੌ ਵਰਤ ਰਹੀ ਹੈ।

ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥

(ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫ਼ਤ-ਸਾਲਾਹ ਸਦਾ ਕਰ ਸਕਦਾ ਹਾਂ ॥੧॥


ਸਲੋਕੁ ਮ : ੩ ॥
ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥

(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ,

ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥

ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ।

ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥

ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ,

ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥

ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ॥੧॥


ਮ : ੩ ॥
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥

ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ,

ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥

ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ।

ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥

(ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ।

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥

ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜਿਊਂਦੇ ਵੀ ਅਤੇ ਮੋਏ ਵੀ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ;

ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥

ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ॥੨॥
ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ॥੧॥


ਪਉੜੀ ॥
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥

ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ;

ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥

(ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।

ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥

ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ;

ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥

ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ;

ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥

(ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ॥੨॥


ਸਲੋਕੁ ਮ : ੩ ॥
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥

(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ;

ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

(ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥

(ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ;

ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥

ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ;

ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥

ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ;

ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥

ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥


ਮ : ੩ ॥
ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥

ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ;

ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥

ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥

ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ;

ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥

(ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥


ਪਉੜੀ ॥
ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥

ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ;

ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥

(ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ;

ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥


ਸਲੋਕੁ ਮ : ੩ ॥
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥

ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ।)

ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥

ਮਨਮੁਖ (ਇਸ ‘ਮਮਤਾ’ ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥

ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ।

ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥

(ਪਰ) ਹੇ ਨਾਨਕ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ ॥੧॥


ਮ : ੩ ॥
ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ ਪਾਇਆ ॥

(ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ।

ਜਿਉ ਕਸਤੂਰੀ ਮਿਰਗੁ ਨ ਜਾਣੈ ਭ੍ਰਮਦਾ ਭਰਮਿ ਭੁਲਾਇਆ ॥

ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ,

ਅੰਮ੍ਰਿਤੁ ਤਜਿ ਬਿਖੁ ਸੰਗ੍ਰਹੈ ਕਰਤੈ ਆਪਿ ਖੁਆਇਆ ॥

(ਪਰ ਉਸ ਦੇ ਭੀ ਕੀਹ ਵੱਸ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥

ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿਚ ਹੀ (ਪਰਮਾਤਮਾ ਦਿੱਸ ਪੈਂਦਾ ਹੈ;

ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ।

ਸਬਦੇ ਹੀ ਨਾਉ ਊਪਜੈ ਸਬਦੇ ਮੇਲਿ ਮਿਲਾਇਆ ॥

ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੂਰ ਹਿਰਦੇ ਵਿਚ) ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ;

ਬਿਨੁ ਸਬਦੈ ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ।

ਅੰਮ੍ਰਿਤੁ ਏਕੋ ਸਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥

ਹੇ ਨਾਨਕ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ ॥੨॥


ਪਉੜੀ ॥
ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥

ਹੇ ਭਾਈ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ?

ਤਿਸੁ ਰੂਪੁ ਨ ਰੇਖ ਅਦ੍ਰਿਸਟੁ ਕਹੁ ਜਨ ਕਿਉ ਧਿਆਈਐ ॥

ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ?

ਨਿਰੰਕਾਰੁ ਨਿਰੰਜਨੁ ਹਰਿ ਅਗਮੁ ਕਿਆ ਕਹਿ ਗੁਣ ਗਾਈਐ ॥

ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫ਼ਤ-ਸਾਲਾਹ ਕਰੀਏ?

ਜਿਸੁ ਆਪਿ ਬੁਝਾਏ ਆਪਿ ਸੁ ਹਰਿ ਮਾਰਗਿ ਪਾਈਐ ॥

ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ;

ਗੁਰਿ ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥

ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ ॥੪॥

1
2
3
4
5
6