ਰਾਗ ਸੋਰਠਿ – ਬਾਣੀ ਸ਼ਬਦ-Raag Sorath – Bani

ਰਾਗ ਸੋਰਠਿ – ਬਾਣੀ ਸ਼ਬਦ-Raag Sorath – Bani

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ ‘ਹੋਂਦ ਵਾਲਾ’ ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੋਰਠਿ ਮਹਲਾ ੧ ਘਰੁ ੧ ਚਉਪਦੇ ॥

ਰਾਗ ਸੁਰਠਿ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥

ਸਭ ਨੇ ਮਰ ਜਾਣਾ ਹੈ ਤੇ ਸਭ ਨੂੰ ਇਹ ਵਿਛੋੜਾ ਹੋਣਾ ਹੈ।

ਪੁਛਹੁ ਜਾਇ ਸਿਆਣਿਆ ਆਗੈ ਮਿਲਣੁ ਕਿਨਾਹ ॥

ਜਾ ਕੇ ਸਿਆਣੇ ਜੀਵਾਂ (ਗੁਰਮੁਖਾਂ) ਪਾਸੋਂ ਪਤਾ ਲਵੋ ਕਿ ਅਗੇ ਜਾ ਕੇ ਪਰਮਾਤਮਾ ਦੇ ਚਰਨਾਂ ਦਾ ਮਿਲਾਪ ਕਿਨ੍ਹਾਂ ਨੂੰ ਹੁੰਦਾ ਹੈ।

ਜਿਨ ਮੇਰਾ ਸਾਹਿਬੁ ਵੀਸਰੈ ਵਡੜੀ ਵੇਦਨ ਤਿਨਾਹ ॥੧॥

ਜਿਨ੍ਹਾਂ ਨੂੰ ਪਿਆਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ ਉਹਨਾਂ ਨੂੰ ਬੜਾ ਆਤਮਕ ਕਲੇਸ਼ ਹੁੰਦਾ ਹੈ ॥੧॥

ਭੀ ਸਾਲਾਹਿਹੁ ਸਾਚਾ ਸੋਇ ॥

ਮੁੜ ਮੁੜ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹੋ।

ਜਾ ਕੀ ਨਦਰਿ ਸਦਾ ਸੁਖੁ ਹੋਇ ॥ ਰਹਾਉ ॥

ਉਸੇ ਦੀ ਮੇਹਰ ਦੀ ਨਜ਼ਰ ਨਾਲ ਸਦਾ-ਥਿਰ ਰਹਿਣ ਵਾਲਾ ਸੁਖ ਮਿਲਦਾ ਹੈ ॥ ਰਹਾਉ॥

ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥

ਪ੍ਰਭੂ ਨੂੰ ਵੱਡਾ ਆਖ ਕੇ ਉਸ ਦੀ ਸਿਫ਼ਤ-ਸਾਲਾਹ ਕਰੋ, ਉਹ ਹੀ ਮੌਜੂਦ ਹੈ ਤੇ ਰਹੇਗਾ।

ਸਭਨਾ ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥

(ਹੇ ਪ੍ਰਭੂ!) ਤੂੰ ਇਕੱਲਾ ਹੀ ਸਭ ਜੀਵਾਂ ਦਾ ਦਾਤਾ ਹੈਂ, ਮਨੁੱਖ ਦਾਤਾ ਨਹੀਂ ਹੋ ਸਕਦਾ।

ਜੋ ਤਿਸੁ ਭਾਵੈ ਸੋ ਥੀਐ ਰੰਨ ਕਿ ਰੁੰਨੈ ਹੋਇ ॥੨॥

ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, ਰੰਨਾਂ ਵਾਂਗ ਰੋਣ ਤੋਂ ਕੀ ਹੋ ਸਕਦਾ? ॥੨॥

ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥

ਇਸ ਧਰਤੀ ਉਤੇ ਅਨੇਕਾਂ ਆਏ ਜੋ ਕਿਲ੍ਹੇ ਆਦਿਕ ਬਣਾ ਕੇ (ਆਪਣੀ ਤਾਕਤ ਦਾ) ਢੋਲ ਵਜਾ ਕੇ (ਆਖ਼ਰ) ਚਲੇ ਗਏ।

ਜੋ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥

ਜਿਹਨਾਂ ਨੂੰ ਇਤਨਾ (ਤਾਕਤ ਦਾ) ਮਾਣ ਹੈ ਕਿ (ਮਾਨੋ) ਅਸਮਾਨ ਦੇ ਹੇਠ ਭੀ ਨਹੀਂ ਮਿਓਂਦੇ, ਪ੍ਰਭੂ ਉਨ੍ਹਾਂ ਦੇ ਨਕ ਵਿਚ ਵੀ ਨੱਥ ਪਾ ਦੇਂਦਾ ਹੈ (ਭਾਵ, ਉਹਨਾਂ ਦੀ ਆਕੜ ਭੀ ਭੰਨ ਦੇਂਦਾ ਹੈ)।

ਜੇ ਮਨ ਜਾਣਹਿ ਸੂਲੀਆ ਕਾਹੇ ਮਿਠਾ ਖਾਹਿ ॥੩॥

ਸੋ, ਹੇ ਮਨ! ਜੇ ਤੂੰ ਇਹ ਸਮਝ ਲਏਂ ਕਿ ਦੁਨੀਆ ਦੇ ਮੌਜ ਮੇਲਿਆਂ ਦਾ ਨਤੀਜਾ ਦੁੱਖ-ਕਲੇਸ਼ ਹੀ ਹੈ ਤਾਂ ਤੂੰ ਦੁਨੀਆ ਦੇ ਭੋਗਾਂ ਵਿਚ ਹੀ ਕਿਉਂ ਮਸਤ ਰਹੇਂ? ॥੩॥

ਨਾਨਕ ਅਉਗੁਣ ਜੇਤੜੇ ਤੇਤੇ ਗਲੀ ਜੰਜੀਰ ॥

ਹੇ ਨਾਨਕ! (ਦੁਨੀਆ ਦੇ ਸੁਖ ਮਾਣਨ ਦੀ ਖ਼ਾਤਰ) ਜਿਤਨੇ ਭੀ ਪਾਪ-ਵਿਕਾਰ ਅਸੀਂ ਕਰਦੇ ਹਾਂ, ਇਹ ਸਾਰੇ ਪਾਪ-ਵਿਕਾਰ ਸਾਡੇ ਗਲਾਂ ਵਿਚ ਫਾਹੀਆਂ ਬਣ ਜਾਂਦੇ ਹਨ।

ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥

ਇਹ ਪਾਪ-ਫਾਹੀਆਂ ਤਦੋਂ ਹੀ ਕੱਟੀਆਂ ਜਾ ਸਕਦੀਆਂ ਹਨ ਜੇ ਸਾਡੇ ਪੱਲੇ ਗੁਣ ਹੋਣ। ਗੁਣ ਹੀ ਅਸਲ ਭਾਈ ਮਿਤ੍ਰ ਹਨ।

ਅਗੈ ਗਏ ਨ ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥

(ਇਥੋਂ) ਸਾਡੇ ਨਾਲ ਗਏ ਹੋਏ ਪਾਪ-ਵਿਕਾਰ (ਅਗਾਂਹ) ਆਦਰ ਨਹੀਂ ਪਾਂਦੇ। ਇਹਨਾਂ ਬੇ-ਮੁਰਸ਼ਿਦਾਂ ਨੂੰ (ਹੁਣੇ ਹੀ) ਮਾਰ ਕੇ ਆਪਣੇ ਅੰਦਰੋਂ ਕੱਢ ਦਿਉ ॥੪॥੧॥


ਸੋਰਠਿ ਮਹਲਾ ੧ ਘਰੁ ੧ ॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥

ਮਨ ਨੂੰ ਹਾਲ਼ੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਸਮਝ, ਮੇਹਨਤ ਨੂੰ ਪਾਣੀ ਬਣਾ, ਤੇ ਸਰੀਰ ਨੂੰ ਪੈਲੀ ਸਮਝ।

ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥

ਫਿਰ (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, ਸੰਤੋਖ ਨੂੰ ਸੁਹਾਗਾ ਬਣਾ, ਤੇ ਸਾਦਾ ਜੀਵਨ ਬਣਾ।

ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥

ਤਾਂ ਪਰਮਾਤਮਾ ਦੀ ਮੇਹਰ ਨਾਲ ਪ੍ਰੇਮ ਪੈਦਾ ਹੋਵੇਗਾ ਤੇ ਦੇਖ ਕਿ ਸਰੀਰ-ਘਰ ਭਾਗਾਂ ਵਾਲਾ ਹੋ ਜਾਏਗਾ ॥੧॥

ਬਾਬਾ ਮਾਇਆ ਸਾਥਿ ਨ ਹੋਇ ॥

ਹੇ ਭਾਈ! (ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।

ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥

ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਕੋਈ ਵਿਰਲਾ ਹੀ ਇਹ ਗਲ ਸਮਝਦਾ ਹੈ ॥ ਰਹਾਉ॥

ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥

ਇਸ (ਸਰੀਰ) ਹੱਟੀ ਵਿਚ ਜਿੰਦਗੀ ਦੇ ਹਰ ਸਵਾਸ ਨਾਲ ਸਦਾ-ਥਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ।

ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥

ਆਪਣੀ ਸੁਰਤ ਤੇ ਵਿਚਾਰ-ਮੰਡਲ ਨੂੰ (ਭਾਂਡਿਆਂ ਦੀ) ਭਾਂਡਸਾਲ ਬਣਾ ਕੇ ਇਸ ਵਿਚ ਹਰੀ-ਨਾਮ ਸੌਦੇ ਨੂੰ ਪਾ।

ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥

ਇਹ ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ ਕਰ, ਤਾਂ ਇਸ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ ॥੨॥

ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥

ਧਰਮ-ਪੁਸਤਕਾਂ (ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ।

ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥

ਚੰਗੇ ਗੁਣਾਂ ਨੂੰ ਜੀਵਨ-ਸਫ਼ਰ ਦਾ ਖ਼ਰਚ ਬਣਾ। ਹੇ ਮਨ! (ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਹ ਪਾ।

ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥

ਜੇ ਤੂੰ ਪਰਮਾਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ ਵਿਚ ਥਾਂ ਲੱਭ ਜਾਏਗਾ ॥੩॥

ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥

ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ ਤੇ ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ ਪੱਕਾ ਕਰ ਰੱਖ (ਇਹੀ ਹੈ ਉਸ ਦੀ ਸੇਵਾ)।

ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥

(ਪਰਮਾਤਮਾ ਦੀ ਨੌਕਰੀ ਦੀ) ਦੌੜ-ਭੱਜ ਵਾਸਤੇ ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ ਦੇ, (ਜੇ ਇਹ ਉੱਦਮ ਕਰੇਂਗਾ) ਤਾਂ ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ।

ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥

ਹੇ ਨਾਨਕ! ਇੰਜ ਕਰਨ ਨਾਲ ਪਰਮਾਤਮਾ ਤੈਨੂੰ ਮੇਹਰ ਦੀ ਨਜ਼ਰ ਨਾਲ ਵੇਖੇਗਾ ਤੇ ਤੇਰੀ ਜਿੰਦ ਉਤੇ ਚੌ-ਗੁਣਾਂ ਆਤਮਕ ਰੂਪ ਚੜ੍ਹੇਗਾ ॥੪॥੨॥


ਸੋਰਠਿ ਮ : ੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥

ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ,

ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥

ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ,

ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥

ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ।

ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥

ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥

ਮਨੁ ਮਾਨਿਆ ਨਾਮੁ ਸਖਾਈ ॥

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ।

ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥

ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥

ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ।

ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥

ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ।

ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥

ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ।

ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥

ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥

ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥

ਸਾਧ ਸੰਗਤ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ।

ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥

ਉਹ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ।

ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥

ਉਹ ਆਤਮਕ-ਸੂਝ ਤੋਂ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਪਰਮਾਤਮਾ ਦਾ ਘਰ ਤੇ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ।

ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥

ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ।

ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥

ਤਾਂ ਕੰਨਾਂ ਨਾਲ ਉਸ ਦੀ ਸਿਫ਼ਤ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।

ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥

ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ।

ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥

ਹੇ ਨਾਨਕ! ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ। ਕੇਵਲ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ ॥੪॥੩॥


ਸੋਰਠਿ ਮਹਲਾ ੧ ਦੁਤੁਕੇ ॥
ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ ॥

ਹੇ ਪ੍ਰਭੂ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ (ਹੇਠਲਾ) ਪੁੜ ਹੈ (ਫ਼ਰਸ਼ ਹੈ), ਆਕਾਸ਼ ਉਸ ਚੁਬਾਰੇ ਦਾ (ਉਪਰਲਾ) ਪੁੜ ਹੈ (ਛੱਤ ਹੈ)।

ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ ॥੧॥

ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ। ਸਾਰੀ ਸ੍ਰਿਸ਼ਟੀ (ਦੇ ਜੀਆਂ ਜੰਤਾਂ) ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ ॥੧॥

ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥

ਹੇ ਮੇਰੇ ਮਾਲਿਕ! ਤੇਰੇ ਕੌਤਕ ਅਚਰਜ ਹਨ।

ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥

ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ (ਸਾਰੇ ਪੁਲਾੜ ਵਿਚ) ਭਰਪੂਰ ਵਿਆਪਕ ਹੈਂ। ਤੂੰ ਆਪ ਹੀ ਸਭ ਥਾਂ ਮੌਜੂਦ ਹੈਂ ॥ ਰਹਾਉ॥

ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥

ਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ) ਹੈ, ਪਰ ਤੇਰਾ ਸਰੂਪ ਕੈਸਾ ਹੈ (ਇਹ ਬਿਆਨ ਤੋਂ ਪਰੇ ਹੈ)।

ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ ॥੨॥

ਤੂੰ ਆਪ ਹੀ ਆਪ ਹੁੰਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ (ਅਸਚਰਜ ਇਹ ਹੈ ਕਿ) ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ ॥੨॥

ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ ॥

ਅੰਡੇ ਵਿਚੋਂ, ਜਿਓਰ ਵਿਚੋਂ, ਧਰਤੀ ਵਿਚੋਂ, ਮੁੜ੍ਹਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ।

ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥

ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈਂ ॥੩॥

ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥

ਹੇ ਪ੍ਰਭੂ! ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ, ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ!

ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ ॥੪॥੪॥

ਨਾਨਕ ਬੇਨਤੀ ਕਰਦਾ ਹੈ ਕਿ ਹੇ ਮੇਰੇ ਮਾਲਕ! ਸੁਣ! ਮੈਨੂੰ ਪੱਥਰ ਵਾਂਗ ਵਿਕਾਰਾਂ ਵਿਚ ਡੁੱਬ ਰਹੇ ਨੂੰ ਬਚਾ ਲੈ! ॥੪॥੪॥


ਸੋਰਠਿ ਮਹਲਾ ੧ ॥
ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥

(ਹੇ ਮੇਰੇ ਠਾਕੁਰ!) ਮੈਂ ਵਿਕਾਰੀ ਹਾਂ, (ਸਦਾ ਵਿਕਾਰਾਂ ਵਿਚ ਹੀ) ਡਿਗਿਆ ਰਹਿੰਦਾ ਹਾਂ, ਬੜਾ ਹੀ ਪਖੰਡੀ ਹਾਂ, ਤੂੰ ਪਵਿਤ੍ਰ ਨਿਰੰਕਾਰ ਹੈਂ।

ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥੧॥

ਜੇਹੜੇ, ਹੇ ਮੇਰੇ ਠਾਕੁਰ! ਤੇਰੀ ਸ਼ਰਨ ਆ ਕੇ ਅਟੱਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ-ਰਸ ਚੱਖਦੇ ਹਨ, ਉਹ ਸਭ ਤੋਂ ਉੱਚੇ ਰਸ ਵਿਚ ਮਸਤ ਰਹਿੰਦੇ ਹਨ ॥੧॥

ਕਰਤਾ ਤੂ ਮੈ ਮਾਣੁ ਨਿਮਾਣੇ ॥

ਹੇ ਮੇਰੇ ਕਰਤਾਰ! ਮੈਂ ਨਿਮਾਣੇ ਵਾਸਤੇ ਤੂੰ ਹੀ ਮਾਣ ਹੈਂ (ਮੈਨੂੰ ਤੇਰਾ ਹੀ ਮਾਣ ਹੈ, ਆਸਰਾ ਹੈ)।

ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ ॥ ਰਹਾਉ ॥

ਮਾਣ ਉਹਨਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਪੱਲੇ ਪਰਮਾਤਮਾ ਦਾ ਨਾਮ-ਧਨ ਹੈ ਤੇ ਜੋ ਗੁਰ-ਸ਼ਬਦ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੇ ਹਨ ॥ ਰਹਾਉ॥

ਤੂ ਪੂਰਾ ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ ॥

(ਹੇ ਪ੍ਰਭੂ!) ਤੂੰ ਗੁਣਾਂ ਨਾਲ ਭਰਪੂਰ ਹੈਂ, ਅਸੀਂ ਜੀਵ ਊਣੇ ਹਾਂ ਤੇ ਥੋੜ੍ਹ-ਵਿਤੇ ਹਾਂ, ਤੂੰ ਗੰਭੀਰ ਹੈਂ ਤੇ ਅਸੀਂ ਹੌਲੇ ਹਾਂ।

ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥

(ਮੇਹਰ ਕਰ ਕਿ) ਮੇਰਾ ਮਨ ਦਿਨ ਰਾਤ ਹਰ ਵੇਲੇ ਤੇਰੇ ਪਿਆਰ ਵਿਚ ਰੰਗਿਆ ਰਹੇ। ਹੇ ਮਨ! ਸਵੇਰੇ ਜੀਭ ਨਾਲ ਪਰਮਾਤਮਾ ਦਾ ਨਾਮ ਜਪ! ॥੨॥

ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥

(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੇ ਅਸੀਂ ਜੀਵ ਤੇਰੀ ਯਾਦ ਵਿਚ ਹੀ ਟਿਕੇ ਰਹੀਏ, ਜੇ ਅਸੀਂ ਤੇਰੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਵਿਝੇ ਰਹੀਏ, ਤਾਂ ਅਸੀਂ ਭੀ (ਤੇਰੀ ਮੇਹਰ ਨਾਲ) ਅਡੋਲ-ਚਿੱਤ ਹੋ ਸਕਦੇ ਹਾਂ।

ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥੩॥

ਜੇਹੜੇ ਮਨੁੱਖ ਦਿਨ ਰਾਤ ਤੇਰੇ ਨਾਮ ਵਿਚ ਰੰਗੇ ਰਹਿੰਦੇ ਹਨ ਉਹ ਪਵਿਤ੍ਰ-ਆਤਮਾ ਹਨ, (ਪਰ ਨਾਮ ਵਿਸਾਰ ਕੇ) ਜੋ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹਨਾਂ ਦੇ ਮਨ ਦੀ ਘਾੜਤ ਅਜੇ ਕੋਝੀ ਹੈ ॥੩॥

ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ ॥

ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਕੋਈ ਹੋਰ ਮੈਨੂੰ ਉਸ ਵਰਗਾ ਨਹੀਂ ਦਿੱਸਦਾ ਜਿਸ ਦੀ ਮੈਂ ਸਿਫ਼ਤ-ਸਾਲਾਹ ਕਰ ਸਕਾਂ।

ਪ੍ਰਣਵਤਿ ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ ॥੪॥੫॥

ਨਾਨਕ ਬੇਨਤੀ ਕਰਦਾ ਹੈ ਕਿ ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ ਜਿਨ੍ਹਾਂ ਨੇ ਗੁਰੂ ਦੀ ਮੱਤ ਲੈ ਕੇ ਉਸ (ਲਾ-ਸ਼ਰੀਕ) ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ ॥੪॥੫॥


ਸੋਰਠਿ ਮਹਲਾ ੧ ॥
ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ ਨ ਕਰਮਾ ॥

ਉਹ ਪਰਮਾਤਮਾ ਅਦ੍ਰਿੱਸ਼ ਹੈ, ਬੇਅੰਤ ਹੈ, ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰੇ ਉਸ ਨੂੰ ਸਮਝ ਨਹੀਂ ਸਕਦੇ, ਮੌਤ ਉਸ ਨੂੰ ਪੋਹ ਨਹੀਂ ਸਕਦੀ, ਕਰਮਾਂ ਦਾ ਉਸ ਉਤੇ ਕੋਈ ਦਬਾਉ ਨਹੀਂ (ਜਿਵੇਂ ਜੀਵ ਕਰਮ-ਅਧੀਨ ਹਨ ਉਹ ਨਹੀਂ)।

ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ ॥੧॥

ਉਸ ਪ੍ਰਭੂ ਦੀ ਕੋਈ ਜਾਤਿ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਉਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ। ਨਾਹ ਉਸ ਨੂੰ ਕੋਈ ਮੋਹ ਵਿਆਪਦਾ ਹੈ, ਨਾਹ ਉਹਨੂੰ ਕੋਈ ਭਟਕਣਾ ਹੈ ॥੧॥

ਸਾਚੇ ਸਚਿਆਰ ਵਿਟਹੁ ਕੁਰਬਾਣੁ ॥

ਮੈਂ ਸਦਾ ਕੁਰਬਾਨ ਹਾਂ ਉਸ ਪਰਮਾਤਮਾ ਤੋਂ ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਜੋ ਸਚਾਈ ਦਾ ਸੋਮਾ ਹੈ।

ਨਾ ਤਿਸੁ ਰੂਪ ਵਰਨੁ ਨਹੀ ਰੇਖਿਆ ਸਾਚੈ ਸਬਦਿ ਨੀਸਾਣੁ ॥ ਰਹਾਉ ॥

ਉਸ ਪਰਮਾਤਮਾ ਦਾ ਨਾਹ ਕੋਈ ਰੂਪ ਹੈ ਨਾਹ ਰੰਗ ਹੈ ਅਤੇ ਨਾਹ ਕੋਈ ਚਿਹਨ ਚੱਕ੍ਰ ਹੈ। ਸੱਚੇ ਸ਼ਬਦ ਵਿਚ ਜੁੜਿਆਂ ਉਸ ਦਾ ਥਹੁ-ਪਤਾ ਲੱਗਦਾ ਹੈ। ਰਹਾਉ॥

ਨਾ ਤਿਸੁ ਮਾਤ ਪਿਤਾ ਸੁਤ ਬੰਧਪ ਨਾ ਤਿਸੁ ਕਾਮੁ ਨ ਨਾਰੀ ॥

ਉਸ ਪ੍ਰਭੂ ਦੀ ਨਾਹ ਮਾਂ ਨਾਹ ਪਿਉ ਨਾਹ ਉਸ ਦਾ ਕੋਈ ਪੁੱਤਰ ਨਾਹ ਰਿਸ਼ਤੇਦਾਰ। ਨਾਹ ਉਸ ਨੂੰ ਕਾਮ-ਵਾਸਨਾ ਫੁਰਦੀ ਹੈ ਤੇ ਨਾਹ ਹੀ ਉਸ ਦੀ ਕੋਈ ਵਹੁਟੀ ਹੈ।

ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ ਤੁਮਾਰੀ ॥੨॥

ਉਸ ਦੀ ਕੋਈ ਖ਼ਾਸ ਕੁਲ ਨਹੀਂ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਬੇਅੰਤ ਹੈ ਪਰੇ ਤੋਂ ਪਰੇ ਹੈ। ਹੇ ਪ੍ਰਭੂ! ਸਭ ਥਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ ॥੨॥

ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ ਸਬਾਈ ॥

ਹਰੇਕ ਸਰੀਰ ਦੇ ਅੰਦਰ ਪਰਮਾਤਮਾ ਗੁਪਤ ਹੋ ਕੇ ਬੈਠਾ ਹੋਇਆ ਹੈ, ਹਰੇਕ ਘਟ ਵਿਚ ਹਰ ਥਾਂ ਉਸੇ ਦੀ ਜੋਤਿ ਹੈ[

ਬਜਰ ਕਪਾਟ ਮੁਕਤੇ ਗੁਰਮਤੀ ਨਿਰਭੈ ਤਾੜੀ ਲਾਈ ॥੩॥

ਗੁਰੂ ਦੀ ਮੱਤ ਤੇ ਤੁਰ ਨਾਲ ਕਰੜੇ ਕਵਾੜ ਖੁਲ੍ਹਦੇ ਹਨ ਤੇ ਇਹ ਸਮਝ ਆਉਂਦੀ ਹੈ ਕਿ ਹਰੇਕ ਜੀਵ ਵਿਚ ਵਿਆਪਕ ਹੁੰਦਾ ਹੋਇਆ ਭੀ ਪ੍ਰਭੂ ਨਿਡਰ ਅਵਸਥਾ ਵਿਚ ਟਿਕਿਆ ਬੈਠਾ ਹੈ ॥੩॥

ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥

ਸਭ ਜੀਵਾਂ ਨੂੰ ਪੈਦਾ ਕਰ ਕੇ ਸਭ ਦੇ ਸਿਰ ਉਤੇ ਪਰਮਾਤਮਾ ਨੇ ਮੌਤ (ਭੀ) ਟਿਕਾਈ ਹੋਈ ਹੈ, ਸਭ ਜੀਵਾਂ ਦੀ ਜੀਵਨ-ਜੁਗਤਿ ਪ੍ਰਭੂ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ।

ਸਤਿਗੁਰੁ ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥੪॥

ਜੇਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ-ਪਦਾਰਥ ਹਾਸਲ ਕਰਦੇ ਹਨ, ਉਹ ਗੁਰ-ਸ਼ਬਦ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਢਾਲ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ ॥੪॥

ਸੂਚੈ ਭਾਡੈ ਸਾਚੁ ਸਮਾਵੈ ਵਿਰਲੇ ਸੂਚਾਚਾਰੀ ॥

ਪਵਿਤ੍ਰ ਹਿਰਦੇ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਟਿਕ ਸਕਦਾ ਹੈ, ਪਰ ਸੁੱਚੇ ਆਚਰਨ ਵਾਲੇ (ਪਵਿਤ੍ਰ ਹਿਰਦੇ ਵਾਲੇ) ਕੋਈ ਵਿਰਲੇ ਹੁੰਦੇ ਹਨ।

ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕ ਸਰਣਿ ਤੁਮਾਰੀ ॥੫॥੬॥

ਹੇ ਪ੍ਰਭੂ! ਨਾਨਕ ਤੇਰੀ ਸਰਨ ਆਇਆ ਹੈ, ਤੂੰ ਹੀ ਜੀਵ-ਆਤਮਾ ਨੂੰ ਪਰਮ-ਆਤਮਾ ਮਿਲਾਂਦਾ (ਪ੍ਰਭੂ-ਮੇਲ ਕਰਦਾ) ਹੈਂ ॥੫॥੬॥


ਸੋਰਠਿ ਮਹਲਾ ੧ ॥
ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥

ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਫਦੀ) ਹੈ ਤਿਵੇਂ ਮਾਇਆ-ਵੇੜ੍ਹਿਆ ਜੀਵ ਤ੍ਰਿਸ਼ਨਾ ਦੇ ਅਧੀਨ ਰਹਿ ਕੇ ਦੁਖੀ ਹੁੰਦਾ ਹੈ।

ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥੧॥

ਇਸੇ ਤਰ੍ਹਾਂ, ਹੇ ਮਨ! ਹਰੀ-ਸਿਮਰਨ ਤੋਂ ਬਿਨਾ ਜੇਹੜਾ ਭੀ ਸੁਆਸ ਖ਼ਾਲੀ ਜਾਂਦਾ ਹੈ (ਉਸ ਵਿਚ ਦੁਖੀ ਹੋ ਹੋ ਕੇ) ਆਤਮਕ ਮੌਤੇ ਮਰੀਦਾ ਹੈ ॥੧॥

ਮਨ ਰੇ ਰਾਮ ਨਾਮ ਜਸੁ ਲੇਇ ॥

ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੀ ਸਿਫ਼ਤ-ਸਾਲਾਹ ਕਰ।

ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥

(ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਆਨੰਦ ਨਹੀਂ ਮਿਲ ਸਕਦਾ। ਪ੍ਰਭੂ (ਮੇਹਰ ਕਰ ਕੇ) ਜਿਸ ਨੂੰ ਗੁਰੂ ਮਿਲਾਂਦਾ ਹੈ ਉਸ ਨੂੰ (ਇਹ ਰਸ) ਦੇਂਦਾ ਹੈ। ਰਹਾਉ॥

ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥

(ਹੇ ਮਨ!) ਸੰਤ ਜਨਾਂ ਦੀ ਸੰਗਤ ਵਿਚ ਮਿਲ (ਸਤਸੰਗ ਵਿਚ ਰਹਿ ਕੇ) ਗੁਰੂ ਦੇ ਸਨਮੁਖ ਰਹਿਣਾ ਹੀ (ਅਸਲ) ਤੀਰਥ (-ਇਸ਼ਨਾਨ) ਹੈ।

ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥੨॥

ਜਿਸ ਮਨੁੱਖ ਨੂੰ ਗੁਰੂ ਦਾ ਦਰਸਨ ਹੋ ਜਾਂਦਾ ਹੈ ਉਸ ਨੂੰ (ਸਮਝੋ) ਅਠਾਹਠ ਤੀਰਥਾਂ ਦਾ ਇਸ਼ਨਾਨ ਪ੍ਰਾਪਤ ਹੋ ਜਾਂਦਾ ਹੈ ॥੨॥

ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥

ਜਿਸ ਨੇ ਆਪਣੇ ਇੰਦ੍ਰਿਆਂ ਨੂੰ ਵੱਸ ਵਿਚ ਨਹੀਂ ਕੀਤਾ ਉਹ ਜੋਗੀ (ਨਿਸਫਲ ਹੈ), ਜੇ ਅੰਦਰ ਸੰਤੋਖ ਨਹੀਂ, ਉੱਚਾ ਜੀਵਨ ਨਹੀਂ, ਤਾਂ (ਕੀਤਾ ਹੋਇਆ) ਤਪ ਵਿਅਰਥ ਹੈ।

ਤਿਉ ਨਾਮੈ ਬਿਨੁ ਦੇਹੁਰੀ ਜਮੁ ਮਾਰੈ ਅੰਤਰਿ ਦੋਖੁ ॥੩॥

ਇਸੇ ਤਰ੍ਹਾਂ ਜੇ ਪ੍ਰਭੂ ਦਾ ਨਾਮ ਨਹੀਂ ਸਿਮਰਿਆ, ਤਾਂ ਇਹ ਮਨੁੱਖਾ ਸਰੀਰ ਵਿਅਰਥ ਹੈ। ਨਾਮ-ਹੀਣੇ ਮਨੁੱਖ ਦੇ ਅੰਦਰ ਵਿਕਾਰ ਹੀ ਵਿਕਾਰ ਹੈ, ਉਸ ਨੂੰ ਜਮਰਾਜ ਸਜ਼ਾ ਦੇਂਦਾ ਹੈ ॥੩॥

ਸਾਕਤ ਪ੍ਰੇਮੁ ਨ ਪਾਈਐ ਹਰਿ ਪਾਈਐ ਸਤਿਗੁਰ ਭਾਇ ॥

(ਪ੍ਰਭੂ-ਚਰਨਾਂ ਦਾ) ਪਿਆਰ ਮਾਇਆ-ਵੇੜ੍ਹੇ ਬੰਦਿਆਂ ਤੋਂ ਨਹੀਂ ਮਿਲਦਾ, ਗੁਰੂ ਨਾਲ ਪਿਆਰ ਪਾਇਆਂ ਹੀ ਪਰਮਾਤਮਾ ਮਿਲਦਾ ਹੈ।

ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੭॥

ਨਾਨਕ ਆਖਦਾ ਹੈ- ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸਨੂੰ ਸੁਖਾਂ ਦੁੱਖਾਂ ਦਾ ਦੇਣ ਵਾਲਾ ਰੱਬ ਮਿਲ ਪੈਂਦਾ ਹੈ, ਉਹ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਲੀਨ ਰਹਿੰਦਾ ਹੈ ॥੪॥੭॥


ਸੋਰਠਿ ਮਹਲਾ ੧ ॥
ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥

ਹੇ ਪ੍ਰਭੂ ਜੀ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ।

ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ ॥੧॥

ਮੈਂ ਤੈਥੋਂ ਕੇਹੜੀ ਸ਼ੈ ਮੰਗਾਂ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ। ਹੇ ਹਰੀ! ਮੈਨੂੰ (ਕੇਵਲ) ਆਪਣਾ ਨਾਮ ਦੇਹ ਤਾਂ ਜੋ ਮੈਂ ਤੇਰੇ ਨਾਮ ਨੂੰ ਪਿਆਰ ਕਰਾਂ ॥੧॥

ਘਟਿ ਘਟਿ ਰਵਿ ਰਹਿਆ ਬਨਵਾਰੀ ॥

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ।

ਜਲਿ ਥਲਿ ਮਹੀਅਲਿ ਗੁਪਤੋ ਵਰਤੈ ਗੁਰਸਬਦੀ ਦੇਖਿ ਨਿਹਾਰੀ ਜੀਉ ॥ ਰਹਾਉ ॥

ਪਾਣੀ ਵਿਚ ਧਰਤੀ ਵਿਚ, ਧਰਤੀ ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ। (ਹੇ ਮਨ!) ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ! ਰਹਾਉ॥

ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ ਧਾਰੀ ਜੀਉ ॥

ਗੁਰੂ ਨੇ ਸਤਿਗੁਰੂ ਨੇ ਕਿਰਪਾ ਕੀਤੀ ਤੇ ਜੀਵ ਨੂੰ ਪ੍ਰਭੂ ਦੀ ਹੋਂਦ, ਧਰਤੀ, ਆਕਾਸ਼ ਤੇ ਪਾਤਾਲ ਵਿਚ ਵਿਖਾ ਦਿੱਤੀ।

ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ ਜੀਉ ॥੨॥

ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ॥੨॥

ਜਨਮ ਮਰਨ ਕਉ ਇਹੁ ਜਗੁ ਬਪੁੜੋ ਇਨਿ ਦੂਜੈ ਭਗਤਿ ਵਿਸਾਰੀ ਜੀਉ ॥

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੇੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ।

ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ ਹਾਰੀ ਜੀਉ ॥੩॥

ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜ੍ਹੇ ਜੀਵ (ਭਗਤੀ ਤੋਂ ਖੁੰਝ ਕੇ ਮਨੁੱਖਾ ਜਨਮ ਦੀ) ਬਾਜ਼ੀ ਹਾਰ ਜਾਂਦੇ ਹਨ ॥੩॥

ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ ਜੀਉ ॥

ਜਿਨ੍ਹਾਂ ਨੂੰ ਸਤਿਗੁਰੂ ਮਾਇਆ ਦੇ ਬੰਧਨ ਤੋੜ ਕੇ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈਂ, ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦੇ।

ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ ਨਿਰੰਕਾਰੀ ਜੀਉ ॥੪॥੮॥

ਹੇ ਨਾਨਕ! ਜਿਨ੍ਹਾਂ ਦੇ ਅੰਦਰ (ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ॥੪॥੮॥


ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥

ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀਂ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ।

ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਵੀ ਛੱਡੋ, ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ॥੧॥

ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥

ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ।

ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥

ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ। ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ। ਰਹਾਉ॥

ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥

ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ। ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ।

ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥

(ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ॥੨॥

ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥

ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ?

ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥

ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ॥੩॥

ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥

(ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ। ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ।

ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

(ਪ੍ਰਭੂ) ਜੀਵ ਨੂੰ ਉਵੇਂ ਰਖਦਾ ਹੈ ਜਿਵੇਂ ਉਸ ਦੀ ਰਜ਼ਾ ਹੋਵੇ। ਦਾਸ ਨਾਨਕ ਸ਼ਬਦ ਵਿਚ ਜੁੜ ਕੇ ਤੇਰੀ ਸਿਫ਼ਤ-ਸਾਲਾਹ ਕਰਦਾ ਹੈ ॥੪॥੯॥


ਸੋਰਠਿ ਮਹਲਾ ੧ ਪੰਚਪਦੇ ॥
ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥

(ਹੇ ਮਨ!) ਤੇਰਾ ਆਪਣਾ ਆਤਮਕ ਜੀਵਨ ਲੁੱਟਿਆ ਜਾ ਰਿਹਾ ਹੈ ਉਸ ਨੂੰ ਤੂੰ ਬਚਾ ਨਹੀਂ ਸਕਦਾ, ਪਰਾਏ ਐਬ ਕਿਉਂ ਫੋਲਦਾ ਫਿਰਦਾ ਹੈਂ?

ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੋ ਗੁਰਮੁਖਿ ਸੇਵਕੁ ਲਾਗਾ ॥੧॥

ਆਪਣਾ ਘਰ ਬਾਰ (ਲੁੱਟੇ ਜਾਣ ਤੋਂ ਤਦੋਂ ਹੀ) ਬਚਾ ਸਕੇਂਗਾ ਜੇ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਚੱਖੇਂਗਾ (ਨਾਮ-ਰਸ ਉਹੀ) ਸੇਵਕ (ਚੱਖਦਾ ਹੈ) ਜੋ ਗੁਰੂ ਦੇ ਸਨਮੁਖ ਰਹਿ ਕੇ (ਸੇਵਾ ਵਿਚ) ਲੱਗਦਾ ਹੈ ॥੧॥

ਮਨ ਰੇ ਸਮਝੁ ਕਵਨ ਮਤਿ ਲਾਗਾ ॥

ਹੇ ਮਨ! ਹੋਸ਼ ਕਰ, ਕਿਸ ਭੈੜੀ ਮਤ ਵਿਚ ਲਗ ਪਿਆ ਹੈਂ?

ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥

ਹੇ ਭਾਗ-ਹੀਣ! ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਹੋਰ ਸੁਆਦਾਂ ਵਿਚ ਮਸਤ ਹੋ ਰਿਹਾ ਹੈਂ, (ਵੇਲਾ ਬੀਤ ਜਾਣ ਤੇ) ਫਿਰ ਪਛਤਾਵੇਂਗਾ। ਰਹਾਉ॥

ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥

(ਹੇ ਮਨ!) ਤੂੰ ਆਉਂਦੇ ਧਨ ਨੂੰ ਵੇਖ ਕੇ ਖ਼ੁਸ਼ ਹੁੰਦਾ ਹੈਂ, ਜਾਂਦੇ ਨੂੰ ਵੇਖ ਕੇ ਰੋਂਦਾ ਹੈਂ, ਇਹ ਦੁੱਖ ਤੇ ਸੁਖ ਤਾਂ ਤੇਰੇ ਨਾਲ ਹੀ ਚੰਬੜਿਆ ਚਲਿਆ ਆ ਰਿਹਾ ਹੈ।

ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੋ ਅਨਰਾਗਾ ॥੨॥

(ਪਰ ਜੀਵ ਕੀਹ ਵੱਸ?) ਪ੍ਰਭੂ ਆਪ ਹੀ (ਜੀਵ ਨੂੰ ਉਸ ਦੇ ਕੀਤੇ ਕਰਮਾਂ ਅਨੁਸਾਰ) ਦੁੱਖਾਂ ਤੇ ਸੁਖਾਂ ਦੇ ਭੋਗ ਵਿਚ ਰੁਝਾ ਕੇ (ਦੁੱਖ ਸੁਖ) ਭੋਗਾਂਦਾ ਹੈ। (ਸਿਰਫ਼) ਉਹ ਨਿਰਮੋਹ ਰਹਿੰਦਾ ਹੈ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ ॥੨॥

ਹਰਿ ਰਸ ਊਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੋ ਤ੍ਰਿਪਤਾਗਾ ॥

(ਹੇ ਮਨ!) ਪਰਮਾਤਮਾ ਦੇ ਨਾਮ ਦੇ ਰਸ ਤੋਂ ਵਧੀਆ ਹੋਰ ਕੋਈ ਰਸ ਕਿਹਾ ਨਹੀਂ ਜਾ ਸਕਦਾ। ਜਿਸ ਨੇ ਇਹ ਰਸ ਪੀਤਾ ਹੈ ਉਹ (ਦੁਨੀਆ ਦੇ ਹੋਰ ਰਸਾਂ ਵਲੋਂ) ਰੱਜ ਜਾਂਦਾ ਹੈ।

ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥

ਪਰ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ ਫਸ ਕੇ ਇਹ (ਨਾਮ-) ਰਸ ਗਵਾ ਲਿਆ ਹੈ ਉਹ ਮਾਇਆ-ਵੇੜ੍ਹੇ ਬੰਦਿਆਂ ਦੀ ਭੈੜੀ ਮੱਤ ਵਿਚ ਜਾ ਲੱਗਦਾ ਹੈ ॥੩॥

ਮਨ ਕਾ ਜੀਉ ਪਵਨਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥

ਜੋ ਪ੍ਰਕਾਸ਼-ਰੂਪ ਪਰਮਾਤਮਾ ਸਾਡੇ ਮਨ ਦਾ ਸਹਾਰਾ ਹੈ, ਪ੍ਰਾਣਾਂ ਦਾ ਮਾਲਕ ਹੈ, ਸਰੀਰ ਦਾ ਮਾਲਕ ਹੈ ਉਹ ਸਾਡੇ ਸਰੀਰ ਵਿਚ ਹੀ ਮੌਜੂਦ ਹੈ।

ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥੪॥

ਹੇ ਪ੍ਰਭੂ! ਜੇ ਤੂੰ ਆਪ ਮੈਨੂੰ ਆਪਣੇ ਨਾਮ ਦਾ ਰਸ ਬਖ਼ਸ਼ੇਂ ਤਾਂ ਹੀ ਮੈਂ ਤੇਰੇ ਗੁਣ ਗਾ ਸਕਦਾ ਹਾਂ। ਜਿਸ ਮਨੁੱਖ ਦੀ ਸੁਰਤ ਹਰੀ-ਸਿਮਰਨ ਵਿਚ ਜੁੜਦੀ ਹੈ ਉਸ ਦਾ ਮਨ ਮਾਇਆ ਵਲੋਂ ਰੱਜ ਜਾਂਦਾ ਹੈ ॥੪॥

ਸਾਧਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥

ਹੇ ਨਾਨਕ! ਸਾਧ ਸੰਗਤ ਵਿਚ ਹੀ ਪਰਮਾਤਮਾ ਦੇ ਨਾਮ ਦਾ ਰਸ ਪ੍ਰਾਪਤ ਹੋ ਸਕਦਾ ਹੈ (ਸਾਧ ਸੰਗਤ ਵਿਚ) ਜੇ ਗੁਰੂ ਮਿਲ ਪਏ ਤਾਂ ਮੌਤ ਦਾ (ਭੀ) ਡਰ ਦੂਰ ਹੋ ਜਾਂਦਾ ਹੈ।

ਨਾਨਕ ਰਾਮ ਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥

ਜਿਸ ਮਨੁੱਖ ਦੇ ਮੱਥੇ ਉਤੇ ਚੰਗਾ ਲੇਖ ਉੱਘੜ ਪਏ, ਉਹ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰ ਕੇ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ ॥੫॥੧੦॥


ਸੋਰਠਿ ਮਹਲਾ ੧ ॥
ਸਰਬ ਜੀਆ ਸਿਰਿ ਲੇਖੁ ਧੁਰਾਹੂ ਬਿਨੁ ਲੇਖੈ ਨਹੀ ਕੋਈ ਜੀਉ ॥

ਧੁਰੋਂ (ਪਰਮਾਤਮਾ ਦੀ ਰਜ਼ਾ ਅਨੁਸਾਰ) ਹੀ ਸਭ ਜੀਵਾਂ ਦੇ ਮੱਥੇ ਉਤੇ (ਆਪੋ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ (ਉੱਕਰਿਆ ਪਿਆ) ਹੈ। ਕੋਈ ਜੀਵ ਐਸਾ ਨਹੀਂ ਹੈ ਜਿਸ ਉਤੇ ਇਸ ਲੇਖ ਦਾ ਪ੍ਰਭਾਵ ਨਾਹ ਹੋਵੇ।

ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ ਸੋਈ ਜੀਉ ॥੧॥

ਸਿਰਫ਼ ਪਰਮਾਤਮਾ ਆਪ ਇਸ (ਕਰਮ-) ਲੇਖ ਤੋਂ ਸੁਤੰਤ੍ਰ ਹੈ ਜੋ ਇਸ ਕੁਦਰਤਿ ਨੂੰ ਰਚ ਕੇ ਇਸ ਦੀ ਸੰਭਾਲ ਕਰਦਾ ਹੈ, ਤੇ ਆਪਣੇ ਹੁਕਮ ਵਿਚ (ਜਗਤ-ਕਾਰ) ਚਲਾ ਰਿਹਾ ਹੈ ॥੧॥

ਮਨ ਰੇ ਰਾਮ ਜਪਹੁ ਸੁਖੁ ਹੋਈ ॥

ਹੇ ਮੇਰੇ ਮਨ! ਸਦਾ ਰਾਮ (ਪ੍ਰਭੂ) ਦਾ ਨਾਮ ਜਪੋ, (ਨਾਮ ਜਪਣ ਨਾਲ) ਆਤਮਕ ਸੁਖ ਮਿਲੇਗਾ।

ਅਹਿਨਿਸਿ ਗੁਰ ਕੇ ਚਰਨ ਸਰੇਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥

ਦਿਨ ਰਾਤ ਉਸ ਸਭ ਤੋਂ ਵੱਡੇ ਮਾਲਕ ਦੇ ਚਰਨਾਂ ਦਾ ਧਿਆਨ ਧਰੋ, ਉਹ ਹਰੀ (ਆਪ ਹੀ ਸਭ ਜੀਵਾਂ ਨੂੰ ਦਾਤਾਂ) ਦੇਣ ਵਾਲਾ ਹੈ, (ਆਪ ਹੀ ਸਭ ਵਿਚ ਵਿਆਪਕ ਹੋ ਕੇ) ਭੋਗਣ ਵਾਲਾ ਹੈ। ਰਹਾਉ॥

ਜੋ ਅੰਤਰਿ ਸੋ ਬਾਹਰਿ ਦੇਖਹੁ ਅਵਰੁ ਨ ਦੂਜਾ ਕੋਈ ਜੀਉ ॥

(ਹੇ ਮੇਰੇ ਮਨ!) ਜੇਹੜਾ ਪ੍ਰਭੂ ਤੇਰੇ ਅੰਦਰ ਵੱਸ ਰਿਹਾ ਹੈ ਉਸ ਨੂੰ ਬਾਹਰ (ਸਾਰੀ ਕੁਦਰਤਿ ਵਿਚ) ਵੇਖ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ।

ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ ਘਟਿ ਘਟਿ ਜੋਤਿ ਸਮੋਈ ਜੀਉ ॥੨॥

ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਇੱਕ ਨੂੰ ਵੇਖਣ ਵਾਲੀ ਨਜ਼ਰ ਬਣਾ (ਫਿਰ ਤੈਨੂੰ ਦਿੱਸ ਪਏਗਾ ਕਿ) ਹਰੇਕ ਸਰੀਰ ਵਿਚ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ ॥੨॥

ਚਲਤੌ ਠਾਕਿ ਰਖਹੁ ਘਰਿ ਅਪਨੈ ਗੁਰ ਮਿਲਿਐ ਇਹ ਮਤਿ ਹੋਈ ਜੀਉ ॥

ਇਸ (ਬਾਹਰ) ਭਟਕਦੇ (ਮਨ) ਨੂੰ ਰੋਕ ਕੇ ਆਪਣੇ ਅੰਦਰ (ਵੱਸਦੇ ਪ੍ਰਭੂ ਵਿਚ) ਹੀ ਟਿਕਾ ਰੱਖ। ਪਰ ਗੁਰੂ ਨੂੰ ਮਿਲਿਆਂ ਹੀ ਇਹ ਅਕਲ ਆਉਂਦੀ ਹੈ।

ਦੇਖਿ ਅਦ੍ਰਿਸਟੁ ਰਹਉ ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥੩॥

ਮੈਂ ਤਾਂ (ਗੁਰੂ ਦੀ ਕਿਰਪਾ ਨਾਲ) ਉਸ ਅਦ੍ਰਿਸ਼ਟ ਪ੍ਰਭੂ ਨੂੰ (ਸਭ ਵਿਚ ਵੱਸਦਾ) ਵੇਖ ਕੇ ਵਿਸਮਾਦ ਅਵਸਥਾ ਵਿਚ ਅੱਪੜ ਜਾਂਦਾ ਹਾਂ। (ਜੇਹੜਾ ਭੀ ਇਹ ਦੀਦਾਰ ਕਰਦਾ ਹੈ, ਉਸ ਦਾ) ਦੁੱਖ ਮਿਟ ਜਾਂਦਾ ਹੈ ਉਸ ਨੂੰ ਆਤਮਕ ਆਨੰਦ ਮਿਲ ਜਾਂਦਾ ਹੈ ॥੩॥

ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥

ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਉ, (ਇਹ ਨਾਮ-ਰਸ ਪੀਤਿਆਂ) ਸਭ ਤੋਂ ਉੱਚਾ ਆਤਮਕ ਆਨੰਦ ਮਿਲਦਾ ਹੈ, ਅਤੇ ਆਪਣੇ ਘਰ ਵਿਚ ਟਿਕਾਣਾ ਹੋ ਜਾਂਦਾ ਹੈ (ਭਾਵ, ਸੁਖਾਂ ਦੀ ਖ਼ਾਤਰ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)।

ਜਨਮ ਮਰਣ ਭਵ ਭੰਜਨੁ ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥੪॥

ਜਨਮ ਮਰਨ ਦਾ ਚੱਕ੍ਰ ਨਾਸ ਕਰਨ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, (ਇਸ ਤਰ੍ਹਾਂ) ਮੁੜ ਮੁੜ ਜਨਮ (ਮਰਨ) ਨਹੀਂ ਹੁੰਦਾ ॥੪॥

ਤਤੁ ਨਿਰੰਜਨੁ ਜੋਤਿ ਸਬਾਈ ਸੋਹੰ ਭੇਦੁ ਨ ਕੋਈ ਜੀਉ ॥

ਪਰਮਾਤਮਾ ਸਾਰੇ ਜਗਤ ਦਾ ਅਸਲਾ ਹੈ (ਆਪ) ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ, ਪ੍ਰਭੂ ਪਾਰਬ੍ਰਹਮ ਪਰੇ ਤੋਂ ਪਰੇ ਹੈ ਸਭ ਤੋਂ ਵੱਡਾ ਮਾਲਕ ਹੈ।

ਅਪਰੰਪਰ ਪਾਰਬ੍ਰਹਮੁ ਪਰਮੇਸਰੁ ਨਾਨਕ ਗੁਰੁ ਮਿਲਿਆ ਸੋਈ ਜੀਉ ॥੫॥੧੧॥

ਹੇ ਨਾਨਕ! ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ (ਇਹ ਦਿੱਸ ਪੈਂਦਾ ਹੈ ਕਿ) ਉਸ ਪ੍ਰਭੂ ਦੀ ਜੋਤਿ ਹਰ ਥਾਂ ਸੋਭ ਰਹੀ ਹੈ (ਤੇ ਉਸ ਦੀ ਵਿਆਪਕਤਾ ਵਿਚ ਕਿਤੇ) ਕੋਈ ਵਿੱਥ ਵਿਤਕਰਾ ਨਹੀਂ ਹੈ ॥੫॥੧੧॥


ਸੋਰਠਿ ਮਹਲਾ ੧ ਘਰੁ ੩ ॥

ਰਾਗ ਸੋਰਠਿ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਾ ਤਿਸੁ ਭਾਵਾ ਤਦ ਹੀ ਗਾਵਾ ॥

(ਹੇ ਮੇਰੇ ਮਨ!) ਜਦੋਂ ਮੈਂ ਉਸ ਪ੍ਰਭੂ ਨੂੰ ਚੰਗਾ ਲੱਗਦਾ ਹਾਂ (ਭਾਵ, ਜਦੋਂ ਉਹ ਮੇਰੇ ਉਤੇ ਖ਼ੁਸ਼ ਹੁੰਦਾ ਹੈ) ਤਦੋਂ ਹੀ ਮੈਂ ਉਸ ਦੀ ਸਿਫ਼ਤ-ਸਾਲਾਹ ਕਰ ਸਕਦਾ ਹਾਂ,

ਤਾ ਗਾਵੇ ਕਾ ਫਲੁ ਪਾਵਾ ॥

ਤਦੋਂ ਹੀ (ਭਾਵ, ਉਸ ਦੀ ਮੇਹਰ ਨਾਲ ਹੀ) ਮੈਂ ਸਿਫ਼ਤ-ਸਾਲਾਹ ਕਰਨ ਦਾ ਫਲ ਪ੍ਰਾਪਤ ਕਰ ਸਕਦਾ ਹਾਂ।

ਗਾਵੇ ਕਾ ਫਲੁ ਹੋਈ ॥

ਸਿਫ਼ਤ-ਸਾਲਾਹ ਕਰਨ ਦਾ ਜੋ ਫਲ ਹੈ (ਕਿ ਸਦਾ ਉਸ ਦੇ ਚਰਨਾਂ ਵਿਚ ਲੀਨ ਰਹਿ ਸਕੀਦਾ ਹੈ, ਇਹ ਭੀ ਤਦੋਂ ਹੀ ਮਿਲਦਾ ਹੈ)

ਜਾ ਆਪੇ ਦੇਵੈ ਸੋਈ ॥੧॥

ਜਦੋਂ ਉਹ ਪ੍ਰਭੂ ਆਪ ਹੀ ਦੇਂਦਾ ਹੈ ॥੧॥

ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥

ਹੇ ਮੇਰੇ ਮਨ! ਜਿਸ ਮਨੁਖ ਨੇ ਗੁਰੂ ਦੇ ਬਚਨਾਂ ਤੇ ਤੁਰ ਕੇ (ਸਿਫ਼ਤ-ਸਾਲਾਹ ਦਾ) ਖ਼ਜ਼ਾਨਾ ਲੱਭ ਲਿਆ,

ਤਾ ਤੇ ਸਚ ਮਹਿ ਰਹਿਆ ਸਮਾਈ ॥ ਰਹਾਉ ॥

ਉਹ ਉਸ (ਖ਼ਜ਼ਾਨੇ) ਦੀ ਬਰਕਤਿ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਸਦਾ ਟਿਕਿਆ ਰਹਿੰਦਾ ਹੈ। ਰਹਾਉ॥

ਗੁਰ ਸਾਖੀ ਅੰਤਰਿ ਜਾਗੀ ॥

ਜਦੋਂ ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੀ (ਸਿਫ਼ਤ-ਸਾਲਾਹ ਕਰਨ ਦੀ ਸਿੱਖਿਆ ਦੀ) ਜੋਤਿ ਜਗ ਪੈਂਦੀ ਹੈ,

ਤਾ ਚੰਚਲ ਮਤਿ ਤਿਆਗੀ ॥

ਤਦੋਂ ਉਹ ਮਨੁੱਖ ਉਹ ਮੱਤ ਛੱਡ ਦੇਂਦਾ ਹੈ ਜੋ ਮਾਇਆ ਪਿਛੇ ਭਟਕਣ ਵਲ ਪਾਈ ਰੱਖਦੀ ਹੈ।

ਗੁਰ ਸਾਖੀ ਕਾ ਉਜੀਆਰਾ ॥

ਜਦੋਂ (ਮਨੁੱਖ ਦੇ ਅੰਦਰ) ਗੁਰੂ ਦੇ ਉਪਦੇਸ਼ ਦਾ (ਆਤਮਕ) ਚਾਨਣ ਹੁੰਦਾ ਹੈ,

ਤਾ ਮਿਟਿਆ ਸਗਲ ਅੰਧ੍ਰਾਰਾ ॥੨॥

ਤਦੋਂ ਉਸ ਦੇ ਅੰਦਰੋਂ (ਅਗਿਆਨਤਾ ਵਾਲਾ) ਸਾਰਾ ਹਨੇਰਾ ਦੂਰ ਹੋ ਜਾਂਦਾ ਹੈ ॥੨॥

ਗੁਰ ਚਰਨੀ ਮਨੁ ਲਾਗਾ ॥

ਜਦੋਂ ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ,

ਤਾ ਜਮ ਕਾ ਮਾਰਗੁ ਭਾਗਾ ॥

ਤਦੋਂ ਉਸ ਮਨੁੱਖ ਦਾ ਉਹ ਜੀਵਨ-ਰਸਤਾ ਖ਼ਤਮ ਹੋ ਜਾਂਦਾ ਹੈ ਜਿਸ ਤੇ ਤੁਰਿਆਂ ਆਤਮਕ ਮੌਤ ਹੋ ਰਹੀ ਸੀ।

ਭੈ ਵਿਚਿ ਨਿਰਭਉ ਪਾਇਆ ॥

ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਜਦੋਂ ਮਨੁੱਖ ਨਿਰਭਉ ਪ੍ਰਭੂ ਨਾਲ ਮਿਲਾਪ ਹਾਸਲ ਕਰਦਾ ਹੈ,

ਤਾ ਸਹਜੈ ਕੈ ਘਰਿ ਆਇਆ ॥੩॥

ਤਦੋਂ ਉਹ ਅਡੋਲ ਆਤਮਕ ਅਵਸਥਾ ਦੇ ਘਰ ਵਿਚ ਟਿਕ ਜਾਂਦਾ ਹੈ ॥੩॥

ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥

ਪਰ, ਨਾਨਕ ਆਖਦਾ ਹੈ ਕਿ ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ,

ਇਸੁ ਜਗ ਮਹਿ ਕਰਣੀ ਸਾਰੀ ॥

ਕਿ ਇਸ ਜ਼ਿੰਦਗੀ ਵਿਚ (ਪਰਮਾਤਮਾ ਦੀ ਸਿਫ਼ਤ ਹੀ) ਸ੍ਰੇਸ਼ਟ ਕਰਨ-ਜੋਗ ਕੰਮ ਹੈ।

ਕਰਣੀ ਕੀਰਤਿ ਹੋਈ ॥

ਸਿਫ਼ਤ-ਸਾਲਾਹ ਦੀ (ਸ੍ਰੇਸ਼ਟ) ਕਾਰ ਉਦੋਂ ਮਿਲ ਜਾਂਦੀ ਹੈ,

ਜਾ ਆਪੇ ਮਿਲਿਆ ਸੋਈ ॥੪॥੧॥੧੨॥

ਜਦੋਂ ਪ੍ਰਭੂ ਆਪ (ਮੇਹਰ ਕਰ ਕੇ ਜੀਵ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ ॥੪॥੧॥੧੨॥


ਸੋਰਠਿ ਮਹਲਾ ੩ ਘਰੁ ੧ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥

ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ।

ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥

ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ।

ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ ॥੧॥

ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥

ਹੇ ਮੇਰੇ ਮਾਲਕ-ਪ੍ਰਭੂ! ਅਸੀਂ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ।

ਏਕੋ ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥

ਸਿਰਫ਼ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, ਹੇ ਪ੍ਰਭੂ! ਰਹਾਉ॥

ਜਾਗਤ ਰਹੇ ਤਿਨੀ ਪ੍ਰਭੁ ਪਾਇਆ ਸਬਦੇ ਹਉਮੈ ਮਾਰੀ ॥

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ।

ਗਿਰਹੀ ਮਹਿ ਸਦਾ ਹਰਿ ਜਨ ਉਦਾਸੀ ਗਿਆਨ ਤਤ ਬੀਚਾਰੀ ॥

ਪਰਮਾਤਮਾ ਦੇ ਭਗਤ ਗੁਰੂ ਦੇ ਬਖ਼ਸ਼ੇ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ।

ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਰਾਖਿਆ ਉਰ ਧਾਰੀ ॥੨॥

ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ॥੨॥

ਇਹੁ ਮਨੂਆ ਦਹ ਦਿਸਿ ਧਾਵਦਾ ਦੂਜੈ ਭਾਇ ਖੁਆਇਆ ॥

ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ।

ਮਨਮੁਖ ਮੁਗਧੁ ਹਰਿ ਨਾਮੁ ਨ ਚੇਤੈ ਬਿਰਥਾ ਜਨਮੁ ਗਵਾਇਆ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ।

ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥੩॥

ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ॥੩॥

ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥

ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ।

ਆਪੇ ਮੇਲਿ ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰ ਧਾਰੀ ॥

ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।

ਨਾਨਕ ਨਾਵਹੁ ਗਤਿ ਮਤਿ ਪਾਈ ਏਹਾ ਰਾਸਿ ਹਮਾਰੀ ॥੪॥੧॥

ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ॥੪॥੧॥


ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥

(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ।

ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥

ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)।

ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥

ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥

ਮਨ ਮੇਰੇ ਗੁਰਸਬਦੀ ਹਰਿ ਪਾਇਆ ਜਾਇ ॥

ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ।

ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥

ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ। ਰਹਾਉ॥

ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥

ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ,

ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥

(ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)।

ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥

ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥

ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥

ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ।

ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ।

ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥

ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥

ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥

ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ,

ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥

ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ।

ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥


ਸੋਰਠਿ ਮ : ੩ ॥
ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਚਹੁ ਆਪੁ ਗਵਾਈ ॥

ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ।

ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿ ਗੁਣ ਗਾਈ ॥

ਪਰਮਾਤਮਾ ਦੇ ਭਗਤਾਂ ਦਾ ਮੁੱਖ ਕੰਮ ਇਹੀ ਹੁੰਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ।

ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥

ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੇ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ॥੧॥

ਹਰਿ ਜੀਉ ਸਾਚੀ ਨਦਰਿ ਤੁਮਾਰੀ ॥

ਹੇ ਪ੍ਰਭ ਜੀ! ਤੇਰੀ ਮੇਹਰ ਦੀ ਨਿਗਾਹ (ਆਪਣੇ ਸੇਵਕਾਂ ਉਤੇ) ਸਦਾ ਟਿਕੀ ਰਹਿੰਦੀ ਹੈ।

ਆਪਣਿਆ ਦਾਸਾ ਨੋ ਕ੍ਰਿਪਾ ਕਰਿ ਪਿਆਰੇ ਰਾਖਹੁ ਪੈਜ ਹਮਾਰੀ ॥ ਰਹਾਉ ॥

ਹੇ ਪਿਆਰੇ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈਂ, ਮੇਰੀ ਭੀ ਇੱਜ਼ਤ ਰੱਖ! ਰਹਾਉ॥

ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ ਭਉ ਭਾਗਾ ॥

(ਹੇ ਪ੍ਰਭੂ!) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ। ਗੁਰੂ ਦੀ ਮੱਤ ਉਤੇ ਤੁਰਨ ਨਾਲ ਡਰ ਦੂਰ ਹੋ ਜਾਂਦਾ ਹੈ।

ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ ਲਾਗਾ ॥

ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ।

ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥

(ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ, ਸਿਫ਼ਤ-ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫ਼ਤ-ਸਾਲਾਹ ਵਿਚ) ਸੁਚੇਤ ਰਹਿੰਦਾ ਹੈ ॥੨॥

ਮਹਾ ਗੰਭੀਰੁ ਸਦਾ ਸੁਖਦਾਤਾ ਤਿਸ ਕਾ ਅੰਤੁ ਨ ਪਾਇਆ ॥

ਪਰਮਾਤਮਾ ਵੱਡੇ ਡੂੰਘੇ ਜਿਗਰੇ ਵਾਲਾ ਹੈ, ਸਦਾ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ।

ਪੂਰੇ ਗੁਰ ਕੀ ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥

ਜੇਹੜਾ ਮਨੁੱਖ ਪੂਰੇ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜਿਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ।

ਮਨੁ ਤਨੁ ਨਿਰਮਲੁ ਸਦਾ ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥

ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਸੁਖ ਹੀ ਸੁਖ ਹੈ, ਉਹ ਆਪਣੇ ਅੰਦਰੋਂ ਭਟਕਣਾ ਦੂਰ ਕਰ ਲੈਂਦਾ ਹੈ ॥੩॥

ਹਰਿ ਕਾ ਮਾਰਗੁ ਸਦਾ ਪੰਥੁ ਵਿਖੜਾ ਕੋ ਪਾਏ ਗੁਰ ਵੀਚਾਰਾ ॥

ਪਰਮਾਤਮਾ ਦੇ ਮਿਲਾਪ ਦਾ ਰਸਤਾ ਬੜਾ ਕਠਨ ਹੈ, ਕੋਈ ਵਿਰਲਾ ਹੀ ਉਹ ਰਸਤਾ ਲੱਭਦਾ ਹੈ ਜੇਹੜਾ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ।

ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ ਤਜੇ ਵਿਕਾਰਾ ॥

ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰ ਦੂਰ ਕਰ ਦੇਂਦਾ ਹੈ।

ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥੪॥੩॥

ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਦੇ ਨਾਮ ਵਿਚ ਇਕ-ਰਸ ਰੱਤਾ ਰਹਿੰਦਾ ਹੈ, ਜੋ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸਵਾਰ ਦੇਂਦਾ ਹੈ ॥੪॥੩॥


ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥

ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ।

ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥

ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ।

ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥

ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥

ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥

ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼।

ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥

ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ। ਰਹਾਉ॥

ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥

ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ।

ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥

ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ।

ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥

ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥

ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥

ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ।

ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥

ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।

ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥

ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥

ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥

ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)।

ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥

ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ।

ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਹੇ ਨਾਨਕ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥


ਸੋਰਠਿ ਮਹਲਾ ੩ ॥

ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ ਨਾਮੁ ਵਖਾਣੇ ॥

ਹੇ ਭਾਈ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਕੇ ਭਗਤੀ ਕਰਦੇ ਹਨ ਅਤੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।

ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ ਭਾਣੇ ॥

ਹੇ ਪ੍ਰਭੂ! ਭਗਤਾਂ ਦੀ ਸੰਭਾਲ ਤੂੰ ਆਪ ਕਰਦਾ ਹੈਂ, ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਕਿਉਂਕਿ ਉਹ ਤੈਨੂੰ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ।

ਤੂ ਗੁਣਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥੧॥

ਤੂੰ ਉਹਨਾਂ ਨੂੰ ਆਪਣੇ ਗੁਣ ਬਖ਼ਸ਼ਦਾ ਹੈਂ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਨਾਲ ਸਾਂਝ ਪਾਂਦੇ ਹਨ। ਹੇ ਭਾਈ! ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕਰ ਕੇ (ਭਗਤ) ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਰਹਿੰਦੇ ਹਨ ॥੧॥

ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥

ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ ਚੇਤੇ ਕਰਦਾ ਰਹੁ।

ਅੰਤ ਕਾਲਿ ਤੇਰਾ ਬੇਲੀ ਹੋਵੈ ਸਦਾ ਨਿਬਹੈ ਤੇਰੈ ਨਾਲਿ ॥ ਰਹਾਉ ॥

ਅਖ਼ੀਰਲੇ ਸਮੇ ਪਰਮਾਤਮਾ ਹੀ ਤੇਰਾ ਮਦਦਗਾਰ ਬਣੇਗਾ, ਪਰਮਾਤਮਾ ਸਦਾ ਤੇਰੇ ਨਾਲ ਸਾਥ ਨਿਬਾਹੇਗਾ ਰਹਾਉ॥

ਦੁਸਟ ਚਉਕੜੀ ਸਦਾ ਕੂੜੁ ਕਮਾਵਹਿ ਨਾ ਬੂਝਹਿ ਵੀਚਾਰੇ ॥

ਪਰ, ਹੇ ਭਾਈ! ਭੈੜੇ ਮਨੁੱਖ ਸਦਾ ਭੈੜ ਹੀ ਕਮਾਂਦੇ ਹਨ, ਉਹ ਵਿਚਾਰ ਕਰ ਕੇ ਸਮਝਦੇ ਨਹੀਂ,

ਨਿੰਦਾ ਦੁਸਟੀ ਤੇ ਕਿਨਿ ਫਲੁ ਪਾਇਆ ਹਰਣਾਖਸ ਨਖਹਿ ਬਿਦਾਰੇ ॥

ਕਿ ਭੈੜੀ ਨਿੰਦਿਆ (ਆਦਿਕ) ਤੋਂ ਕਿਸੇ ਨੇ ਕਦੇ ਚੰਗਾ ਫਲ ਨਹੀਂ ਪਾਇਆ। ਹਰਣਾਖਸ਼ (ਨੇ ਭਗਤ ਨੂੰ ਦੁੱਖ ਦੇਣਾ ਸ਼ੁਰੂ ਕੀਤਾ, ਤਾਂ ਉਹ) ਨਹੁੰਆਂ ਨਾਲ ਚੀਰਿਆ ਗਿਆ।

ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ ਉਬਾਰੇ ॥੨॥

ਪਰਮਾਤਮਾ ਦਾ ਭਗਤ ਪ੍ਰਹਿਲਾਦ ਸਦਾ ਪਰਮਾਤਮਾ ਦੇ ਗੁਣ ਗਾਂਦਾ ਸੀ, ਪਰਮਾਤਮਾ ਨੇ ਉਸ ਨੂੰ (ਨਰਸਿੰਘ ਰੂਪ ਧਾਰ ਕੇ) ਬਚਾ ਲਿਆ ॥੨॥

ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ ਕਾਈ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਕੋਈ ਅਕਲ-ਸ਼ਊਰ ਨਹੀਂ ਹੁੰਦੀ, ਉਹ ਆਪਣੇ ਆਪ ਨੂੰ ਤਾਂ ਚੰਗਾ ਸਮਝਦੇ ਹਨ,

ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥

ਪਰ ਨੇਕ ਬੰਦਿਆਂ ਦੀ ਨਿੰਦਿਆ ਕਰਨ ਵਿਚ ਰੁੱਝੇ ਰਹਿੰਦੇ ਹਨ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ।

ਰਾਮ ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥

ਉਹ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਆਖ਼ਰ ਹੱਥ ਮਲਦੇ (ਜਗਤ ਤੋਂ) ਚਲੇ ਜਾਂਦੇ ਹਨ ॥੩॥

ਸਫਲੁ ਜਨਮੁ ਭਗਤਾ ਕਾ ਕੀਤਾ ਗੁਰ ਸੇਵਾ ਆਪਿ ਲਾਏ ॥

ਹੇ ਭਾਈ! ਪਰਮਾਤਮਾ ਆਪ ਹੀ ਭਗਤਾਂ ਦੀ ਜ਼ਿੰਦਗੀ ਕਾਮਯਾਬ ਬਣਾਂਦਾ ਹੈ, ਉਹ ਆਪ ਹੀ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜਦਾ ਹੈ।

ਸਬਦੇ ਰਾਤੇ ਸਹਜੇ ਮਾਤੇ ਅਨਦਿਨੁ ਹਰਿ ਗੁਣ ਗਾਏ ॥

(ਇਸ ਤਰ੍ਹਾਂ ਉਹ) ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਗੁਰੂ ਦੇ ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ ਅਤੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ।

ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥੪॥੫॥

ਦਾਸ ਨਾਨਕ ਬੇਨਤੀ ਕਰਦਾ ਹੈ-ਮੈਂ ਉਹਨਾਂ ਭਗਤਾਂ ਦੇ ਚਰਨੀਂ ਲੱਗਦਾ ਹਾਂ ॥੪॥੫॥


ਸੋਰਠਿ ਮਹਲਾ ੩ ॥
ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ।

ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥

ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ।

ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥

ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥

ਹਰਿ ਕੇ ਦਾਸ ਸੁਹੇਲੇ ਭਾਈ ॥

ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ।

ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥

ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ਰਹਾਉ॥

ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥

ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ।

ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥

ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ।

ਕਰਮ ਕਰਹਿ ਗੁਰਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥

ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥

ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥

ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ।

ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ।

ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥

ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ॥੩॥

ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥

ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ?

ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥

ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ।

ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਹੇ ਨਾਨਕ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ॥੪॥੬॥


ਸੋਰਠਿ ਮਹਲਾ ੩ ਚੌਤੁਕੇ ॥

ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ ਹਿਰਦੈ ਬਾਣੀ ॥

ਹੇ ਭਾਈ! ਗੁਰੂ ਦੀ ਰਾਹੀਂ ਸਦਾ-ਥਿਰ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ।

ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ ਗੁਰੂ ਦੇ ਸ਼ਬਦ ਵਿਚ ਹੀ ਮੁੱਕ ਜਾਂਦੀ ਹੈ।

ਬਿਨੁ ਗੁਰ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥

ਸੱਚੇ ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੇਹੜੀ ਅੰਞਾਣ ਲੁਕਾਈ ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ।

ਮਨਮੁਖਿ ਫਿਰਹਿ ਸਦਾ ਦੁਖੁ ਪਾਵਹਿ ਡੂਬਿ ਮੁਏ ਵਿਣੁ ਪਾਣੀ ॥੧॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ ॥੧॥

ਭਾਈ ਰੇ ਸਦਾ ਰਹਹੁ ਸਰਣਾਈ ॥

ਹੇ ਭਾਈ! ਸਦਾ ਗੁਰੂ ਦੀ ਸਰਨ ਟਿਕਿਆ ਰਹੁ।

ਆਪਣੀ ਨਦਰਿ ਕਰੇ ਪਤਿ ਰਾਖੈ ਹਰਿ ਨਾਮੋ ਦੇ ਵਡਿਆਈ ॥ ਰਹਾਉ ॥

(ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ ਗੁਰੂ) ਆਪਣੀ ਮੇਹਰ ਦੀ ਨਿਗਾਹ ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ ਪ੍ਰਭੂ ਦਾ ਨਾਮ ਬਖ਼ਸ਼ਦਾ ਹੈ (ਜੋ ਇਕ ਵੱਡੀ) ਇੱਜ਼ਤ ਹੈ ਰਹਾਉ॥

ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥

ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ।

ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥

ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ ਪ੍ਰਭੂ ਸਦਾ ਲਈ ਆ ਵੱਸਿਆ।

ਸਦਾ ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥

ਬੇਅੰਤ ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ।

ਜੁਗਿ ਜੁਗਿ ਬਾਣੀ ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥੨॥

ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ (ਪਰਮਾਤਮਾ ਨਾਲ ਮਿਲਾਪ ਦਾ ਵਸੀਲਾ) ਹਰੇਕ ਜੁਗ ਵਿਚ ਗੁਰੂ ਦੀ ਬਾਣੀ ਹੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ ॥੨॥

ਸਤਿਗੁਰੁ ਸੇਵਿ ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥

ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸਦੀ ਜ਼ਿੰਦਗੀ ਕਾਮਯਾਬ ਹੋ ਗਈ।

ਹਰਿ ਰਸੁ ਚਾਖਿ ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥

ਪਰਮਾਤਮਾ ਦੇ ਨਾਮ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ੍ਰਿਪਤ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ।

ਕਮਲੁ ਪ੍ਰਗਾਸਿ ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥

ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ (ਆਪਣੇ ਹਿਰਦੇ ਵਿਚ) ਇਕ-ਰਸ ਗੁਰ-ਸ਼ਬਦ (ਦਾ ਵਾਜਾ) ਵਜਾਂਦਾ ਰਹਿੰਦਾ ਹੈ।

ਤਨੁ ਮਨੁ ਨਿਰਮਲੁ ਨਿਰਮਲ ਬਾਣੀ ਸਚੇ ਸਚਿ ਸਮਾਇਆ ॥੩॥

ਪਵਿਤ੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ ॥੩॥

ਰਾਮ ਨਾਮ ਕੀ ਗਤਿ ਕੋਇ ਨ ਬੂਝੈ ਗੁਰਮਤਿ ਰਿਦੈ ਸਮਾਈ ॥

ਕੋਈ ਮਨੁੱਖ ਨਹੀਂ ਸਮਝ ਸਕਦਾ ਕਿ ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ (ਉਂਞ) ਗੁਰੂ ਦੀ ਮਤਿ ਲਿਆਂ ਨਾਮ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ।

ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ ਰਸਿ ਰਸਨ ਰਸਾਈ ॥

ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ (ਪਰਮਾਤਮਾ ਦੇ ਮਿਲਾਪ ਦਾ) ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਬਣ ਜਾਂਦੀ ਹੈ।

ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ ਵਸਾਈ ॥

ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ-ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ।

ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ ਪਾਈ ॥੪॥੭॥

ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਜ਼ਤ ਮਿਲਦੀ ਹੈ ॥੪॥੭॥


ਸੋਰਠਿ ਮ : ੩ ਦੁਤੁਕੇ ॥
ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥

ਹੇ ਭਾਈ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ।

ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥

ਹੇ ਭਾਈ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ ॥੧॥

ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥

ਹੇ ਮਨ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ।

ਮਨ ਹਰਿ ਜਪਿ ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥

ਹੇ ਮਨ! ਮੁੜ ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ ਰਹਾਉ॥

ਬਿਨੁ ਗੁਰ ਪ੍ਰੀਤਿ ਨ ਊਪਜੈ ਭਾਈ ਮਨਮੁਖਿ ਦੂਜੈ ਭਾਇ ॥

ਹੇ ਭਾਈ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ।

ਤੁਹ ਕੁਟਹਿ ਮਨਮੁਖ ਕਰਮ ਕਰਹਿ ਭਾਈ ਪਲੈ ਕਿਛੂ ਨ ਪਾਇ ॥੨॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ) ॥੨॥

ਗੁਰ ਮਿਲਿਐ ਨਾਮੁ ਮਨਿ ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥

ਹੇ ਭਾਈ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਥਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ।

ਸਦਾ ਹਰਿ ਕੇ ਗੁਣ ਰਵੈ ਭਾਈ ਗੁਰ ਕੈ ਹੇਤਿ ਅਪਾਰਿ ॥੩॥

ਹੇ ਭਾਈ! ਗੁਰੂ ਦੇ ਬਖ਼ਸ਼ੇ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੩॥

ਆਇਆ ਸੋ ਪਰਵਾਣੁ ਹੈ ਭਾਈ ਜਿ ਗੁਰ ਸੇਵਾ ਚਿਤੁ ਲਾਇ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ।

ਨਾਨਕ ਨਾਮੁ ਹਰਿ ਪਾਈਐ ਭਾਈ ਗੁਰਸਬਦੀ ਮੇਲਾਇ ॥੪॥੮॥

ਹੇ ਨਾਨਕ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ ॥੪॥੮॥


ਸੋਰਠਿ ਮਹਲਾ ੩ ਘਰੁ ੧ ॥
ਤਿਹੀ ਗੁਣੀ ਤ੍ਰਿਭਵਣੁ ਵਿਆਪਿਆ ਭਾਈ ਗੁਰਮੁਖਿ ਬੂਝ ਬੁਝਾਇ ॥

ਹੇ ਭਾਈ! ਸਾਰਾ ਜਗਤ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸਿਆ ਪਿਆ ਹੈ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ (ਗੁਰੂ ਉਸ ਨੂੰ) ਆਤਮਕ ਜੀਵਨ ਦੀ ਸਮਝ ਬਖ਼ਸ਼ਦਾ ਹੈ।

ਰਾਮ ਨਾਮਿ ਲਗਿ ਛੂਟੀਐ ਭਾਈ ਪੂਛਹੁ ਗਿਆਨੀਆ ਜਾਇ ॥੧॥

ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਲੀਨ ਹੋ ਕੇ (ਮਾਇਆ ਦੇ ਤਿੰਨਾਂ ਗੁਣਾਂ ਦੀ ਪਕੜ ਤੋਂ) ਬਚੀਦਾ ਹੈ, (ਆਪਣੀ ਤਸੱਲੀ ਵਾਸਤੇ) ਜਾ ਕੇ ਪੁੱਛ ਲਵੋ ਉਹਨਾਂ ਨੂੰ ਜਿਨ੍ਹਾਂ ਨੂੰ ਆਤਮਕ ਜੀਵਨ ਦੀ ਸਮਝ ਆ ਗਈ ਹੈ ॥੧॥

ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥

ਹੇ ਮੇਰੇ ਮਨ! (ਮਾਇਆ ਦੇ) ਤਿੰਨ ਗੁਣਾਂ (ਦੇ ਪ੍ਰਭਾਵ) ਨੂੰ ਛੱਡ ਕੇ ਉਸ ਅਵਸਥਾ ਵਿਚ ਟਿਕ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਪੈਂਦਾ।

ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥

ਹੇ ਭਾਈ! ਪਰਮਾਤਮਾ ਤੇਰੇ ਮਨ ਵਿਚ (ਹੀ) ਵੱਸਦਾ ਹੈ, ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰ ਰਹਾਉ॥

ਨਾਮੈ ਤੇ ਸਭਿ ਊਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥

ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਹੀ ਸਾਰੇ ਜੀਵ ਆਤਮਕ ਜੀਵਨ ਜੀਊ ਸਕਦੇ ਹਨ। ਜੇ ਨਾਮ ਵਿਸਰ ਜਾਏ, ਤਾਂ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ।

ਅਗਿਆਨੀ ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥੨॥

ਆਤਮਕ ਜੀਵਨ ਦੀ ਸਮਝ ਤੋਂ ਸੱਖਣਾ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਮਾਇਆ ਦੇ ਮੋਹ ਵਿਚ ਸੁੱਤੇ ਹੋਏ ਮਨੁੱਖ ਆਤਮਕ ਜੀਵਨ ਦੀ ਰਾਸਿ-ਪੂੰਜੀ ਲੁਟਾ ਕੇ ਜਾਂਦੇ ਹਨ ॥੨॥

ਗੁਰਮੁਖਿ ਜਾਗੇ ਸੇ ਉਬਰੇ ਭਾਈ ਭਵਜਲੁ ਪਾਰਿ ਉਤਾਰਿ ॥

ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ, (ਗੁਰੂ ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ।

ਜਗ ਮਹਿ ਲਾਹਾ ਹਰਿ ਨਾਮੁ ਹੈ ਭਾਈ ਹਿਰਦੈ ਰਖਿਆ ਉਰ ਧਾਰਿ ॥੩॥

ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਾਂਭ ਕੇ ਰੱਖਦਾ ਹੈ, ਇਹ ਹਰਿ-ਨਾਮ ਹੀ ਜਗਤ ਵਿਚ (ਅਸਲ) ਲਾਭ ਹੈ ॥੩॥

ਗੁਰ ਸਰਣਾਈ ਉਬਰੇ ਭਾਈ ਰਾਮ ਨਾਮਿ ਲਿਵ ਲਾਇ ॥

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਮਨੁੱਖ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ।

ਨਾਨਕ ਨਾਉ ਬੇੜਾ ਨਾਉ ਤੁਲਹੜਾ ਭਾਈ ਜਿਤੁ ਲਗਿ ਪਾਰਿ ਜਨ ਪਾਇ ॥੪॥੯॥

ਹੇ ਨਾਨਕ! (ਆਖ-) ਹੇ ਭਾਈ! ਪਰਮਾਤਮਾ ਦਾ ਨਾਮ ਹੀ ਜਹਾਜ਼ ਹੈ, ਹਰਿ-ਨਾਮ ਹੀ ਤੁਲਹਾ ਹੈ ਜਿਸ ਵਿਚ ਚੜ੍ਹ ਕੇ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ॥੪॥੯॥


ਸੋਰਠਿ ਮਹਲਾ ੩ ਘਰੁ ੧ ॥
ਸਤਿਗੁਰੁ ਸੁਖ ਸਾਗਰੁ ਜਗ ਅੰਤਰਿ ਹੋਰ ਥੈ ਸੁਖੁ ਨਾਹੀ ॥

ਹੇ ਭਾਈ! ਜਗਤ ਵਿਚ ਗੁਰੂ (ਹੀ) ਸੁਖ ਦਾ ਸਮੁੰਦਰ ਹੈ, (ਗੁਰੂ ਤੋਂ ਬਿਨਾ) ਕਿਸੇ ਹੋਰ ਥਾਂ ਸੁਖ ਨਹੀਂ ਮਿਲਦਾ।

ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ ਰੋਵੈ ਧਾਹੀ ॥੧॥

ਜਗਤ ਆਪਣੀ ਹਉਮੈ ਦੇ ਕਾਰਨ (ਗੁਰੂ ਤੋਂ ਖੁੰਝ ਕੇ) ਦੁੱਖ ਵਿਚ ਰੋਗ ਵਿਚ ਗ੍ਰਸਿਆ ਰਹਿੰਦਾ ਹੈ, ਮੁੜ ਮੁੜ ਜੰਮਦਾ ਮਰਦਾ ਹੈ, ਧਾਹਾਂ ਮਾਰ ਮਾਰ ਕੇ ਰੋਂਦਾ ਹੈ (ਦੁੱਖੀ ਹੁੰਦਾ ਹੈ) ॥੧॥

ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥

ਹੇ ਬੰਦੇ! ਗੁਰੂ ਦੀ ਸਰਨ ਪਉ, ਤੇ, ਆਤਮਕ ਆਨੰਦ ਮਾਣ।

ਸਤਿਗੁਰੁ ਸੇਵਹਿ ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥

ਜੇ ਤੂੰ ਗੁਰੂ ਦੀ ਦੱਸੀ ਸੇਵਾ ਕਰੇਂਗਾ, ਤਾਂ ਸੁਖ ਪਾਏਂਗਾ। ਨਹੀਂ ਤਾਂ ਆਪਣਾ ਜੀਵਨ ਵਿਅਰਥ ਗੁਜ਼ਾਰ ਕੇ (ਇਥੋਂ) ਚਲਾ ਜਾਏਂਗਾ ਰਹਾਉ॥

ਤ੍ਰੈ ਗੁਣ ਧਾਤੁ ਬਹੁ ਕਰਮ ਕਮਾਵਹਿ ਹਰਿ ਰਸ ਸਾਦੁ ਨ ਆਇਆ ॥

ਹੇ ਭਾਈ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਆਉਂਦਾ।

ਸੰਧਿਆ ਤਰਪਣੁ ਕਰਹਿ ਗਾਇਤ੍ਰੀ ਬਿਨੁ ਬੂਝੇ ਦੁਖੁ ਪਾਇਆ ॥੨॥

ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ ॥੨॥

ਸਤਿਗੁਰੁ ਸੇਵੇ ਸੋ ਵਡਭਾਗੀ ਜਿਸ ਨੋ ਆਪਿ ਮਿਲਾਏ ॥

ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ।

ਹਰਿ ਰਸੁ ਪੀ ਜਨ ਸਦਾ ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥੩॥

(ਗੁਰੂ ਦੀ ਸ਼ਰਨ ਪੈਣ ਵਾਲੇ) ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ (ਗੁਰੂ ਪਾਸੋਂ) ਪਰਮਾਤਮਾ ਦੇ ਨਾਮ ਦਾ ਰਸ ਪੀ ਕੇ ਸਦਾ ਰੱਜੇ ਰਹਿੰਦੇ ਹਨ ॥੩॥

ਇਹੁ ਜਗੁ ਅੰਧਾ ਸਭੁ ਅੰਧੁ ਕਮਾਵੈ ਬਿਨੁ ਗੁਰ ਮਗੁ ਨ ਪਾਏ ॥

ਹੇ ਭਾਈ! ਇਹ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਅੰਨ੍ਹਿਆਂ ਵਾਲਾ ਹੀ ਕੰਮ ਸਦਾ ਕਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ (ਜੀਵਨ ਦਾ ਸਹੀ) ਰਸਤਾ ਨਹੀਂ ਲੱਭ ਸਕਦਾ।

ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ ਘਰੈ ਅੰਦਰਿ ਸਚੁ ਪਾਏ ॥੪॥੧੦॥

ਹੇ ਨਾਨਕ! ਜੇ ਇਸ ਨੂੰ ਗੁਰੂ ਮਿਲ ਪਏ, ਤਾਂ (ਪਰਮਾਤਮਾ ਨੂੰ) ਅੱਖਾਂ ਨਾਲ ਵੇਖ ਲੈਂਦਾ ਹੈ, ਆਪਣੇ ਹਿਰਦੇ-ਘਰ ਵਿਚ ਹੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲੈਂਦਾ ਹੈ ॥੪॥੧੦॥


ਸੋਰਠਿ ਮਹਲਾ ੩ ॥
ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ।

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ਰਹਾਉ॥

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ।

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ॥੨॥

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ।

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ॥੩॥

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ।

ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ॥੪॥੧੧॥ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ।

ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥

ਹੇ ਪ੍ਰਭੂ! ਅਸੀਂ (ਜੀਵ, ਤੇਰੇ ਦਰ ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਹਰ ਕਰ, ਗੁਰੂ ਦੇ) ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼ ॥੧॥

ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥

ਹੇ ਪਿਆਰੇ ਪ੍ਰਭੂ ਜੀ! (ਮੇਰੇ ਉਤੇ) ਮੇਹਰ ਕਰ,

ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥

ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ ਦੇਹ ਰਹਾਉ॥

ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥

(ਹੇ ਭਾਈ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂ-ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ।

ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥

ਹੇ ਭਾਈ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ) ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ ॥੨॥

ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥

ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ।

ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥

ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ॥੩॥

ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥

ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ।

ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ॥੪॥੧੧॥


ਸੋਰਠਿ ਮਹਲਾ ੩ ॥
ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ ਮਤਿ ਤਦ ਹੀ ਪਾਏ ॥

ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ (ਇਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ। ਤਦੋਂ ਹੀ (ਗੁਰੂ ਦੀ ਸਰਨ ਪੈ ਕੇ ਹੀ) ਮਨੁੱਖ ਉੱਚੀ ਆਤਮਕ ਅਵਸਥਾ ਤੇ ਉੱਚੀ ਮਤਿ ਹਾਸਲ ਕਰਦਾ ਹੈ।

ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ ਸਮਾਏ ॥੧॥

ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਸਦਾ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧॥

ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥

ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ।

ਮਨਮੁਖਿ ਅੰਧਾ ਸਬਦੁ ਨ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਕੇ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਨਹੀਂ ਪਾਂਦਾ। ਝੂਠੀ ਦੁਨੀਆ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ਰਹਾਉ॥

ਤ੍ਰੈ ਗੁਣ ਮਾਇਆ ਭਰਮਿ ਭੁਲਾਇਆ ਹਉਮੈ ਬੰਧਨ ਕਮਾਏ ॥

ਹੇ ਭਾਈ! ਮਨੁੱਖ ਤ੍ਰਿਗੁਣੀ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਤੇ, ਹਉਮੈ ਦੇ ਕਾਰਨ ਮੋਹ ਦੇ ਬੰਧਨ ਵਧਾਣ ਵਾਲੇ ਕੰਮ ਹੀ ਕਰਦਾ ਹੈ।

ਜੰਮਣੁ ਮਰਣੁ ਸਿਰ ਊਪਰਿ ਊਭਉ ਗਰਭ ਜੋਨਿ ਦੁਖੁ ਪਾਏ ॥੨॥

ਉਸ ਦੇ ਸਿਰ ਉਤੇ ਜਨਮ ਮਰਨ ਦਾ ਗੇੜ ਹਰ ਵੇਲੇ ਟਿਕਿਆ ਰਹਿੰਦਾ ਹੈ, ਤੇ, ਜਨਮ ਮਰਨ ਵਿਚ ਪੈ ਕੇ ਦੁੱਖ ਸਹਿੰਦਾ ਰਹਿੰਦਾ ਹੈ ॥੨॥

ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ ਵਿਚਿ ਪਤਿ ਖੋਈ ॥

ਹੇ ਭਾਈ! ਮਾਇਆ ਦੇ ਤਿੰਨ ਗੁਣ ਸਾਰੇ ਸੰਸਾਰ ਉੱਤੇ ਆਪਣਾ ਪਰਭਾਵ ਪਾਈ ਰੱਖਦੇ ਹਨ, (ਇਹਨਾਂ ਦੇ ਅਸਰ ਹੇਠ ਮਨੁੱਖ) ਹਉਮੈ ਵਿਚ ਫਸ ਕੇ ਇੱਜ਼ਤ ਗਵਾ ਲੈਂਦਾ ਹੈ।

ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮ ਨਾਮਿ ਸੁਖੁ ਹੋਈ ॥੩॥

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਆਤਮਕ ਅਵਸਥਾ ਨੂੰ ਪਛਾਣ ਲੈਂਦਾ ਹੈ ਜਿਥੇ ਮਾਇਆ ਦੇ ਤਿੰਨ ਗੁਣ ਅਸਰ ਨਹੀਂ ਪਾ ਸਕਦੇ, ਪਰਮਾਤਮਾ ਦੇ ਨਾਮ ਵਿਚ ਟਿਕ ਕੇ ਉਹ ਆਤਮਕ ਆਨੰਦ ਮਾਣਦਾ ਹੈ ॥੩॥

ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥

ਹੇ ਪ੍ਰਭੂ! ਮਾਇਆ ਦੇ ਇਹ ਤਿੰਨੇ ਗੁਣ ਤੇਰੇ ਹੀ ਬਣਾਏ ਹੋਏ ਹਨ, ਤੂੰ ਆਪ ਹੀ (ਸਭ ਦਾ) ਪੈਦਾ ਕਰਨ ਵਾਲਾ ਹੈਂ। (ਜਗਤ ਵਿਚ) ਉਹੀ ਹੁੰਦਾ ਹੈ ਜੋ ਤੂੰ ਕਰਦਾ ਹੈਂ।

ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥੪॥੧੨॥

ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੇ ਤਿੰਨ ਗੁਣਾਂ ਤੋਂ) ਪੂਰੀ ਖ਼ਲਾਸੀ ਹੁੰਦੀ ਹੈ। ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਸਕਦਾ ਹੈ ॥੪॥੧੨॥


ਸੋਰਠਿ ਮਹਲਾ ੪ ਘਰੁ ੧ ॥

ਰਾਗ ਸੋਰਠਿ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ।

ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥

ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ।

ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥

ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ॥੧॥

ਜਪਿ ਮਨ ਹਰਿ ਹਰਿ ਨਾਮੁ ਸਲਾਹ ॥

ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤ-ਸਾਲਾਹ ਕਰਿਆ ਕਰ।

ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥

(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ਰਹਾਉ॥

ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ।

ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥

ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ।

ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥

ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ॥੨॥

ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ।

ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥

ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ।

ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥

ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ॥੩॥

ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥

ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ।

ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥

ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ।

ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

ਹੇ ਨਾਨਕ! (ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੪॥੧॥


ਸੋਰਠਿ ਮਹਲਾ ੪ ਚਉਥਾ ॥
ਆਪੇ ਅੰਡਜ ਜੇਰਜ ਸੇਤਜ ਉਤਭੁਜ ਆਪੇ ਖੰਡ ਆਪੇ ਸਭ ਲੋਇ ॥

ਹੇ ਭਾਈ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਰਜ ਸੇਤਜ ਉਤਭੁਜ ਹੈ, ਪ੍ਰਭੂ ਆਪ ਹੀ (ਧਰਤੀ ਦੇ ਨੌ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ।

ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ ਜਗਤੁ ਪਰੋਇ ॥

ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਗੇ ਵਿਚ) ਪ੍ਰੋਂਦਾ ਹੈ।

ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿੰਚੇ ਢਹਿ ਢੇਰੀ ਹੋਇ ॥੧॥

ਪ੍ਰਭੂ ਆਪ ਹੀ ਧਾਗੇ ਨੂੰ ਆਪਣੇ ਹੱਥ ਵਿਚ ਫੜ ਰੱਖਣ ਵਾਲਾ ਹੈ। ਜਦੋਂ ਉਹ (ਜਗਤ ਵਿਚੋਂ) ਧਾਗੇ ਨੂੰ ਖਿੱਚ ਲੈਂਦਾ ਹੈ, ਤਦੋਂ (ਜਗਤ) ਢਹਿ ਕੇ ਢੇਰੀ ਹੋ ਜਾਂਦਾ ਹੈ (ਜਗਤ-ਰਚਨਾ ਮੁੱਕ ਜਾਂਦੀ ਹੈ) ॥੧॥

ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥

ਹੇ ਮੇਰੇ ਮਨ! ਮੈਨੂੰ ਪਰਮਾਤਮਾ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ।

ਸਤਿਗੁਰ ਵਿਚਿ ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥

ਉਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਵਿਚ ਮੌਜੂਦ ਹੈ। ਗੁਰੂ ਮੇਹਰ ਕਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੱਖ ਦੇ) ਮੂੰਹ ਵਿਚ ਚੋਂਦਾ ਹੈ ਰਹਾਉ॥

ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥

ਹੇ ਭਾਈ! ਪ੍ਰਭੂ ਆਪ ਹੀ ਪਾਣੀ ਵਿਚ ਧਰਤੀ ਵਿਚ ਹਰ ਥਾਂ ਮੌਜੂਦ ਹੈ। ਪ੍ਰਭੂ ਆਪ ਹੀ ਜੋ ਕੁਝ ਕਰਦਾ ਹੈ ਉਹ (ਜਗਤ ਵਿਚ) ਵਾਪਰਦਾ ਹੈ।

ਸਭਨਾ ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥

ਪ੍ਰਭੂ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ (ਰਿਜ਼ਕ ਅਪੜਾਣ ਵਾਲਾ) ਉਸ ਤੋਂ ਬਿਨਾ ਕੋਈ ਹੋਰ ਨਹੀਂ ਹੈ।

ਆਪੇ ਖੇਲ ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥

ਪ੍ਰਭੂ ਆਪ ਹੀ (ਜਗਤ ਦੇ ਸਾਰੇ) ਖੇਡ ਖਿਡਾ ਰਿਹਾ ਹੈ, ਉਹ ਆਪ ਹੀ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ ॥੨॥

ਆਪੇ ਹੀ ਆਪਿ ਨਿਰਮਲਾ ਪਿਆਰਾ ਆਪੇ ਨਿਰਮਲ ਸੋਇ ॥

ਹੇ ਭਾਈ! ਪਵਿਤ੍ਰ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ, ਉਹ ਆਪ ਹੀ ਪਵਿਤ੍ਰ ਸੋਭਾ ਦਾ ਮਾਲਕ ਹੈ।

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਕਰੇ ਸੁ ਹੋਇ ॥

ਪ੍ਰਭੂ ਆਪ ਹੀ ਆਪਣਾ ਮੁੱਲ ਪਾ ਸਕਣ ਵਾਲਾ ਹੈ, ਜੋ ਕੁਝ ਉਹ ਆਪ ਹੀ ਕਰਦਾ ਹੈ ਉਹੀ ਹੁੰਦਾ ਹੈ।

ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥੩॥

ਪ੍ਰਭੂ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਅਦ੍ਰਿਸ਼ਟ ਹੈ। ਆਪਣੇ ਸਰੂਪ ਦੀ ਸਮਝ ਉਹ ਆਪ ਹੀ ਦੇਣ ਵਾਲਾ ਹੈ ॥੩॥

ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥

ਹੇ ਭਾਈ! ਪ੍ਰਭੂ ਹੀ (ਮਾਨੋ, ਇਕ) ਬੇਅੰਤ ਡੂੰਘਾ (ਸਮੁੰਦਰ) ਹੈ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ।

ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥

ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਾਰੇ ਭੋਗ ਭੋਗਦਾ ਹੈ, ਹਰੇਕ ਇਸਤ੍ਰੀ ਪੁਰਖ ਵਿਚ ਹਰ ਥਾਂ ਉਹ ਆਪ ਹੀ ਆਪ ਹੈ।

ਨਾਨਕ ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥

ਹੇ ਨਾਨਕ! ਉਹ ਪ੍ਰਭੂ ਸਾਰੇ ਜਗਤ ਵਿਚ ਲੁਕਿਆ ਹੋਇਆ ਮੌਜੂਦ ਹੈ। ਗੁਰੂ ਦੀ ਸਰਨ ਪਿਆਂ ਉਸ ਦੀ ਸਰਬ-ਵਿਆਪਕਤਾ ਦਾ ਪਰਕਾਸ਼ ਹੁੰਦਾ ਹੈ ॥੪॥੨॥


ਸੋਰਠਿ ਮਹਲਾ ੪ ॥
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ ਉਥਾਪੈ ॥

ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, ਆਪ ਹੀ (ਜਗਤ ਨੂੰ) ਪੈਦਾ ਕਰ ਕੇ ਆਪ ਹੀ ਨਾਸ ਕਰ ਦੇਂਦਾ ਹੈ।

ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥

ਪ੍ਰਭੂ ਆਪ ਹੀ (ਜਗਤ-ਰਚਨਾ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ, ਕੌਤਕ-ਤਮਾਸ਼ੇ ਰਚ ਕੇ ਆਪ ਹੀ ਵੇਖਦਾ ਹੈ, ਆਪਣੇ ਆਪ ਨੂੰ ਹੀ ਵੇਖਦਾ ਹੈ।

ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥

ਪ੍ਰਭੂ ਆਪ ਹੀ (ਹਰੇਕ) ਵਣ ਵਿਚ (ਹਰੇਕ) ਤੀਲੇ ਵਿਚ ਹਰ ਥਾਂ ਮੌਜੂਦ ਹੈ। ਗੁਰੂ ਦੀ ਸ਼ਰਨ ਪਿਆਂ ਉਹ ਪ੍ਰਭੂ ਦਿੱਸ ਪੈਦਾ ਹੈ ॥੧॥

ਜਪਿ ਮਨ ਹਰਿ ਹਰਿ ਨਾਮ ਰਸਿ ਧ੍ਰਾਪੈ ॥

ਹੇ ਮੇਰੇ ਮਨ! ਸਦਾ ਪਰਮਾਤਮਾ (ਦੇ ਨਾਮ) ਨੂੰ ਜਪਿਆ ਕਰ, (ਜੇਹੜਾ ਮਨੁੱਖ ਜਪਦਾ ਹੈ ਉਹ) ਨਾਮ ਦੇ ਰਸ ਨਾਲ (ਮਾਇਆ ਵਲੋਂ) ਰੱਜ ਜਾਂਦਾ ਹੈ।

ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ ਚਖਿ ਜਾਪੈ ॥ ਰਹਾਉ ॥

ਹੇ ਮਨ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਬਹੁਤ ਸੁਆਦਲਾ ਹੈ, ਬਹੁਤ ਮਿੱਠਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ ਚੱਖ ਕੇ ਹੀ ਪਤਾ ਲੱਗਦਾ ਹੈ ਰਹਾਉ॥

ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ ਆਪੈ ॥

ਹੇ ਭਾਈ! ਪ੍ਰਭੂ ਆਪ ਹੀ ਦਰਿਆ ਦਾ ਕੰਢਾ ਹੈ, ਆਪ ਹੀ (ਦਰਿਆ ਤੋਂ ਲੰਘਣ ਲਈ) ਤੁਲਹਾ ਹੈ, ਆਪ ਹੀ (ਦਰਿਆ ਤੋਂ) ਪਾਰ ਲੰਘਦਾ ਹੈ, ਆਪਣੇ ਆਪ ਨੂੰ ਹੀ ਲੰਘਾਂਦਾ ਹੈ।

ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛੁਲੀ ਹਰਿ ਆਪੈ ॥

ਪ੍ਰਭੂ ਆਪ ਹੀ (ਮਾਇਆ ਦਾ) ਜਾਲ ਵਿਛਾਂਦਾ ਹੈ (ਉਹ ਜਾਲ ਵਿਚ ਫਸਣ ਵਾਲਾ) ਸਾਰਾ ਜਗਤ-ਮਛਲੀ ਆਪਣੇ ਆਪ ਨੂੰ ਹੀ ਬਣਾਂਦਾ ਹੈ।

ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥੨॥

(ਫਿਰ ਭੀ ਉਹ) ਆਪ ਭੁੱਲਣ ਵਾਲਾ ਨਹੀਂ ਹੈ, ਉਹ ਕਦੇ (ਮਾਇਆ-ਜਾਲ ਵਿਚ ਫਸਣ ਵਾਲੀ) ਭੁੱਲ ਨਹੀਂ ਕਰਦਾ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ ॥੨॥

ਆਪੇ ਸਿੰਙੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥

ਹੇ ਭਾਈ! ਪ੍ਰਭੂ ਆਪ ਹੀ (ਜੋਗੀ ਦੀ ਵਜਾਣ ਵਾਲੀ) ਸਿੰਙੀ ਹੈ, ਆਪ ਹੀ (ਉਸ ਵੱਜਦੀ ਸਿੰਙੀ ਦੀ) ਆਵਾਜ਼ ਹੈ, ਆਪ ਹੀ (ਸਿੰਙੀ ਦੀ) ਸੁਰ ਵਜਾਂਦਾ ਹੈ, ਆਪਣੇ ਆਪ ਨੂੰ ਹੀ ਵਜਾਂਦਾ ਹੈ।

ਆਪੇ ਜੋਗੀ ਪੁਰਖੁ ਹੈ ਪਿਆਰਾ ਆਪੇ ਹੀ ਤਪੁ ਤਾਪੈ ॥

ਉਹ ਸਰਬ-ਵਿਆਪਕ ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ (ਧੂਣੀਆਂ ਆਦਿਕ ਨਾਲ) ਤਪ ਤਪਦਾ ਹੈ।

ਆਪੇ ਸਤਿਗੁਰੁ ਆਪਿ ਹੈ ਚੇਲਾ ਉਪਦੇਸੁ ਕਰੈ ਪ੍ਰਭੁ ਆਪੈ ॥੩॥

ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਆਪਣੇ ਆਪ ਨੂੰ ਉਪਦੇਸ਼ ਕਰਦਾ ਹੈ ॥੩॥

ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ ਜਪੁ ਜਾਪੈ ॥

ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਆਪਣਾ ਨਾਮ ਜਪਦਾ ਹੈ।

ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥

ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਆਪ ਹੀ ਉਸ ਨਾਮ-ਰਸ ਨੂੰ ਪੀਂਦਾ ਹੈ, ਆਪਣੇ ਆਪ ਨੂੰ ਪੀਂਦਾ ਹੈ।

ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥

ਹੇ ਦਾਸ ਨਾਨਕ! ਪ੍ਰਭੂ ਆਪ ਹੀ ਆਪਣੀ ਸਿਫ਼ਤ-ਸਾਲਾਹ ਕਰਦਾ ਹੈ, ਆਪ ਹੀ ਆਪਣੇ ਨਾਮ-ਰਸ ਨਾਲ ਰੱਜਦਾ ਹੈ ॥੪॥੩॥


ਸੋਰਠਿ ਮਹਲਾ ੪ ॥
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ, ਉਸ ਤੱਕੜੀ ਦੀ ਸੂਈ (ਬੋਦੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ (ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ)।

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

ਪ੍ਰਭੂ ਆਪ ਹੀ (ਇਸ ਧਰਤੀ ਉਤੇ ਵਣਜ ਕਰਨ ਵਾਲਾ) ਸ਼ਾਹਕਾਰ ਹੈ, ਆਪ ਹੀ (ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ।

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

ਹੇ ਭਾਈ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ। ਇਹ ਕੰਮ ਉਸ ਪ੍ਰਭੂ ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) ॥੧॥

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ।

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥

ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ) ਸੁਖਾਂ ਦਾ ਖ਼ਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ ਰਹਾਉ॥

ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥

ਹੇ ਭਾਈ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ।

ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥

ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ।)

ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥੨॥

(ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ ॥੨॥

ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥

ਹੇ ਭਾਈ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ।

ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥

ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ।

ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥

ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ ॥੩॥

ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥

ਹੇ ਭਾਈ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ।

ਜਿਉ ਆਪਿ ਚਲਾਏ ਤਿਉ ਚਲੀਐ ਪਿਆਰੇ ਜਿਉ ਹਰਿ ਪ੍ਰਭ ਮੇਰੇ ਭਾਇਆ ॥

ਹੇ ਪਿਆਰੇ ਸੱਜਣ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ।

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

ਹੇ ਦਾਸ ਨਾਨਕ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸੇ ਦੇ ਵਜਾਏ ਵੱਜ ਰਹੇ ਹਨ ॥੪॥੪॥


ਸੋਰਠਿ ਮਹਲਾ ੪ ॥
ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ।

ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥

ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ।

ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਘੜੁ ਸੁਜਾਣੁ ॥੧॥

ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ ॥੧॥

ਮੇਰੇ ਮਨ ਜਪਿ ਰਾਮ ਨਾਮੁ ਨੀਸਾਣੁ ॥

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ। (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ।

ਸਤਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥

ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ ਰਹਾਉ॥

ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ।

ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥

ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ।

ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥੨॥

ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ ॥੨॥

ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥

ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ।

ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥

ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ।

ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਨੁ ॥੩॥

ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ ॥੩॥

ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥

ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ।

ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥

ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ।

ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥

ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ! (ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ ॥੪॥੫॥


ਸੋਰਠਿ ਮਹਲਾ ੪ ॥
ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥

ਹੇ ਭਾਈ! ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਸੇਵਾ-ਭਗਤੀ ਵਿਚ ਜੋੜਦਾ ਹੈ, ਆਪ ਹੀ ਭਗਤੀ ਕਰਨ ਦਾ ਉਤਸ਼ਾਹ ਦੇਂਦਾ ਹੈ।

ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥

ਪ੍ਰਭੂ ਆਪ ਹੀ (ਜੀਵਾਂ ਨੂੰ) ਗੁਣ ਗਾਵਣ ਲਈ ਪ੍ਰੇਰਨਾ ਕਰਦਾ ਹੈ, ਆਪ ਹੀ (ਜੀਵਾਂ ਨੂੰ) ਗੁਰੂ ਦੇ ਸ਼ਬਦ ਵਿਚ ਜੋੜਦਾ ਹੈ।

ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥

ਪ੍ਰਭੂ ਆਪ ਹੀ ਕਲਮ ਹੈ, ਆਪ ਹੀ ਕਲਮ ਚਲਾਣ ਵਾਲਾ ਹੈ, ਤੇ, ਆਪ ਹੀ (ਜੀਵਾਂ ਦੇ ਮੱਥੇ ਉੱਤੇ ਭਗਤੀ ਦਾ) ਲੇਖ ਲਿਖਦਾ ਹੈ ॥੧॥

ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਉਤਸ਼ਾਹ ਨਾਲ ਜਪਿਆ ਕਰ।

ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥

ਪੂਰੇ ਗੁਰੂ ਦੀ ਰਾਹੀਂ ਹਰਿ-ਨਾਮ ਦਾ ਲਾਭ ਖੱਟ ਲੈ। (ਜੇਹੜਾ) ਵਡ-ਭਾਗੀ ਮਨੁੱਖ (ਨਾਮ ਜਪਦਾ ਹੈ, ਉਸ) ਨੂੰ ਹਰ ਵੇਲੇ ਆਤਮਕ ਸੁਖ ਮਿਲਿਆ ਰਹਿੰਦਾ ਹੈ ਰਹਾਉ॥

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥

ਹੇ ਭਾਈ! ਪ੍ਰਭੂ ਹੀ ਗੋਪੀਆਂ ਹੈ, ਆਪ ਹੀ ਕ੍ਰਿਸ਼ਨ ਹੈ, ਆਪ ਹੀ (ਬਿੰਦ੍ਰਾਬਨ) ਜੰਗਲ ਵਿਚ ਗਾਈਆਂ ਚਾਰਨ ਵਾਲਾ ਹੈ।

ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥

ਪ੍ਰਭੂ ਆਪ ਹੀ ਸਾਂਵਲੇ ਰੰਗ ਵਾਲਾ ਸੋਹਣਾ ਕ੍ਰਿਸ਼ਨ ਹੈ, ਆਪ ਹੀ ਬੰਸਰੀ ਵਜਾਣ ਵਾਲਾ ਹੈ।

ਕੁਵਲੀਆਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥

ਪ੍ਰਭੂ ਆਪ ਹੀ ਬਾਲਕ-ਰੂਪ (ਕ੍ਰਿਸ਼ਨ-ਰੂਪ) ਵਿਚ (ਕੰਸ ਦੇ ਭੇਜੇ ਹੋਏ ਹਾਥੀ) ਕੁਵਲੀਆਪੀੜ ਨੂੰ ਨਾਸ ਕਰਨ ਵਾਲਾ ਹੈ ॥੨॥

ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥

ਹੇ ਭਾਈ! ਪ੍ਰਭੂ ਆਪ ਹੀ (ਇਹ ਜਗਤ ਦਾ) ਅਖਾੜਾ ਬਣਾਣ ਵਾਲਾ ਹੈ, (ਇਸ ਜਗਤ-ਅਖਾੜੇ ਵਿਚ) ਆਪ ਹੀ ਕੌਤਕ-ਤਮਾਸ਼ੇ ਰਚ ਕੇ ਵੇਖ ਰਿਹਾ ਹੈ।

ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥

ਪ੍ਰਭੂ ਆਪ ਹੀ ਬਾਲਕ-ਰੂਪ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਤੇ, ਆਪ ਹੀ ਉਸ ਪਾਸੋਂ ਚੰਡੂਰ, ਕੇਸੀ ਅਤੇ ਕੰਸ ਨੂੰ ਮਰਵਾਣ ਵਾਲਾ ਹੈ।

ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥

ਆਪ ਹੀ ਤਾਕਤ (ਦੇਣ ਵਾਲਾ) ਹੈ, ਤੇ, ਆਪ ਹੀ ਮੂਰਖਾਂ ਦੀ ਤਾਕਤ ਭੰਨ ਦੇਂਦਾ ਹੈ ॥੩॥

ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥

ਹੇ ਭਾਈ! ਪਿਆਰਾ ਪ੍ਰਭੂ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, (ਜਗਤ ਨੂੰ ਆਪ ਹੀ ਆਪਣੇ) ਵੱਸ ਵਿਚ ਰੱਖਦਾ ਹੈ (ਜੀਵਾਂ ਦੀ ਜੀਵਨ-) ਜੁਗਤਿ ਆਪਣੇ ਹੱਥ ਵਿਚ ਰੱਖਦਾ ਹੈ।

ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥

ਪ੍ਰਭੂ ਆਪ ਹੀ (ਸਭ ਜੀਵਾਂ ਦੇ) ਗਲ ਵਿਚ ਰੱਸੀ ਪਾਈ ਰੱਖਦਾ ਹੈ, ਜਿਵੇਂ ਪ੍ਰਭੂ (ਉਸ ਰੱਸੀ ਨੂੰ) ਖਿੱਚਦਾ ਹੈ ਤਿਵੇਂ ਹੀ ਜੀਵ (ਜੀਵਨ-ਰਾਹ ਤੇ) ਤੁਰਦੇ ਹਨ।

ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥

ਹੇ ਨਾਨਕ! (ਆਖ-) ਹੇ ਪਿਆਰੇ ਸੱਜਣ! ਜੇਹੜਾ ਮਨੁੱਖ (ਆਪਣੇ ਕਿਸੇ ਬਲ ਆਦਿਕ ਦਾ) ਅਹੰਕਾਰ ਕਰਦਾ ਹੈ ਉਹ ਤਬਾਹ ਹੋ ਜਾਂਦਾ ਹੈ (ਆਤਮਕ ਮੌਤ ਸਹੇੜ ਲੈਂਦਾ ਹੈ)। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਦੀ ਭਗਤੀ ਵਿਚ ਲੀਨ ਰਿਹਾ ਕਰ ॥੪॥੬॥


ਸੋਰਠਿ ਮ : ੪ ਦੁਤੁਕੇ ॥
ਅਨਿਕ ਜਨਮ ਵਿਛੁੜੇ ਦੁਖੁ ਪਾਇਆ ਮਨਮੁਖਿ ਕਰਮ ਕਰੈ ਅਹੰਕਾਰੀ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ ਕਰਦਾ ਰਹਿੰਦਾ ਹੈ।

ਸਾਧੂ ਪਰਸਤ ਹੀ ਪ੍ਰਭੁ ਪਾਇਆ ਗੋਬਿਦ ਸਰਣਿ ਤੁਮਾਰੀ ॥੧॥

(ਪਰ) ਗੁਰੂ ਦੇ ਚਰਨ ਛੁੰਹਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ। ਹੇ ਗੋਬਿੰਦ! (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸਰਨ ਆ ਪੈਂਦਾ ਹੈ ॥੧॥

ਗੋਬਿਦ ਪ੍ਰੀਤਿ ਲਗੀ ਅਤਿ ਪਿਆਰੀ ॥

ਪਰਮਾਤਮਾ ਨਾਲ ਉਸ (ਵਡਭਾਗੀ ਮਨੁੱਖ) ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ,

ਜਬ ਸਤਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥

ਜਦੋਂ (ਉਸ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ ਮਿਲਦਾ ਹੈ ਰਹਾਉ॥

ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥

ਹੇ ਪ੍ਰਭੂ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ।

ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥੨॥

(ਹੇ ਭਾਈ!) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ। ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ ॥੨॥

ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥

ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸੜਨ ਪੈਦਾ ਕਰ ਰਹੀ ਸੀ)।

ਆਤਮ ਬ੍ਰਹਮੁ ਚੀਨਿ ਸੁਖੁ ਪਾਇਆ ਸਤਸੰਗਤਿ ਪੁਰਖ ਤੁਮਾਰੀ ॥੩॥

ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ। ਹੇ ਸਰਬ-ਵਿਆਪਕ ਪ੍ਰਭੂ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ ॥੩॥

ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ। (ਪਰ, ਹੇ ਪ੍ਰਭੂ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੁੰਦੀ ਹੈ।

ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥੪॥੭॥

ਹੇ ਨਾਨਕ! (ਅਜੇਹਾ ਮਨੁੱਖ) ਆਤਮਕ ਅਡੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ॥੪॥੭॥


ਸੋਰਠਿ ਮਹਲਾ ੪ ॥
ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੇਧਿਆ ਹਰਿ ਬਿਨੁ ਰਹਣੁ ਨ ਜਾਈ ॥

ਹੇ ਭਾਈ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦਾ।

ਜਿਉ ਮਛੁਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥੧॥

ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ॥੧॥

ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥

ਹੇ ਮੇਰੇ ਪ੍ਰਭੂ! (ਮੈਨੂੰ ਆਪਣੀ) ਮੇਹਰ ਦਾ ਜਲ ਦੇਹ। ਹੇ ਹਰੀ! ਮੈਨੂੰ ਆਪਣੀ ਸਿਫ਼ਤ-ਸਾਲਾਹ ਦੀ ਦਾਤਿ ਦੇਹ।

ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥

ਮੈਂ ਆਪਣੇ ਹਿਰਦੇ ਵਿਚ ਦਿਨ ਰਾਤ ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਡ ਪ੍ਰਾਪਤ ਹੋ ਸਕਦੀ ਹੈ ਰਹਾਉ॥

ਜਿਉ ਚਾਤ੍ਰਿਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥

ਹੇ ਭਾਈ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ,

ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥੨॥

ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ ਜਦੋਂ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ) ਹਾਸਲ ਕਰਦਾ ਹੈ ॥੨॥

ਮਨਮੁਖ ਭੂਖੇ ਦਹ ਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ। ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ।

ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹਿ ਮਿਲੈ ਸਜਾਈ ॥੩॥

ਉਹ ਜੰਮਦਾ ਹੈ ਮਰਦਾ ਹੈ, ਮੁੜ ਮੁੜ ਜੂਨਾਂ ਵਿਚ ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ॥੩॥

ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹ ਹਰਿ ਰਸੁ ਅੰਤਰਿ ਪਾਈ ॥

ਹੇ ਹਰੀ! ਜੇ ਤੂੰ (ਆਪ) ਮੇਹਰ ਕਰੇਂ, ਤਾਂ ਹੀ ਅਸੀਂ ਜੀਵ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾ ਸਕਦੇ ਹਾਂ। (ਜਿਸ ਉੱਤੇ ਮੇਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ।

ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ ਸਬਦਿ ਬੁਝਾਈ ॥੪॥੮॥

ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤ੍ਰੁੱਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਦੀ) ਤ੍ਰੇਹ ਬੁਝਾ ਦੇਂਦਾ ਹੈ ॥੪॥੮॥

1
2
3
4
5
6