ਰਾਮਕਲੀ ਸਦੁ (ਬਾਬਾ ਸੁੰਦਰ ਜੀ)-Ramkali Sadd (Baba Sundar ji) Path in Punjabi Gurbani - Nitnem Path

ਰਾਮਕਲੀ ਸਦੁ (ਬਾਬਾ ਸੁੰਦਰ ਜੀ)-Ramkali Sadd (Baba Sundar ji) Path in Punjabi Gurbani

ਰਾਮਕਲੀ ਸਦੁ (ਬਾਬਾ ਸੁੰਦਰ ਜੀ)-Ramkali Sadd (Baba Sundar ji) Path in Punjabi Gurbani

ਰਾਮਕਲੀ ਸਦੁ ॥

ਰਾਗ ਰਾਮਕਲੀ ਵਿੱਚ ਬਾਣੀ ‘ਸਦੁ’।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਗਿ ਦਾਤਾ ਸੋਇ ਭਗਤਿ ਵਛਲੁ ਤਿਹੁ ਲੋਇ ਜੀਉ ॥

ਜੋ ਅਕਾਲ ਪੁਰਖ ਜਗਤ ਵਿਚ (ਜੀਵਾਂ ਨੂੰ) ਦਾਤਾਂ ਬਖ਼ਸ਼ਣ ਵਾਲਾ ਹੈ, ਜੋ ਤਿੰਨਾਂ ਲੋਕਾਂ ਵਿਚ ਭਗਤੀ ਕਰਨ ਵਾਲਿਆਂ ਨੂੰ ਪਿਆਰ ਕਰਦਾ ਹੈ,

ਗੁਰ ਸਬਦਿ ਸਮਾਵਏ ਅਵਰੁ ਨ ਜਾਣੈ ਕੋਇ ਜੀਉ ॥

(ਉਸ ਅਕਾਲ ਪੁਰਖ ਵਿਚ ਗੁਰੂ ਅਮਰਦਾਸ) ਸਤਿਗੁਰੂ ਦੇ ਸ਼ਬਦ ਦੀ ਰਾਹੀਂ ਲੀਨ (ਰਿਹਾ) ਹੈ, (ਅਤੇ ਉਸ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ।

ਅਵਰੋ ਨ ਜਾਣਹਿ ਸਬਦਿ ਗੁਰ ਕੈ ਏਕੁ ਨਾਮੁ ਧਿਆਵਹੇ ॥

(ਗੁਰੂ ਅਮਰਦਾਸ ਜੀ) ਸਤਿਗੁਰੂ ਦੇ ਸ਼ਬਦਿ ਦੀ ਬਰਕਤਿ ਨਾਲ (ਅਕਾਲ ਪੁਰਖ ਤੋਂ ਬਿਨਾ) ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦੇ (ਰਹੇ) ਹਨ, ਕੇਵਲ ਇੱਕ ‘ਨਾਮ’ ਨੂੰ ਧਿਆਉਂਦੇ (ਰਹੇ) ਹਨ;

ਪਰਸਾਦਿ ਨਾਨਕ ਗੁਰੂ ਅੰਗਦ ਪਰਮ ਪਦਵੀ ਪਾਵਹੇ ॥

ਗੁਰੂ ਨਾਨਕ ਅਤੇ ਗੁਰੂ ਅੰਗਦ ਦੇਵ ਜੀ ਦੀ ਕਿਰਪਾ ਨਾਲ ਉਹ ਉੱਚੇ ਦਰਜੇ ਨੂੰ ਪ੍ਰਾਪਤ ਕਰ ਚੁਕੇ ਹਨ।

ਆਇਆ ਹਕਾਰਾ ਚਲਣਵਾਰਾ ਹਰਿ ਰਾਮ ਨਾਮਿ ਸਮਾਇਆ ॥

(ਜਿਹੜਾ ਗੁਰੂ ਅਮਰਦਾਸ) ਅਕਾਲ ਪੁਰਖ ਦੇ ਨਾਮ ਵਿਚ ਲੀਨ ਸੀ, (ਧੁਰੋਂ) ਉਸ ਦੇ ਚੱਲਣ ਦਾ ਸੱਦਾ ਆ ਗਿਆ;

ਜਗਿ ਅਮਰੁ ਅਟਲੁ ਅਤੋਲੁ ਠਾਕੁਰੁ ਭਗਤਿ ਤੇ ਹਰਿ ਪਾਇਆ ॥੧॥

(ਗੁਰੂ ਅਮਰਦਾਸ ਜੀ ਨੇ) ਜਗਤ ਵਿਚ (ਰਹਿੰਦਿਆਂ) ਅਮਰ, ਅਟੱਲ, ਅਤੋਲ ਠਾਕੁਰ ਨੂੰ ਭਗਤੀ ਦੀ ਰਾਹੀਂ ਪ੍ਰਾਪਤ ਕਰ ਲਿਆ ਹੋਇਆ ਸੀ ॥੧॥

ਹਰਿ ਭਾਣਾ ਗੁਰ ਭਾਇਆ ਗੁਰੁ ਜਾਵੈ ਹਰਿ ਪ੍ਰਭ ਪਾਸਿ ਜੀਉ ॥

ਅਕਾਲ ਪੁਰਖ ਦੀ ਰਜ਼ਾ ਗੁਰੂ (ਅਮਰਦਾਸ ਜੀ) ਨੂੰ ਪਿਆਰੀ ਲੱਗੀ, ਅਤੇ ਸਤਿਗੁਰੂ (ਜੀ) ਅਕਾਲ ਪੁਰਖ ਦੇ ਕੋਲ ਜਾਣ ਨੂੰ ਤਿਆਰ ਹੋ ਪਏ।

ਸਤਿਗੁਰੁ ਕਰੇ ਹਰਿ ਪਹਿ ਬੇਨਤੀ ਮੇਰੀ ਪੈਜ ਰਖਹੁ ਅਰਦਾਸਿ ਜੀਉ ॥

ਗੁਰੂ ਅਮਰਦਾਸ ਜੀ ਨੇ ਅਕਾਲ ਪੁਰਖ ਅੱਗੇ ਇਹ ਬੇਨਤੀ ਕੀਤੀ, (ਹੇ ਹਰੀ!) ਮੇਰੀ ਅਰਦਾਸਿ ਹੈ ਕਿ ਮੇਰੀ ਲਾਜ ਰੱਖ।

ਪੈਜ ਰਾਖਹੁ ਹਰਿ ਜਨਹ ਕੇਰੀ ਹਰਿ ਦੇਹੁ ਨਾਮੁ ਨਿਰੰਜਨੋ ॥

ਹੇ ਹਰੀ! ਆਪਣੇ ਸੇਵਕਾਂ ਦੀ ਲਾਜ ਰੱਖ, ਅਤੇ ਮਾਇਆ ਤੋਂ ਨਿਰਮੋਹ ਕਰਨ ਵਾਲਾ ਆਪਣਾ ਨਾਮ ਬਖ਼ਸ਼,

ਅੰਤਿ ਚਲਦਿਆ ਹੋਇ ਬੇਲੀ ਜਮਦੂਤ ਕਾਲੁ ਨਿਖੰਜਨੋ ॥

ਜਮਦੂਤਾਂ ਅਤੇ ਕਾਲ ਨੂੰ ਨਾਸ ਕਰਨ ਵਾਲਾ ਨਾਮ ਦੇਹਿ, ਜੋ ਅਖ਼ੀਰ ਚੱਲਣ ਵੇਲੇ ਸਾਥੀ ਬਣੇ।

ਸਤਿਗੁਰੂ ਕੀ ਬੇਨਤੀ ਪਾਈ ਹਰਿ ਪ੍ਰਭਿ ਸੁਣੀ ਅਰਦਾਸਿ ਜੀਉ ॥

ਸਤਿਗੁਰੂ ਦੀ ਕੀਤੀ ਹੋਈ ਇਹ ਬੇਨਤੀ, ਇਹ ਅਰਦਾਸਿ, ਅਕਾਲ ਪੁਰਖ ਪ੍ਰਭੂ ਨੇ ਸੁਣ ਲਈ,

ਹਰਿ ਧਾਰਿ ਕਿਰਪਾ ਸਤਿਗੁਰੁ ਮਿਲਾਇਆ ਧਨੁ ਧਨੁ ਕਹੈ ਸਾਬਾਸਿ ਜੀਉ ॥੨॥

ਅਤੇ ਮਿਹਰ ਕਰ ਕੇ ਉਸ ਨੇ ਗੁਰੂ ਅਮਰਦਾਸ ਜੀ ਨੂੰ (ਆਪਣੇ ਚਰਨਾਂ ਵਿਚ) ਜੋੜ ਲਿਆ ਅਤੇ ਕਹਿਣ ਲੱਗਾ-ਸ਼ਾਬਾਸ਼ੇ! ਤੂੰ ਧੰਨ ਹੈਂ, ਤੂੰ ਧੰਨ ਹੈਂ ॥੨॥

ਮੇਰੇ ਸਿਖ ਸੁਣਹੁ ਪੁਤ ਭਾਈਹੋ ਮੇਰੈ ਹਰਿ ਭਾਣਾ ਆਉ ਮੈ ਪਾਸਿ ਜੀਉ ॥

ਹੇ ਮੇਰੇ ਸਿੱਖੋ! ਹੇ ਮੇਰੇ ਪੁੱਤ੍ਰੋ! ਹੇ ਮੇਰੇ ਭਰਾਵੋ! ਸੁਣੋ- ਮੇਰੇ ਅਕਾਲ ਪੁਰਖ ਨੂੰ (ਇਹ) ਚੰਗਾ ਲੱਗਾ ਹੈ (ਅਤੇ ਮੈਨੂੰ ਉਸ ਨੇ ਹੁਕਮ ਕੀਤਾ ਹੈ:) ‘ਮੇਰੇ ਕੋਲ ਆਉ’।

ਹਰਿ ਭਾਣਾ ਗੁਰ ਭਾਇਆ ਮੇਰਾ ਹਰਿ ਪ੍ਰਭੁ ਕਰੇ ਸਾਬਾਸਿ ਜੀਉ ॥

ਅਕਾਲ ਪੁਰਖ ਦੀ ਰਜ਼ਾ ਗੁਰੂ ਨੂੰ ਮਿੱਠੀ ਲੱਗੀ ਹੈ, ਮੇਰਾ ਪ੍ਰਭੂ (ਮੈਨੂੰ) ਸ਼ਾਬਾਸ਼ ਦੇ ਰਿਹਾ ਹੈ। ਰਾਮਕਲੀ ਸਦ [ਭ. ਸੁੰਦਰ] ੩:੨ {੯੨੩}-੯ ਰਾਮਕਲੀ ਸਦ (ਭ. ਸੁੰਦਰ) ੯੨੩-੯ ਹਰ ਭਣ ਗਰ ਭੲਅ ਮਰ ਹਰ ਪਰਭ ਕਰ ਸਬਸ ਜੳ ॥ ਐਸਾ ਜੋ ਹਰੀ ਕਾ ਹੁਕਮ ਹੈ, ਸ੍ਰੀ ਗੁਰੂ ਜੀ ਕਹਤੇ ਭਏ: ਸੋ ਮੇਰੇ ਕੋ ਭਾਇਆ ਹੈ। ਇਸੀ ਤੇ ਮੇਰਾ ਹਰੀ (ਪ੍ਰਭੂ) ਸ੍ਵਾਮੀ ਸਤਕਾਰ ਕਰੇਗਾ॥ ਪ੍ਰਭੂ ਦੀ ਰਜ਼ਾ ਗੁਰਾਂ ਨੂੰ ਮਿੱਠੀ ਲੱਗੀ ਅਤੇ ਮੈਂਡੇ ਸੁਆਮੀ ਵਾਹਿਗੁਰੂ ਨੇ ਉਨ੍ਹਾਂ ਨੂੰ ਸ਼ਾਬਾਸ਼ੇ ਦਿੱਤੀ।

ਭਗਤੁ ਸਤਿਗੁਰੁ ਪੁਰਖੁ ਸੋਈ ਜਿਸੁ ਹਰਿ ਪ੍ਰਭ ਭਾਣਾ ਭਾਵਏ ॥

ਉਹੀ (ਮਨੁੱਖ) ਭਗਤ ਹੈ ਤੇ ਪੂਰਾ ਗੁਰੂ ਹੈ ਜਿਸ ਨੂੰ ਰੱਬ ਦਾ ਭਾਣਾ ਮਿੱਠਾ ਲੱਗਦਾ ਹੈ;

ਆਨੰਦ ਅਨਹਦ ਵਜਹਿ ਵਾਜੇ ਹਰਿ ਆਪਿ ਗਲਿ ਮੇਲਾਵਏ ॥

(ਉਸ ਦੇ ਅੰਦਰ) ਆਨੰਦ ਦੇ ਵਾਜੇ ਇੱਕ-ਰਸ ਵੱਜਦੇ ਹਨ, ਅਕਾਲ ਪੁਰਖ ਉਸ ਨੂੰ ਆਪ ਆਪਣੇ ਗਲ ਲਾਉਂਦਾ ਹੈ।

ਤੁਸੀ ਪੁਤ ਭਾਈ ਪਰਵਾਰੁ ਮੇਰਾ ਮਨਿ ਵੇਖਹੁ ਕਰਿ ਨਿਰਜਾਸਿ ਜੀਉ ॥

ਤੁਸੀਂ ਮੇਰੇ ਪੁੱਤਰ ਹੋ, ਮੇਰੇ ਭਰਾ ਹੋ ਮੇਰਾ ਪਰਵਾਰ ਹੋ; ਮਨ ਵਿਚ ਕਿਆਸ ਕਰ ਕੇ ਵੇਖਹੁ,

ਧੁਰਿ ਲਿਖਿਆ ਪਰਵਾਣਾ ਫਿਰੈ ਨਾਹੀ ਗੁਰੁ ਜਾਇ ਹਰਿ ਪ੍ਰਭ ਪਾਸਿ ਜੀਉ ॥੩॥

ਕਿ ਧੁਰੋਂ ਲਿਖਿਆ ਹੋਇਆ ਹੁਕਮ (ਕਦੇ) ਟਲ ਨਹੀਂ ਸਕਦਾ; (ਸੋ, ਇਸ ਵਾਸਤੇ, ਹੁਣ) ਗੁਰੂ, ਅਕਾਲ ਪੁਰਖ ਦੇ ਕੋਲ ਜਾ ਰਿਹਾ ਹੈ ॥੩॥

ਸਤਿਗੁਰਿ ਭਾਣੈ ਆਪਣੈ ਬਹਿ ਪਰਵਾਰੁ ਸਦਾਇਆ ॥

ਗੁਰੂ (ਅਮਰਦਾਸ ਜੀ) ਨੇ ਬੈਠ ਕੇ ਆਪਣੀ ਮਰਜ਼ੀ ਨਾਲ (ਸਾਰੇ) ਪਰਵਾਰ ਨੂੰ ਸੱਦ ਘੱਲਿਆ; (ਤੇ ਆਖਿਆ-)

ਮਤ ਮੈ ਪਿਛੈ ਕੋਈ ਰੋਵਸੀ ਸੋ ਮੈ ਮੂਲਿ ਨ ਭਾਇਆ ॥

ਮਤਾਂ ਮੇਰੇ ਪਿਛੋਂ ਕੋਈ ਰੋਵੇ, ਮੈਨੂੰ ਉਹ (ਰੋਣ ਵਾਲਾ) ਉੱਕਾ ਹੀ ਚੰਗਾ ਨਹੀਂ ਲੱਗਣਾ।

ਮਿਤੁ ਪੈਝੈ ਮਿਤੁ ਬਿਗਸੈ ਜਿਸੁ ਮਿਤ ਕੀ ਪੈਜ ਭਾਵਏ ॥

ਜਿਸ ਮਨੁੱਖ ਨੂੰ ਆਪਣੇ ਮਿਤ੍ਰ ਦੀ ਵਡਿਆਈ (ਹੁੰਦੀ) ਚੰਗੀ ਲੱਗਦੀ ਹੈ, ਉਹ ਖ਼ੁਸ਼ ਹੁੰਦਾ ਹੈ (ਜਦੋਂ) ਉਸ ਦੇ ਮਿਤ੍ਰ ਨੂੰ ਆਦਰ ਮਿਲਦਾ ਹੈ।

ਤੁਸੀ ਵੀਚਾਰਿ ਦੇਖਹੁ ਪੁਤ ਭਾਈ ਹਰਿ ਸਤਿਗੁਰੂ ਪੈਨਾਵਏ ॥

ਤੁਸੀ ਭੀ, ਹੇ ਮੇਰੇ ਪੁਤਰੋ ਤੇ ਭਰਾਵੋ! (ਹੁਣ) ਵਿਚਾਰ ਕੇ ਵੇਖ ਲਵੋ ਕਿ ਅਕਾਲ ਪੁਰਖ ਗੁਰੂ ਨੂੰ ਆਦਰ ਦੇ ਰਿਹਾ ਹੈ (ਇਸ ਵਾਸਤੇ ਤੁਸੀ ਭੀ ਖ਼ੁਸ਼ ਹੋਵੋ)।

ਸਤਿਗੁਰੂ ਪਰਤਖਿ ਹੋਦੈ ਬਹਿ ਰਾਜੁ ਆਪਿ ਟਿਕਾਇਆ ॥

(ਇਹ ਉਪਦੇਸ਼ ਦੇ ਕੇ, ਫਿਰ) ਗੁਰੂ (ਅਮਰਦਾਸ ਜੀ) ਨੇ ਸਰੀਰਕ ਜਾਮੇ ਵਿਚ ਹੁੰਦਿਆਂ ਹੀ ਬੈਠ ਕੇ ਆਪ ਗੁਰਿਆਈ ਦੀ ਗੱਦੀ (ਭੀ) ਥਾਪ ਦਿੱਤੀ,

ਸਭਿ ਸਿਖ ਬੰਧਪ ਪੁਤ ਭਾਈ ਰਾਮਦਾਸ ਪੈਰੀ ਪਾਇਆ ॥੪॥

(ਅਤੇ) ਸਾਰੇ ਸਿੱਖਾਂ ਨੂੰ, ਸਾਕਾਂ-ਅੰਗਾਂ ਨੂੰ, ਪੁਤ੍ਰਾਂ ਨੂੰ, ਅਤੇ ਭਰਾਵਾਂ ਨੂੰ (ਗੁਰੂ) ਰਾਮਦਾਸ ਜੀ ਦੀ ਚਰਨੀਂ ਲਾ ਦਿੱਤਾ ॥੪॥

ਅੰਤੇ ਸਤਿਗੁਰੁ ਬੋਲਿਆ ਮੈ ਪਿਛੈ ਕੀਰਤਨੁ ਕਰਿਅਹੁ ਨਿਰਬਾਣੁ ਜੀਉ ॥

ਜੋਤੀ ਜੋਤਿ ਸਮਾਣ ਵੇਲੇ ਗੁਰੂ ਅਮਰਦਾਸ ਜੀ ਨੇ ਆਖਿਆ, ਮੇਰੇ ਪਿੱਛੋਂ ਨਿਰੋਲ ਕੀਰਤਨ ਕਰਿਓ,

ਕੇਸੋ ਗੋਪਾਲ ਪੰਡਿਤ ਸਦਿਅਹੁ ਹਰਿ ਹਰਿ ਕਥਾ ਪੜਹਿ ਪੁਰਾਣੁ ਜੀਉ ॥

ਕੇਸੋ ਗੋਪਾਲ (ਅਕਾਲ ਪੁਰਖ) ਦੇ ਪੰਡਿਤਾਂ ਨੂੰ ਸੱਦ ਘੱਲਿਓ, ਜੋ (ਆ ਕੇ) ਅਕਾਲ ਪੁਰਖ ਦੀ ਕਥਾ ਵਾਰਤਾ-ਰੂਪ ਪੁਰਾਣ ਪੜ੍ਹਨ।

ਹਰਿ ਕਥਾ ਪੜੀਐ ਹਰਿ ਨਾਮੁ ਸੁਣੀਐ ਬੇਬਾਣੁ ਹਰਿ ਰੰਗੁ ਗੁਰ ਭਾਵਏ ॥

(ਚੇਤਾ ਰੱਖਿਓ, ਮੇਰੇ ਪਿੱਛੋਂ) ਅਕਾਲ ਪੁਰਖ ਦੀ ਕਥਾ (ਹੀ) ਪੜ੍ਹਨੀ ਚਾਹੀਦੀ ਹੈ, ਅਕਾਲ ਪੁਰਖ ਦਾ ਨਾਮ ਹੀ ਸੁਣਨਾ ਚਾਹੀਦਾ ਹੈ, ਬੇਬਾਣ ਭੀ ਗੁਰੂ ਨੂੰ (ਕੇਵਲ) ਅਕਾਲ ਪੁਰਖ ਦਾ ਪਿਆਰ ਹੀ ਚੰਗਾ ਲੱਗਦਾ ਹੈ।

ਪਿੰਡੁ ਪਤਲਿ ਕਿਰਿਆ ਦੀਵਾ ਫੁਲ ਹਰਿ ਸਰਿ ਪਾਵਏ ॥

ਗੁਰੂ (ਤਾਂ) ਪਿੰਡ ਪਤਲਿ, ਕਿਰਿਆ, ਦੀਵਾ ਅਤੇ ਫੁੱਲ-ਇਹਨਾਂ ਸਭਨਾਂ ਨੂੰ ਸਤਸੰਗ ਤੋਂ ਸਦਕੇ ਕਰਦਾ ਹੈ।

ਹਰਿ ਭਾਇਆ ਸਤਿਗੁਰੁ ਬੋਲਿਆ ਹਰਿ ਮਿਲਿਆ ਪੁਰਖੁ ਸੁਜਾਣੁ ਜੀਉ ॥

ਅਕਾਲ ਪੁਰਖ ਨੂੰ ਪਿਆਰੇ ਲੱਗੇ ਹੋਏ ਗੁਰੂ ਨੇ (ਉਸ ਵੇਲੇ) ਇਉਂ ਆਖਿਆ। ਸਤਿਗੁਰੂ ਨੂੰ ਸੁਜਾਣ ਅਕਾਲ ਪੁਰਖ ਮਿਲ ਪਿਆ।

ਰਾਮਦਾਸ ਸੋਢੀ ਤਿਲਕੁ ਦੀਆ ਗੁਰਸਬਦੁ ਸਚੁ ਨੀਸਾਣੁ ਜੀਉ ॥੫॥

ਗੁਰੂ ਅਮਰਦਾਸ ਜੀ ਨੇ ਸੋਢੀ (ਗੁਰੂ) ਰਾਮਦਾਸ ਜੀ ਨੂੰ (ਗੁਰਿਆਈ ਦਾ) ਤਿਲਕ (ਅਤੇ) ਗੁਰੂ ਦਾ ਸ਼ਬਦ-ਰੂਪ ਸੱਚੀ ਰਾਹਦਾਰੀ ਬਖ਼ਸ਼ੀ ॥੫॥

ਸਤਿਗੁਰੁ ਪੁਰਖੁ ਜਿ ਬੋਲਿਆ ਗੁਰਸਿਖਾ ਮੰਨਿ ਲਈ ਰਜਾਇ ਜੀਉ ॥

ਜਦੋਂ ਗੁਰੂ ਅਮਰਦਾਸ ਜੀ ਨੇ ਬਚਨ ਕੀਤਾ (ਕਿ ਸਾਰੇ ਗੁਰੂ ਰਾਮਦਾਸ ਜੀ ਦੇ ਚਰਨੀਂ ਲੱਗਣ, ਤਾਂ) ਗੁਰਸਿੱਖਾਂ ਨੇ (ਗੁਰੂ ਅਮਰਦਾਸ ਜੀ ਦਾ) ਹੁਕਮ ਮੰਨ ਲਿਆ।

ਮੋਹਰੀ ਪੁਤੁ ਸਨਮੁਖੁ ਹੋਇਆ ਰਾਮਦਾਸੈ ਪੈਰੀ ਪਾਇ ਜੀਉ ॥

(ਸਭ ਤੋਂ ਪਹਿਲਾਂ) (ਗੁਰੂ ਅਮਰਦਾਸ ਜੀ ਦੇ) ਪੁੱਤ੍ਰ (ਬਾਬਾ) ਮੋਹਰੀ ਜੀ ਗੁਰੂ ਰਾਮਦਾਸ ਜੀ ਦੇ ਪੈਰਾਂ ਤੇ ਪੈ ਕੇ (ਪਿਤਾ ਦੇ) ਸਾਮ੍ਹਣੇ ਸੁਰਖ਼ਰੂ ਹੋ ਕੇ ਆ ਖਲੋਤੇ।

ਸਭ ਪਵੈ ਪੈਰੀ ਸਤਿਗੁਰੂ ਕੇਰੀ ਜਿਥੈ ਗੁਰੂ ਆਪੁ ਰਖਿਆ ॥

ਗੁਰੂ ਰਾਮਦਾਸ ਜੀ ਵਿਚ ਗੁਰੂ (ਅਮਰਦਾਸ ਜੀ) ਨੇ ਆਪਣੀ ਆਤਮਾ ਟਿਕਾ ਦਿੱਤੀ, (ਇਸ ਵਾਸਤੇ) ਸਾਰੀ ਲੋਕਾਈ ਗੁਰੂ (ਰਾਮਦਾਸ ਜੀ) ਦੀ ਪੈਰੀਂ ਆ ਪਈ।

ਕੋਈ ਕਰਿ ਬਖੀਲੀ ਨਿਵੈ ਨਾਹੀ ਫਿਰਿ ਸਤਿਗੁਰੂ ਆਣਿ ਨਿਵਾਇਆ ॥

ਜੇ ਕੋਈ ਨਿੰਦਾ ਕਰ ਕੇ (ਪਹਿਲਾਂ) ਨਹੀਂ ਸੀ ਭੀ ਨਿਂਵਿਆ, ਉਸ ਨੂੰ ਭੀ ਗੁਰੂ ਅਮਰਦਾਸ ਜੀ ਨੇ ਲਿਆ ਕੇ ਆ ਪੈਰੀਂ ਪਾਇਆ।

ਹਰਿ ਗੁਰਹਿ ਭਾਣਾ ਦੀਈ ਵਡਿਆਈ ਧੁਰਿ ਲਿਖਿਆ ਲੇਖੁ ਰਜਾਇ ਜੀਉ ॥

ਅਕਾਲ ਪੁਰਖ ਅਤੇ ਗੁਰੂ ਅਮਰਦਾਸ ਜੀ ਨੂੰ (ਇਹੀ) ਚੰਗਾ ਲੱਗਾ, (ਉਹਨਾਂ ਗੁਰੂ ਰਾਮਦਾਸ ਜੀ ਨੂੰ) ਵਡਿਆਈ ਬਖ਼ਸ਼ੀ; ਧੁਰੋਂ ਅਕਾਲ ਪੁਰਖ ਦਾ ਇਹੀ ਹੁਕਮ ਲਿਖਿਆ ਆਇਆ ਸੀ;

ਕਹੈ ਸੁੰਦਰੁ ਸੁਣਹੁ ਸੰਤਹੁ ਸਭੁ ਜਗਤੁ ਪੈਰੀ ਪਾਇ ਜੀਉ ॥੬॥੧॥

ਸੁੰਦਰ ਆਖਦਾ ਹੈ ਕਿ ਹੇ ਸੰਤਹੁ! ਸੁਣੋ, (ਇਸ ਵਾਸਤੇ) ਸਾਰਾ ਜਗਤ (ਗੁਰੂ ਰਾਮਦਾਸ ਜੀ ਦੀ) ਪੈਰੀਂ ਪਿਆ ॥੬॥੧॥